ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ
ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ Ropar ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ Wheat Procurment ਸ਼ੁਰੂ ਹੋ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ, ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੁਖਤਾ ਪ੍ਰਬੰਧ ਯਕੀਨੀ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ ਕਿਸਾਨਾ ਵੱਲੋਂ ਲਿਆਂਦੀ ਜਾ ਰਹੀ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰਧ ਕਰਨ ਲਈ ਪਹਿਲਾਂ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਸਨ, ਜਿਸ ਕਾਰਨ ਅੱਜ ਹੋਈ ਬੇਮੌਸਮੀ ਬਾਰਿਸ਼ ਨਾਲ ਮੰਡੀ ਵਿੱਚ ਪਈ ਫਸਲ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਿਆ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੀ ਹਰੇਕ ਮੰਡੀ ਵਿੱਚ ਆੜ੍ਹਤੀਆਂ ਪਾਸ ਲੋੜੀਂਦੀਆਂ ਤਰਪਾਲਾਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕਿਸਾਨ ਦੀ ਹਰੇਕ ਢੇਰੀ ਨੂੰ ਬਾਰਿਸ਼ ਤੋਂ ਬਚਾਉਣ ਲਈ ਤਰਪਾਲਾਂ ਨਾਲ ਚੰਗੀ ਤਰ੍ਹਾਂ ਢੱਕ ਦਿੱਤਾ ਜਾਵੇ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਸਿੱਧੇ ਤੌਰ ਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 133 ਮੀਟਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਫਸਲ ਸੁਕਾ ਕੇ ਲਿਆਂਦੀ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ।

No comments:
Post a Comment