Wednesday, July 19, 2023

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੇ.ਵੀ.ਕੇ ਖੇੜੀ ਵਿਖੇ 20 ਏਕੜ ਵਿੱਚ ਪੀਆਰ 126 ਤੇ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਕਰਵਾਈ ਸ਼ੁਰੂਆਤ

 ਕਿਸਾਨਾਂ ਨੂੰ ਮੁਫ਼ਤ ਵੰਡਿਆ ਗਿਆ ਪੀ.ਆਰ. 126 ਦਾ ਬੀਜ

ਸੰਗਰੂਰ, 19 ਜੁਲਾਈ:     

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਦੀ ਇਸ ਔਖੀ ਘੜ੍ਹੀ ਵਿੱਚ ਪ੍ਰਭਾਵਿਤ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਸਹਾਇਤਾ ਲਈ ਪਨੀਰੀ ਦਾ ਪ੍ਰਬੰਧ ਕਰਨ ਤੋਂ ਲੈ ਕੇ ਮੁੜ ਵਸੇਬੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹਾਂ ਕਾਰਨ ਤਬਾਹ ਹੋਏ ਝੋਨੇ ਦੀ ਮੁੜ ਬਿਜਾਈ ਲਈ ਸੰਗਰੂਰ ਜ਼ਿਲ੍ਹੇ ਵਿੱਚ ਪਨੀਰੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦਾ ਦੌਰਾ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇ ਸਾਰੇ ਮੰਤਰੀ, ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ, ਆਗੂ ਤੇ ਕਰਮਚਾਰੀ ਦਿਨ ਰਾਤ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਜਿਹੜੇ ਜ਼ਿਲ੍ਹਿਆਂ ਵਿੱਚ ਹੜ੍ਹ ਨਹੀਂ ਆਏ, ਉਥੇ ਵਸਦੇ ਲੋਕ ਦੁੱਖ ਦੀ ਇਸ ਘੜੀ ਵਿੱਚ ਭਾਈਚਾਰਕ ਸਾਂਝ ਦੀ ਮਿਸਾਲ ਕਰਦਿਆਂ ਜਿਸ ਢੰਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾਉਣ ਲਈ ਪਹੁੰਚ ਰਹੇ ਹਨ, ਉਹ ਵਾਕਈ ਸ਼ਲਾਘਾਯੋਗ ਹੈ ਜਿਸ ਲਈ ਉਹ ਸਮੂਹ ਪੰਜਾਬੀਆਂ ਦੇ ਰਿਣੀ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਵਿੱਚ ਬਹੁਤ ਵੱਡੇ ਪੱਧਰ ਦਾ ਨੁਕਸਾਨ ਹੋਇਆ ਹੈ ਜਿਸਦੀ ਪੂਰਤੀ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਯਤਨ ਕਰਕੇ ਲੋਕਾਂ ਦਾ ਦੁੱਖ ਵੰਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


          ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਨੀਰੀ ਦੀ ਬਿਜਾਈ ਤੋਂ ਲੈ ਕੇ ਬੀਜ ਮੁਫ਼ਤ ਵੰਡਣ ਤੱਕ ਹਰ ਲੋੜੀਂਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀ.ਆਰ. 126 ਅਤੇ ਬਾਸਮਤੀ 1509 ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ ਅਤੇ ਯੂਨੀਵਰਸਿਟੀ ਦੇ ਮਾਹਰਾਂ ਮੁਤਾਬਕ ਇਨ੍ਹਾਂ ਕਿਸਮਾਂ ਦੀ ਬਿਜਾਈ 15 ਅਗਸਤ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਦਦ ਲਈ ਬੀਜ ਤਿਆਰ ਕਰਨ ਵਾਲੇ ਬੀਜ ਉਤਪਾਦਕਾਂ ਤੋਂ ਲੈ ਕੇ ਆਮ ਲੋਕਾਂ ਤੱਕ ਹਰ ਕੋਈ ਅੱਗੇ ਆ ਰਿਹਾ ਹੈ ।

          ਕੈਬਨਿਟ ਮੰਤਰੀ ਗੁਰਮੀਤ ਸਿੰਘ ਨੇ ਕੇ.ਵੀ.ਕੇ. ਖੇੜੀ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 20 ਏਕੜ ਵਿੱਚ ਪੀਆਰ 126 ਤੇ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਸ਼ੁਰੂਆਤ ਵੀ ਕਰਵਾਈ। ਉਨ੍ਹਾਂ ਨੇ ਇਸ ਦੌਰਾਨ ਪੀ.ਆਰ. 126 ਕਿਸਮ ਦੀ ਪਨੀਰੀ ਦੀ ਬਿਜਾਈ ਤੋਂ ਲੈ ਕੇ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਦਾ ਖੁਦ ਪਹੁੰਚ ਕੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਕਰੀਬਨ 2.5 ਲੱਖ ਏਕੜ ਰਕਬੇ ਉੱਪਰ ਮੁੜ ਝੋਨੇ ਦੀ ਫ਼ਸਲ ਦੀ ਬਿਜਾਈ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਇਸ ਤੋਂ ਵੀ ਵੱਧ ਹੋਣ ਦਾ ਖ਼ਦਸ਼ਾ ਹੈ ਅਤੇ ਬਾਰਸ਼ਾਂ ਦਾ ਸਮਾਂ ਹੋਣ ਤੇ ਖੇਤ ਸਮੇਂ ਸਿਰ ਨਾ ਵੱਤਰ ਆਉਣ ਕਾਰਨ ਪੂਰੇ ਦੇ ਪੂਰੇ ਰਕਬੇ ਉੱਪਰ ਮੁੜ ਬਿਜਾਈ ਨਹੀਂ ਕੀਤੀ ਜਾ ਸਕਦੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀ.ਸੀ. ਸਤਬੀਰ ਸਿੰਘ ਗੋਸਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ, ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਡਾਇਰੈਕਟਰ ਖੋਜ ਡਾ. ਏ.ਐਸ. ਢੱਟ, ਡਾਇਰੈਕਟਰ ਡੀ.ਈ.ਈ. ਡਾ. ਗੁਰਮੀਤ ਸਿੰਘ ਬੁੱਟਰ, ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਡਾ. ਮਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਡਿਪਟੀ ਡਾਇਰੈਕਟਰ ਮੱਛੀ ਪਾਲਣ ਰਾਕੇਸ਼ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੁਖਵਿੰਦਰ ਸਿੰਘ, ਚੇਅਰਮੈਨ ਮੁਕੇਸ਼ ਜੁਨੇਜਾ, ਵਿੱਤ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਤੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਬੀਜ ਉਤਪਾਦਕ ਹਾਜ਼ਰ ਸਨ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...