ਬਰਨਾਲਾ, 10 ਮਾਰਚ
ਡਿਪਟੀ ਕਮਿਸ਼ਨਰ ਬਰਨਾਲਾ ਸ. ਹਰਪ੍ਰੀਤ ਸਿੰਘ ਆਈ ਏ ਐੱਸ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਰਕਾਰ ਦੀਆਂ ਖੇਤੀਬਾੜੀ ਸਕੀਮਾਂ ਦਾ ਲਾਭ ਲੈਣ ਲਈ ਐਗਰੀਸਟਾਕ ਫਾਰਮਰ ਰਜਿਸਟਰੀ (AgriStack Farmer Registry) ਵਿੱਚ ਆਪਣੀ Farmer Registry ਰਜਿਸਟ੍ਰੇਸ਼ਨ ਤੁਰੰਤ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (PM-KISAN) ਯੋਜਨਾ ਅਤੇ ਹੋਰ ਸਰਕਾਰੀ ਸਬਸਿਡੀਆਂ ਦਾ ਲਾਭ ਜਾਰੀ ਰੱਖਣ ਲਈ ਹੁਣ ਇਹ Farmer Registry ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪ੍ਰਕਿਰਿਆ ਰਾਹੀਂ ਹਰੇਕ ਕਿਸਾਨ ਲਈ ਇੱਕ ਵਿਲੱਖਣ ਫਾਰਮਰ ਆਈ.ਡੀ. (Unique Farmer ID) ਤਿਆਰ ਕੀਤੀ ਜਾਵੇਗੀ, ਜੋ ਭਵਿੱਖ ਵਿੱਚ ਖੇਤੀਬਾੜੀ ਨਾਲ ਸਬੰਧਤ ਹਰ ਵਿੱਤੀ ਮਦਦ ਅਤੇ ਸਰਕਾਰੀ ਸਹੂਲਤ ਲਈ ਆਧਾਰ ਬਣੇਗੀ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਨਵੀਂ ਕਿਸਾਨ ਆਈ ਡੀ ਕਿਸਾਨ ਦੇ ਮੌਜੂਦਾ PM KISAN ਖਾਤੇ ਨਾਲ ਲਿੰਕ ਕੀਤੀ ਜਾਵੇਗੀ। ਇਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਪ੍ਰਕਿਰਿਆ ਵਧੇਰੇ ਪਾਰਦਰਸ਼ੀ ਹੋਵੇਗੀ ਅਤੇ ਵਿਚੋਲਗੀ ਦੀ ਗੁੰਜਾਇਸ਼ ਖ਼ਤਮ ਹੋਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਇਹ Farmer Registry ਰਜਿਸਟ੍ਰੇਸ਼ਨ ਨਹੀਂ ਕਰਵਾਈ ਹੋਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਕਿਸ਼ਤਾਂ ਅਤੇ ਸਰਕਾਰੀ ਸਬਸਿਡੀਆਂ ਰੁਕ ਸਕਦੀਆਂ ਹਨ।
ਉਹਨਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਲੋੜੀਂਦੇ ਦਸਤਾਵੇਜ਼ ਆਧਾਰ ਕਾਰਡ ਅਤੇ ਤਾਜ਼ਾ ਜਮਾਂਬੰਦੀ (ਜ਼ਮੀਨੀ ਰਿਕਾਰਡ) ਹੈ। ਇਸ ਬਾਬਤ ਨੇੜਲੇ ਕਾਮਨ ਸਰਵਿਸ ਸੈਂਟਰ (CSC), ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਦੇਰੀ ਤੋਂ ਬਚਣ ਲਈ ਆਪਣੀ ਰਜਿਸਟ੍ਰੇਸ਼ਨ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਤਾਂ ਜੋ ਉਹ ਸਰਕਾਰੀ ਸਹੂਲਤਾਂ ਦਾ ਬਿਨਾਂ ਕਿਸੇ ਰੁਕਾਵਟ ਦੇ ਲਾਭ ਉਠਾ ਸਕਣ।


No comments:
Post a Comment