Monday, January 12, 2026

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ‘ਚ ਸਰਫੇਸ ਸੀਡਰ ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਵਿੱਦਿਅਕ ਦੌਰਾ

              ਹੁਸ਼ਿਆਰਪੁਰ:       ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਪਰਾਲੀ ਵਿੱਚ ਸਰਫੇਸ ਸੀਡਰ ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਵਿੱਦਿਅਕ ਦੌਰਾ ਪਿੰਡ ਮਖਸੂਸਪੁਰ, ਬਲਾਕ ਮਾਹਿਲਪੁਰ ਵਿਖੇ ਕੀਤਾ ਗਿਆ। 

          ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਮੌਜੂਦ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਖੇਤ ਦੀ ਮਿੱਟੀ ਨੂੰ ਪੌਸ਼ਟਿਕ ਤੱਤਾਂ ਦਾ ਬੈਂਕ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਅਸੀਂ ਇਸਨੂੰ ਖਾਲੀ ਨਾ ਕਰੀਏ ਕਿਉਂਕਿ ਖ਼ਾਦਾਂ ਦਾ ਇਕ ਤਿਹਾਈ ਹਿੱਸਾ ਪਰਾਲੀ ਵਿਚ ਹੁੰਦਾ ਹੈ, ਜੋ ਅੱਗ ਲਗਾਉਣ ਨਾਲ ਇਸਦੇ ਨਾਲ ਹੀ ਨਸ਼ਟ ਹੋ ਜਾਂਦਾ ਹੈ। ਪਰਾਲੀ ਨੂੰ ਖੇਤ ਵਿਚ ਹੀ ਰੱਖਣ ਦੀ ਸਿਫ਼ਾਰਸ਼ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਜ਼ਮੀਨ ਦੀ ਸਿਹਤ ਠੀਕ ਰਹਿੰਦੀ ਹੈ ਉਥੇ ਖ਼ਾਦਾਂ 'ਤੇ ਖ਼ਰਚੇ ਘੱਟ ਹੁੰਦੇ ਹਨ ਅਤੇ ਵਾਤਾਵਰਨ ਵੀ ਪਲੀਤ ਨਹੀਂ ਹੁੰਦਾ। ਉਨ੍ਹਾਂ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ, ਜਿਨ੍ਹਾਂ ਨੇ ਇਸ ਸਾਲ ਝੋਨੇ ਦੀ ਪਰਾਲੀ ਦਾ ਪੂਰਨ ਪ੍ਰਬੰਧ ਕੀਤਾ ਅਤੇ ਇਨ੍ਹਾਂ ਯਤਨਾਂ ਸਦਕਾ ਪਰਾਲੀ ਨੂੰ ਅੱਗ ਲਾਉਣ ਦੇ ਬਹੁਤ ਘੱਟ ਕੇਸ ਦਰਜ਼ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ਕਣਕ ਦੇ ਸਰਵਪੱਖੀ ਖ਼ਾਦ, ਨਦੀਨ ਤੇ ਕੀਟ ਪ੍ਰਬੰਧਨ ਬਾਰੇ ਵੀ ਜਰੂਰੀ ਨੁਕਤੇ ਸਾਂਝੇ ਕੀਤੇ। 

           ਸਰਫੇਸ ਸੀਡਰ ਤਕਨੀਕ ਨਾਲ ਪਿੰਡ ਮਖਸੂਸਪੁਰ ਦੇ ਅਗਾਂਹਵਧੂ ਕਿਸਾਨ ਪਰਮਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ 8 ਏਕੜ ਰਕਬੇ 'ਤੇ ਕਣਕ ਦੀ ਬਿਜਾਈ ਕੀਤੀ ਹੈ। ਪਿਛਲੇ ਸਾਲ ਵੀ ਉਨ੍ਹਾਂ ਨੇ ਇਸ ਤਕਨੀਕ ਦੀ ਵਰਤੋਂ ਕੀਤੀ ਸੀ ਅਤੇ ਵਧੀਆ ਝਾੜ ਪ੍ਰਾਪਤ ਕੀਤਾ ਸੀ। 

         ਇਸ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਡਾ. ਅਜੈਬ ਸਿੰਘ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਵਿੱਚ ਕਟਰ-ਕਮ-ਸਪਰੈਡਰ (ਸੁਧਾਰਿਆ ਹੋਇਆ ਕਟਰ) ਉੱਪਰ ਆਮ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਪਾਈਪਾਂ ਸਮੇਤ (ਬਿਨਾਂ ਫਾਲਿਆਂ ਤੋਂ) ਲਗਾਇਆ ਗਿਆ ਹੈ। ਇਹ ਮਸ਼ੀਨ ਕੰਬਾਈਨ ਨਾਲ ਕੱਟੇ ਝੋਨੇ ਦੇ ਖੇਤ ਵਿੱਚ ਇਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਅਤੇ ਨਾਲੋਂ-ਨਾਲ ਝੋਨੇ ਦੇ ਖੜ੍ਹੇ ਕਰਚੇ (4 ਤੋਂ 5 ਇੰਚ ਉੱਚਾ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚੱਲ ਸਕਦੀ ਹੈ ਅਤੇ ਇਕ ਘੰਟੇ ਵਿੱਚ 1.5 ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ। ਇਹ ਮਸ਼ੀਨ 700 ਤੋਂ 800 ਰੁਪਏ ਵਿੱਚ ਇਕ ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ। 

         ਇਸ ਮੌਕੇ ਪਿੰਡ ਮਖਸੂਸਪੁਰ ਤੋਂ ਕੁਸ਼ਲ ਰਾਮ, ਪਰਮਜੀਤ ਸਿੰਘ, ਦਲਵੀਰ ਸਿੰਘ, ਦਲਬੀਰ ਸਿੰਘ, ਸੁਖਵਿੰਦਰ ਸਿੰਘ, ਕਮਲਜੀਤ ਸਿੰਘ, ਮੇਜਰ ਸਿੰਘ, ਆਦਿ ਅਗਾਂਹਵਧੂ ਕਿਸਾਨ ਮੌਜੂਦ ਸਨ। ਕਿਸਾਨਾਂ ਨੇ ਸਰਫੇਸ ਸੀਡਰ ਤਕਨੀਕ ਨਾਲ ਬੀਜੀ ਕਣਕ ਦੇ ਖੇਤਾਂ ਦਾ ਦੌਰਾ ਕੀਤਾ ਤੇ ਇਸ ਤਕਨੀਕ ਪ੍ਰਤੀ ਸੰਤੁਸ਼ਟੀ ਪ੍ਰਗਟਾਈ।

No comments:

Post a Comment

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...