ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਸਮੇਤ ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਕਰਨ ਲਈ ਸਹਾਇਕ ਖੇਤੀ ਮਸ਼ੀਨਾਂ ’ਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨਾਂ (ਜਨਰਲ ਅਤੇ ਐਸ.ਸੀ.), ਸਹਿਕਾਰੀ ਸਭਾਵਾਂ, ਕਸਟਮ ਹਾਇਰਿੰਗ ਸੈਂਟਰਾਂ ਅਤੇ ਪੈਡੀ ਸਟਰਾਅ ਸਪਲਾਈ ਚੇਨ ਸੈਂਟਰਾਂ ਦੀ ਸਥਾਪਨਾ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 3 ਅਗਸਤ 2026 ਸ਼ਾਮ 5 ਵਜੇ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ।
ਡਾ. ਬਲਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਲੈਣ ਤਾਂ ਜੋ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਪਰਾਲੀ ਸੰਭਾਲਣ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਜਿਵੇਂ ਬੇਲਰ, ਰੇਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ ਅਤੇ ਕੰਬਾਈਨ ’ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਦੀ ਖਰੀਦ ’ਤੇ 50 ਫੀਸਦੀ ਤੋਂ 80 ਫੀਸਦੀ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਦਿੱਤੀ ਜਾਵੇਗੀ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ’ਤੇ ਉਪਲਬਧ ਹਨ।
ਉਨ੍ਹਾਂ ਕਿਹਾ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨ ਕੀਤੀਆਂ ਕਾਪੀਆਂ ਹੋਣਾ ਲਾਜ਼ਮੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਲੋੜ ਪੈਣ ’ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਤੋਂ ਬਾਅਦ ਕਿਸਾਨ ਵਿਭਾਗ ਵੱਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਨਿਰਧਾਰਿਤ ਸਮੇਂ ਅੰਦਰ ਮਸ਼ੀਨ ਖਰੀਦ ਸਕਣਗੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ।

No comments:
Post a Comment