ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਕਿਸਾਨ ਸਿਖਲਾਈ ਕੈਂਪ
ਧੂਰੀ, 15 ਮਈ
ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (FASC) ਸੰਗਰੂਰ Sangrur ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ Fertilizer Management as per Soil Testing Report ਅਤੇ ਫਾਸਫੋਰਸ ਖਾਦ Phosphors Fertilizer ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp ਲਗਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।
ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ।
ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ DAP ਖਾਦ ਦੀ ਅਣਸੁਝੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।
ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਫਸਲ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਮਿੱਟੀ ਦੀ ਸਿਹਤ ਸੁਧਾਰਨ ਲਈ ਹਰੀ ਖਾਦਾਂ ਜਿਵੇਂ ਜੰਤਰ Green Manure ਅਤੇ ਸਣ ਦੀ ਕਾਸ਼ਤ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਦੌਰਾਨ ਡਾ. ਗਰਗ ਨੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੇ ਰੋਗ ਦੀ ਪਛਾਣ ਅਤੇ ਰੋਕਥਾਮ ਸਬੰਧੀ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਨੂੰ ਪਨੀਰੀ ਦੀ ਨਿਯਮਿਤ ਨਿਗਰਾਨੀ ਕਰਨ ਲਈ ਪ੍ਰੇਰਿਆ।
ਡਾ. ਗਰਗ ਨੇ PAU ਵੱਲੋਂ ਸਿਫਾਰਿਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ PR-131, PR-132 ਅਤੇ ਪੀ.ਆਰ. 126 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨਵੀਂ ਕਿਸਮ ਪੀ.ਆਰ. 133 ਬਾਰੇ ਦੱਸਦੇ ਹੋਏ ਕਿਹਾ ਕਿ ਇਹ ਕਿਸਮ ਲੁਆਈ ਤੋਂ ਬਾਅਦ ਲਗਭਗ 111 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਪ੍ਰਤੀ ਏਕੜ ਲਗਭਗ 30.5 ਕੁਇੰਟਲ ਝਾੜ ਦਿੰਦੀ ਹੈ। ਬਾਸਮਤੀ ਦੀਆਂ ਕਿਸਮਾਂ Pusa Basmati-1509 ਅਤੇ ਪੂਸਾ ਬਾਸਮਤੀ 1847 ਵਿੱਚ ਖਾਦਾਂ ਦੀ ਲੋੜ ਅਤੇ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਸੋਧ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਕਿਸਾਨਾਂ ਨੂੰ ਪੀਏਯੂ ਲੁਧਿਆਣਾ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਦਾ ਗਿਆਨ ਪ੍ਰਦਾਨ ਕੀਤਾ ਗਿਆ ਅਤੇ ਪੇਂਡੂ ਵਿਦਿਆਰਥੀਆਂ ਨੂੰ ਪੀਏਯੂ ਲੁਧਿਆਣਾ ਵਿੱਚ ਦਾਖਲਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ।
ਕੈਂਪ ਲਾਉਣ ਵਿੱਚ ਸ. ਸਤਨਾਮ ਸਿੰਘ (ਚੇਅਰਮੈਨ), ਸ. ਅਮਰਜੀਤ ਸਿੰਘ (ਪ੍ਰਧਾਨ), ਸ. ਅਮਨਦੀਪ ਸਿੰਘ (ਕਮੇਟੀ ਮੈਂਬਰ), ਸ. ਬਿੱਕਰ ਸਿੰਘ (ਮੀਤ ਪ੍ਰਧਾਨ) ਅਤੇ ਸ. ਸਰਬਜੀਤ ਸਿੰਘ (ਸੈਕਟਰੀ) ਢਢੋਗਲ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਿਟਡ ਨੇ ਵਿਸ਼ੇਸ਼ ਯੋਗਦਾਨ ਪਾਇਆ।
ਅੰਤ ਵਿੱਚ ਕਿਸਾਨਾਂ ਲਈ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੇ PR-126 ਦੇ ਬੀਜ, ਐਜ਼ੋਸਪਾਇਰਲਮ ਟੀਕੇ, ਖੇਤੀ ਸਾਹਿਤ ਆਦਿ ਦੀ ਵਿਕਰੀ ਵੀ ਕੀਤੀ ਗਈ।
ਕੈਂਪ ਦੌਰਾਨ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਤਰਤੀਬ-ਬੱਧ ਅਤੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ। ਕਿਸਾਨਾਂ ਨੇ ਮਿੱਟੀ ਪਰਖ ਕਰਵਾਉਣ ਅਤੇ ਸਿਫਾਰਿਸ਼ੀ ਖਾਦ ਪ੍ਰਬੰਧਨ ਅਪਣਾਉਣ ਲਈ ਭਰਪੂਰ ਰੁਚੀ ਵੀ ਦਿਖਾਈ।

No comments:
Post a Comment