Saturday, July 25, 2026

ਨਰਮੇ ਦੀ ਸਫ਼ਲ ਕਾਸ਼ਤ ਅਤੇ ਪਸ਼ੂ ਪਾਲਣ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਆਯੋਜਿਤ

*ਕਿਸਾਨਾਂ ਨੂੰ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ*

*ਪਸ਼ੂਆਂ ਦੇ ਰਹਿਣ ਵਾਲੇ ਸਥਾਨ ਦੀ ਸਫ਼ਾਈ ਅਤੇ ਸੁੱਕੇ ਵਾਤਾਵਰਨ ਬਾਰੇ ਕਰਵਾਈ ਗਈ ਜਾਣਕਾਰੀ ਮੁਹੱਈਆ*

ਬਠਿੰਡਾ, 25 ਜੁਲਾਈ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਬਲਾਕ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਵਿਖੇ ਕਿਸਾਨਾਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਕੀੜੇ-ਮਕੌੜਿਆਂ, ਨਦੀਨਾਂ ਅਤੇ ਬਿਮਾਰੀਆਂ ਦੇ ਸੰਯੁਕਤ ਪ੍ਰਬੰਧਨ ਬਾਰੇ ਵਿਗਿਆਨਕ ਜਾਣਕਾਰੀ ਪ੍ਰਦਾਨ ਕਰਨਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਕੈਂਪ ਦੌਰਾਨ ਕਿਸਾਨਾਂ ਨੂੰ ਫਸਲਾਂ ਦੇ ਨਾਲ-ਨਾਲ ਪਸ਼ੂ ਪਾਲਣ ਦੇ ਸੁਚੱਜੇ ਪ੍ਰਬੰਧਨ ਬਾਰੇ ਵੀ ਜਾਗਰੂਕ ਕੀਤਾ ਗਿਆ।

ਕੈਂਪ ਦੀ ਸੁਰੂਆਤ ਕਰਦਿਆਂ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਰਮੇ ਦੀ ਵੱਧ ਪੈਦਾਵਾਰ ਅਤੇ ਉੱਚ ਗੁਣਵੱਤਾ ਲਈ ਸਮੇਂ-ਸਿਰ ਕੀਟਾਂ ਅਤੇ ਬਿਮਾਰੀਆਂ ਦੀ ਪਛਾਣ ਕਰਕੇ ਵਿਗਿਆਨਕ ਤਰੀਕੇ ਨਾਲ ਉਨ੍ਹਾਂ ਦਾ ਪ੍ਰਬੰਧਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ, ਹਰਾ ਤੇਲਾ, ਥ੍ਰਿਪਸ ਅਤੇ ਹੋਰ ਨੁਕਸਾਨਦੇਹ ਕੀੜਿਆਂ ਦੀ ਪਛਾਣ, ਉਨ੍ਹਾਂ ਦੀ ਨਿਗਰਾਨੀ ਅਤੇ ਆਰਥਿਕ ਨੁਕਸਾਨ ਪੱਧਰ ਦੇ ਆਧਾਰ 'ਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬੇਲੋੜੇ ਕੀਟਨਾਸ਼ਕਾਂ ਦੀ ਵਰਤੋਂ ਨਾ ਸਿਰਫ਼ ਉਤਪਾਦਨ ਲਾਗਤ ਵਧਾਉਂਦੀ ਹੈ, ਸਗੋਂ ਵਾਤਾਵਰਨ ਅਤੇ ਲਾਹੇਵੰਦ ਕੀੜਿਆਂ ਲਈ ਵੀ ਹਾਨੀਕਾਰਕ ਸਾਬਤ ਹੁੰਦੀ ਹੈ।

ਉਨ੍ਹਾਂ ਨੇ ਨਰਮੇ ਵਿੱਚ ਨਦੀਨਾਂ ਦੀ ਸਮੇਂ ਸਿਰ ਰੋਕਥਾਮ, ਖੇਤ ਦੀ ਸਫ਼ਾਈ, ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਸਿਫ਼ਾਰਸ਼ ਖੇਤੀ ਤਕਨੀਕਾਂ ਨੂੰ ਅਪਣਾਉਣ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਝੋਨੇ ਦੀ ਫਸਲ ਵਿੱਚ ਤਣਾ ਛੇਦਕ, ਪੱਤਾ ਲਪੇਟ ਸੁੰਡੀ ਅਤੇ ਹੋਰ ਕੀਟਾਂ ਦੀ ਨਿਗਰਾਨੀ ਕਰਨ, ਬੇਲੋੜੀ ਦਵਾਈਆਂ ਦੀ ਵਰਤੋਂ ਤੋਂ ਬਚਣ ਅਤੇ ਕੇਵਲ ਲੋੜ ਪੈਣ 'ਤੇ ਹੀ ਸਿਫ਼ਾਰਸ਼ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।

ਇਸ ਮੌਕੇ ਡਾ. ਗੁਰਲਾਲ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਗਾਵਾਂ ਅਤੇ ਮੱਝਾਂ ਵਿੱਚ ਅੰਦਰੂਨੀ ਅਤੇ ਬਾਹਰੀ ਪਰਜੀਵੀਆਂ ਦੀ ਸਮੇਂ-ਸਿਰ ਰੋਕਥਾਮ, ਨਿਯਮਿਤ ਮਲ੍ਹੱਪ ਰਹਿਤ ਕਰਨ ਲਈ ਦਵਾਈਆਂ ਦੀ ਵਰਤੋਂ, ਚਿੱਚੜਾਂ ਅਤੇ ਹੋਰ ਪਰਜੀਵੀਆਂ ਤੋਂ ਬਚਾਅ, ਪਸ਼ੂਆਂ ਦੇ ਰਹਿਣ ਵਾਲੇ ਸਥਾਨ ਦੀ ਸਫ਼ਾਈ ਅਤੇ ਸੁੱਕੇ ਵਾਤਾਵਰਨ ਨੂੰ ਯਕੀਨੀ ਬਣਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਨੂੰ ਸਾਫ਼-ਸੁਥਰਾ ਪਾਣੀ, ਸੰਤੁਲਿਤ ਖੁਰਾਕ ਅਤੇ ਖਣਿਜ ਮਿਸ਼ਰਣ ਉਪਲਬਧ ਕਰਵਾਉਣਾ ਦੁੱਧ ਉਤਪਾਦਨ ਅਤੇ ਪਸ਼ੂਆਂ ਦੀ ਸਿਹਤ ਲਈ ਬਹੁਤ ਲਾਭਦਾਇਕ ਹੈ। ਉਨ੍ਹਾਂ ਨੇ ਪਸ਼ੂਆਂ ਵਿੱਚ ਕਿਸੇ ਵੀ ਬਿਮਾਰੀ ਦੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਪਸ਼ੂ ਚਿਕਿਤਸਕ ਨਾਲ ਸੰਪਰਕ ਕਰਨ ਦੀ ਵੀ ਅਪੀਲ ਕੀਤੀ।

ਕੈਂਪ ਦੌਰਾਨ ਕਿਸਾਨਾਂ ਨੇ ਨਰਮੇ ਅਤੇ ਝੋਨੇ ਦੀਆਂ ਫਸਲਾਂ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਅਤੇ ਪਸ਼ੂ ਪਾਲਣ ਨਾਲ ਸੰਬੰਧਿਤ ਆਪਣੇ ਸਵਾਲ ਮਾਹਿਰਾਂ ਸਾਹਮਣੇ ਰੱਖੇ, ਜਿਨ੍ਹਾਂ ਦੇ ਵਿਗਿਆਨਕ ਅਤੇ ਉਪਯੋਗੀ ਹੱਲ ਵੀ ਸੁਝਾਏ ਗਏ। ਮਾਹਿਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਤਕਨੀਕਾਂ ਨੂੰ ਅਪਣਾ ਕੇ ਫਸਲਾਂ ਦੀ ਉਤਪਾਦਕਤਾ ਵਧਾਉਣ, ਉਤਪਾਦਨ ਲਾਗਤ ਘਟਾਉਣ ਅਤੇ ਵਾਤਾਵਰਨ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ।

No comments:

Post a Comment