Tuesday, May 19, 2026

ਐਗਰੋ ਪ੍ਰੋਸੈਸਿੰਗ ਯੂਨਿਟਾਂ, ਵੈਲਯੂ ਐਡੀਸ਼ਨ ਅਤੇ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਸਹਾਇਕ ਕਾਰੋਬਾਰੀ ਧੰਦੇ ਅਪਣਾਕੇ ਕੀਤਾ ਜਾ ਸਕਦਾ ਹੈ ਆਮਦਨ ਵਿੱਚ ਵਾਧਾ

ਬਠਿੰਡਾ, 19 ਮਈ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਅੱਜ ਬਲਾਕ ਭਗਤਾ ਭਾਈ ਕਾ ਦੇ ਪਿੰਡ ਆਕਲੀਆ ਜਲਾਲ ਵਿਖੇ ਛੋਟੇ ਪੱਧਰ ਦੇ ਐਗਰੋ ਪ੍ਰੋਸੈਸਿੰਗ ਯੂਨਿਟਾਂ Agro Processing Units ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੀ ਮੁੱਲ ਵਧਾਉਣ Value Addition ਵਾਲੀ ਪ੍ਰੋਸੈਸਿੰਗ ਤਕਨੀਕਾਂ ਅਤੇ ਖੇਤੀ ਆਧਾਰਿਤ ਸਹਾਇਕ ਕਾਰੋਬਾਰਾਂ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਉਹ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਘਰੇਲੂ ਮਹਿਲਾਵਾਂ ਨੇ ਭਾਗ ਲਿਆ।

ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ) ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਰਫ ਫਸਲ ਉਤਪਾਦਨ ਹੀ ਨਹੀਂ, ਸਗੋਂ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਵੈਲਯੂ ਐਡੀਸ਼ਨ ਵੀ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਐਗਰੋ ਪ੍ਰੋਸੈਸਿੰਗ ਕੰਪਲੈਕਸ ਮਾਡਲ Agro Processing Model ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਪਿੰਡ ਪੱਧਰ ‘ਤੇ ਇਸ ਤਰ੍ਹਾਂ ਦੇ ਯੂਨਿਟ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਆਪਣੇ ਖੇਤੀ ਉਤਪਾਦਾਂ ਨੂੰ ਪ੍ਰੋਸੈਸ ਕਰਕੇ ਵਧੀਆ ਭਾਅ ਹਾਸਲ ਕਰ ਸਕਦੇ ਹਨ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋ ਸਕਦੇ ਹਨ।

ਕੈਂਪ ਦੌਰਾਨ ਸੋਲਰ ਕੁੱਕਰ Solar Cooker ਦੀ ਵਿਸ਼ੇਸ਼ ਡੈਮੋਨਸਟ੍ਰੇਸ਼ਨ ਵੀ ਕਰਵਾਈ ਗਈ। ਇਸ ਮੌਕੇ ਕਿਸਾਨਾਂ ਅਤੇ ਘਰੇਲੂ ਮਹਿਲਾਵਾਂ ਨੂੰ ਸੋਲਰ ਕੁੱਕਰ ਦੀ ਵਰਤੋਂ, ਇਸ ਨਾਲ ਹੋਣ ਵਾਲੀ ਬਿਜਲੀ ਅਤੇ ਇੰਧਨ ਦੀ ਬਚਤ ਅਤੇ ਵਾਤਾਵਰਣ ਸੰਰੱਖਣ ਵਿੱਚ ਇਸ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਵਿਗਿਆਨੀਆਂ ਨੇ ਦੱਸਿਆ ਕਿ ਸੂਰਜੀ ਊਰਜਾ ਆਧਾਰਿਤ ਉਪਕਰਨਾਂ ਦੀ ਵਰਤੋਂ ਨਾਲ ਘਰੇਲੂ ਖਰਚ ਘਟਣ ਦੇ ਨਾਲ-ਨਾਲ ਪ੍ਰਦੂਸ਼ਣ ਵਿੱਚ ਵੀ ਕਮੀ ਆਉਂਦੀ ਹੈ।

ਇਸ ਮੌਕੇ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਟ੍ਰੇਨਿੰਗ) ਨੇ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੀ ਮਾਰਕੀਟਿੰਗ ਅਤੇ ਪ੍ਰੋਸੈਸਿੰਗ Marketing and Processing ਨਾਲ ਜੁੜੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਵੱਖ-ਵੱਖ ਕਿਸਮਾਂ ਦੇ ਆਟੇ ਦੀ ਤਿਆਰੀ ਲਈ ਵਿਸ਼ੇਸ਼ ਕਣਕ ਦੀਆਂ ਕਿਸਮਾਂ ਅਤੇ ਉੱਚ ਗੁਣਵੱਤਾ ਵਾਲੇ ਤੇਲ ਉਤਪਾਦਨ ਲਈ ਕੈਨੋਲਾ ਕਿਸਮਾਂ ਦੀ ਕਾਸ਼ਤ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਫਸਲਾਂ ਦੀ ਵਿਭਿੰਨਤਾ ਅਤੇ ਪ੍ਰੋਸੈਸਿੰਗ ਆਧਾਰਿਤ ਖੇਤੀ ਅਪਣਾਉਣ ਨਾਲ ਕਿਸਾਨ ਆਪਣੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕਰ ਸਕਦੇ ਹਨ।

ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਅਤੇ ਬਾਇਓ ਫਰਟੀਲਾਈਜ਼ਰਾਂ ਬਾਰੇ ਵੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਬਾਇਓ ਫਰਟੀਲਾਈਜ਼ਰ ਉਪਲੱਬਧ ਵੀ ਕਰਵਾਏ ਗਏ।

No comments:

Post a Comment