Thursday, January 1, 2026

ਏ ਆਈ (ਬਣਾਉਟੀ ਬੌਧਿਕਤਾ) ਬਦਲੇਗੀ ਹੁਣ ਪੰਜਾਬ ਦੀ ਖੇਤੀ ਦੀ ਦਿਸ਼ਾ

 ਚੰਡੀਗੜ੍ਹ, 1 ਜਨਵਰੀ :

ਖੇਤੀ ਉਤਪਾਦਕਤਾ ਵਧਾਉਣ, ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਵੱਲ ਕਦਮ ਵਧਾ ਰਹੀ ਹੈ। ਇਸ ਸਬੰਧੀ ਆਈਆਈਟੀ ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸਲੈਂਸ (CoE) ਦੀ ਮਦਦ ਨਾਲ AI-ਅਧਾਰਿਤ ਤਕਨਾਲੋਜੀਆਂ ਨੂੰ ਮੈਦਾਨੀ ਪੱਧਰ ‘ਤੇ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਇਸ ਦਿਸ਼ਾ ਵਿੱਚ ਹੋ ਰਹੀ ਤਰੱਕੀ ਦੀ ਸਮੀਖਿਆ ਕੀਤੀ ਅਤੇ ਭਵਿੱਖ ਦੀ ਕਾਰਜ ਯੋਜਨਾ ‘ਤੇ ਵਿਚਾਰ-ਵਟਾਂਦਰਾ ਕੀਤਾ।

ਖੇਤੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਧੁਨਿਕ ਤਕਨਾਲੋਜੀਆਂ ਦਾ ਲਾਭ ਸਿੱਧੇ ਤੌਰ ‘ਤੇ ਕਿਸਾਨਾਂ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਇਸ ਨਾਲ ਮੈਦਾਨੀ ਪੱਧਰ ‘ਤੇ ਮਾਪਯੋਗ ਨਤੀਜੇ ਸਾਹਮਣੇ ਆਉਣੇ ਚਾਹੀਦੇ ਹਨ। ਉਨ੍ਹਾਂ ਨੇ ਪਾਇਲਟ ਪ੍ਰੋਜੈਕਟਾਂ ਦੀ ਲਾਗੂਅਤ ਅਤੇ ਸਫ਼ਲ AI ਹੱਲਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫੈਲਾਉਣ ਲਈ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਟੋਮੈਟਿਕ ਵੇਦਰ ਸਟੇਸ਼ਨ, ਖੇਤਰੀ ਡਾਟਾ ਇਕੱਠਾ ਕਰਨ ਲਈ ਕਿਸਾਨਾਂ ਦੀ ਭਾਗੀਦਾਰੀ, ਬਾਗਬਾਨੀ ਕਲੱਸਟਰਾਂ ਨੂੰ ਸਹਿਯੋਗ ਅਤੇ ਪਸ਼ੂ ਪਾਲਣ ਖੇਤਰ ਵਿੱਚ AI-ਅਧਾਰਿਤ ਉਤਪਾਦਕਤਾ ਹੱਲਾਂ ਦੇ ਵਿਸਥਾਰ ਦੇ ਨਿਰਦੇਸ਼ ਵੀ ਜਾਰੀ ਕੀਤੇ।

ਸਰਦਾਰ ਖੁੱਡੀਆਂ ਨੇ ਆਈਆਈਟੀ ਰੋਪੜ ਵੱਲੋਂ ਪ੍ਰਿਸੀਜ਼ਨ ਐਗਰੀਕਲਚਰ ਅਤੇ ਖੇਤੀ ਵਿੱਚ AI ਸਬੰਧੀ ਰਾਸ਼ਟਰੀ ਪੱਧਰ ਦੇ ਕੋਰਸ ਸ਼ੁਰੂ ਕਰਨ ਦੇ ਉਪਰਾਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਸਰਕਾਰੀ ਅਧਿਕਾਰੀਆਂ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਪੰਜਾਬ ਦੇ ਵਿਦਿਆਰਥੀਆਂ ਅਤੇ ਅਧਿਕਾਰੀਆਂ ਲਈ ਵਿਸ਼ੇਸ਼ ਰਿਜ਼ਰਵੇਸ਼ਨ ਰਾਜ ਦੇ ਮਨੁੱਖੀ ਸਰੋਤ ਨੂੰ ਹੋਰ ਮਜ਼ਬੂਤ ਕਰੇਗੀ।

ਮੀਟਿੰਗ ਦੌਰਾਨ ਆਈਆਈਟੀ ਰੋਪੜ ਦੇ ਐਸੋਸੀਏਟ ਪ੍ਰੋਫੈਸਰ ਡਾ. ਪੁਸ਼ਪੇਂਦ੍ਰ ਪੀ. ਸਿੰਘ ਨੇ CoE ਹੇਠ ਚੱਲ ਰਹੀਆਂ ਪ੍ਰਮੁੱਖ ਪਹਲਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਲਗਭਗ 310 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਅਧੀਨ AI-ਅਧਾਰਿਤ ਫਸਲ ਸਲਾਹ ਪ੍ਰਣਾਲੀਆਂ, ਬਹੁਭਾਸ਼ੀ ਕਿਸਾਨ ਚੈਟਬੋਟ, ਫਸਲਾਂ ਦੇ ਡਿਜ਼ੀਟਲ ਟਵਿਨ, ਉਪਜ ਅਨੁਮਾਨ ਮਾਡਲ, ਮਿੱਟੀ ਸਿਹਤ ਵਿਸ਼ਲੇਸ਼ਣ, ਮੌਸਮ ਜਾਣਕਾਰੀ ਟੂਲ ਅਤੇ ਸਮਾਰਟ ਲਾਈਵਸਟਾਕ ਮੈਨੇਜਮੈਂਟ ਐਪਲੀਕੇਸ਼ਨਾਂ ‘ਤੇ ਕੰਮ ਕੀਤਾ ਜਾ ਰਿਹਾ ਹੈ।

ਇਸ ਸਾਂਝੇ ਉਪਰਾਲੇ ਨਾਲ ਪੰਜਾਬ ਨੂੰ AI-ਅਧਾਰਿਤ ਖੇਤੀਬਾੜੀ ਬਦਲਾਅ ਵਿੱਚ ਅਗੇਤਰੀ ਅਤੇ ਮਾਡਲ ਰਾਜ ਵਜੋਂ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਸਰੋਤਾਂ ਦੀ ਕੁਸ਼ਲ ਵਰਤੋਂ, ਜਲਵਾਯੂ ਤਬਦੀਲੀ ਪ੍ਰਤੀ ਲਚੀਲਾਪਨ ਅਤੇ ਖੇਤੀ ਤੇ ਸਹਾਇਕ ਖੇਤਰਾਂ ਵਿੱਚ ਟਿਕਾਊ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।

ਮੀਟਿੰਗ ਵਿੱਚ ਖੇਤੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਐਮਡੀ ਪੰਜਾਬ ਐਗਰੋ ਹਰਗੁਨਜੀਤ ਕੌਰ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਪਰਮਦੀਪ ਸਿੰਘ ਵਾਲੀਆ ਸਮੇਤ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

No comments:

Post a Comment

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...