Thursday, July 23, 2026

ਪਰਾਲੀ ਪ੍ਰਬੰਧਨ ਮਸ਼ੀਨਾਂ 'ਤੇ ਸਬਸਿਡੀ ਲਈ ਕਿਸਾਨ 3 ਅਗਸਤ ਤੱਕ agrimachinerypb.com ਪੋਰਟਲ 'ਤੇ ਕਰਨ ਅਪਲਾਈ

ਰੂਪਨਗਰ, 23 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਕਰਵਾਈ ਜਾ ਰਹੀ ਸਬਸਿਡੀ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ. ਨਿਰਮਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਲਈ ਯੋਗ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ 21 ਜੁਲਾਈ 2026 ਤੋਂ 3 ਅਗਸਤ 2026 ਤੱਕ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ਰਾਹੀਂ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਸਕੀਮ ਅਧੀਨ ਸੁਪਰ ਐੱਸ.ਐੱਮ.ਐੱਸ., ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਮਾਰਟ ਸੀਡਰ, ਸੁਪਰ ਸੀਡਰ, ਬੇਲਰ/ਰੇਕ, ਮਲਟੀ ਕਰਾਪ ਸੁਪਰ ਸੀਡਰ ਅਤੇ ਉਲਟਾਂਵੇਂ ਪਲਾਓ ਸਮੇਤ ਪਰਾਲੀ ਪ੍ਰਬੰਧਨ ਨਾਲ ਸਬੰਧਤ ਵੱਖ-ਵੱਖ ਮਸ਼ੀਨਾਂ 'ਤੇ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ। 

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪ੍ਰਾਪਤ ਅਰਜ਼ੀਆਂ ਦੀ ਮਨਜ਼ੂਰੀ ਸਕੀਮ ਦੀਆਂ ਗਾਈਡਲਾਈਨਾਂ, ਜ਼ਿਲ੍ਹਾਵਾਰ ਟੀਚਿਆਂ ਅਤੇ ਵੱਖ-ਵੱਖ ਸ਼੍ਰੇਣੀਆਂ ਅਨੁਸਾਰ ਕੀਤੀ ਜਾਵੇਗੀ। ਯੋਗ ਬਿਨੈਕਾਰਾਂ ਨੂੰ ਮਨਜ਼ੂਰੀ ਪੱਤਰ ਉਨ੍ਹਾਂ ਦੇ ਮੋਬਾਈਲ 'ਤੇ ਭੇਜਿਆ ਜਾਵੇਗਾ, ਜਿਸ ਤੋਂ ਬਾਅਦ ਉਹ ਪੋਰਟਲ 'ਤੇ ਦਰਜ ਕਿਸੇ ਵੀ ਅਧਿਕਾਰਤ ਨਿਰਮਾਤਾ ਜਾਂ ਸਪਲਾਇਰ ਤੋਂ ਮਸ਼ੀਨ ਖਰੀਦ ਸਕਣਗੇ। 

ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੀਆਂ ਅਰਜ਼ੀਆਂ ਜ਼ਰੂਰ ਦਾਖ਼ਲ ਕਰਨ ਤਾਂ ਜੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹ ਮਿਲ ਸਕੇ ਅਤੇ ਵਾਤਾਵਰਨ ਸੁਰੱਖਿਆ ਵਿੱਚ ਯੋਗਦਾਨ ਪਾਇਆ ਜਾ ਸਕੇ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਦਿੱਕਤ ਆਉਣ ਦੀ ਸੂਰਤ ਵਿੱਚ ਕਿਸਾਨ ਆਪਣੇ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

No comments:

Post a Comment