ਝੀਂਗਾ ਮੱਛੀ ਪਾਲਣ ਦੇ ਧੰਦੇ ਨੂੰ ਅਪਣਾਉਣ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਸਬਸਿਡੀ
ਕਿਹਾ, ਕਿਸਾਨਾਂ ਨੂੰ ਝੀਂਗਾ ਮੱਛੀ ਪਾਲਣ ਦੇ ਧੰਦੇ ਨੂੰ ਅਪਣਾਉਣ ਵਿੱਚ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਬੇਝਿਜਕ ਹੋ ਕੇ ਦੱਸਣ
ਫਾਜਿ਼ਲਕਾ 23 ਮਾਰਚ 2022 ( ) ਜ਼ਿਲ੍ਹੇ ਦੇ ਕਿਸਾਨ ਝੀਂਗਾ ਮੱਛੀ ਪਾਲਣ ਦੇ ਧੰਦੇ ਨੂੰ ਵੱਧ ਤੋਂ ਵੱਧ ਅਪਣਾ ਕੇ ਵਧੇਰੇ ਮੁਨਾਫਾ ਕਮਾ ਸਕਦੇ ਹਨ।ਇਹ ਇਲਾਕਾ ਸੇਮ ਤੋਂ ਪ੍ਰਭਾਵਿਤ ਹੋਣ ਕਾਰਨ ਅਤੇ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਫਾਜਿ਼ਲਕਾ ਜਿ਼ਲ੍ਹਾ ਝੀਂਗਾ ਪਾਲਣ ਲਈ ਪੂਰੀ ਤਰਾਂ ਅਨੂਕੁਲ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਰੱਖੀ ਮੀਟਿੰਗ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਕਿੱਤੇ ਨੂੰ ਉਤਸਾਹਤ ਕਰਨ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਕਿਸਾਨਾਂ ਨੂੰ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ 40 ਫੀਸਦੀ, ਔਰਤਾਂ ਅਤੇ ਐਸ.ਸੀ ਕਿਸਾਨਾਂ ਨੂੰ 60 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਚਾਹਵਾਨ ਕਿਸਾਨ ਮੱਛੀ ਪਲਾਣ ਵਿਭਾਗ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਝੀਂਗਾ ਮੱਛੀ ਪਾਲਣ ਦੇ ਧੰਦੇ ਨੂੰ ਅਪਣਾਉਣ ਵਿੱਚ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਤਾਂ ਜੋ ਉਹ ਉਨ੍ਹਾਂ ਦੀ ਪੂਰੀ ਮਦਦ ਕਰ ਸਕਣ। ਉਨ੍ਹਾਂ ਵੱਲੋਂ ਕਿਸਾਨਾਂ ਤੋਂ ਬਿਜਲੀ, ਲੈਬੋਰਟਰੀ, ਸੋਲਰ ਸਿਸਟਮ ਅਤੇ ਬੈਂਕ ਲੋਨ ਆਦਿ ਜੋ ਵੀ ਉਨ੍ਹਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ ਸੁਣੀਆਂ ਅਤੇ ਮੁਸ਼ਕਲਾਂ ਦਾ ਹੱਲ ਸਬੰਧੀ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿਚ ਪਿੱਛਲੇ ਸਾਲ ਨਾਲੋ ਵੀ ਵੱਧ ਝੀਂਗਾ ਮੱਛੀ ਪਾਲਣ ਦਾ ਸਹਾਇਕ ਧੰਦਾ ਵਧਿਆ ਹੈ ਤੇ ਹੋਰ ਕਿਸਾਨ ਵੀ ਇਨ੍ਹਾਂ ਕਿਸਾਨਾਂ ਤੋਂ ਪ੍ਰੇਰਨਾ ਲੈਣ ਅਤੇ ਝੀਂਗਾ ਮੱਛੀ ਪਾਲਣ ਦੇ ਸਹਾਇਕ ਧੰਦੇ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ।ਇਸ ਉਪਰੰਤ ਪਿੰਡ ਮੂਲਿਆਂ ਵਾਲੇ ਦੇ ਕਿਸਾਨ ਜਗਮੀਤ ਸਿੰਘ ਨੇ ਦੱਸਿਆ ਕਿ ਲਗਭਗ 4 ਮਹੀਨੇ ਵਿਚ ਝੀਂਗਾ ਮੱਛੀ ਤਿਆਰ ਹੋ ਜਾਂਦੀ ਹੈ ਪਰ ਕਿਸਾਨ ਨੂੰ ਇਸ ਦੌਰਾਨ ਇਸ ਦੀ ਸੰਭਾਲ ਲਈ ਪੂਰਾ ਚੌਕਸ ਰਹਿਣਾ ਪੈਂਦਾ ਹੈ ਤੇ ਤਲਾਬ ਵਿਚ ਆਕਸੀਜਨ ਦਾ ਪੱਧਰ ਘਟਣ ਨਹੀਂ ਦੇਣਾ ਹੈ। ਕਿਸਾਨ ਨੇ ਦੱਸਿਆ ਕਿ ਸਾਨੂੰ ਝੋਨੇ ਵਰਗੇ ਰਵਾਇਤੀ ਫਸਲਾਂ ਤੋ ਬਾਹਰ ਨਿਕਲ ਕੇ ਸਹਾਇਕ ਧੰਦੇ ਅਪਣਾ ਕੇ ਖੁਸ਼ਹਾਲੀ ਵੱਲ ਅੱਗੇ ਵਧਣਾ ਚਾਹੀਦਾ ਹੈ। ਕਿਉਕਿ ਅਜਿਹਾ ਕਰਨ ਨਾਲ ਧਰਤੀ ਹੇਠਲਾ ਪਾਣੀ ਨਹੀਂ ਘਟੇਗਾ ਜੋ ਕਿ ਆਉਣ ਵਾਲੀ ਪੀੜ੍ਹੀ ਲਈ ਬਹੁਤ ਹੀ ਖਤਰਨਾਕ ਕਾਰਨ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੀਂਗੇ ਮੱਛੀ ਪਾਲਣ ਦੇ ਧੰਦੇ ਨੂੰ ਵੱਧ ਤੋਂ ਵੱਧ ਅਪਣਾਉਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ।
ਇਸ ਮੌਕੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ. ਮਨਜੀਤ ਸਿੰਘ, ਮੱਛੀ ਪਸਾਰ ਅਫ਼ਸਰ ਫਾਜਿ਼ਲਕਾ ਕੋਕਮ ਕੌਰ ਅਤੇ ਮੱਛੀ ਪਸਾਰ ਅਫ਼ਸਰ ਅਬੋਹਰ ਸੁਪ੍ਰਿਆ ਕੰਬੋਜ ਤੋਂ ਇਲਾਵਾ ਜਿ਼ਲ੍ਹੇ ਦੇ ਵੱਖ-ਵੱਖ ਕਿਸਾਨ ਮੌਜੂਦ ਸਨ।
No comments:
Post a Comment