Thursday, September 5, 2024

ਪੰਜਾਬ ਸਰਕਾਰ ਬਣਾਏਗੀ ਨਵੀਂ ਖੇਤੀ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

 ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਮੰਤਵ ਨਾਲ ਲਿਆ ਫੈਸਲਾ

ਚੰਡੀਗੜ੍ਹ, 5 ਸਤੰਬਰ


ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ Agriculture Policy ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ।


ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ Cabinet ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।


ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਰਵਾਇਤੀ ਖੇਤੀ ਖੜੋਤ ਦੇ ਕੰਢੇ ਉਤੇ ਪੁੱਜ ਗਈ ਹੈ ਅਤੇ ਅਨਾਜ ਉਤਪਾਦਨ ਨੂੰ ਹੁਲਾਰਾ ਦੇਣ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ ਹੈ। ਆਉਣ ਵਾਲੀਆਂ ਨਸਲਾਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵੀ ਨਵੀਂ ਖੇਤੀਬਾੜੀ ਨੀਤੀ ਦੀ ਲੋੜ ਹੈ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਨਵੀਂ ਖੇਤੀਬਾੜੀ ਨੀਤੀ ਬਣਾਉਣ ਲਈ ਸਾਰੇ ਵੱਡੇ ਭਾਈਵਾਲਾਂ ਦੀ ਰਾਇ ਲਈ ਜਾਵੇਗੀ।


ਪੰਜਾਬ ਲਈ ਨਵੀਂ ਸਿੱਖਿਆ ਨੀਤੀ ਪੇਸ਼ ਕਰਨ ਬਾਰੇ ਬਣੀ ਸਹਿਮਤੀ


ਕੈਬਨਿਟ ਨੇ ਹੁਨਰ ਤੇ ਤਕਨੀਕ ਆਧਾਰਤ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਵਿੱਚ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਦੀ ਸਹਿਮਤੀ ਵੀ ਦੇ ਦਿੱਤੀ। ਇਸ ਨਾਲ ਜਿੱਥੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਉੱਥੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਦਾ ਅਨਿੱਖੜ ਅੰਗ ਬਣਨਗੇ। ਇਸ ਨੀਤੀ ਨਾਲ ਸੂਬੇ ਵਿੱਚ ਸਿੱਖਿਆ ਵਿੱਚ ਗੁਣਾਤਮਕ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ।


ਵੱਧ ਤੋਂ ਵੱਧ ਵਪਾਰੀਆਂ ਨੂੰ ਲਾਹਾ ਦੇਣ ਲਈ ਓ.ਟੀ.ਐਸ.-3 ਦਾ ਦਾਇਰਾ ਵਧੇਗਾ


ਮੰਤਰੀ ਮੰਡਲ ਨੇ ਪੰਜਾਬ ਦੇ ਵੱਧ ਤੋਂ ਵੱਧ ਵਪਾਰੀਆਂ ਨੂੰ ਲਾਭ ਦੇਣ ਲਈ ਵੈਟ ਦੇ ਲਟਕਦੇ ਕੇਸਾਂ ਦੇ ਨਿਬੇੜੇ ਲਈ ਓ.ਟੀ.ਐਸ.-3 ਦਾ ਦਾਇਰਾ ਵਧਾਉਣ ਦੀ ਵੀ ਸਹਿਮਤੀ ਦੇ ਦਿੱਤੀ। ਪੂਰੀ ਤਰ੍ਹਾਂ ਨਾਕਾਮ ਰਹੀਆਂ ਪਿਛਲੀਆਂ ਸਕੀਮਾਂ ਦੇ ਮੁਕਾਬਲੇ ਮੌਜੂਦਾ ਸਕੀਮ ਦਾ ਕਾਰੋਬਾਰੀਆਂ ਨੂੰ ਚੋਖਾ ਲਾਭ ਮਿਲਿਆ ਹੈ, ਜਿਸ ਨਾਲ ਇਸ ਓ.ਟੀ.ਐਸ. ਰਾਹੀਂ ਸੂਬਾ ਸਰਕਾਰ ਨੇ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ 164 ਕਰੋੜ ਰੁਪਏ ਵਾਧੂ ਕਮਾਏ। ਇਸ ਸਕੀਮ ਦਾ ਦਾਇਰਾ ਵਧਾਉਣ ਬਾਰੇ ਰਸਮੀ ਆਦੇਸ਼ ਜਲਦੀ ਜਾਰੀ ਕੀਤੇ ਜਾਣਗੇ।


ਮੰਤਰੀ ਮੰਡਲ ਨੇ ਸੂਬੇ ਦਾ ਮਾਲੀਆ ਸਾਲਾਨਾ 2400 ਤੋਂ 3000 ਕਰੋੜ ਤੱਕ ਵਧਾਉਣ ਲਈ ਲਏ ਫੈਸਲੇ


ਸਰਕਾਰੀ ਮਾਲੀਆ ਵਧਾਉਣ ਲਈ ਮੰਤਰੀ ਸਮੂਹ ਨੇ ਡੀਜ਼ਲ ਉਤੇ ਵੈਟ ਦਰ 12 ਫੀਸਦੀ+10 ਫੀਸਦੀ ਸਰਚਾਰਜ ਜਾਂ 10.02 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ) ਜੋ ਵੀ ਜ਼ਿਆਦਾ ਹੋਵੇ, ਤੋਂ ਵਧਾ ਕੇ 13.09 ਫੀਸਦੀ+10 ਫੀਸਦੀ ਸਰਚਾਰਜ ਜਾਂ 10.94 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜਿਹੜਾ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੈਟਰੋਲ ਉਤੇ ਵੈਟ 15.74 ਫੀਸਦੀ + 10 ਫੀਸਦੀ ਸਰਚਾਰਜ ਜਾਂ 14.32 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਵੱਧ ਹੋਵੇ, ਤੋਂ ਵਧਾ ਕੇ 16.52 ਫੀਸਦੀ +10 ਫੀਸਦੀ ਸਰਚਾਰਜ ਜਾਂ 14.88 ਰੁਪਏ ਪ੍ਰਤੀ ਲੀਟਰ (ਸਰਚਾਰਜ ਸਮੇਤ), ਜੋ ਵੀ ਜ਼ਿਆਦਾ ਹੋਵੇ, ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਡੀਜ਼ਲ ਉਤੇ ਵੈਟ 92 ਪੈਸੇ ਪ੍ਰਤੀ ਲੀਟਰ ਵਧੇਗਾ ਅਤੇ ਪੈਟਰੋਲ ਉਤੇ 61 ਪੈਸੇ ਪ੍ਰਤੀ ਲੀਟਰ ਵਧੇਗਾ। ਸੂਬਾ ਸਰਕਾਰ ਨੇ ਸੱਤ ਕਿੱਲੋਵਾਟ ਤੋਂ ਜ਼ਿਆਦਾ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ ਦਿੱਤੀ ਜਾਂਦੀ ਸਬਸਿਡੀ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ। ਇਸ ਨਾਲ ਸੂਬੇ ਦੇ ਮਾਲੀਆ ਵਿੱਚ 2400 ਤੋਂ 3000 ਕਰੋੜ ਰੁਪਏ ਵੱਧ ਆਉਣਗੇ।



ਢੋਆ-ਢੁਆਈ ਵਾਲੇ ਵਾਹਨਾਂ ਤੇ ਆਟੋ-ਰਿਕਸ਼ਾ ਮਾਲਕਾਂ ਨੂੰ ਵੱਡੀ ਰਾਹਤ


ਢੋਆ-ਢੁਆਈ ਵਾਲੇ ਵਾਹਨਾਂ ਤੇ ਥ੍ਰੀ ਵੀਲ੍ਹਰ (ਯਾਤਰੀ, ਆਟੋ ਰਿਕਸ਼ਾ) ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਹਰੇਕ ਤਿਮਾਹੀ ਬਾਅਦ ਟੈਕਸ ਅਦਾ ਕਰਨ ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨਾਲ ਮਾਲਕਾਂ ਦੀ ਬੇਲੋੜੀ ਪ੍ਰੇਸ਼ਾਨੀ ਘਟੇਗੀ। ਹੁਣ ਇਨ੍ਹਾਂ ਪੁਰਾਣੇ ਕਮਰਸ਼ੀਅਲ ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਲਈ ਸਾਲਾਨਾ ਉੱਕਾ-ਪੁੱਕਾ ਟੈਕਸ ਜਮ੍ਹਾਂ ਕਰਵਾ ਸਕਣਗੇ, ਜਿਸ ਨਾਲ ਉਨ੍ਹਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਬੱਚਤ ਹੋਵੇਗੀ। ਅਜਿਹੇ ਨਵੇਂ ਵਾਹਨ ਲੈਣ ਵਾਲਿਆਂ ਨੂੰ ਹੁਣ ਚਾਰ ਜਾਂ ਅੱਠ ਸਾਲਾਂ ਲਈ ਇਕੱਠਾ ਟੈਕਸ ਭਰਨ ਦਾ ਵਿਕਲਪ ਮਿਲੇਗਾ, ਜਿਸ ਉਤੇ ਉਨ੍ਹਾਂ ਨੂੰ ਕ੍ਰਮਵਾਰ 10 ਤੇ 20 ਫੀਸਦੀ ਦੀ ਰਿਆਇਤ ਮਿਲੇਗੀ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...