*ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ*
*•ਸੈਂਪਲ ਭਰ ਕੇ ਜਾਂਚ ਲਈ ਭੇਜੇ, ਫਰਟੀਲਾਈਜ਼ਰ (ਕੰਟਰੋਲ) ਆਰਡਰ ਅਤੇ ਕੀਟਨਾਸ਼ਕ ਐਕਟ ਤਹਿਤ ਐਫਆਈਆਰ ਦਰਜ: ਗੁਰਮੀਤ ਸਿੰਘ ਖੁੱਡੀਆਂ*
*• ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਖੇਤੀਬਾੜੀ ਮੰਤਰੀ ਵੱਲੋਂ ਸਖ਼ਤ ਚੇਤਾਵਨੀ*
ਚੰਡੀਗੜ੍ਹ, 20 ਜੂਨ:
ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ Moga ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਕੋਟਕਪੂਰਾ ਦੇ ਪਿਊਸ਼ ਗੋਇਲ ਦੁਆਰਾ ਚਲਾਏ ਜਾ ਰਹੇ ਇਸ ਗੋਦਾਮ ਵਿੱਚੋਂ ਖਾਦ ਅਤੇ ਕੀਟਨਾਸ਼ਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰਨ ਬਾਰੇ ਪਤਾ ਲੱਗਿਆ, ਜਿਸ ਉਪਰੰਤ ਉਥੇ ਪਏ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ ਵਸਤਾਂ ਵਿੱਚ ਜ਼ਿੰਕ ਸਲਫੇਟ Zink Sulphate ਦੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ‘ਤੇ ਮੈਨੂਫੈਕਚਰਿੰਗ ਤਰੀਕ ਅਤੇ ਬੈਚ ਨੰਬਰ ਨਹੀਂ ਸਨ, ਜੋ ਇਨ੍ਹਾਂ ਉਤਪਾਦਾਂ ਦੇ ਨਕਲੀ ਹੋਣ ਦਾ ਸ਼ੱਕ ਪੈਦਾ ਕਰਦਾ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਜਾਇੰਟ ਡਾਇਰੈਕਟਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਉੱਡਣ ਦਸਤੇ ਨੇ ਖਾਦ ਦੇ ਤਿੰਨ ਨਮੂਨੇ Fertilizer Sample ਅਤੇ ਕੀਟਨਾਸ਼ਕਾਂ ਦੇ ਦੋ ਨਮੂਨੇ ਲਏ ਹਨ ਅਤੇ ਖਾਦ (ਕੰਟਰੋਲ) ਆਰਡਰ, 1985, ਕੀਟਨਾਸ਼ਕ ਐਕਟ, 1968, ਕੀਟਨਾਸ਼ਕ ਰੂਲ 1971, ਜ਼ਰੂਰੀ ਵਸਤਾਂ ਐਕਟ, 1955 ਅਤੇ ਭਾਰਤੀ ਨਿਆਂ ਸੰਹਿਤਾ, 2023 ਤਹਿਤ ਮੋਗਾ ਦੇ ਥਾਣਾ ਸਮਾਲਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਉਨ੍ਹਾਂ ਨੇ ਕਿਸਾਨਾਂ ਨਾਲ ਧੋਖਾਧੜੀ ਅਤੇ ਸ਼ੋਸ਼ਣ ਕਰਨ ਵਾਲਿਆਂ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ 'ਤੇ ਜ਼ੋਰ ਦਿੰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਘਟੀਆ ਮਿਆਰ ਵਾਲੇ ਅਤੇ ਗੈਰ-ਕਾਨੂੰਨੀ ਉਤਪਾਦਾਂ ਤੋਂ ਬਚਣ ਲਈ ਸਿਰਫ਼ ਅਧਿਕਾਰਤ ਡੀਲਰਾਂ ਤੋਂ ਹੀ ਖੇਤੀਬਾੜੀ ਵਸਤਾਂ ਖਰੀਦਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜਵਾਬਦੇਹੀ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਹਰ ਖਰੀਦ ਦਾ ਢੁਕਵਾਂ ਬਿੱਲ ਲੈਣ ਲਈ ਕਿਹਾ।
No comments:
Post a Comment