ਬਠਿੰਡਾ, 3 ਜੁਲਾਈ :
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਬਠਿੰਡਾ ਵੱਲੋਂ ਡਾ. ਗੁਰਦੀਪ ਸਿੰਘ ਡਿਪਟੀ ਡਾਇਰੈਕਟਰ (ਸਿਖਲਾਈ) ਦੀ ਅਗਵਾਈ ਹੇਠ ਬਲਾਕ ਬਠਿੰਡਾ ਦੇ ਪਿੰਡ ਕਿੱਲੀ ਨਿਹਾਲ ਸਿੰਘ ਵਾਲਾ ਵਿਖੇ ਗਰਮੀ ਰੁੱਤ ਦੀ ਮੂੰਗੀ ਦੀ ਫਸਲ ਸਬੰਧੀ ਕਿਸਾਨਾਂ ਦਾ ਖੇਤਾਂ ਵਿਖੇ ਦੌਰਾ ਕਰਵਾਇਆ ਗਿਆ।
ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕਰਦਿਆਂ ਮੂੰਗੀ ਦੀ ਵਿਗਿਆਨਕ ਕਾਸ਼ਤ, ਦਾਲਾਂ ਦੇ ਮੁੱਲ ਵਧਾਊ ਪ੍ਰਬੰਧਨ ਅਤੇ ਫਸਲੀ ਵਿਭਿੰਨਤਾ ਬਾਰੇ ਮਾਹਿਰਾਂ ਤੋਂ ਅਹਿਮ ਜਾਣਕਾਰੀ ਹਾਸਲ ਕੀਤੀ।
ਡਾ. ਗੁਰਮੀਤ ਸਿੰਘ ਢਿੱਲੋਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਦਾਲਾਂ ਅਤੇ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਾਲਾਂ ਦੀ ਖੁਦ ਗਰੇਡਿੰਗ, ਪੈਕਿੰਗ ਅਤੇ ਸਿੱਧੀ ਮੰਡੀਕਰਨ ਪ੍ਰਣਾਲੀ ਨੂੰ ਅਪਣਾਉਣ, ਜਿਸ ਨਾਲ ਉਨ੍ਹਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲੇਗਾ ਅਤੇ ਹੋਰ ਕਿਸਾਨ ਵੀ ਦਾਲਾਂ ਦੀ ਕਾਸ਼ਤ ਵੱਲ ਉਤਸ਼ਾਹਿਤ ਹੋਣਗੇ। ਉਨ੍ਹਾਂ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਉੱਚ ਉਪਜ ਅਤੇ ਰੋਗ-ਰੋਧਕ ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਸਾਉਣੀ ਰੁੱਤ ਲਈ ਸਿਫ਼ਾਰਸ਼ਸ਼ੁਦਾ ਮੂੰਗੀ ਦੀਆਂ ਕਿਸਮਾਂ ਐਮ.ਐਲ.-2056 ਅਤੇ ਐਮ.ਐਲ.-1808 ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ।
ਡਾ. ਤੇਜਬੀਰ ਸਿੰਘ ਬੁੱਟਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਦੀ ਪਰਖ ਦੇ ਆਧਾਰ 'ਤੇ ਖਾਦਾਂ ਦੀ ਸੰਤੁਲਿਤ ਵਰਤੋਂ ਦੀ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਝੋਨੇ ਅਤੇ ਹੋਰ ਸਾਉਣੀ ਫਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਨਾਲ ਉਤਪਾਦਨ ਵਧਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵੀ ਬਰਕਰਾਰ ਰਹਿੰਦੀ ਹੈ। ਉਨ੍ਹਾਂ ਮੂੰਗੀ ਦੀ ਫਸਲ ਲਈ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਅਤੇ ਰਸਾਇਣਿਕ ਖਾਦਾਂ 'ਤੇ ਨਿਰਭਰਤਾ ਘਟਾਉਣ ਲਈ ਜੈਵਿਕ ਖਾਦਾਂ ਅਤੇ ਹਰੀ ਖਾਦ ਨੂੰ ਅਪਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਝੋਨੇ ਦੀ ਕਾਸ਼ਤ ਤੋਂ ਪਹਿਲਾਂ ਗਰਮੀ ਰੁੱਤ ਦੀ ਮੂੰਗੀ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹ ਦਿੱਤਾ ਜਾਵੇ ਤਾਂ ਪ੍ਰਤੀ ਏਕੜ ਲਗਭਗ 35 ਕਿਲੋਗ੍ਰਾਮ ਯੂਰੀਆ ਦੀ ਬੱਚਤ ਕੀਤੀ ਜਾ ਸਕਦੀ ਹੈ, ਜੋ ਕਿ ਕਿਸਾਨਾਂ ਲਈ ਆਰਥਕ ਅਤੇ ਵਾਤਾਵਰਣ ਪੱਖੋਂ ਬਹੁਤ ਲਾਭਦਾਇਕ ਹੈ।
ਮਾਹਿਰਾਂ ਨੇ ਕਿਸਾਨਾਂ ਨੂੰ ਖੇਤ ਵਿੱਚ ਮੂੰਗੀ ਦੀ ਫਸਲ ਦਾ ਨਿਰੀਖਣ ਕਰਵਾਉਂਦਿਆਂ ਪੌਦਿਆਂ ਦੀ ਸਿਹਤ, ਵਾਧ ਅਤੇ ਵਿਗਿਆਨਕ ਪ੍ਰਬੰਧਨ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ। ਕਿਸਾਨਾਂ ਨੇ ਵੀ ਮਾਹਿਰਾਂ ਨਾਲ ਤਕਨੀਕੀ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਆਪਣੀਆਂ ਸਮੱਸਿਆਵਾਂ ਦੇ ਵਿਗਿਆਨਕ ਹੱਲ ਪ੍ਰਾਪਤ ਕੀਤੇ।
ਕੇਂਦਰ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਦਾਲਾਂ ਅਤੇ ਤੇਲ ਬੀਜ ਫਸਲਾਂ ਨੂੰ ਫਸਲੀ ਚੱਕਰ ਦਾ ਅਹਿਮ ਹਿੱਸਾ ਬਣਾਉਣ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਖੇਤੀ ਅਪਣਾਉਣ ਅਤੇ ਮੁੱਲ ਵਧਾਊ ਗਤੀਵਿਧੀਆਂ ਰਾਹੀਂ ਆਪਣੀ ਆਮਦਨ ਵਿੱਚ ਵਾਧਾ ਕਰਨ ਦਾ ਸੱਦਾ ਦਿੱਤਾ।

No comments:
Post a Comment