Wednesday, June 17, 2026

ਕਿਸਾਨਾਂ ਨੂੰ ਸੰਯੁਕਤ ਖਾਦ ਪ੍ਰਬੰਧਨ ਅਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਕੀਤਾ ਜਾਗਰੂਕ

 “ਖੇਤ ਬਚਾਓ ਅਭਿਆਨ”

ਬਠਿੰਡਾ, 17 ਜੂਨ :

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ Bathinda ਵੱਲੋਂ ਚਲਾਏ ਜਾ ਰਹੇ “ਖੇਤ ਬਚਾਓ ਅਭਿਆਨ” Khet Bachao Abhiyan ਤਹਿਤ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿਖਲਾਈ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਬਠਿੰਡਾ ਦੇ ਪਿੰਡ ਬੁਲਾਢੇਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦੇਸ਼ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਵਿੱਚ ਸੰਯੁਕਤ ਖਾਦ ਪ੍ਰਬੰਧਨ, ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ ਦੌਰਾਨ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ “ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ ਵੱਲੋਂ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਮੁਹਿੰਮ ਲਗਾਤਾਰ ਜਾਰੀ ਹੈ। ਉਹਨਾਂ ਦੱਸਿਆ ਕਿ ਮਿੱਟੀ ਦੀ ਸਿਹਤ ਸੰਭਾਲ ਲਈ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।

ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਝੋਨੇ ਅਤੇ ਨਰਮੇ ਦੀ ਫਸਲ ਵਿੱਚ ਸੰਯੁਕਤ ਖਾਦ ਪ੍ਰਬੰਧਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਦੇ ਨਾਲ-ਨਾਲ ਜੀਵਾਣੂੰ ਖਾਦਾਂ ਅਤੇ ਹਰੀ ਖਾਦਾਂ ਨੂੰ ਅਪਣਾਉਣ ਨਾਲ ਨਾ ਸਿਰਫ਼ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ, ਸਗੋਂ ਖਾਦਾਂ ਉੱਤੇ ਹੋਣ ਵਾਲਾ ਖਰਚਾ ਵੀ ਘਟਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਿੱਟੀ ਦੀ ਜਾਂਚ ਦੇ ਅਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਤਾਂ ਜੋ ਫਸਲਾਂ ਨੂੰ ਲੋੜੀਂਦੇ ਪੋਸ਼ਕ ਤੱਤ ਸਹੀ ਮਾਤਰਾ ਵਿੱਚ ਮਿਲ ਸਕਣ ਅਤੇ ਮਿੱਟੀ ਦੀ ਸਿਹਤ ਲੰਬੇ ਸਮੇਂ ਤੱਕ ਬਰਕਰਾਰ ਰਹੇ।

ਉਨ੍ਹਾਂ ਅੱਗੇ ਦੱਸਿਆ ਕਿ ਜੀਵਾਣੂੰ ਖਾਦਾਂ ਅਤੇ ਹਰੀ ਖਾਦਾਂ ਦੀ ਵਰਤੋਂ ਰਸਾਇਣਕ ਖਾਦਾਂ ਉੱਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਵਾਤਾਵਰਣ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਲਈ ਕਿਸਾਨਾਂ ਨੂੰ ਖੇਤੀ ਵਿੱਚ ਟਿਕਾਊ ਅਤੇ ਵਾਤਾਵਰਣ ਪੱਖੀ ਤਕਨੀਕਾਂ ਨੂੰ ਅਪਣਾਉਣਾ ਚਾਹੀਦਾ ਹੈ।

ਇਸ ਮੌਕੇ ਸ. ਪ੍ਰਕਾਸ਼ ਸਿੰਘ, ਸੀਨੀਅਰ ਰਿਸਰਚ ਫੈਲੋ (ਨਿਕਰਾ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (DSR) ਤਕਨੀਕ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਤਕਨੀਕ ਪਾਣੀ ਦੀ ਬੱਚਤ ਕਰਨ ਦੇ ਨਾਲ-ਨਾਲ ਖੇਤੀ ਲਾਗਤ ਨੂੰ ਘਟਾਉਣ ਵਿੱਚ ਸਹਾਇਕ ਹੈ। ਉਨ੍ਹਾਂ ਨੇ ਨਿਕਰਾ ਪ੍ਰੋਜੈਕਟ ਅਧੀਨ ਕੇ.ਵੀ.ਕੇ ਦੁਆਰਾ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਕਿਸਾਨਾਂ ਨੂੰ ਜਾਣੂੰ ਕਰਵਾਇਆ।

ਕੈਂਪ ਦੌਰਾਨ ਕਿਸਾਨਾਂ ਨੇ ਮਿੱਟੀ ਦੀ ਸਿਹਤ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਝੋਨੇ ਦੀ ਸਿੱਧੀ ਬਿਜਾਈ ਨਾਲ ਸੰਬੰਧਿਤ ਆਪਣੇ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਮਾਹਿਰਾਂ ਵੱਲੋਂ ਤਸੱਲੀਬਖਸ਼ ਜਵਾਬ ਦਿੱਤੇ ਗਏ।

No comments:

Post a Comment