Sunday, July 17, 2022

ਮੁੱਖ ਮੰਤਰੀ ਨੇ ਬਣਵਾਈ ਆਸ, ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਕੀਤਾ ਐਲਾਨ

ਇਸ ਜਨਤਕ ਲਹਿਰ ਲਈ ਲੋਕਾਂ ਤੋਂ ਸਹਿਯੋਗ ਮੰਗਿਆ

ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਮੂਲੀਅਤ, ਭਗਵੰਤ ਮਾਨ ਨੇ ਵੇਈਂ ਦਾ ਪਾਣੀ ਪੀਤਾ ਅਤੇ ਕਿਨਾਰੇ ਉਤੇ ਪੌਦੇ ਲਗਾਏ

ਸੁਲਤਾਨਪੁਰ ਲੋਧੀ (ਕਪੂਰਥਲਾ), 17 ਜੁਲਾਈ


ਪੰਜਾਬ ਦੇ ਨਦੀ ਨਾਲਿਆਂ ਦੀ ਸਾਫ ਸਫਾਈ ਦੀ ਉਮੀਦ ਬੱਝੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਪਵਿੱਤਰ ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਦੌਰਾਨ  ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ਉਤੇ ਚੱਲਦਿਆਂ ਸੂਬਾ ਸਰਕਾਰ ਜਲਦੀ ਹੀ ਪੰਜਾਬ ਦੇ ਕੁਦਰਤੀ ਸਰੋਤਾਂ ਦਰਿਆਵਾਂ ਤੇ ਡਰੇਨਾਂ ਦੀ ਸਾਫ਼-ਸਫ਼ਾਈ ਲਈ ਵਿਆਪਕ ਮੁਹਿੰਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਪਰ ਉਨ੍ਹਾਂ ਇਸ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰਿਆਲੀ ਵਧਾਉਣ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਲਈ ਸ਼ਹੀਦ ਭਗਤ ਸਿੰਘ ਹਰਿਆਲੀ ਲਹਿਰ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ।

ਗੁਰਬਾਣੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਰਾਹੀਂ ਗੁਰੂ ਸਾਹਿਬਾਨ ਨੇ ਹਵਾ ਨੂੰ ਗੁਰੂ (ਅਧਿਆਪਕ), ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ ਪਰ ਬਦਕਿਸਮਤੀ ਨਾਲ ਅਸੀਂ ਗੁਰੂ ਸਾਹਿਬਾਨ ਦੇ ਆਸ਼ੇ ਮੁਤਾਬਕ ਨਹੀਂ ਚੱਲ ਰਹੇ ਅਤੇ ਅਸੀਂ ਇਨ੍ਹਾਂ ਤਿੰਨਾਂ ਨੂੰ ਹੀ ਪਲੀਤ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਬੇਹੱਦ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਤਹੀ ਜਲ ਦੀ ਵਿਵੇਕਸ਼ੀਲ ਵਰਤੋਂ ਯਕੀਨੀ ਬਣਾ ਰਹੀ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਉਤੇ ਦਬਾਅ ਘਟਾ ਕੇ ਤੇਜ਼ੀ ਨਾਲ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਉਤੇ ਮਾਲੀ ਮਦਦ ਦਾ ਐਲਾਨ ਕੀਤਾ, ਜਿਸ ਕਾਰਨ ਸੂਬੇ ਭਰ ਵਿੱਚ 20 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਕੋਸ਼ਿਸ਼ ਤਹਿਤ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਤੋੜਨ ਤੇ ਪਾਣੀ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਵਾਸਤੇ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ।

ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਲਈ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਇਸ਼ਨਾਨ ਕਰਿਆ ਕਰਦੇ ਸਨ, ਉਸ ਪਵਿੱਤਰ ਵੇਈਂ ਦੀ ਸਫ਼ਾਈ ਸਬੰਧੀ ਸੰਤ ਸੀਚੇਵਾਲ ਵੱਲੋਂ 22 ਵਰ੍ਹੇ ਪਹਿਲਾਂ ਅਰੰਭਿਆ ਇਤਿਹਾਸਕ ਕਾਰਜ ਅਹਿਮ ਤਬਦੀਲੀ ਦਾ ਸਬੱਬ ਬਣਿਆ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ ਦੀ ਵਿਰਾਸਤ ਨੂੰ ਅੱਗੇ ਲੈ ਜਾਣ ਲਈ ਅਜਿਹੇ ਉਪਰਾਲੇ ਵੱਡੇ ਪੱਧਰ `ਤੇ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਇਸ ਨੇਕ ਕਾਰਜ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਿਛਲੇ 22 ਵਰ੍ਹਿਆਂ ਦੌਰਾਨ ਪਾਵਨ ਵੇਈਂ ਦੀ ਸਫ਼ਾਈ ਲਈ ਕੀਤੇ ਉੱਦਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਸੂਬਾ ਸਰਕਾਰ ਦੇ ਸਰਗਰਮ ਸਹਿਯੋਗ ਸਦਕਾ ਇਸੇ ਤਰਜ਼ `ਤੇ ਬੁੱਢੇ ਨਾਲੇ ਅਤੇ ਚਿੱਟੀ ਵੇਈਂ ਦੀ ਵੀ ਸਫ਼ਾਈ ਕਰਨ ਦੀ ਲੋੜ `ਤੇ ਜ਼ੋਰ ਦਿੱਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਈਂ ਕੰਢੇ ਪੌਦਾ ਵੀ ਲਗਾਇਆ। ਉਨ੍ਹਾਂ ਵੇਈਂ ਦਾ ਪਾਣੀ ਵੀ ਪੀਤਾ ਤੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਹ ਮੌਕਾ ਮਿਲਿਆ ਹੈ।

   

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...