ਸ੍ਰੀ ਮੁਕਤਸਰ ਸਾਹਿਬ, 19 ਮਈ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਰਾਸ਼ਟਰੀ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕ੍ਰਿਬਕੋ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਬਲਾਕਾਂ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਦੇ 50 ਤੋਂ ਵੱਧ ਸੈਕਟਰੀ ਅਤੇ ਅਧਿਕਾਰੀਆਂ ਨੇ ਭਾਗ ਲਿਆ।
ਇਸ ਸਿਖਲਾਈ ਵਿੱਚ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸ੍ਰੀ ਅਭਿਤੇਸ਼ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਮੁੱਖ ਉਦੇਸ਼ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਮਿੱਟੀ ਦੀ ਸਿਹਤ ਸੁਧਾਰ, ਸੰਤੁਲਿਤ ਖਾਦ ਵਰਤੋਂ ਅਤੇ ਇਕਸਾਰ ਪੋਸ਼ਕ ਤੱਤ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਸੀ।
ਇਸ ਮੌਕੇ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਪੀ.ਏ.ਯੂ.-ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਰਾਸ਼ਟਰੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਮੁੱਖ ਉਦੇਸ਼ਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਿੱਟੀ ਦੀ ਉਪਜਾਊ ਸ਼ਕਤੀ Soil Fertility ਅਤੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਵਿੱਚ ਵਿਗਿਆਨਕ ਖਾਦ ਵਰਤੋਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।
ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਐਕਸਟੈਂਸ਼ਨ ਐਜੂਕੇਸ਼ਨ) ਨੇ ਅਸੰਤੁਲਿਤ ਖਾਦ ਵਰਤੋਂ Balanced Use of Fertilizer ਦੇ ਮਿੱਟੀ ਦੀ ਸਿਹਤ ਅਤੇ ਵਾਤਾਵਰਣ ’ਤੇ ਪੈਣ ਵਾਲੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜ਼ੋਰ ਦਿੱਤਾ ਕਿ ਮਿੱਟੀ ਦੀ ਜਾਂਚ ਅਧਾਰਿਤ ਖਾਦਾਂ ਦੀ ਵਰਤੋਂ ਲੰਬੇ ਸਮੇਂ ਲਈ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਸਿਫਾਰਸ਼ੀ ਮਾਤਰਾ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਐਗਰੋਨੋਮੀ) ਨੇ ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖਾਦ, ਫਸਲੀ ਰਹਿੰਦ-ਖੂੰਹਦ ਪ੍ਰਬੰਧਨ, ਖਾਦਾਂ ਦੀ ਘਾਟ ਸਮੇਂ ਬਦਲਵੇਂ ਵਿਕਲਪ, ਨਾਈਟ੍ਰੋਜਨ Nitrogen ਕੁਸ਼ਲ ਫਸਲੀ ਕਿਸਮਾਂ ਅਤੇ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਦੌਰਾਨ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਾਂ ਅਤੇ ਸਬਜ਼ੀਆਂ ਵਿੱਚ ਇਕਸਾਰ ਪੋਸ਼ਕ ਤੱਤ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬਾਗਾਂ ਲਈ ਵਿਗਿਆਨਕ ਢੰਗ ਨਾਲ ਮਿੱਟੀ ਦੇ ਨਮੂਨੇ Soil Sampling ਲੈਣ ਦੀ ਪ੍ਰਯੋਗਿਕ ਸਿਖਲਾਈ ਵੀ ਦਿੱਤੀ।
ਮੁੱਖ ਮਹਿਮਾਨ ਸ੍ਰੀ ਅਭਿਤੇਸ਼ ਸਿੰਘ ਸੰਧੂ ਨੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਦੌਰਾਨ ਪ੍ਰਾਪਤ ਵਿਗਿਆਨਕ ਖੇਤੀ ਜਾਣਕਾਰੀ ਅਤੇ ਪੀ.ਏ.ਯੂ. ਦੀਆਂ ਸਿਫਾਰਸ਼ਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਅੰਤ ਵਿੱਚ ਸਹਿਕਾਰੀ ਸਭਾਵਾਂ ਦੇ ਏ.ਆਰ. ਸ੍ਰੀ ਰਾਜਨ ਗੁਰਬਕਸ ਰਾਏ ਨੇ ਸਭ ਦਾ ਧੰਨਵਾਦ ਕੀਤਾ। ਸਿਖਲਾਈ ਦੌਰਾਨ ਸਿਖਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੇਤ ਪੱਧਰੀ ਸਮੱਸਿਆਵਾਂ ਸਬੰਧੀ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦੇ ਵਿਗਿਆਨੀਆਂ ਵੱਲੋਂ ਮੌਕੇ ਉੱਤੇ ਇਹਨਾਂ ਮੁਸ਼ਕਿਲਾਂ ਦੇ ਹੱਲ ਸੁਝਾਏ ਗਏ।


No comments:
Post a Comment