ਸੁਚਾਰੂ ਤਰੀਕੇ ਨਾਲ ਹੋਵੇਗੀ ਨਰਮੇ ਦੀ ਖਰੀਦ -ਡਿਪਟੀ ਕਮਿਸ਼ਨਰ
ਅਬੋਹਰ 26 ਜਨਵਰੀ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਖਲ ਨਾਲ ਅਬੋਹਰ ਵਿਖੇ ਪ੍ਰਦਰਸ਼ਨ ਕਰ ਰਹੇ ਨਰਮਾ ਉਤਪਾਦਕ ਕਿਸਾਨਾਂ ਦੇ ਮਸਲੇ ਦਾ ਹੱਲ ਹੋ ਗਿਆ ਹੈ ਅਤੇ ਉਹਨਾਂ ਦੀ ਫਸਲ ਦੀ ਵਿਕਰੀ ਸੁਚਾਰੂ ਤਰੀਕੇ ਨਾਲ ਸ਼ੁਰੂ ਕਰਵਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਖਤਮ ਕਰਨ ਦਾ ਐਲਾਨ ਕੀਤਾ ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਵੀ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਨਰਮੇ ਸਮੇਤ ਹੋਰ ਫਸਲਾਂ ਦੇ ਮੰਡੀਕਰਨ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤ ਹੈ ਕਿ ਕਿਸਾਨਾਂ ਦੇ ਮਸਲਿਆਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ । ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਫਸਲ ਦੀ ਭਵਿੱਖ ਵਿੱਚ ਨਿਯਮਿਤ ਤੌਰ ਤੇ ਖਰੀਦ ਹੁੰਦੀ ਰਹੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਫ ਸੁਥਰੀ ਫਸਲ ਮੰਡੀ ਵਿੱਚ ਲੈ ਕੇ ਆਉਣ। ਉਨਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਖੁਦ ਨਿਯਮਿਤ ਤੌਰ ਤੇ ਮੰਡੀ ਦੀ ਸਮੀਖਿਆ ਕਰਦੇ ਰਹਿਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੰਡੀ ਵਿਖੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਜਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਭਾਰਤੀ ਕਪਾਹ ਨਿਗਮ ਵੱਲੋਂ ਨਰਮੇ ਦੀ ਖਰੀਦ ਨਹੀਂ ਕੀਤੀ ਜਾ ਰਹੀ ਸੀ ਜਿਸ ਕਾਰਨ ਕਿਸਾਨ ਭਾਰਤੀ ਕਪਾਹ ਨਿਗਮ ਦੇ ਖਿਲਾਫ ਪ੍ਰਦਰਸ਼ਨ ਤੇ ਬੈਠੇ ਸਨ। ਜਿਸ ਉਪਰੰਤ ਅੱਜ ਡਿਪਟੀ ਕਮਿਸ਼ਨਰ ਨੇ ਦਖਲ ਦੇ ਕੇ ਪ੍ਰਾਈਵੇਟ ਵਪਾਰੀਆਂ ਨੂੰ ਉਤਸਾਹਿਤ ਕੀਤਾ ਕਿ ਉਹ ਕਿਸਾਨਾਂ ਨੂੰ ਚੰਗਾ ਭਾਅ ਦੇਣ ਤਾਂ ਜੋ ਸਾਡੇ ਕਿਸਾਨ ਨੂੰ ਲਾਭ ਹੋ ਸਕੇ। ਹੁਣ ਖਰੀਦ ਸੁਚਾਰੂ ਤਰੀਕੇ ਨਾਲ ਸ਼ੁਰੂ ਹੋ ਜਾਣ ਦੀ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਨੇ ਵੀ ਆਪਣਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਸੁਚਾਰੂ ਖਰੀਦ ਵਿੱਚ ਸਹਿਯੋਗ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਤੇ ਅਬੋਹਰ ਦੇ ਐਸਡੀਐਮ ਰਵਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ।
No comments:
Post a Comment