Monday, August 31, 2026

“ਟਿਕਾਊ ਖੇਤੀ ਅਤੇ ਮਜਬੂਤ ਕਿਸਾਨ , ਹੁਣ ਇਹੀ ਪੰਜਾਬ ਦੀ ਪਹਿਚਾਣ” ਦਾ ਸੰਦੇਸ਼ ਲੈ ਕੇ 2 ਸਤੰਬਰ ਨੂੰ ਹੋਵੇਗਾ ਆਤਮਾ ਸਕੀਮ ਅਧੀਨ ਰਾਜ ਪੱਧਰੀ ਕਿਸਾਨ ਮੇਲਾ

ਸ੍ਰੀ ਮੁਕਤਸਰ ਸਾਹਿਬ, 1 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਆਤਮਾ ਸਕੀਮ ਅਧੀਨ ਰਾਜ ਪੱਧਰੀ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਆਮਦਨ ਵਧਾਉਣ ਦੇ ਨਵੇਂ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਇਹ ਮੇਲਾ 2 ਸਤੰਬਰ 2026 ਦਿਨ ਬੁੱਧਵਾਰ ਨੂੰ ਪੰਜਾਬ ਪੈਲੇਸ, ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਕਰਵਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਰਾਜ ਪੱਧਰੀ ਕਿਸਾਨ ਮੇਲੇ ਵਿੱਚ ਪੰਜਾਬ ਭਰ ਤੋਂ ਅਗਾਂਹਵਧੂ ਕਿਸਾਨ ਸ਼ਮੂਲੀਅਤ ਕਰਨਗੇ ਅਤੇ ਆਪਣੇ ਖੇਤੀਬਾੜੀ ਤਜਰਬੇ ਸਾਂਝੇ ਕਰਦਿਆਂ ਨਵੀਆਂ ਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਆਪਸੀ ਵਿਚਾਰ-ਵਟਾਂਦਰਾ ਕਰਨਗੇ।ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ, ਆਧੁਨਿਕ ਖੇਤੀ ਮਸ਼ੀਨਰੀ, ਫ਼ਸਲੀ ਵਿਭਿੰਨਤਾ, ਕੁਦਰਤੀ ਅਤੇ ਟਿਕਾਊ ਖੇਤੀ, ਮਿੱਟੀ ਅਤੇ ਪਾਣੀ ਦੀ ਸੰਭਾਲ ਸਮੇਤ ਖੇਤੀਬਾੜੀ ਨਾਲ ਜੁੜੇ ਅਹਿਮ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਆਧੁਨਿਕ, ਹੰਢਣਸਾਰ ਅਤੇ ਲਾਹੇਵੰਦ ਖੇਤੀ ਵੱਲ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖੇਤੀਬਾੜੀ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਅਤੇ ਨਵੀਨਤਮ ਖੋਜਾਂ ਬਾਰੇ ਵੀ ਜਾਣਕਾਰੀ ਸਾਂਝੀ ਕਰਨਗੇ।
ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ)-ਕਮ-ਨੋਡਲ ਅਫ਼ਸਰ, ਆਤਮਾ, ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਪੱਧਰੀ ਕਿਸਾਨ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦੇ ਸੁਚੱਜੇ ਪ੍ਰਬੰਧਾਂ ਲਈ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ ਅਤੇ ਫ਼ਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰਾਂ, ਸਬੰਧਤ ਜ਼ਿਲ੍ਹਾ ਸਿਖਲਾਈ ਅਫ਼ਸਰਾਂ ਅਤੇ ਆਤਮਾ ਦੇ ਪ੍ਰੋਜੈਕਟ ਡਾਇਰੈਕਟਰਾਂ ਵੱਲੋਂ ਆਪਸੀ ਤਾਲਮੇਲ ਨਾਲ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।
ਵਿਭਾਗ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 2 ਸਤੰਬਰ ਨੂੰ ਪੰਜਾਬ ਪੈਲੇਸ, ਮਲੋਟ ਵਿਖੇ ਹੋਣ ਵਾਲੇ ਇਸ ਰਾਜ ਪੱਧਰੀ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਖੇਤੀਬਾੜੀ ਮਾਹਿਰਾਂ ਵੱਲੋਂ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ, ਨਵੀਆਂ ਖੇਤੀ ਤਕਨੀਕਾਂ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਖੇਤੀਬਾੜੀ ਵਿਭਾਗ ਨੇ ਪਿੰਡ ਗੰਡੀਵਿੰਡ ਵਿਖੇ ਤੇਲ ਬੀਜ਼ਾ ਦੀ ਲਗਾਈ ਟ੍ਰੇਨਿੰਗ

 ਤਰਨ ਤਾਰਨ, 1 ਸਤੰਬਰ :

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਯੋਗ ਅਗਵਾਈ ਵਿੱਚ ਬਲਾਕ ਗੰਡੀਵਿੰਡ ਦੇ ਪਿੰਡ ਗੰਡੀਵਿੰਡ ਵਿਖੇ ਤੇਲ ਬੀਜ਼ਾ ਦੀ ਟ੍ਰੇਨਿੰਗ ਲਗਾਈ ਗਈ। ਇਸ ਵਿੱਚ ਫਾਰਮਰ ਟ੍ਰੇਨਿੰਗ ਸੈਂਟਰ ਅੰਮ੍ਰਿਤਸਰ ਤੋਂ ਜਸਵਿੰਦਰ ਸਿੰਘ ਭਾਟੀਆ ਨੇ ਕਿਸਾਨਾਂ ਨੂੰ ਆਪਣੀ ਕਮਾਈ ਵਿੱਚ ਵਾਧਾ ਕਰਨ ਲਈ ਸਹਾਇਕ ਖੇਤੀ ਧੰਦੇ ਅਪਣਾਉਣ ਅਤੇ ਆਪਣੇ ਤਿਆਰ ਕੀਤੇ ਹੋਏ ਉਤਪਾਦਾਂ ਨੂੰ ਸਰਟੀਫਾਇਡ ਕਰਵਾਉਣ ਦੀ ਜਾਣਕਾਰੀ ਸਾਂਝੀ ਕੀਤੀ। ਇਸ ਟ੍ਰੇਨਿੰਗ ਵਿੱਚ ਖੇਤੀਬਾੜੀ ਵਿਕਾਸ ਅਫਸਰ ਚਰਨਜੀਤ ਸਿੰਘ ਨੇ ਤੇਲ ਬੀਜਾਂ ਦੀਆਂ ਕਿਸਮਾਂ ਅਤੇ ਬਿਜਾਈ ਅਤੇ ਝੋਨੇ/ਬਾਸਮਤੀ ਵਿੱਚ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਮਿੱਟੀ ਦੇ ਸੈਂਪਲ ਇਕੱਠੇ ਕਰਨ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਕਿਸਾਨ ਟ੍ਰੇਨਿੰਗ ਵਿੱਚ ਬੀ ਟੀ ਐਮ ਜਤਿਨ ਪਾਲ ਵੱਲੋਂ ਖੇਤੀਬਾੜੀ ਵਿਭਾਗ ਅੰਦਰ ਚੱਲ ਰਹੀਆਂ ਵੱਖ ਵੱਖ ਕਿਸਾਨ ਲਾਹੇਵੰਦ ਸਕੀਮਾ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਬਲਾਕ ਖੇਤੀਬਾੜੀ ਅਫ਼ਸਰ ਗੰਡੀਵੰਡ ਗੁਰਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਤੇਲ ਬੀਜਾਂ ਦੀ ਖੇਤੀ ਕਰਨ ਲਈ ਕਿਹਾ ਅਤੇ ਤੋਰਿਆ,ਗੋਭੀ ਸਰ੍ਹੋਂ, ਰਾਇਆ ਆਦਿ ਦੀਆਂ ਕਿਸਮਾਂ ਦੇ ਸਿਹਤਮੰਦ ਤੱਤਾਂ ਬਾਰੇ ਜਾਣਕਾਰੀ ਦਿੱਤੀ।ਇਸ ਤੋਂ ਇਲਾਵਾ ਕਿਸਾਨਾਂ ਨੂੰ ਆਪਣੀ ਫਾਰਮਰ ਆਈਡੀ ਬਣਾਉਣ ਦੀ ਅਪੀਲ ਕੀਤੀ ਗਈ ਤਾਂ ਕਿ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਵਿੱਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਨੇ ਟ੍ਰੇਨਿੰਗ ਵਿੱਚ ਸ਼ਾਮਿਲ ਹੋਏ ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਿੰਦਰ ਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਕਿਸਾਨਾਂ ਨੂੰ ਨਸ਼ਿਆ ਦੇ ਨੁਕਸਾਨਾ ਬਾਰੇ ਜਾਗਰੂਕ ਕੀਤਾ ਅਤੇ ਕਿਸਾਨਾਂ ਨੂੰ ਹੋਰ ਲੋਕਾਂ ਨੂੰ ਵੀ ਜਾਗਰੂਕ ਕਰਨ ਸਬੰਧੀ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨ ਨੂੰ ਆਪਣੇ ਬੱਚਿਆਂ ਨੂੰ ਨਸ਼ਿਆ ਬਚਾਉਣ ਲਈ ਖੇਡਾਂ ਅਤੇ ਸਹਾਇਕ ਕਿੱਤਿਆਂ ਵਿੱਚ ਵੱਧ ਤੋਂ ਵੱਧ ਪਾਉਣ ਲਈ ਪੇ੍ਰਿਤ ਕੀਤਾ।

ਇਸ ਟ੍ਰੇਨਿੰਗ ਨੂੰ ਸਫ਼ਲ ਬਣਾਉਣ ਲਈ ਪ੍ਰਦੀਪ ਨੰਦਾ ਏ.ਐਸ.ਆਈ ਤੇ ਵਿਜੈ ਸਿੰਘ, ਵਰਿੰਦਰਬੀਰ ਸਿੰਘ ਸਹਾਇਕ ਤਕਨੀਕੀ ਮੈਨੇਜਰ ਅਤੇ ਅਵਤਾਰ ਸਿੰਘ ਫੀਲਡ ਵਰਕਰ ਨੇ ਅਹਿਮ ਯੋਗਦਾਨ ਪਾਇਆ।

ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ ਵਿਖੇ ਕਿਸਾਨ ਮੇਲਾ 9 ਸਤੰਬਰ ਨੂੰ

ਪੀ.ਏ.ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਬੀਜ ਫਾਰਮ ਉਸਮਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 9 ਸਤੰਬਰ ਦਿਨ ਬੁੱਧਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਹਾੜ੍ਹੀ ਦੇ ਕਿਸਾਨ ਮੇਲਿਆਂ ਦੀ ਲੜੀ ਤਹਿਤ ਪਹਿਲਾ ਕਿਸਾਨ ਮੇਲਾ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ,ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਲਾਇਆ ਜਾ ਰਿਹਾ ਹੈ। ਇਸ ਮੇਲੇ ਦਾ ਉਦੇਸ਼ “ਵਿਗਿਆਨਿਕ ਢੰਗ ਅਪਣਾਓ, ਖੇਤੀ ਆਮਦਨ ਵਧਾਓ” ਹੋਵੇਗਾ।

ਉਨ੍ਹਾਂ ਦੱਸਿਆ ਕਿ ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। ਇਸ ਮੇਲੇ ਦੌਰਾਨ ਹਾੜ੍ਹੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਡਾ. ਪਰਵਿੰਦਰ ਸਿੰਘ ਵੱਲੋਂ ਵੱਧ ਤੋਂ ਵੱਧ ਕਿਸਾਨ ਵੀਰਾਂ ਨੂੰ ਕਿਸਾਨ ਮੇਲੇ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਗਈ। ਇਸ ਮੇਲੇ ਵਿੱਚ ਵੱਖ-ਵੱਖ ਵਿਭਾਗ ਜਿਵੇਂ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਖੇਤੀ ਮਸ਼ੀਨਰੀ ਆਦਿ ਹਿੱਸਾ ਲੈਣਗੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਾਰੇ ਵਿਭਾਗ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ।

ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ Ground Water Level ਦੇ ਪੱਧਰ 'ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

ਧਰਤੀ ਹੇਠੋਂ ਪਾਣੀ ਕੱਢਣ ਦੀ ਦਰ ਸਾਲ 2022 ਦੇ 164 ਫ਼ੀਸਦੀ ਤੋਂ ਘਟ ਕੇ ਸਾਲ 2026 ਵਿੱਚ 152.22 ਫ਼ੀਸਦੀ ਹੋਈ; ਅਤਿ ਸ਼ੋਸ਼ਿਤ ਬਲਾਕਾਂ ਦੀ ਗਿਣਤੀ 117 ਤੋਂ ਘਟ ਕੇ 110 ਅਤੇ ਸੁਰੱਖਿਅਤ ਬਲਾਕਾਂ ਦੀ ਗਿਣਤੀ 17 ਤੋਂ ਵਧ ਕੇ 20 ਹੋਈ

ਨਹਿਰੀ ਸਿੰਚਾਈ ਲਈ ਪੰਜਾਬ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਸਾਹਮਣੇ ਆਉਣ ਲੱਗੇ: ਬਰਿੰਦਰ ਕੁਮਾਰ ਗੋਇਲ

ਨਹਿਰੀ ਨੈੱਟਵਰਕ ਦੇ ਵਿਸਥਾਰ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 7,500 ਕਰੋੜ ਰੁਪਏ ਖਰਚੇ; ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 82 ਫ਼ੀਸਦੀ ਹੋਈ

ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਣ ਨਾਲ ਬਿਜਲੀ ਦੀ 16 ਫ਼ੀਸਦੀ ਬੱਚਤ ਹੋਈ; 510 ਤੋਂ ਵੱਧ ਰੀਚਾਰਜ ਸਕੀਮਾਂ ਸਦਕਾ 38 ਲੱਖ ਘਣ ਮੀਟਰ ਭੂਮੀਗਤ ਪਾਣੀ ਰੀਚਾਰਜ ਹੋਇਆ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ; 31 ਅਗਸਤ:

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ Barinder Kumar Goyal ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ Ground Water Level in Punjab ਦੇ ਪੱਧਰ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ 2026 ਦੇ ਤਾਜ਼ਾ ਮੁਲਾਂਕਣ ਮੁਤਾਬਕ ਦਹਾਕਿਆਂ ਮਗਰੋਂ ਪਹਿਲੀ ਵਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੀ ਦਰ ਸਾਲ 2022 ਦੇ 164 ਫ਼ੀਸਦੀ ਤੋਂ ਘਟ ਕੇ ਸਾਲ 2026 ਵਿੱਚ 152.22 ਫ਼ੀਸਦੀ ਰਹਿ ਗਈ ਹੈ ਜਦੋਂ ਕਿ ਮੁਲਾਂਕਣ ਕੀਤੇ ਅਤਿ ਸ਼ੋਸ਼ਿਤ ਬਲਾਕਾਂ ਦੀ ਗਿਣਤੀ 117 ਤੋਂ ਘਟ ਕੇ 110 ਹੋ ਗਈ ਹੈ ਅਤੇ ਸੁਰੱਖਿਅਤ ਬਲਾਕਾਂ ਦੀ ਗਿਣਤੀ 17 ਤੋਂ ਵਧ ਕੇ 20 ਹੋ ਗਈ ਹੈ। 

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ ਤਾਜ਼ਾ ਮੁਲਾਂਕਣ ਵਿੱਚ ਦਰਜ ਕੀਤਾ ਗਿਆ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਸਬੰਧੀ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ।"

ਜਲ ਸਰੋਤ ਮੰਤਰੀ ਨੇ ਕਿਹਾ ਕਿ ਤਾਜ਼ਾ ਭੂਮੀਗਤ ਅੰਕੜੇ ਸਾਡੇ ਯਤਨਾਂ ਦੀ ਮਹੱਤਤਾ ਨੂੰ ਦਰਸਾਉਂਦੇ ਹਨ। "ਧਰਤੀ ਹੇਠਲੇ ਪਾਣੀ ਨੂੰ ਕੱਢਣ ਦੀ ਸਾਲਾਨਾ ਦਰ ਸਾਲ 2022 ਦੇ 28.02 ਬਿਲੀਅਨ ਕਿਊਬਿਕ ਮੀਟਰ (ਬੀ.ਸੀ.ਐਮ.) ਤੋਂ ਘਟ ਕੇ ਸਾਲ 2026 ਵਿੱਚ 26.32 ਬਿਲੀਅਨ ਕਿਊਬਿਕ ਮੀਟਰ (ਬੀ.ਸੀ.ਐਮ.) ਰਹਿ ਗਈ ਹੈ ਜਦਕਿ ਧਰਤੀ ਹੇਠਲੇ ਪਾਣੀ ਦੇ ਸਮੁੱਚੇ ਪੱਧਰ ਵਿੱਚ ਵੀ ਅਹਿਮ ਗਿਰਾਵਟ ਦਰਜ ਕੀਤੀ ਗਈ ਹੈ।" 

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਇਹ ਪੰਜਾਬ ਲਈ ਇੱਕ ਵੱਡੀ ਪ੍ਰਾਪਤੀ ਹੈ। ਦਹਾਕਿਆਂ ਤੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਗਿਰਾਵਟ ਆ ਰਹੀ ਸੀ। ਇਹ ਪਹਿਲੀ ਵਾਰ ਹੈ ਕਿ ਅਸੀਂ ਇਸ ਵਿੱਚ ਵਾਧਾ ਦਰਜ ਕੀਤਾ ਹੈ।"

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਸਬੰਧੀ 153 ਬਲਾਕਾਂ ਨੂੰ ਸੁਰੱਖਿਅਤ, ਅਰਧ-ਨਾਜ਼ੁਕ, ਨਾਜ਼ੁਕ ਅਤੇ ਅਤਿ ਸ਼ੋਸ਼ਿਤ ਬਲਾਕਾਂ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ, “ਤਾਜ਼ਾ ਮੁਲਾਂਕਣ ਮੁਤਾਬਕ ਪਹਿਲਾਂ ਅਤਿ ਸ਼ੋਸ਼ਿਤ ਬਲਾਕਾਂ ਅਤੇ ਨਾਜ਼ੁਕ ਬਲਾਕਾਂ ਵਿੱਚ ਆਉਣ ਵਾਲੇ ਕਈ ਬਲਾਕਾਂ ਵਿੱਚ ਪਾਣੀ ਦੇ ਪੱਧਰ 'ਚ ਸੁਧਾਰ ਹੋਇਆ ਹੈ ਅਤੇ ਉਹ ਬਿਹਤਰ ਸ਼੍ਰੇਣੀਆਂ ਵਿੱਚ ਆ ਗਏ ਹਨ।”

ਪਾਣੀ ਦੇ ਪੱਧਰ 'ਚ ਹੋਏ ਸੁਧਾਰ ਬਾਰੇ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਸਾਲ 2025 ਦੇ ਮੁਕਾਬਲੇ 14 ਬਲਾਕ ਬਿਹਤਰ ਸ਼੍ਰੇਣੀ ਵਿੱਚ ਆ ਗਏ ਹਨ, ਜਿਨ੍ਹਾਂ ਵਿੱਚੋਂ ਚਾਰ ਬਲਾਕ ਸੁਰੱਖਿਅਤ ਸ਼੍ਰੇਣੀ ਵਿੱਚ ਆਏ ਹਨ।

ਰਿਪੋਰਟ ਮੁਤਾਬਕ ਫਾਜ਼ਿਲਕਾ ਦਾ ਅਰਨੀਵਾਲਾ ਸ਼ੇਖ ਸੁਭਾਨਪੁਰ ਅਰਧ-ਨਾਜ਼ੁਕ ਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇਸ ਖੇਤਰ ਵਿੱਚ ਸਾਲ 2025 ਦੌਰਾਨ ਧਰਤੀ ਹੇਠਲੇ ਪਾਣੀ ਨੂੰ ਕੱਢਣ ਦੀ ਦਰ 73.34 ਫ਼ੀਸਦੀ ਤੋਂ ਘਟ ਕੇ ਸਾਲ 2026 ਵਿੱਚ 64.38 ਫ਼ੀਸਦੀ ਹੋ ਗਈ ਹੈ। ਫਿਰੋਜ਼ਪੁਰ ਦਾ ਮੱਖੂ ਅਰਧ-ਨਾਜ਼ੁਕ ਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇੱਥੇ ਭੂਮੀਗਤ ਪਾਣੀ ਕੱਢਣ ਦੀ ਦਰ 77.85 ਫ਼ੀਸਦੀ ਤੋਂ ਘਟ ਕੇ 66.82 ਫ਼ੀਸਦੀ ਹੋ ਗਈ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਦਾ ਹਾਜੀਪੁਰ ਅਰਧ-ਨਾਜ਼ੁਕ ਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇੱਥੇ ਪਾਣੀ ਕੱਢਣ ਦੀ ਦਰ 81.67 ਫ਼ੀਸਦੀ ਤੋਂ ਘਟ ਕੇ 62.16 ਫ਼ੀਸਦੀ ਰਹਿ ਗਈ ਹੈ ਜਦੋਂ ਕਿ ਪਠਾਨਕੋਟ ਦਾ ਨਰੋਟ ਜੈਮਲ ਸਿੰਘ ਅਰਧ-ਨਾਜ਼ੁਕ ਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇੱਥੇ ਪਾਣੀ ਕੱਢਣ ਦੀ ਦਰ 70.94 ਫ਼ੀਸਦੀ ਤੋਂ ਘਟ ਕੇ 66.47 ਫ਼ੀਸਦੀ ਰਹਿ ਗਈ ਹੈ।

ਇਸ ਤਰ੍ਹਾਂ ਬਾਕੀ 10 ਬਲਾਕਾਂ ਦੇ ਵਰਗੀਕਰਨ ਵਿੱਚ ਵੀ ਸੁਧਾਰ ਦਰਜ ਕੀਤਾ ਗਿਆ ਹੈ। ਫਿਰੋਜ਼ਪੁਰ ਨਾਜ਼ੁਕ ਤੋਂ ਅਰਧ-ਨਾਜ਼ੁਕ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇਥੇ ਭੂਮੀਗਤ ਪਾਣੀ ਕੱਢਣ ਦੀ ਦਰ 94.49 ਫ਼ੀਸਦੀ ਤੋਂ ਘਟ ਕੇ 76.66 ਫ਼ੀਸਦੀ ਰਹਿ ਗਈ ਹੈ; ਮਮਦੋਟ ਨਾਜ਼ੁਕ ਤੋਂ ਅਰਧ-ਨਾਜ਼ੁਕ ਸ਼੍ਰੇਣੀ ਵਿੱਚ ਆ ਗਿਆ ਹੈ, ਜਿਸ ਵਿੱਚ ਭੂਮੀਗਤ ਪਾਣੀ ਕੱਢਣ ਦੀ ਦਰ 99.85 ਫ਼ੀਸਦੀ ਤੋਂ ਘਟ ਕੇ 86.59 ਫ਼ੀਸਦੀ ਰਹਿ ਗਈ ਹੈ; ਗੁਰਦਾਸਪੁਰ ਅਤਿ ਸ਼ੋਸ਼ਿਤ ਤੋਂ ਨਾਜ਼ੁਕ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇਥੇ ਭੂਮੀਗਤ ਪਾਣੀ ਦੀ ਨਿਕਾਸੀ 110.70 ਫ਼ੀਸਦੀ ਤੋਂ ਘਟ ਕੇ 92.93 ਫ਼ੀਸਦੀ ਹੋ ਗਈ ਹੈ ਅਤੇ ਕਾਹਨੂੰਵਾਨ ਅਤਿ ਸ਼ੋਸ਼ਿਤ ਤੋਂ ਨਾਜ਼ੁਕ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇਥੇ ਭੂਮੀਗਤ ਪਾਣੀ ਕੱਢਣ ਦੀ ਦਰ 101.04 ਫ਼ੀਸਦੀ ਤੋਂ ਘਟ ਕੇ 98.01 ਫ਼ੀਸਦੀ ਰਹਿ ਗਈ ਹੈ। 

ਇਸੇ ਤਰ੍ਹਾਂ ਸ੍ਰੀ ਹਰਗੋਬਿੰਦਪੁਰ ਵਿੱਚ ਪਾਣੀ ਕੱਢਣ ਦੀ ਦਰ 95.53 ਫ਼ੀਸਦੀ ਤੋਂ ਘੱਟ ਕੇ 75.54 ਫ਼ੀਸਦੀ ਹੋਣ ਨਾਲ ਇਹ 'ਨਾਜ਼ੁਕ' ਤੋਂ 'ਅਰਧ-ਨਾਜ਼ੁਕ' ਸ਼੍ਰੇਣੀ ਵਿੱਚ ਆ ਗਿਆ ਹੈ; ਭੂੰਗਾ 92.14 ਫ਼ੀਸਦੀ ਤੋਂ ਘੱਟ ਕੇ 84.17 ਫ਼ੀਸਦੀ ਨਾਲ ਨਾਜ਼ੁਕ ਤੋਂ ਅਰਧ-ਨਾਜ਼ੁਕ; ਹੁਸ਼ਿਆਰਪੁਰ-2 97.81 ਫ਼ੀਸਦੀ ਤੋਂ ਘੱਟ ਕੇ 78.53 ਫ਼ੀਸਦੀ ਨਾਲ ਨਾਜ਼ੁਕ ਤੋਂ ਅਰਧ-ਨਾਜ਼ੁਕ; ਮਾਹਿਲਪੁਰ 109.86 ਫ਼ੀਸਦੀ ਤੋਂ ਘੱਟ ਕੇ 92.23 ਫ਼ੀਸਦੀ ਹੋਣ ਨਾਲ 'ਅਤਿ-ਸ਼ੋਸ਼ਿਤ' ਤੋਂ ਨਾਜ਼ੁਕ; ਕੋਟ ਈਸੇ ਖਾਂ (ਧਰਮਕੋਟ, ਮੋਗਾ) 114.32 ਫ਼ੀਸਦੀ ਤੋਂ ਘੱਟ ਕੇ 97.67 ਫ਼ੀਸਦੀ ਹੋਣ ਨਾਲ ਅਤਿ-ਸ਼ੋਸ਼ਿਤ ਤੋਂ ਨਾਜ਼ੁਕ ਅਤੇ ਐਸ.ਬੀ.ਐਸ. ਨਗਰ ਦਾ ਔੜ ਬਲਾਕ 90.84 ਫ਼ੀਸਦੀ ਤੋਂ ਘੱਟ ਕੇ 89.91 ਫ਼ੀਸਦੀ ਨਾਲ ਨਾਜ਼ੁਕ ਤੋਂ ਅਰਧ-ਨਾਜ਼ੁਕ ਸ਼੍ਰੇਣੀ ਵਿੱਚ ਆ ਗਿਆ ਹੈ। 

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹੋਰ 95 ਬਲਾਕਾਂ ਵਿੱਚ ਵੀ ਵੱਖ-ਵੱਖ ਪੱਧਰਾਂ 'ਤੇ ਸੁਧਾਰ ਦੇਖਣ ਨੂੰ ਮਿਲਿਆ ਹੈ। ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦੀ ਸਥਿਤੀ ਸਬੰਧੀ ਸੂਬੇ ਦੇ ਕੁੱਲ ਮੁਲਾਂਕਣ ਕੀਤੇ ਗਏ 153 ਬਲਾਕਾਂ ਵਿੱਚੋਂ 109 ਬਲਾਕਾਂ ਵਿੱਚ ਸੁਧਾਰ ਦਰਜ ਕੀਤਾ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਲਈ ਇੱਕ ਵੱਡੀ ਪ੍ਰਾਪਤੀ ਦੱਸਿਆ। 

ਇਨ੍ਹਾਂ 95 ਬਲਾਕਾਂ ਵਿੱਚੋਂ ਤਿੰਨ ਬਲਾਕਾਂ ਵਿੱਚ 30 ਫ਼ੀਸਦੀ ਤੋਂ ਵੱਧ ਸੁਧਾਰ ਦਰਜ ਕੀਤਾ ਗਿਆ ਹੈ, ਸੱਤ ਵਿੱਚ 20 ਫ਼ੀਸਦੀ ਤੋਂ 30 ਫ਼ੀਸਦੀ ਦਰਮਿਆਨ, 23 ਵਿੱਚ 10 ਫ਼ੀਸਦੀ ਤੋਂ 20 ਫ਼ੀਸਦੀ ਦਰਮਿਆਨ ਜਦਕਿ 62 ਬਲਾਕਾਂ ਵਿੱਚ 0 ਫ਼ੀਸਦੀ ਤੋਂ 10 ਫ਼ੀਸਦੀ ਦਰਮਿਆਨ ਸੁਧਾਰ ਦਰਜ ਕੀਤਾ ਗਿਆ ਹੈ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਵਿੱਚ ਇਹ ਸੁਧਾਰ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਵਿੱਚ ਵਾਧੇ ਅਤੇ ਪਾਣੀ ਕੱਢਣ ਦੀ ਦਰ ਵਿੱਚ ਕਮੀ ਦੇ ਸਾਂਝੇ ਯਤਨਾਂ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ, "ਨਹਿਰੀ ਪਾਣੀ ਦੀ ਬਿਹਤਰ ਵਰਤੋਂ, ਸਿੰਚਾਈ ਢਾਂਚੇ ਦੇ ਨਵੀਨੀਕਰਨ ਤੇ ਵਿਸਥਾਰ, ਜਲ ਸੰਭਾਲ ਅਤੇ ਰੀਚਾਰਜਿੰਗ ਉਪਾਵਾਂ ਨੇ ਸਮੂਹਿਕ ਤੌਰ 'ਤੇ ਇਸ ਸਾਕਾਰਾਤਮਕ ਤਬਦੀਲੀ ਵਿੱਚ ਯੋਗਦਾਨ ਪਾਇਆ ਹੈ।"

ਉਨ੍ਹਾਂ ਕਿਹਾ ਕਿ ਨਹਿਰਾਂ ਦੀ ਵੱਡੇ ਪੱਧਰ 'ਤੇ ਬਹਾਲੀ ਤੇ ਨਵੀਨੀਕਰਨ, ਖਾਲਿਆਂ ਦੀ ਮੁਰੰਮਤ ਤੇ ਵਿਸਥਾਰ, ਪਾਈਪਲਾਈਨਾਂ ਵਿਛਾਉਣ ਅਤੇ ਟੇਲਾਂ ‘ਤੇ ਪੈਂਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਨਾਲ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਸਾਡਾ ਉਦੇਸ਼ ਬਿਲਕੁਲ ਸਪੱਸ਼ਟ ਸੀ: ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣਾ ਤਾਂ ਜੋ ਕਿਸਾਨਾਂ ਨੂੰ ਪੂਰੀ ਤਰ੍ਹਾਂ ਧਰਤੀ ਹੇਠਲੇ ਪਾਣੀ 'ਤੇ ਨਿਰਭਰ ਨਾ ਰਹਿਣਾ ਪਵੇ। ਇਹ ਸਿਰਫ਼ ਸਿੰਚਾਈ ਨਾਲ ਜੁੜਿਆ ਕਦਮ ਨਹੀਂ ਹੈ; ਇਹ ਭਵਿੱਖ ਦੀਆਂ ਪੀੜ੍ਹੀਆਂ ਲਈ ਪੰਜਾਬ ਦੇ ਪਾਣੀ ਦੇ ਭੰਡਾਰਾਂ ਨੂੰ ਸੁਰੱਖਿਅਤ ਕਰਨ ਦਾ ਵੀ ਇੱਕ ਯਤਨ ਹੈ।"

ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਧਰਤੀ ਹੇਠਲੇ ਪਾਣੀ ਦੀ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਸੀ ਕਿਉਂਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਸੀ। ਉਨ੍ਹਾਂ ਅੱਗੇ ਕਿਹਾ, "ਇਸ ਲਈ ਪੰਜਾਬ ਸਰਕਾਰ ਨੇ ਉਪਲਬਧ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਅਤੇ ਸੂਬੇ ਭਰ ਵਿੱਚ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਠੋਸ ਰਣਨੀਤੀ ਅਪਣਾਈ।"

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ, ਜੋ 2022 ਤੱਕ ਸਿਰਫ਼ 26 ਫ਼ੀਸਦੀ ਦੇ ਕਰੀਬ ਸੀ, ਹੁਣ ਵੱਧ ਕੇ 82 ਫ਼ੀਸਦੀ ਹੋ ਗਈ ਹੈ। ਉਨ੍ਹਾਂ ਕਿਹਾ, "ਇਸ ਵੱਡੀ ਤਬਦੀਲੀ ਨੂੰ ਲਿਆਉਣ ਲਈ ਪੰਜਾਬ ਸਰਕਾਰ ਨੇ ਲਗਭਗ 7,500 ਕਰੋੜ ਰੁਪਏ ਖਰਚੇ ਹਨ ਅਤੇ ਹਜ਼ਾਰਾਂ ਕਿਲੋਮੀਟਰ ਖਾਲਿਆਂ ਤੇ ਹੋਰ ਸਿੰਚਾਈ ਢਾਂਚੇ ਦੀ ਉਸਾਰੀ ਅਤੇ ਮਜ਼ਬੂਤੀਕਰਨ ਕੀਤਾ ਗਿਆ ਹੈ।"

ਉਨ੍ਹਾਂ ਕਿਹਾ ਕਿ ਸੂਬੇ ਦੇ ਜਲ ਭੰਡਾਰਾਂ ਵਿੱਚ ਜਮ੍ਹਾਂ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਸੁਚੱਜੀ ਵਰਤੋਂ ਨੂੰ ਵੀ ਮੁੱਖ ਤਰਜੀਹ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ, "ਪੰਜਾਬ ਵਿੱਚ 1117 ਨਹਿਰਾਂ ਅਤੇ ਮਾਈਨਰ ਹਨ, ਜਿਨ੍ਹਾਂ ਦੀ ਵਰਤੋਂ ਪਹਿਲਾਂ ਉਨ੍ਹਾਂ ਦੀ ਮੂਲ ਸਮਰੱਥਾ ਤੋਂ ਕਾਫ਼ੀ ਘੱਟ ਹੋ ਰਹੀ ਸੀ।"

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਭਾਵੇਂ ਨਹਿਰੀ ਪ੍ਰਣਾਲੀ ਦੀ ਪਾਣੀ ਲਿਜਾਣ ਦੀ ਸਮਰੱਥਾ ਲਗਭਗ 36,000 ਕਿਊਸਿਕ ਹੈ ਪਰ ਪੰਜਾਬ ਇਸ ਸਾਲ 1 ਜੂਨ ਤੋਂ ਨਿਯਮਤ ਤੌਰ 'ਤੇ ਲਗਭਗ 39,000 ਕਿਊਸਿਕ ਨਹਿਰੀ ਪਾਣੀ ਦੀ ਸਪਲਾਈ ਕਰ ਰਿਹਾ ਹੈ। ਉਨ੍ਹਾਂ ਕਿਹਾ, "ਨਹਿਰੀ ਪਾਣੀ ਦੀ ਵਧੀ ਹੋਈ ਉਪਲਬਧਤਾ ਨੇ ਕਈ ਖੇਤਰਾਂ ਦੇ ਕਿਸਾਨਾਂ ਨੂੰ ਟਿਊਬਵੈੱਲਾਂ ਰਾਹੀਂ ਧਰਤੀ ਹੇਠੋਂ ਪਾਣੀ ਕੱਢਣ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਨਾਲ ਝੋਨੇ ਦੀ ਕਾਸ਼ਤ ਦੇ ਯੋਗ ਬਣਾਇਆ ਹੈ।"

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਸਿੱਧਾ ਖੇਤਾਂ ਤੱਕ ਲਿਜਾਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਬਿਜਲੀ ਦੀ ਖਪਤ ਨੂੰ ਘਟਾਉਣ ਵਿੱਚ ਨਾਲੋ-ਨਾਲ ਮਦਦ ਮਿਲੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਕੱਢਣ 'ਤੇ ਨਿਰਭਰਤਾ ਘਟਣ ਕਾਰਨ ਰਾਜ ਵਿੱਚ ਬਿਜਲੀ ਦੀ ਲਗਭਗ 16 ਫ਼ੀਸਦੀ ਬੱਚਤ ਦਰਜ ਕੀਤੀ ਗਈ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਜਦੋਂ ਨਹਿਰੀ ਪਾਣੀ ਕਿਸਾਨ ਦੇ ਖੇਤ ਤੱਕ ਪਹੁੰਚਦਾ ਹੈ ਤਾਂ ਇਸ ਨਾਲ ਨਾ ਸਿਰਫ਼ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ ਬਲਕਿ ਪੰਪਿੰਗ ਲਈ ਖਰਚ ਹੋਣ ਵਾਲੀ ਬਿਜਲੀ ਦੀ ਖਪਤ ਵੀ ਘਟਦੀ ਹੈ। ਇਹ ਕਿਸਾਨ ਅਤੇ ਪੰਜਾਬ ਦੇ ਜਲ ਸਰੋਤਾਂ ਦੋਵਾਂ ਲਈ ਵਧੇਰੇ ਲਾਭਕਾਰੀ ਸਿੱਧ ਹੋਇਆ ਹੈ।"

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ ਫ਼ਸਲਾਂ ਲਈ ਨਹਿਰੀ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਰਾਹੀਂ ਵੱਡੇ ਪੱਧਰ ‘ਤੇ ਲਾਭ ਹੋ ਰਿਹਾ ਹੈ ਅਤੇ ਇਸ ਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਬਿਜਲੀ ਦੀ ਹੋਣ ਵਾਲੀ ਖਪਤ ਵੀ ਘਟੀ ਹੈ।

ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਵਿੱਚ ਹੋਏ ਵਾਧੇ ਨੇ ਵੀ ਇਸ ਸੁਧਾਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜਿਸ ਤਹਿਤ ਸੂਬੇ ਭਰ ਵਿੱਚ 510 ਤੋਂ ਵੱਧ ਰੀਚਾਰਜ ਸਕੀਮਾਂ ਚਲ ਰਹੀਆਂ ਹਨ। ਉਨ੍ਹਾਂ ਕਿਹਾ, "ਇਨ੍ਹਾਂ ਵਿੱਚ ਛੱਪੜਾਂ, ਨਹਿਰਾਂ 'ਤੇ ਆਧਾਰਿਤ ਰੀਚਾਰਜ ਢਾਂਚੇ ਅਤੇ ਖੰਬਾਤੀ ਖੂਹਾਂ ਰਾਹੀਂ ਰੀਚਾਰਜ ਸ਼ਾਮਲ ਹਨ। ਇਨ੍ਹਾਂ ਸਕੀਮਾਂ ਨੇ ਮਿਲ ਕੇ ਲਗਭਗ 38 ਲੱਖ ਘਣ ਮੀਟਰ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਯੋਗਦਾਨ ਪਾਇਆ ਹੈ, ਜੋ ਸਿਸਵਾਂ ਡੈਮ ਦੀ ਭੰਡਾਰਨ ਸਮਰੱਥਾ ਤੋਂ ਵੱਧ ਹੈ।"

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਠਾਏ ਗਏ ਕਦਮਾਂ ਨਾਲ ਭੂਮੀਗਤ ਪਾਣੀ ਦੀ ਸਾਂਭ-ਸੰਭਾਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਾਲਾਂ ਵਿੱਚ ਭੂਮੀਗਤ ਪਾਣੀ ਨੂੰ ਕੱਢਣ ਦੀ ਦਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭੂਮੀਗਤ ਪਾਣੀ ਦੀ ਸਾਂਭ-ਸੰਭਾਲ ਪੰਜਾਬ ਲਈ ਸਿਰਫ਼ ਇੱਕ ਵਾਤਾਵਰਣਕ ਲੋੜ ਨਹੀਂ ਬਲਕਿ ਇਹ ਦੇਸ਼ ਦੀ ਅੰਨ ਸੁਰੱਖਿਆ ਨਾਲ ਸਿੱਧੇ ਤੌਰ 'ਤੇ ਜੁੜੀ ਹੋਈ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ ਅਤੇ ਇਸ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਲਈ ਭੂਮੀਗਤ ਪਾਣੀ ਦੀ ਰਾਖੀ ਕਰਨਾ ਸਿੱਧੇ ਤੌਰ 'ਤੇ ਦੇਸ਼ ਦੀ ਅੰਨ ਸੁਰੱਖਿਆ ਦੀ ਰਾਖੀ ਨਾਲ ਜੁੜਿਆ ਹੋਇਆ ਕਦਮ ਹੈ।"

ਉਨ੍ਹਾਂ ਕਿਹਾ ਕਿ ਜੇਕਰ ਭੂਮੀਗਤ ਪਾਣੀ ਦਾ ਚਿੰਤਾਜਨਕ ਨਿਘਾਰ ਬਿਨਾਂ ਰੋਕ-ਟੋਕ ਦੇ ਜਾਰੀ ਰਹਿੰਦਾ ਤਾਂ ਇਹ ਨਾ ਸਿਰਫ਼ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਲਈ ਸਗੋਂ ਰਾਸ਼ਟਰੀ ਅੰਨ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਪੈਦਾ ਕਰ ਸਕਦਾ ਸੀ। ਉਨ੍ਹਾਂ ਅੱਗੇ ਕਿਹਾ, "ਇਸ ਲਈ ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਲਈ ਫੈਸਲਾਕੁਨ ਕਦਮ ਚੁੱਕੇ ਹਨ।"

ਜਲ ਸਰੋਤ ਮੰਤਰੀ ਨੇ ਕਿਹਾ ਕਿ ਭੂਮੀਗਤ ਪਾਣੀ ਦੇ ਤਾਜ਼ਾ ਅੰਕੜੇ ਪੰਜਾਬ ਲਈ ਉਤਸ਼ਾਹਜਨਕ ਹਨ ਅਤੇ ਨਹਿਰੀ ਸਿੰਚਾਈ ਅਤੇ ਭੂਮੀਗਤ ਪਾਣੀ ਦੀ ਸੰਭਾਲ ਦੇ ਉਪਾਵਾਂ ਨੂੰ ਹੋਰ ਵਧਾਉਣ ਦੇ ਸਰਕਾਰ ਦੇ ਸੰਕਲਪ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਅੱਗੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਟਿਕਾਊ ਜਲ ਪ੍ਰਬੰਧਨ ਅਤੇ ਸੂਬੇ ਦੇ ਖੇਤੀਬਾੜੀ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ।"

ਇਸ ਮੌਕੇ ਸ਼ੇਰ ਸਿੰਘ, ਮੁੱਖ ਇੰਜੀਨੀਅਰ (ਕੈਨਾਲ ਤੇ ਗਰਾਊਂਡਵਾਟਰ), ਮਨੋਜ ਬਾਂਸਲ, ਨਿਗਰਾਨ ਇੰਜੀਨੀਅਰ (ਗਰਾਊਂਡਵਾਟਰ) ਸਣੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 7 ਸਤੰਬਰ ਤੋਂ

 ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਅਫ਼ਸਰ ਕਪਲਮੀਤ ਸਿੰਘ ਦੀ ਅਗਵਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 07-09-2026 ਤੋਂ 07-10-2026 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ), ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਇਸ ਸਿਖਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 31-08-2026 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਸੰਪਰਕ ਕਰਨ।

ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000 ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000 ਰੁਪਏ ਹੈ ਅਤੇ ਫੀਸ ਨਕਦ ਲਈ ਜਾਵੇਗੀ। ਸਿਖਲਾਈ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਆਦ ਬੈਂਕਾਂ ਤੋਂ ਸਸਤੀਆਂ ਵਿਆਜ਼ ਦਰਾਂ 'ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ ਜਿਸ 'ਤੇ ਜਨਰਲ 25 ਫੀਸਦੀ ਅਤੇ ਅਨੁਸੂਚਿਤ ਜਾਤੀ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰ. 8837854191 ਅਤੇ 8360906797 'ਤੇ ਸੰਪਰਕ ਕਰ ਸਕਦੇ ਹਨ।

ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ

ਪਰਾਲੀ ਨੂੰ ਬਿਨਾਂ ਅੱਗ ਲਿਆਏ ਵਿਗਿਆਨਕ ਖੇਤੀ ਵੱਲ ਵਧਣ ਕਿਸਾਨ: ਕੇ.ਵੀ.ਕੇ.

ਬਠਿੰਡਾ, 31 ਅਗਸਤ :
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਬਲਾਕ ਬਠਿੰਡਾ ਦੇ ਪਿੰਡ ਗਹਿਰੀ ਬੁੱਟਰ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਰਾਹੀਂ ਖੇਤ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਕੀਤਾ ਗਿਆ।
ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਇਸ ਵਿੱਚ ਮੌਜੂਦ ਲਾਭਦਾਇਕ ਤੱਤਾਂ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪੀ.ਐੱਫ.ਈ.) ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਮਸ਼ੀਨਰੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਕਣਕ ਦੀ ਸਿੱਧੀ ਬਿਜਾਈ ਲਈ ਹੈਪੀ ਸੀਡਰ, ਸੁਪਰ ਸੀਡਰ ਜਾਂ ਪੀ.ਏ.ਯੂ. ਸਮਾਰਟ ਸੀਡਰ ਦੀ ਵਰਤੋਂ ਬਹੁਤ ਲਾਹੇਵੰਦ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਬਿਜਾਈ ਸਮੇਂ ਖੇਤ ਵਿੱਚ ਲੋੜੀਂਦਾ ਵੱਤਰ ਬਣਾਈ ਰੱਖਣ ਲਈ ਝੋਨੇ ਦੀ ਫ਼ਸਲ ਨੂੰ ਵਾਢੀ ਤੋਂ ਲਗਭਗ ਦੋ ਹਫ਼ਤੇ ਪਹਿਲਾਂ ਅਖੀਰਲਾ ਪਾਣੀ ਲਗਾਉਣਾ ਚਾਹੀਦਾ ਹੈ।
ਡਾ. ਗੁਰਲਾਲ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਵਿੱਚ ਮੌਜੂਦ ਖੁਰਾਕੀ ਤੱਤਾਂ ਅਤੇ ਪਸ਼ੂਆਂ ਲਈ ਇਸ ਦੀ ਸੰਭਾਵੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਵਿਗਿਆਨਕ ਢੰਗ ਨਾਲ ਸੰਭਾਲ ਕਰਕੇ ਇਸ ਨੂੰ ਪਸ਼ੂਆਂ ਲਈ ਚਾਰੇ ਦੇ ਰੂਪ ਵਿੱਚ ਵਰਤਣ ਦੀਆਂ ਸੰਭਾਵਨਾਵਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਸਕਦਾ ਹੈ।
ਸ਼੍ਰੀਮਤੀ ਰਮਨਦੀਪ ਕੌਰ, ਬੀ.ਐੱਮ.ਐੱਮ., ਆਤਮਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਸਰਕਾਰੀ ਸਕੀਮਾਂ ਅਤੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ।
ਸ. ਅਮਨਦੀਪ ਸਿੰਘ ਸਿੱਧੂ, ਖੇਤੀਬਾੜੀ ਵਿਕਾਸ ਅਫ਼ਸਰ (ਪੌਦ ਸੁਰੱਖਿਆ), ਖੇਤੀਬਾੜੀ ਵਿਭਾਗ, ਬਠਿੰਡਾ ਨੇ ਕਿਸਾਨਾਂ ਨੂੰ ਫ਼ਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਸੁਚੱਜੇ ਫ਼ਸਲ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਮਾਹਿਰਾਂ ਨੇ ਕਿਸਾਨਾਂ ਦੇ ਪਰਾਲੀ ਪ੍ਰਬੰਧਨ, ਕਣਕ ਦੀ ਬਿਜਾਈ ਅਤੇ ਫ਼ਸਲ ਸੁਰੱਖਿਆ ਸਬੰਧੀ ਸਵਾਲਾਂ ਦੇ ਜਵਾਬ ਦਿੱਤੇ।

Sunday, August 30, 2026

ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਵੱਲੋਂ ਪਿੰਡ ਖੇਤਲਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ

ਸੁਨਾਮ, 29 ਅਗਸਤ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਸੰਗਰੂਰ ਵੱਲੋਂ ਪਿੰਡ ਖੇਤਲਾ, ਬਲਾਕ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਪਿੰਡ ਦੇ ਕੁੱਲ 25 ਕਿਸਾਨਾਂ ਨੇ ਭਾਗ ਲਿਆ।

ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਨ ਦੀ ਸੰਭਾਲ ਅਤੇ ਜ਼ਮੀਨ ਦੀ ਸਿਹਤ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕੀਤੀ। ਉਨ੍ਹਾਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ।

ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ) ਨੇ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ (ਇਨ-ਸੀਟੂ) ਦੀਆਂ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਕਾਰਜ-ਪ੍ਰਣਾਲੀ ਬਾਰੇ ਦੱਸਿਆ। ਉਨ੍ਹਾਂ ਪਰਾਲੀ ਦੇ ਖੇਤ ਤੋਂ ਬਾਹਰ ਪ੍ਰਬੰਧਨ (ਐਕਸ-ਸੀਟੂ) ਦੇ ਤਰੀਕਿਆਂ ਅਤੇ ਉਪਲਬਧ ਮਸ਼ੀਨਰੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਟਿਕਾਊ ਪ੍ਰਬੰਧਨ ਲਈ ਇਨ-ਸੀਟੂ ਤਰੀਕਿਆਂ ਨੂੰ ਤਰਜ਼ੀਹ ਦੇਣ ਲਈ ਉਤਸ਼ਾਹਿਤ ਕੀਤਾ।

ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਪਰਾਲੀ ਦੀ ਇਨ-ਸੀਟੂ ਸਾਂਭ-ਸੰਭਾਲ ਵਾਲੇ ਖੇਤਾਂ ਵਿੱਚ ਕਣਕ ਦੀ ਸਫਲ ਕਾਸ਼ਤ ਲਈ ਖੇਤੀ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਪ੍ਰਬੰਧਨ ਤਰੀਕਿਆਂ ਅਨੁਸਾਰ ਸਿਫਾਰਸ਼ਾਂ ਸਾਂਝੀਆਂ ਕੀਤੀਆਂ। ਉਨ੍ਹਾਂ ਅਜਿਹੇ ਖੇਤਾਂ ਵਿੱਚ ਗੁਲਾਬੀ ਤਣੇ ਦੀ ਸੁੰਡੀ ਅਤੇ ਸੈਨਿਕ ਸੁੰਡੀ ਦੀ ਰੋਕਥਾਮ ਬਾਰੇ ਵੀ ਦੱਸਿਆ ਅਤੇ ਕਿਸਾਨਾਂ ਨੂੰ ਬਾਗਾਂ ਅਤੇ ਹਲਦੀ, ਲਸਣ ਵਰਗੀਆਂ ਫਸਲਾਂ ਵਿੱਚ ਝੋਨੇ ਦੀ ਪਰਾਲੀ ਨੂੰ ਮਲਚ ਵਜੋਂ ਵਰਤਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕਣਕ ਦੀ ਕਾਸ਼ਤ ਸਬੰਧੀ ਪੀ.ਏ.ਯੂ. ਦਾ ਸਾਹਿਤ ਵੀ ਵੰਡਿਆ ਗਿਆ ਅਤੇ ਮਾਹਿਰਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ, ਮਸ਼ੀਨਰੀ ਅਤੇ ਫਸਲ ਉਤਪਾਦਨ ਸਬੰਧੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।

Saturday, August 29, 2026

ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਕੈਬਨਿਟ ਮੰਤਰੀ ਸ. ਖੁੱਡੀਆਂ

ਪਸ਼ੂਆਂ ਦੇ ਇਲਾਜ ਅਤੇ ਸੇਵਾ ਲਈ ਰਜਿਸਟਰਡ ਗਊਸ਼ਾਲਾਵਾਂ ਨੂੰ ਕੈਟਲ ਲਿਫਟਰ ਕੀਤੇ ਜਾਰੀ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਅਗਸਤ:
ਪਸ਼ੂ ਪਾਲਣ ਵਿਭਾਗ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਵਿੱਚ ਸਾਂਭੇ ਜਾ ਰਹੇ ਬੇਸਹਾਰਾ ਪਸ਼ੂਆਂ ਦੇ ਇਲਾਜ ਅਤੇ ਸੇਵਾ ਲਈ ਕੈਟਲ ਲਿਫਟਰ ਜਾਰੀ ਕਰਨ ਦਾ ਸਮਾਗਮ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਕੀਤਾ ਗਿਆ। ਇਸ ਮੌਕੇ ਪਸ਼ੂ ਪਾਲਣ ਮੱਛੀ ਪਾਲਣ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ, ਡਾ. ਬਲਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ।
ਇਸ ਮੌਕੇ ਬੋਲਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਰਾਜ ਦੇ ਗਊਧਨ ਨੂੰ ਲੰਪੀ ਸਕਿਨ Lumpy Skin Disease ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਰਾਜ ਸਰਕਾਰ ਵੱਲੋਂ ਗਊ ਸੇਵਕਾਂ ਦੀਆਂ ਭਾਵਨਾਵਾਂ ਅਨੁਸਾਰ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ ਕੀਤੇ ਗਏ ਹਨ। ਜਿਸ ਨਾਲ ਗਊਸ਼ਾਲਾਵਾਂ ਨੂੰ ਕਰੋੜਾਂ ਰੁਪਏ ਸਲਾਨਾ ਦੀ ਰਾਹਤ ਮਿਲੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗਉਸ਼ਾਲਾਵਾਂ ਦੇ ਹਿੱਤ ਵਿੱਚ ਕੰਮ ਕਰਨ ਲਈ ਕੈਬਨਿਟ ਮੰਤਰੀ ਸ. ਖੁੱਡੀਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਹਾਜ਼ਰ ਪ੍ਰਬੰਧਕਾਂ ਨੂੰ ਕੈਟਲ ਲਿਫਟਰ ਵੰਡੇ ਗਏ। ਮਹਾਂਵੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਬਾਬਾ ਸੰਦੀਪ ਜੂਰੀ ਨੇ ਦੋਵਾਂ ਕੈਬਨਿਟ ਮੰਤਰੀਆਂ ਦਾ ਗਊਸ਼ਾਲਾ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ, ਸਹਾਇਕ ਡਾਇਰੈਕਟਰ ਡਾ. ਵਿਨੋਦ ਕੁਮਾਰ, ਗਊਸ਼ਾਲਾ ਦੇ ਨੋਡਲ ਅਫਸਰ ਡਾਕਟਰ ਅਮਨਦੀਪ ਸੇਠੀ ਅਤੇ ਸਮੂਹ ਸਟਾਫ ਹਾਜ਼ਰ ਸੀ।

Friday, August 28, 2026

ਕੇ.ਵੀ.ਕੇ. ਰੋਪੜ ਵੱਲੋਂ ਸੂਰ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਰਾਹੀਂ ਗਿਆਨ ਤੇ ਅਮਲੀ ਹੁਨਰ ਵਿਕਸਿਤ ਕਰਨ ਦਾ ਉਪਰਾਲਾ

ਰੂਪਨਗਰ, 28 ਅਗਸਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਅਤੇ ਆਈ.ਸੀ.ਏ.ਆਰ.-ਏ.ਟੀ.ਏ.ਆਰ.ਆਈ. ਜ਼ੋਨ-1 ਦੇ ਅਧੀਨ ਪੀ.ਏ.ਯੂ.-ਕੇ.ਵੀ.ਕੇ. ਰੋਪੜ ਵੱਲੋਂ 21 ਤੋਂ 28 ਅਗਸਤ 2026 ਤੱਕ ਸੂਰ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਰੋਪੜ, ਫਤਿਹਗੜ੍ਹ ਸਾਹਿਬ, ਐਸ.ਬੀ.ਐੱਸ. ਨਗਰ ਅਤੇ ਸਿਰਮੌਰ (ਹਿਮਾਚਲ ਪ੍ਰਦੇਸ਼) ਤੋਂ 11 ਸਿਖਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਚਾਹਵਾਨ ਸੂਰ ਪਾਲਕਾਂ ਨੂੰ ਵਿਗਿਆਨਕ ਤੇ ਵਿਹਾਰਕ ਗਿਆਨ ਦੇ ਨਾਲ-ਨਾਲ ਉੱਦਮੀ ਹੁਨਰ ਪ੍ਰਦਾਨ ਕਰਨਾ ਸੀ।


ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਸੂਰ ਪਾਲਣ ਸਬੰਧੀ ਸਮੁੱਚੀ ਅਤੇ ਵਿਗਿਆਨਕ ਪਹੁੰਚ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਪ੍ਰੋਫੈਸਰ (ਐਨੀਮਲ ਸਾਇੰਸ), ਕੇ.ਵੀ.ਕੇ. ਰੋਪੜ ਡਾ. ਅਪਰਨਾ ਨੇ ਦੱਸਿਆ ਕਿ ਸਿਖਲਾਈ ਦੌਰਾਨ ਖੁਰਾਕ ਪ੍ਰਬੰਧਨ, ਪ੍ਰਜਨਨ ਅਤੇ ਫਾਰਮ ਪ੍ਰਬੰਧਨ ਦੇ ਮੁੱਖ ਪਹਿਲੂਆਂ ਤੋਂ ਇਲਾਵਾ ਜੈਵ-ਸੁਰੱਖਿਆ, ਬਾਇਓਗੈਸ ਰਾਹੀਂ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ, ਸੂਰ ਪਾਲਣ ਨੂੰ ਮੱਛੀ ਪਾਲਣ ਨਾਲ ਜੋੜਨ ਅਤੇ ਜ਼ੂਨੋਟਿਕ ਬਿਮਾਰੀਆਂ ਸਬੰਧੀ ਜਾਗਰੂਕਤਾ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਸਿਖਲਾਈ ਪ੍ਰੋਗਰਾਮ ਵਿੱਚ ਅਮਲੀ ਅਤੇ ਹੱਥੀਂ ਸਿੱਖਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ। ਖਾਸ ਤੌਰ ’ਤੇ ਸੂਰ ਦੇ ਬੱਚਿਆਂ (ਪਿਗਲੈਟਸ) ਦੀ ਸੰਭਾਲ ਅਤੇ ਪ੍ਰਬੰਧਨ ਸਬੰਧੀ ਸਿਖਲਾਈ ਰਾਹੀਂ ਸਿਖਿਆਰਥੀਆਂ ਨੂੰ ਖੇਤਰੀ ਹਾਲਾਤਾਂ ਅਨੁਸਾਰ ਅਮਲੀ ਤਜਰਬਾ ਪ੍ਰਦਾਨ ਕੀਤਾ ਗਿਆ। ਕੇ.ਵੀ.ਕੇ. ਰੋਪੜ ਦੇ ਪੁਰਾਣੇ ਸਿਖਿਆਰਥੀਆਂ ਨੂੰ ਵੀ ਇਸ ਉਪਰਾਲੇ ਨਾਲ ਜੋੜਿਆ ਗਿਆ, ਜਿਸ ਨਾਲ ਨਵੇਂ ਸਿਖਿਆਰਥੀਆਂ ਨੂੰ ਰਸਮੀ ਸਿਖਲਾਈ ਤੋਂ ਇਲਾਵਾ ਵੀ ਅਮਲੀ ਤਜਰਬਾ ਹਾਸਲ ਕਰਨ ਦਾ ਮੌਕਾ ਮਿਲਿਆ। ਇਸ ਨਾਲ ਆਪਸੀ ਸਿੱਖਿਆ, ਸਹਿਯੋਗ ਅਤੇ ਸਾਬਕਾ ਸਿਖਿਆਰਥੀਆਂ ਨਾਲ ਸੰਪਰਕ ਨੂੰ ਹੋਰ ਮਜ਼ਬੂਤੀ ਮਿਲੀ।

ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਨੇ ਸਿਖਿਆਰਥੀਆਂ ਨਾਲ ਫਾਰਮ ਪ੍ਰਬੰਧਨ, ਉੱਦਮਤਾ ਅਤੇ ਮੰਡੀਕਰਨ ਨਾਲ ਜੁੜੇ ਵੱਖ-ਵੱਖ ਵਿਹਾਰਕ ਪਹਿਲੂਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਰਾਹੀਂ ਇਹ ਯਕੀਨੀ ਬਣਾਇਆ ਗਿਆ ਕਿ ਸਿਖਲਾਈ ਪ੍ਰੋਗਰਾਮ ਪੂਰੀ ਤਰ੍ਹਾਂ ਵਿਹਾਰਕ, ਲਾਗੂ ਕਰਨ ਯੋਗ ਅਤੇ ਕਿਸਾਨ-ਕੇਂਦਰਿਤ ਰਹੇ।

ਸਿਖਲਾਈ ਪੂਰੀ ਹੋਣ ਤੋਂ ਬਾਅਦ ਵੀ ਸਿੱਖਣ ਦੀ ਪ੍ਰਕਿਰਿਆ ਜਾਰੀ ਰੱਖਣ ਲਈ ਸਿਖਿਆਰਥੀਆਂ ਨੂੰ ਸਬੰਧਤ ਸਾਹਿਤ ਅਤੇ ਵਿਦਿਅਕ ਵੀਡੀਓਜ਼ ਮੁਹੱਈਆ ਕਰਵਾਈਆਂ ਗਈਆਂ। ਇਸ ਨਾਲ ਉਹ ਤਕਨੀਕੀ ਜਾਣਕਾਰੀ ਨੂੰ ਮੁੜ ਸਮਝਣ ਅਤੇ ਆਪਣੇ ਫਾਰਮਾਂ ’ਤੇ ਵਿਗਿਆਨਕ ਤਰੀਕਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਯੋਗ ਹੋਣਗੇ।

ਇਹ ਸਿਖਲਾਈ ਪ੍ਰੋਗਰਾਮ ਸੂਰ ਪਾਲਣ ਸਬੰਧੀ ਗਿਆਨ ਅਤੇ ਅਮਲੀ ਤਜਰਬੇ ਵਿਚਲੇ ਪਾੜੇ ਨੂੰ ਪੂਰਾ ਕਰਨ ਵਿੱਚ ਸਹਾਇਕ ਸਾਬਤ ਹੋਇਆ। ਇਸ ਰਾਹੀਂ ਸਿਖਿਆਰਥੀਆਂ ਵਿੱਚ ਸੂਰ ਪਾਲਣ ਨੂੰ ਵਿਗਿਆਨਕ, ਟਿਕਾਊ ਅਤੇ ਲਾਭਦਾਇਕ ਉੱਦਮ ਵਜੋਂ ਅਪਣਾਉਣ ਲਈ ਲੋੜੀਂਦਾ ਗਿਆਨ, ਹੁਨਰ ਅਤੇ ਆਤਮ-ਵਿਸ਼ਵਾਸ ਵਿਕਸਿਤ ਹੋਇਆ।

Thursday, August 27, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਆਦਮਪੁਰ ਦੇ ਪਿੰਡਾਂ ਲਈ 6.67 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

2582 ਏਕੜ ਵਾਧੂ ਰਕਬਾ ਨਹਿਰੀ ਪਾਣੀ ਨਾਲ ਸਿੰਚਾਈ ਅਧੀਨ ਲਿਆਂਦਾ


ਕਿਹਾ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਦੇਣ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ 

ਆਦਮਪੁਰ (ਜਲੰਧਰ), 27 ਅਗਸਤ : ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਆਦਮਪੁਰ ਦੇ ਪਿੰਡਾਂ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਵਾਸਤੇ 6.67 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ।

ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਦੀ ਮੌਜੂਦਗੀ ਵਿੱਚ ਪਿੰਡ ਚੂਹੜਵਾਲੀ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਉਪਰੰਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹਲਕਾ ਆਦਮਪੁਰ ਵਿੱਚ ਬਿਸਤ ਦੁਆਬ ਨਹਿਰੀ ਸਿਸਟਮ ਅਧੀਨ 4.67 ਕਰੋੜ ਦੀ ਲਾਗਤ ਨਾਲ 20.81 ਕਿਲੋਮੀਟਰ ਲੰਬਾਈ ਵਾਲੇ ਪੱਕੇ ਖਾਲਿਆਂ ਦਾ ਕੰਮ ਮੁਕੰਮਲ ਕੀਤਾ ਗਿਆ ਹੈ ਅਤੇ 14.59 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ ’ਤੇ ਕਰੀਬ 2 ਕਰੋੜ ਰੁਪਏ ਖਰਚ ਕੀਤੇ ਗਏ ਹਨ। 

ਸ਼੍ਰੀ ਗੋਇਲ ਨੇ ਦੱਸਿਆ ਕਿ ਇਨ੍ਹਾਂ ਕੰਮਾਂ ਨਾਲ ਨਹਿਰੀ ਸਿੰਚਾਈ ਅਧੀਨ ਰਕਬਾ 1318 ਏਕੜ ਤੋਂ ਵਧ ਕੇ 3900 ਏਕੜ ਹੋ ਗਿਆ ਹੈ। ਇਸ ਤਰ੍ਹਾਂ 2582 ਏਕੜ ਵਾਧੂ ਰਕਬਾ ਨਹਿਰੀ ਪਾਣੀ ਨਾਲ ਸਿੰਚਾਈ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣੇਗੀ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ।  

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਰਿਆਈ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਹੈ ਤਾਂ ਜੋ ਸਿੰਚਾਈ ਲਈ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਨੂੰ ਘੱਟ ਕੀਤਾ ਜਾ ਸਕੇ। 

ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ, ਜਿਸ ਦੇ ਲਈ ਸਰਕਾਰ ਨੇ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ।

ਰਾਲੀ ਪ੍ਰਬੰਧਨ ਲਈ ਕੇ.ਵੀ.ਕੇ. ਰੋਪੜ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

 ਰੂਪਨਗਰ, 27 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਝੋਨੇ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀ ਮਹੱਤਤਾ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ ਦੇ 164 ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ।

ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਨਵੀਆਂ ਤਕਨੀਕਾਂ, ਜਿਵੇਂ ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ ਅਤੇ ਕਣਕ ਦੀ ਸਤਹੀ ਬਿਜਾਈ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਪੱਖੀ ਖੇਤੀਬਾੜੀ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਬਹੁਤ ਜ਼ਰੂਰੀ ਹੈ। ਇਸ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਪਾਣੀ ਦੀ ਬੱਚਤ ਹੁੰਦੀ ਹੈ, ਮਿੱਟੀ ਵਿੱਚ ਸੂਖਮ ਜੀਵਾਣੂਆਂ ਦੀ ਗਿਣਤੀ ਵਧਦੀ ਹੈ, ਰਸਾਇਣਕ ਖਾਦਾਂ ਦੀ ਲੋੜ ਘਟਦੀ ਹੈ ਅਤੇ ਮਿੱਟੀ ਨੂੰ ਜੈਵਿਕ ਪਦਾਰਥ ਮਿਲਦਾ ਹੈ।

ਪ੍ਰੋਫ਼ੈਸਰ (ਪਸ਼ੂ ਵਿਗਿਆਨ) ਡਾ. ਅਪਰਣਾ, ਪ੍ਰੋਫ਼ੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਅਹੂਜਾ, ਸਹਾਇਕ ਪ੍ਰੋਫ਼ੈਸਰ (ਖੇਤੀ-ਵਣ ਵਿਗਿਆਨ) ਡਾ. ਅੰਕੁਰਦੀਪ ਪ੍ਰੀਤੀ ਅਤੇ ਸਹਾਇਕ ਪ੍ਰੋਫ਼ੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਵੱਖ-ਵੱਖ ਸਹਾਇਕ ਖੇਤੀ ਕਿੱਤਿਆਂ ਵਿੱਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਵਰਤੋਂ ਪਸ਼ੂਆਂ ਦੀ ਖੁਰਾਕ, ਫ਼ਸਲਾਂ ਵਿੱਚ ਮਲਚ ਵਜੋਂ ਅਤੇ ਖੁੰਬਾਂ ਦੀ ਪੈਦਾਵਾਰ ਲਈ ਖਾਦ ਤਿਆਰ ਕਰਨ ਵਾਸਤੇ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪੌਦ ਸੁਰੱਖਿਆ ਸਬੰਧੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਰਾਹੀਂ ਫ਼ਸਲਾਂ ਵਿੱਚ ਕੀੜੇ-ਮਕੌੜਿਆਂ, ਬਿਮਾਰੀਆਂ ਅਤੇ ਚੂਹਿਆਂ ਦੀ ਰੋਕਥਾਮ ਬਾਰੇ ਵੀ ਚਾਨਣਾ ਪਾਇਆ ਗਿਆ।

ਇਸ ਮੌਕੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਸਾਹਿਤ ਵੀ ਮੁਹੱਈਆ ਕਰਵਾਇਆ ਗਿਆ। ਕੈਂਪ ਵਿੱਚ ਸ਼ਾਮਲ ਸਮੂਹ ਭਾਗੀਦਾਰਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਅਹਿਦ ਲਿਆ। ਉਨ੍ਹਾਂ ਕੇ.ਵੀ.ਕੇ. ਵੱਲੋਂ ਕੀਤੇ ਇਸ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸਹਿਯੋਗ ਦੀ ਆਸ ਜ਼ਾਹਰ ਕੀਤੀ।

ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਤੇ ਧਰਤੀ ਹੇਠਲਾ ਪਾਣੀ ਬਚਾਉਣਾ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

- ਕੈਬਨਿਟ ਮੰਤਰੀ ਨੇ ਬਿਸਤ ਦੋਆਬ ਤੇ ਕੰਢੀ ਕੈਨਾਲ ਸਿਸਟਮ ਅਧੀਨ ਨਹਿਰਾਂ ਦੇ ਖਾਲਾਂ ਨੂੰ ਪੱਕਾ ਕਰਨ ਵਾਲੇ ਪ੍ਰੋਜੈਕਟ ਦਾ ਕੀਤਾ ਉਦਘਾਟਨ

- ਕਿਹਾ, ਗੜ੍ਹਸ਼ੰਕਰ ਵਿੱਚ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 3.73 ਕਰੋੜ ਰੁਪਏ ਦੇ ਕੰਮ ਮੁਕੰਮਲ
- 25.53 ਕਿਲੋਮੀਟਰ ਪੱਕੇ ਖਾਲਾਂ ਤੇ ਭੂਮੀਗਤ ਪਾਈਪਲਾਈਨ ਦਾ ਨਿਰਮਾਣ ਮੁਕੰਮਲ, 1222 ਏਕੜ ਵਾਧੂ ਰਕਬਾ ਪਹਿਲੀ ਵਾਰ ਨਹਿਰੀ ਸਿੰਚਾਈ ਅਧੀਨ ਆਇਆ
ਗੜ੍ਹਸ਼ੰਕਰ/ਹੁਸ਼ਿਆਰਪੁਰ, 27 ਅਗਸਤ: ਪੰਜਾਬ ਦੇ ਜਲ ਸਰੋਤ ਅਤੇ ਮਾਈਨਿੰਗ ਵਿਭਾਗ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਤੱਕ ਵੱਧ ਤੋਂ ਵੱਧ ਨਹਿਰੀ ਪਾਣੀ ਪਹੁੰਚਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਤਰਜੀਹ ਦੇ ਰਹੀ ਹੈ। ਇਸੇ ਲੜੀ ਤਹਿਤ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਬਿਸਤ ਦੋਆਬ ਅਤੇ ਕੰਢੀ ਨਹਿਰੀ ਸਿਸਟਮ ਅਧੀਨ 3.73 ਕਰੋੜ ਰੁਪਏ ਦੀ ਲਾਗਤ ਨਾਲ ਸਿੰਚਾਈ ਸਬੰਧੀ ਕੰਮ ਮੁਕੰਮਲ ਕੀਤੇ ਗਏ ਹਨ।
              ਸ੍ਰੀ ਗੋਇਲ ਨੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿੱਚ ਪਿੰਡ ਡੇਰੋਂ ਵਿਖੇ ਇਨ੍ਹਾਂ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਕਮਾਂਡ ਏਰੀਆ ਡਿਵੈਲਪਮੈਂਟ ਅਧੀਨ ਬਿਸਤ ਦੋਆਬ ਨਹਿਰ ਅਤੇ ਗਰਾਊਂਡ ਵਾਟਰ ਡਿਵੀਜ਼ਨ, ਜਲੰਧਰ ਤਹਿਤ 8.60 ਕਿਲੋਮੀਟਰ ਪੱਕੇ ਖਾਲਾਂ ’ਤੇ 199 ਲੱਖ ਰੁਪਏ ਅਤੇ 16.93 ਕਿਲੋਮੀਟਰ ਭੂਮੀਗਤ ਪਾਈਪਲਾਈਨ ’ਤੇ 174.41 ਲੱਖ ਰੁਪਏ ਖਰਚ ਕੀਤੇ ਗਏ ਹਨ। ਕੁੱਲ 25.53 ਕਿਲੋਮੀਟਰ ਲੰਬਾਈ ਦੇ ਇਨ੍ਹਾਂ ਕੰਮਾਂ ਨਾਲ 18 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਮਿਲੇਗਾ।
                ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਨਾਲ ਨਹਿਰੀ ਸਿੰਚਾਈ ਅਧੀਨ ਰਕਬਾ 2658 ਏਕੜ ਤੋਂ ਵਧ ਕੇ 3880 ਏਕੜ ਹੋ ਗਿਆ ਹੈ। ਇਸ ਤਰ੍ਹਾਂ 1222 ਏਕੜ ਵਾਧੂ ਰਕਬਾ ਪਹਿਲੀ ਵਾਰ ਨਹਿਰੀ ਪਾਣੀ ਨਾਲ ਸਿੰਚਾਈ ਦੇ ਦਾਇਰੇ ਵਿੱਚ ਆਇਆ ਹੈ। ਇਸ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ।
              ਕੈਬਨਿਟ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਮੋਹਨਵਾਲ ਅਤੇ ਮਹਿੰਦੀਪੁਰ ਡਿਸਟ੍ਰੀਬਿਊਟਰੀ ਦੀ ਟੇਲ ’ਤੇ ਦੋ ਰੀਚਾਰਜਿੰਗ ਸਕੀਮਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ 328 ਕਿਊਬਿਕ ਮੀਟਰ ਪਾਣੀ ਧਰਤੀ ਹੇਠਲੇ ਪਾਣੀ ਵਿੱਚ ਪਹੁੰਚਾਇਆ ਗਿਆ ਹੈ। ਦੋਵੇਂ ਡਿਸਟ੍ਰੀਬਿਊਟਰੀਆਂ ਦੇ ਹੈੱਡ ਰੈਗੂਲੇਟਰਾਂ ’ਤੇ ਗੇਟ ਅਤੇ ਗੋਰਿੰਗ ਸਿਸਟਮ ਵੀ ਬਣਾਇਆ ਗਿਆ ਹੈ, ਜਿਸ ਨਾਲ ਪਾਣੀ ਦਾ ਨਿਯਮਨ ਬਿਹਤਰ ਹੋਇਆ ਹੈ।
           ਇਸ ਤੋਂ ਇਲਾਵਾ ਜਲੰਧਰ ਬ੍ਰਾਂਚ ਦੀ ਆਰ.ਡੀ. 43140/ਐਲ ’ਤੇ ਨਹਿਰੀ ਐਸਕੇਪ ਦਾ ਪਾਣੀ ਸਿਬਲੀ ਡਰੇਨ ਵਿੱਚ ਰੀਚਾਰਜਿੰਗ ਲਈ ਛੱਡਿਆ ਜਾ ਰਿਹਾ ਹੈ, ਜਿਸ ਦਾ ਲਾਭ ਆਸ-ਪਾਸ ਦੇ ਕਿਸਾਨਾਂ ਨੂੰ ਸਿੰਚਾਈ ਲਈ ਵੀ ਮਿਲ ਰਿਹਾ ਹੈ।
              ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਆਰਜੀ ਮੋਘਾ ਨੀਤੀ ਤਹਿਤ ਗੜ੍ਹਸ਼ੰਕਰ ਵਿੱਚ ਵੱਖ-ਵੱਖ ਨਹਿਰਾਂ ’ਤੇ 14 ਪਿੰਡਾਂ ਵਿੱਚ 23 ਆਰਜੀ ਮੋਘੇ ਲਗਾਏ ਗਏ ਹਨ, ਜਿਸ ਨਾਲ 813 ਏਕੜ ਖੇਤਰ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੀ ਹੈ। ਇਨ੍ਹਾਂ ਸਾਰੇ ਯਤਨਾਂ ਨੂੰ ਮਿਲਾ ਕੇ ਹਲਕੇ ਵਿੱਚ ਕੁੱਲ 2035 ਏਕੜ ਖੇਤਰ ਨੂੰ ਪਹਿਲੀ ਵਾਰ ਨਹਿਰੀ ਪਾਣੀ ਨਾਲ ਸਿੰਚਾਈ ਦੀ ਸਹੂਲਤ ਪ੍ਰਾਪਤ ਹੋਈ ਹੈ।
                ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਉਪਲਬੱਧਤਾ ਵਧਾ ਕੇ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਵਰਤੋਂ ਘਟਾਉਣ ਅਤੇ ਕਿਸਾਨਾਂ ਲਈ ਟਿਕਾਊ ਸਿੰਚਾਈ ਪ੍ਰਣਾਲੀ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿੱਚ ਕੀਤੇ ਗਏ ਇਹ ਕੰਮ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤ ਦੇਣ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹਨ।
               ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਸ੍ਰੀ ਗੋਇਲ ਨੂੰ ਬਿਸਤ ਦੋਆਬ ਅਤੇ ਕੰਢੀ ਨਹਿਰ ਦਾ ਸਾਂਝਾ ਪ੍ਰੋਜੈਕਟ ਤਿਆਰ ਕਰਕੇ ਗੜ੍ਹਸ਼ੰਕਰ ਦੇ ਵੱਧ ਤੋਂ ਵੱਧ ਖੇਤਰ ਦੀ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਅਪੀਲ ਕੀਤੀ।

Wednesday, August 26, 2026

ਪੀ.ਏ.ਯੂ.-ਕੇ.ਵੀ.ਕੇ. ਫਿਰੋਜ਼ਪੁਰ ਵਿਖੇ ਆਂਗਣਵਾੜੀ ਵਰਕਰਾਂ ਲਈ ਪੋਸ਼ਣ ਤੇ ਸਿਹਤ ਸਬੰਧੀ ਸਿਖਲਾਈ

ਫ਼ਿਰੋਜ਼ਪੁਰ, 26 ਅਗਸਤ:

ਪੋਸ਼ਣ ਅਤੇ ਸਿਹਤਮੰਦ ਜੀਵਨਸ਼ੈਲੀ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵਿਖੇ ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰਾਂ ਲਈ ਦੋ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਸਿਖਲਾਈ ਦਾ ਮੁੱਖ ਵਿਸ਼ਾ “ਸੰਤੁਲਿਤ ਖੁਰਾਕ ਅਤੇ ਜੀਵਨਸ਼ੈਲੀ ਨਾਲ ਸਬੰਧਿਤ ਬਿਮਾਰੀਆਂ ਦਾ ਪੋਸ਼ਣ ਪ੍ਰਬੰਧਨ” ਰਿਹਾ।
ਸਿਖਲਾਈ ਕੈਂਪ ਦਾ ਆਯੋਜਨ ਡਾ. ਗੁਰਮੇਲ ਸਿੰਘ ਸੰਧੂ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਫਿਰੋਜ਼ਪੁਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਡਾ. ਸੰਧੂ ਨੇ ਕਿਹਾ ਕਿ ਆਂਗਣਵਾੜੀ ਵਰਕਰ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਪੋਸ਼ਣ ਅਤੇ ਸਿਹਤ ਸਬੰਧੀ ਸਹੀ ਜਾਣਕਾਰੀ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਸੰਤੁਲਿਤ ਖੁਰਾਕ, ਸਿਹਤਮੰਦ ਜੀਵਨਸ਼ੈਲੀ ਅਤੇ ਬਿਮਾਰੀਆਂ ਤੋਂ ਬਚਾਅ ਲਈ ਪੋਸ਼ਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਸਿਖਲਾਈ ਦੌਰਾਨ ਡਾ. ਦਿਵਿਆ ਜੈਨ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਵੱਲੋਂ ਸਿਖਿਆਰਥੀਆਂ ਨੂੰ ਸੰਤੁਲਿਤ ਖੁਰਾਕ, ਵੱਖ-ਵੱਖ ਪੋਸ਼ਕ ਤੱਤਾਂ ਦੀ ਮਹੱਤਤਾ, ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਜੀਵਨਸ਼ੈਲੀ ਨਾਲ ਸਬੰਧਿਤ ਬਿਮਾਰੀਆਂ ਦੇ ਪੋਸ਼ਣ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਨੂੰ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਨੂੰ ਆਪਣੇ ਕਾਰਜ ਖੇਤਰ ਵਿੱਚ ਬੱਚਿਆਂ ਅਤੇ ਪਰਿਵਾਰਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
ਇਸ ਤੋਂ ਇਲਾਵਾ ਡਾ. ਬੀ. ਐਸ. ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ), ਵੱਲੋਂ ਸਿਖਿਆਰਥੀਆਂ ਨੂੰ ਘਰੇਲੂ ਬਗੀਚੀ ਸਬੰਧੀ ਪ੍ਰਦਰਸ਼ਨੀ ਰਾਹੀਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਘਰੇਲੂ ਬਗੀਚੀ ਵਿੱਚ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਦੀ ਪੋਸ਼ਣਕ ਮਹੱਤਤਾ ਅਤੇ ਸਿਹਤ ਲਈ ਉਨ੍ਹਾਂ ਦੇ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਨਾਲ ਹੀ, ਮੌਸਮ ਅਨੁਸਾਰ ਸਬਜ਼ੀਆਂ ਦੀ ਚੋਣ, ਬਿਜਾਈ, ਪੌਦਿਆਂ ਦੀ ਸਾਂਭ-ਸੰਭਾਲ ਅਤੇ ਵਧੀਆ ਪੈਦਾਵਾਰ ਲਈ ਲੋੜੀਂਦੇ ਵਿਹਾਰਕ ਨੁਕਤੇ ਵੀ ਦੱਸੇ। ਉਨ੍ਹਾਂ ਨੇ ਘੱਟ ਥਾਂ ਅਤੇ ਉਪਲਬਧ ਸਾਧਨਾਂ ਦੀ ਸੁਚੱਜੀ ਵਰਤੋਂ ਕਰਕੇ ਘਰ ਵਿੱਚ ਪੌਸ਼ਟਿਕ ਸਬਜ਼ੀਆਂ ਉਗਾਉਣ ਲਈ ਵੀ ਪ੍ਰੇਰਿਤ ਕੀਤਾ।
ਸਿਖਲਾਈ ਕੈਂਪ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਅਤੇ ਸਿਹਤ ਸਬੰਧੀ ਗਿਆਨ ਦੇ ਨਾਲ-ਨਾਲ ਸਵੈ-ਰੋਜ਼ਗਾਰ ਨਾਲ ਜੁੜੇ ਵਿਹਾਰਕ ਹੁਨਰਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਸਿਖਲਾਈ ਦਾ ਉਦੇਸ਼ ਆਂਗਣਵਾੜੀ ਵਰਕਰਾਂ ਨੂੰ ਆਪਣੇ ਕਾਰਜ ਖੇਤਰ ਵਿੱਚ ਪੋਸ਼ਣ ਜਾਗਰੂਕਤਾ ਵਧਾਉਣ ਅਤੇ ਪਰਿਵਾਰਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਹੋਰ ਸਮਰੱਥ ਬਣਾਉਣਾ ਸੀ।

Tuesday, August 25, 2026

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਤਰਨ ਤਾਰਨ, 25 ਅਗਸਤ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ਼, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵੱਲੋਂ ਕਿਸਾਨਾਂ ਲਈ ਕੀਤੇ ਜਾਣ ਵਾਲੇ ਨਵੇਂ ਖੋਜ ਕਾਰਜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉੱਤੇ ਵੀ ਚਾਨਣਾ ਪਾਇਆ।
ਡਾ. ਪਰਮਿੰਦਰ ਸਿੰਘ ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰਨ ਲਈ ਕਿਹਾ ਜੋ ਬਿਜਾਈ ਅਤੇ ਨਦੀਨ ਨਾਸ਼ਕਾਂ ਦੀ ਸਪਰੇਅ ਨਾਲੋ- ਨਾਲ ਕਰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿੱਚ ਕਟੋਤੀ ਅਤੇ ਝੋਨੇ ਤੋਂ ਬਾਅਦ ਹੋਣ ਵਾਲੀ ਕਣਕ ਦੀ ਫ਼ਸਲ ਦੇ ਝਾੜ ਵਿੱਚ ਵਾਧੇ ਬਾਰੇ ਵਿਸਥਾਰ ਨਾਲ ਦੱਸਿਆ।
ਡਾ. ਪਰਮਿੰਦਰ ਕੌਰ ਸਹਿਜਪਾਲ, ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਝੋਨੇ ਅਤੇ ਬਾਸਮਤੀ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੋਕੇ ਕੁਲਦੀਪ ਸਿੰਘ, ਪਿੰਡ ਹਰਦੋ ਚੱਕ ਬਾਂਬਾ ਨੇ ਯੂਨੀਵਰਸਿਟੀ ਦੇ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਪ੍ਰੋਗਰਾਮ ਵੱਧ ਤੋਂ ਵੱਧ ਸਾਡੇ ਇਲਾਕੇ ਵਿੱਚ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਹੋਰ ਉਤਸ਼ਾਹਤ ਕੀਤਾ ਜਾ ਸਕੇ।
ਅਮਰਿੰਦਰਜੀਤ ਸਿੰਘ ਪਿੰਡ ਹਰਦੋ ਚੱਕ ਬਾਂਬਾ ਨੇ ਕਿਸਾਨਾਂ ਨਾਲ ਸਿੱਧੀ ਬਿਜਾਈ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੋਕੇ ਸਾਇੰਸਦਾਨਾਂ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਸਿੱਧੀ ਬਿਜਾਈ ਅਪਨਾਉਣ ਵਾਲੇ ਕਿਸਾਨਾਂ ਦਾ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਸਨਮਾਨ ਵੀ ਕੀਤਾ ਗਿਆ। ਪੰਜਾਬ ਖੇਤੀਬਾੜੀ ਯੂਨੀਵਰਿਸਟੀ ਦੇ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਸਿਆਲ ਰੁੱਤ ਦੀਆਂ ਸਬਜ਼ੀਆਂ ਦੀ ਬੀਜਾਂ ਦੀ ਕਿੱਟ ਅਤੇ ਤੋਰੀਏ ਦੇ ਬੀਜ ਦੀ ਵਿਕਰੀ ਕੀਤੀ ਗਈ ।

Monday, August 24, 2026

ਪੀ.ਏ.ਯੂ—ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਆਯੋਜਨ

ਸ੍ਰੀ ਮੁਕਤਸਰ ਸਾਹਿਬ, 25 ਅਗਸਤ

PAU ਪੀ.ਏ.ਯੂ—ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK Muktsar ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ,ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ—1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਸੂਰੇਵਾਲ ਬਲਾਕ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ।
ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਨੇ ਕਿਸਾਨਾਂ ਨੂੰ ਪਰਾਲੀ ਸਾੜਨ Paddy Stubble Burning ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ Natural Recourses ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ—ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਸੱਦਾ ਦਿੱਤਾ।
ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (Crop Science) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ—ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ—ਵਟਾਂਦਰਾ ਕੀਤਾ। ਉਹਨਾਂ ਨੇ ਵੱਖ—ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ—ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਜਗਮਨਜੋਤ ਸਿੰਘ, ਸਹਾਇਕ ਪ੍ਰੋਫੈਸਰ (Soil Science) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ।
ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ Fruit and Vegetable ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਬਾਗਾਂ, ਸਬਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ
ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਉਹਨਾਂ ਸਵਾਲਾਂ ਦੇ ਜਵਾਬ ਦਿੱਤੇ ਗਏ।

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਪਿੰਡ ਸੈਲਾ ਕਲਾਂ ਦੇ ਕਿਸਾਨਾਂ ਲਈ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਕਰਵਾਈ ਗਈ

ਪਿਛਲੇ ਸਾਲਾਂ ਦੀ ਤਰਾਂ PAU ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ KVK, ਬਾਹੋਵਾਲ, Bahowal ਹੁਸ਼ਿਆਰਪੁਰ ਵੱਲੋਂ ਕਿਸਾਨਾਂ ਲਈ ਪਰਾਲੀ ਪ੍ਰਬੰਧਨ Paddy Stubble Management ਸਬੰਧੀ ਜਿਲੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਵੱਖ-ਵੱਖ ਪਸਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸੇ ਲੜ੍ਹੀ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਗੜ੍ਹਸ਼ੰਕਰ ਬਲਾਕ ਦੇ ਪਰਾਲੀ ਪ੍ਰਬੰਧਨ ਸਬੰਧੀ ਅਪਣਾਏ ਪਿੰਡ ਸੈਲਾ ਕਲਾਂ ਦੇ ਕਿਸਾਨਾਂ ਲਈ ਝੋਨੇ ਦੀ ਪਰਾਲੀ ਪ੍ਰਬੰਧਨ ਬਾਬਤ ਸਿਖਲਾਈ ਮਿਤੀ 17 ਤੋਂ 22 ਅਗਸਤ, 2026 ਤੱਕ ਕਰਵਾਈ ਗਈ।

ਸਿਖਲਾਈ ਦੀ ਸ਼ੁਰੂਆਤ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਤੋਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਡਾ. ਅਜੈਬ ਸਿੰਘ ਨੇ ਪਹੁੰਚੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ।ਉਨ੍ਹਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ੳੁੱਤਮ ਕਾਰਜਕੁਸ਼ਲਤਾ ਸਬੰਧੀ ਪਹਿਲੂਆਂ ਬਾਰੇ ਵੀ ਜਾਣੂੰ ਕਰਵਾਇਆ।ਡਾ. ਅਜੈਬ ਨੇ ਇਸ ਗੱਲ ਤੇ ਵੀ ਜੋਰ ਦਿੱਤਾ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ਤੇ ਕਰਨ ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ।
ਪ੍ਰੋਗਰਾਮ ਸਹਾਇਕ (ਲੈਬਾਰਟਰੀ ਟੈਕਨੀਸ਼ੀਅਨ) ਸ਼੍ਰੀਮਤੀ ਸੁਨੀਤਾ ਰਾਣੀ ਨੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ, ਝੋਨੇ ਦੀ ਪਰਾਲੀ ਦੀ ਬਾਇੳੇੁ ਗੈਸ ਪਲਾਂਟ ਤੇ ਊਰਜਾ ਵਜੋਂ ਵਰਤੋਂ ਤੇ ਮਿੱਟੀ ਪਰਖ ਬਾਰੇ ਜਾਣਕਾਰੀ ਸਾਂਝੀ ਕੀਤੀ।
ਕਿਸਾਨਾਂ ਦੀ ਸਹੂਲਤ ਲਈ ਖੇਤੀ ਸਾਹਿੱਤ ਵੀ ਉਪਲਬਧ ਕਰਵਾਇਆ ਗਿਆ ਅਤੇ ਉਨ੍ਹਾਂ ਵੱਲੋਂ ਮਾਹਿਰਾਂ ਨਾਲ ਪਰਾਲੀ ਪ੍ਰਬੰਧਨ ਤੇ ਫਸਲਾਂ ਦੀ ਕਾਸ਼ਤ ਸਬੰਧੀ ਆਪਣੇ ਖਦਸ਼ਿਆਂ ਬਾਬਤ ਵਿਚਾਰ–ਚਰਚਾ ਵੀ ਕੀਤੀ।
ਅੰਤ ਵਿੱਚ ਪਿੰਡ ਦੇ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ ਵੱਲੋਂ ਮਾਹਿਰਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਚੰਡੀਗੜ੍ਹ,24 ਅਗਸਤ:

ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਦਿਸ਼ਾ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕੀਤਾ ।

ਉਨ੍ਹਾਂ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ, ਦਾ ਲਾਭ ਲੈ ਸਕਦੇ ਹਨ। ਇਹ ਸਹਾਇਤਾ ਕਿਸਾਨਾਂ ਨੂੰ ਮਸ਼ਰੂਮ ਦੀ ਖੇਤੀ ਸ਼ੁਰੂ ਕਰਨ ਅਤੇ ਆਪਣੀ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਉਤਪਾਦਨ ਲਈ ਘੱਟ ਜ਼ਮੀਨ ਦੀ ਲੋੜ ਹੋਣ ਕਰਕੇ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਆਮਦਨ ਦਾ ਇੱਕ ਵਧੀਆ ਸਾਧਨ ਹੈ।

ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਸਰਕਾਰੀ ਸਕੀਮਾਂ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵਧੇਰੇ ਲਾਭਕਾਰੀ ਖੇਤੀ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਕੇ ਫਸਲੀ ਵਿਭਿੰਨਤਾ ਰਾਹੀਂ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।

ਮੁਰਹਾ ਪੀਟੀ ਸਕੀਮ ਤਹਿਤ ਪਸ਼ੂ ਪਾਲਣ ਨੂੰ ਹੁਲਾਰਾ ਦੇਣ ਜ਼ਿਲ੍ਹਾ ਬਰਨਾਲਾ ਵਿੱਚ ਉਪਰਾਲੇ ਜਾਰੀ

*ਵਿਭਾਗ ਵਲੋਂ ਵਧੀਆ ਨਸਲ ਦੇ ਕੱਟੇ ਨਾਭਾ ਭੇਜੇ ਗਏ*

ਬਰਨਾਲਾ, 24 ਅਗਸਤ
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਕਰਮਜੀਤ ਸਿੰਘ ਦੀ ਅਗਵਾਈ ਅਤੇ ਡਾਕਟਰ ਭੁਪਿੰਦਰ ਸਿੰਘ ਕੋਆਰਡੀਨੇਟਰ ਮੁਰਹਾ ਪੀ ਟੀ ਪ੍ਰੋਜੈਕਟ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਾਕਟਰ ਸੁਖਹਰਮਨਦੀਪ ਸਿੰਘ ਸ਼ੇਰਗਿੱਲ ਜ਼ਿਲ੍ਹਾ ਕੋ-ਆਰਡੀਨੇਟਰ ਪੀ ਟੀ ਮੁਰਹਾ (RGM) ਸਕੀਮ ਬਰਨਾਲਾ ਦੀ ਦੇਖ-ਰੇਖ ਹੇਠ ਇਸ ਸਕੀਮ ਤਹਿਤ ਉਪਰਾਲੇ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਕੋ-ਆਰਡੀਨੇਟਰ ਪੀ ਟੀ ਮੁਰਹਾ (RGM) ਸਕੀਮ ਸੁਖਹਰਮਨਦੀਪ ਸਿੰਘ ਸ਼ੇਰਗਿੱਲ ਨੇ ਦਸਿਆ ਕਿ ਸੀ.ਵੀ.ਡੀ (ਸਿਵਲ ਵੈਟਰਨਰੀ ਡਿਸਪੈਂਸਰੀ) ਵਜੀਦਕੇ ਕਲਾਂ ਅਤੇ ਸੀ.ਵੀ.ਡੀ. ਭੈਣੀ ਮਹਿਰਾਜ ਵੱਲੋਂ ਉੱਤਮ ਕਿਸਮ ਦੀ ਮੱਝਾਂ (ਜੋ ਕਿ EBV ਪੋਜ਼ਟਿਵ ਹਨ) ਦੁਆਰਾ ਸਰਕਾਰੀ ਸੀਮਨ ਤੋਂ ਪੈਂਦਾ ਹੋਏ (GBV ਪੋਜ਼ਟਿਵ) DNA ਟੈਸਟ ਪਾਸ ਅਤੇ ਬਿਮਾਰੀ ਰਹਿਤ 3 ਕੱਟੇ- ਨਛੱਤਰ ਸਿੰਘ ਪੁੱਤਰ ਦਲੀਪ ਸਿੰਘ, ਰਜਵੰਤ ਸਿੰਘ ਪੁੱਤਰ ਚੰਦਾ ਸਿੰਘ ਵਾਸੀ ਵਜੀਦਕੇ ਕਲਾਂ ਕੇਵਲ ਸਿੰਘ ਪੁੱਤਰ ਸਰਬਣ ਸਿੰਘ ਵਾਸੀ ਭੈਣੀ ਮਹਿਰਾਜ ਤੋਂ ਖਰੀਦ ਕੇ ਸੀ.ਆਰ.ਐੱਸ ਸੀਮਨ ਸਟੇਸ਼ਨ ਨਾਭਾ ਭੇਜੇ ਗਏ ਅਤੇ ਬਣਦੀ ਵਾਜਬ ਰਕਮ ਦੇ ਕੇ ਪਸ਼ੂ ਪਾਲਕਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਓਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਪਸ਼ੂਆਂ ਦੀਆਂ ਵਧੀਆ ਨਸਲਾਂ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿ ਜ਼ਿਲ੍ਹੇ ਵਿੱਚ ਪਸ਼ੂ ਪਾਲਣ ਨੂੰ ਹੁਲਾਰਾ ਮਿਲ ਸਕੇ।
ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਵਿਸੇਸ਼ ਸਹਿਯੋਗ ਵੈਟਰਨਰੀ ਅਫ਼ਸਰ ਡਾ.ਅਸ਼ੋਕ ਕਾਂਸਲ, ਵੈਟਰਨਰੀ ਇੰਸਪੈਕਟਰ ਸ੍ਰੀ ਕੁਲਵਿੰਦਰ ਕੌਸ਼ਲ , ਵੈਟਰਨਰੀ ਇੰਸਪੈਕਟਰ ਸ੍ਰੀ ਅਜੈ ਕੁਮਾਰ ਵਲੋਂ ਦਿੱਤਾ ਗਿਆ।
ਇਸ ਮੌਕੇ ਪੀਟੀ ਦਫ਼ਤਰ ਬਰਨਾਲਾ ਵੱਲੋਂ ਸੁਪਰਵਾਇਜ਼ਰ ਗੁਰਤੇਜ ਸਿੰਘ, ਰਮਨਪ੍ਰੀਤ ਸਿੰਘ ਮਿਲਕ ਰਿਕਾਰਡਰ, ਅਵਤਾਰ ਸਿੰਘ, ਪ੍ਰੇਮ ਹਾਜ਼ਰ ਸਨ।

Sunday, August 23, 2026

ਕੇ.ਵੀ.ਕੇ. ਵਿਖੇ ਪੰਜ ਰੋਜ਼ਾ ਸਿਖਲਾਈ ਕੋਰਸ ਸੰਪੰਨ

ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਸੰਭਾਲਣ ਸਬੰਧੀ ਦਿੱਤੀ ਗਈ ਵਿਸਥਾਰ ਪੂਰਵਕ ਜਾਣਕਾਰੀ

*ਖਾਦਾਂ ਦੀ ਸੰਤੁਲਿਤ ਅਤੇ ਸਿਫ਼ਾਰਸ਼ੀ ਮਾਤਰਾ ਵਿੱਚ ਵਰਤੋਂ ਕਰਨ ਦੀ ਅਪੀਲ*
ਬਠਿੰਡਾ, 24 ਅਗਸਤ :
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਬਠਿੰਡਾ ਵੱਲੋਂ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿਖਲਾਈ) ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ। । ਇਸ ਦੌਰਾਨ ਪਿੰਡ ਜੈ ਸਿੰਘ ਵਾਲਾ ਦੇ ਕਿਸਾਨਾਂ ਨੇ ਮਾਹਿਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਕਾਸ਼ਤ ਸਬੰਧੀ ਆਪਣੀਆਂ ਸਮੱਸਿਆਵਾਂ ਦੇ ਤਸੱਲੀਬਖ਼ਸ਼ ਹੱਲ ਵੀ ਜਾਣੇ।
ਸਿਖਲਾਈ ਪ੍ਰੋਗਰਾਮ ਦੀ ਸੁਰੂਆਤ ਕਰਦਿਆਂ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ) ਨੇ ਸਿਖਲਾਈ ਦੇ ਅਖੀਰਲੇ ਦਿਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਸੰਭਾਲਣ ਅਤੇ ਇਸ ਉਪਰੰਤ ਕਣਕ ਦੀ ਸਿੱਧੀ ਬਿਜਾਈ ਕਰਨ ਦੀਆਂ ਆਧੁਨਿਕ ਤੇ ਵਿਗਿਆਨਕ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲ ਜਿਵੇਂ ਕਿ ਪਰਾਲੀ ਪ੍ਰਬੰਧਨ ਦੇ ਖੇਤਾਂ ਵਿੱਚ ਬੀਜੀ ਗਈ ਕਣਕ ਦੀ ਫਸਲ ਵਿੱਚ ਤਣੇਂ ਦੀ ਗੁਲਾਬੀ ਸੁੰਡੀ ਅਤੇ ਚੂਹਿਆਂ ਦੇ ਰੋਕਥਾਮ ਸਬੰਧੀ ਤਸ਼ੱਲ਼ੀਬਖਸ਼ ਜਵਾਬ ਦਿੱਤੇ ਗਏ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਲਈ ਚੁਣੇ ਗਏ ਪਿੰਡਾਂ ਵਿੱਚ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸੁਪਰ ਐੱਸ.ਐੱਮ.ਐੱਸ., ਮਲਚਰ ਅਤੇ ਉਲਟਾਵੇਂ ਹਲ ਆਦਿ ਆਧੁਨਿਕ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ ਤਾਂ ਜੋ ਕਿਸਾਨ ਵੀਰ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਅਗਲੀ ਫ਼ਸਲ ਦੀ ਬਿਜਾਈ ਕਰ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਨੂੰ ਅਪਣਾ ਕੇ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕਦਾ ਹੈ।
ਇਸ ਸਿਖਲਾਈ ਦੌਰਾਨ ਡਾ. ਮਨਪ੍ਰੀਤ ਸਿੰਘ ਬਰਾੜ, ਵੈਟਨਰੀ ਅਫ਼ਸਰ, ਪਸ਼ੂ ਪਾਲਣ ਵਿਭਾਗ, ਬਠਿੰਡਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਵਿੱਚ ਮੌਜੂਦ ਖੁਰਾਕੀ ਤੱਤਾਂ ਅਤੇ ਇਸ ਦੀ ਪਸ਼ੂਆਂ ਲਈ ਚਾਰੇ ਵਜੋਂ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਅਤੇ ਪਸ਼ੂ ਪਾਲਣ ਵਿੱਚ ਇਸ ਦੀ ਸੁਚੱਜੀ ਵਰਤੋਂ ਸਬੰਧੀ ਵਿਗਿਆਨਕ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਨਾਲ ਮਿੱਟੀ ਦੀ ਸਿਹਤ ਨੂੰ ਹੋਣ ਵਾਲੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਜੈਵਿਕ ਕਾਰਬਨ ਵਿੱਚ ਵਾਧਾ ਹੁੰਦਾ ਹੈ, ਮਿੱਟੀ ਦੀ ਪਾਣੀ ਸੰਭਾਲਣ ਦੀ ਸਮਰੱਥਾ ਵਿੱਚ ਸੁਧਾਰ ਆਉਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸਿਫ਼ਾਰਸ਼ੀ ਮਾਤਰਾ ਵਿੱਚ ਵਰਤੋਂ ਕਰਨ ਅਤੇ ਕਣਕ ਦੀ ਫ਼ਸਲ ਲਈ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ।
ਮਾਹਿਰਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣਾ ਇਸ ਸਮੱਸਿਆ ਦਾ ਹੱਲ ਨਹੀਂ, ਸਗੋਂ ਮਿੱਟੀ ਅਤੇ ਵਾਤਾਵਰਣ ਲਈ ਨੁਕਸਾਨਦਾਇਕ ਹੈ। ਆਧੁਨਿਕ ਮਸ਼ੀਨਰੀ ਰਾਹੀਂ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਇਸ ਨੂੰ ਮਿੱਟੀ ਲਈ ਲਾਹੇਵੰਦ ਬਣਾਇਆ ਜਾ ਸਕਦਾ ਹੈ।

ਬੱਕਰੀ ਪਾਲਣ ਛੋਟੇ ਤੇ ਸੀਮਾਂਤ ਕਿਸਾਨਾਂ ਲਈ ਆਮਦਨ ਵਧਾਉਣ ਦਾ ਵਧੀਆ ਸਾਧਨ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੱਕਰੀ ਪਾਲਣ ਸਬੰਧੀ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਫ਼ਤਹਿਗੜ੍ਹ ਸਾਹਿਬ, 23 ਅਗਸਤ

ਬੱਕਰੀ ਪਾਲਣ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਬਿਨਾਂ ਜ਼ਿਆਦਾ ਜ਼ਮੀਨ ਦੀ ਲੋੜ ਤੋਂ ਆਪਣੀ ਆਮਦਨ ਵਿੱਚ ਵਾਧਾ ਕਰਨ ਦਾ ਇੱਕ ਵਧੀਆ ਸਾਧਨ ਬਣ ਸਕਦਾ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਡਾ.ਜਗਦੇਵ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਆਤਮਾ ਸਕੀਮ ਅਧੀਨ “ਬੱਕਰੀ ਪਾਲਣ” ਬਾਰੇ ਕਰਵਾਏ ਪੰਜ-ਦਿਨਾਂ ਦਾ ਕਿੱਤਾਮੁਖੀ ਸਿਖਲਾਈ ਸਿਖਲਾਈ ਕੋਰਸ ਦੌਰਾਨ ਕੀਤਾ। 

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਖੇਤੀਬਾੜੀ ਦੇ ਨਾਲ ਸਹਾਇਕ ਕਿੱਤਿਆਂ ਨੂੰ ਅਪਣਾਉਣ ਨਾਲ ਕਿਸਾਨ ਆਪਣੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰ ਸਕਦੇ ਹਨ ਅਤੇ ਬੱਕਰੀ ਪਾਲਣ ਇੱਕ ਘੱਟ-ਜੋਖਮ, ਉੱਚ-ਮੰਗ ਵਾਲਾ ਅਤੇ ਵਿਸਥਾਰਯੋਗ ਕਿੱਤਾ ਹੈ। 

ਇਸ ਤੋਂ ਪਹਿਲਾਂ ਡਾ. ਜੀ.ਪੀ.ਐਸ ਸੇਠੀ ਸਹਾਇਕ ਪ੍ਰੋਫੈਸਰ, ਪਸ਼ੂ ਵਿਗਿਆਨ, ਕੇ.ਵੀ.ਕੇ ਨੇ ਬੱਕਰੀ ਪਾਲਣ ਦੀ ਖੇਤੀਬਾੜੀ ਸਹਾਇਕ ਧੰਦੇ ਵਜੋਂ ਸੰਭਾਵਨਾ 'ਤੇ ਚਾਨਣਾ ਪਾਇਆ ਅਤੇ ਸਿਖਿਆਰਥੀਆਂ ਨੂੰ ਆਮਦਨ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਇਸ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਬੱਕਰੀ ਪਾਲਣ ਦਾ ਪਿਛੋਕੜ ਅਤੇ ਸੁਧਰੀਆਂ ਨਸਲਾਂ, ਜਾਨਵਰਾਂ ਦੀ ਚੋਣ, ਨਵਜੰਮੇ ਬੱਕਰਿਆਂ ਅਤੇ ਦੁੱਧ ਦੇਣ ਵਾਲੀਆਂ ਬੱਕਰੀਆਂ ਦੀ ਦੇਖਭਾਲ ਅਤੇ ਪ੍ਰਬੰਧਨ, ਰਿਹਾਇਸ਼, ਪਾਣੀ ਪ੍ਰਬੰਧਨ, ਅੰਦਰੂਨੀ ਅਤੇ ਬਾਹਰੀ ਪਰਜੀਵੀਆਂ ਦਾ ਕੰਟਰੋਲ, ਅਤੇ ਰਿਕਾਰਡ ਰੱਖਣ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਹਰਮਨਜੀਤ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਦਿੱਤੀ ਜਾਂਦੀ ਵਿੱਤੀ ਸਹਾਇਤਾ ਬਾਰੇ ਦੱਸਿਆ। 

ਇਸ ਮੌਕੇ ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ, ਡਾ. ਅਰਵਿੰਦਰਪਰੀਤ ਕੌਰ, ਸਹਾਇਕ ਪ੍ਰੋਫੈਸਰ ਬਾਗਬਾਨੀ, ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ ਕੀਟ ਵਿਗਿਆਨ, ਡਾ. ਮਨੀਸ਼ਾ ਭਾਟੀਆ, ਸਹਾਇਕ ਪ੍ਰੋਫੈਸਰ ਗ੍ਰਹਿ ਵਿਗਿਆਨ ਕੇ.ਵੀ.ਕੇ ਅਤੇ ਡਾ. ਜਤਿੰਦਰ ਸਿੰਘ, ਡੀ.ਪੀ.ਡੀ ਆਤਮਾ ਹਾਜ਼ਰ ਸਨ।

Saturday, August 22, 2026

ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਖਾਲਾਂ ਦਾ ਉਦਘਾਟਨ

*ਸੂਬਾ ਸਰਕਾਰ ਨੇ ਕਿਸਾਨਾਂ ਦੇ ਹਰ ਖੇਤ ਵਿੱਚ ਪਹੁੰਚਾਇਆ ਨਹਿਰੀ ਪਾਣੀ*

*17 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ ਲੋਕ ਅਰਪਿਤ*

ਬਾਘਾ/ਜੀਵਨ ਸਿੰਘ ਵਾਲਾ (ਬਠਿੰਡਾ), 23 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਿਸਾਨਾਂ ਹਰ ਖੇਤ ਨੂੰ ਪਾਣੀ ਨਹਿਰੀ ਪਾਣੀ ਪਹੁੰਚਾਇਆ ਹੈ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਲਈ ਟਿਊਬਵੈਲ ਦੀ ਵਰਤੋਂ ਨਾ ਕਰਦਿਆਂ ਸਿਰਫ਼ ਨਹਿਰੀ ਪਾਣੀ ਹੀ ਵਰਤਿਆ ਜਾ ਸਕੇ। ਮਾਲਵਾ ਖੇਤਰ ਦੇ ਤਲਵੰਡੀ ਸਾਬੋ ਹਲਕੇ ਦੇ ਟੇਲ ਏਂਡ ਪਿੰਡਾਂ ਚ ਵੀ ਨਹਿਰੀ ਪਾਣੀ ਸਿੰਜਾਈ ਲਈ ਖੇਤਾਂ ਤੱਕ ਪੁੱਜ ਗਿਆ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਹੇਠ ਪੈਂਦੇ ਪਿੰਡ ਬਾਘਾ ਅਤੇ ਜੀਵਨ ਸਿੰਘ ਵਾਲਾ ਵਿਖੇ ਨਹਿਰੀ ਪਾਣੀ ਦੇ ਪ੍ਰੋਜੈਕਟਾਂ ਦਾ ਉਦਘਟਾਨ ਮੌਕੇ ਕੀਤਾ।

ਪਿੰਡ ਬਾਘਾ ਵਿਖੇ ਉਨ੍ਹਾਂ ਬੰਗੀ ਰਜਬਾਹਾ ਅਤੇ ਹੋਰ ਮੋਘਿਆਂ ਦੇ 10.78 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਗਏ ਨਹਿਰੀ ਖਾਲਾਂ ਜਿਸ ਨਾਲ ਕਿਸਾਨਾਂ ਦੀ 3500 ਏਕੜ ਜ਼ਮੀਨ ਨੂੰ ਪਾਣੀ ਮਿਲੇਗਾ ਦਾ ਉਦਘਾਟਨ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਤੇ ਪਾਰਟੀ ਚੀਫ ਵਿੱਪ ਕੈਬਿਨੇਟ ਰੈਂਕ ਪ੍ਰੋ: ਬਲਜਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਕੈਬਿਨੇਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਜੀਵਨ ਸਿੰਘ ਵਾਲਾ ਵਿਖੇ 13 ਕਿਲੋਮੀਟਰ ਲੰਬਾਈ ਵਾਲੇ ਖਾਲ ਅਤੇ ਲਾਈਨਿੰਗ - ਜਿਸ ਉਪਰ 6.50 ਕਰੋੜ ਰੁਪਏ ਖਰਚਾ ਆਇਆ ਹੈ - ਦਾ ਉਦਘਾਟਨ ਕਰਨ ਮੌਕੇ ਕਿਸਾਨਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮਿਆਂ ਦੌਰਾਨ ਕਿਸਾਨਾਂ ਨੂੰ ਟਿਊਬਵੈਲਾਂ ਲਈ ਪੂਰੀ ਬਿਜਲੀ ਨਹੀਂ ਸੀ ਮਿਲਦੀ ਅਤੇ ਕਿਸਾਨ ਦਿਨ ਰਾਤ ਆਪਣੇ ਖੇਤਾਂ ਵਿਚ ਹੀ ਬਿਜਲੀ ਦਾ ਇੰਤਜਾਰ ਕਰਦੇ ਰਹਿੰਦੇ ਸਨ, ਪਰ ਹੁਣ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੋਟਰਾਂ ਲਈ ਦਿਨ ਸਮੇਂ ਪੂਰੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨ ਰਾਤ ਸਮੇਂ ਆਪਣੇ ਘਰਾਂ ਵਿੱਚ ਆਰਾਮ ਦੀ ਨੀਂਦ ਸੌਂ ਸਕਣ।

ਸ੍ਰੀ ਗੋਇਲ ਨੇ ਪਿਛਲੇ 40 ਸਾਲਾਂ ਤੋਂ ਟੇਲਾਂ ਵਾਲੇ ਪਿੰਡਾਂ 'ਚ ਖੇਤੀ ਲਈ ਪਾਣੀ ਦੀ ਘਾਟ ਨਾਲ ਕਿਸਾਨ ਜੂਝ ਰਹੇ ਸਨ, ਜਿੰਨ੍ਹਾਂ ਦਾ ਸੁਪਨਾ ਹੁਣ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਹੁਣ 82 ਫੀਸਦੀ ਤੱਕ ਪ੍ਰਯੋਗ ਕੀਤਾ ਜਾ ਰਿਹਾ ਹੈ ਅਤੇ ਬਾਕੀ ਰਹਿੰਦਾ 18 ਫੀਸਦੀ ਵੀ ਜਲਦ ਇਸਤੇਮਾਲ ਯੋਗ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨਾਲ ਜ਼ਮੀਨ ਦੀ ਸਿਹਤ ਵੀ ਬਿਹਤਰ ਹੋਵੇਗੀ, ਫ਼ਸਲਾਂ ਦੀ ਪੈਦਾਵਾਰ ਵੀ ਵਧੇਗੀ ਅਤੇ ਟਿਊਬਵੈਲਾਂ ਰਾਹੀਂ ਵੀ ਧਰਤੀ ਦੇ ਹੇਠਾਂ ਤੋਂ ਪਾਣੀ ਘੱਟ ਕੱਢਿਆ ਜਾਵੇਗਾ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਤਾਂ ਹੋਵੇਗੀ ਹੀ ਨਾਲ-ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉਪਰ ਆਵੇਗਾ, ਜੋ ਕਿ ਕਿਸਾਨੀ ਲਈ ਬਹੁਤ ਜ਼ਰੂਰੀ ਹੈ।

ਇਸ ਮੌਕੇ ਕੈਬਿਨਟ ਮੰਤਰੀ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਹਿਰਾਂ/ਖਾਲਿਆਂ ਦੀ ਸਫ਼ਾਈ ਅਤੇ ਰੱਖ-ਰਖਾਅ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਕੱਚੇ ਬਣੇ ਖਾਲਾਂ ਨਾਲ ਜਿੱਥੇ ਪਾਣੀ ਦੀ ਬਰਬਾਦੀ ਹੁੰਦੀ ਸੀ, ਉਥੇ ਹੀ ਕੱਚੇ ਖਾਲ ਜਲਦੀ ਟੁੱਟ ਜਾਂਦੇ ਸਨ। ਪਾਣੀ ਦੀ ਬਰਬਾਦੀ ਰੋਕਣ ਲਈ ਵੀ ਨਵੇਂ ਬਣਾਏ ਗਏ ਪੱਕੇ ਖਾਲ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਹਿਰੀ ਪਾਣੀ ਦਾ ਸੂਝਵਾਨ ਢੰਗ ਨਾਲ ਇਸਤੇਮਾਲ ਕਰਨ ਅਤੇ ਪਾਣੀ ਦੀ ਇੱਕ-ਇੱਕ ਬੂੰਦ ਦੀ ਕਦਰ ਕਰਨੀ ਬਹੁਤ ਜ਼ਰੂਰੀ ਹੈ।

ਇਸ ਮੌਕੇ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਤੇ ਪਾਰਟੀ ਚੀਫ ਵਿੱਪ ਕੈਬਨਿਟ ਰੈਂਕ ਪ੍ਰੋ: ਬਲਜਿੰਦਰ ਕੌਰ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਅਜਿਹੀ ਪਹਿਲੀ ਸਰਕਾਰ ਹੈ, ਜਿਸ ਨੇ ਕਿਸਾਨਾਂ ਦੀਆਂ ਦੁੱਖ ਤਕਲੀਫ਼ਾਂ ਸੁਣਦਿਆਂ ਮਸਲੇ ਹੱਲ ਕੀਤੇ ਹਨ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਟੇਲਾਂ ਤੇ ਪਾਣੀ ਪਹੁੰਚਾਉਣ ਦਾ ਕੰਮ ਕੀਤਾ ਹੈ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ੍ਰੀਮਤੀ ਵੀਰਪਾਲ ਕੌਰ ਤੋਂ ਇਲਾਵਾ ਪਿੰਡ ਬਾਘਾ ਅਤੇ ਜੀਵਨ ਸਿੰਘ ਵਾਲਾ ਦੀਆਂ ਪੰਚਾਇਤਾਂ, ਵੱਖ-ਵੱਖ ਅਹੁਦੇਦਾਰ, ਪਿੰਡ ਵਾਸੀ ਅਤੇ ਹੋਰ ਮੋਹਤਬਰ ਆਦਿ ਹਾਜ਼ਰ ਸਨ।

Friday, August 21, 2026

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾ ਵਿੱਚ ਕੀਤੀ ਜਾ ਸਕਦੀ ਹੈ ਇਸ ਦੀ ਸੰਭਾਲ

*ਪਰਾਲੀ ਪ੍ਰਬੰਧਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਸੰਪੰਨ*

*ਕਿਸਾਨਾਂ ਨੇ ਖੇਤੀ ਮਾਹਿਰਾਂ ਨਾਲ ਕੀਤਾ ਸਿੱਧਾ ਸੰਵਾਦ*
ਬਠਿੰਡਾ, 22 ਅਗਸਤ :
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK), ਬਠਿੰਡਾ ਵੱਲੋਂ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿਖਲਾਈ) ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਸਬੰਧੀ ਕਰਵਾਇਆ ਗਿਆ ਪੰਜ ਰੋਜ਼ਾ ਸਿਖਲਾਈ ਕੋਰਸ ਸਫਲਤਾਪੂਰਵਕ ਸਮਾਪਤ ਹੋ ਗਿਆ।
ਇਸ ਪੰਜ ਰੋਜ਼ਾ ਸਿਖਲਾਈ ਦੇ ਅਖੀਰਲੇ ਦਿਨ ਪਿੰਡ ਭੂੰਦੜ ਦੇ 25 ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਸੰਭਾਲਣ ਅਤੇ ਇਸ ਉਪਰੰਤ ਕਣਕ ਦੀ ਸਿੱਧੀ ਬਿਜਾਈ ਕਰਨ ਦੀਆਂ ਆਧੁਨਿਕ ਤੇ ਵਿਗਿਆਨਕ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੇ ਮਾਹਿਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਕਾਸ਼ਤ ਸਬੰਧੀ ਆਪਣੀਆਂ ਸਮੱਸਿਆਵਾਂ ਦੇ ਤਸੱਲੀਬਖ਼ਸ਼ ਹੱਲਾਂ ਬਾਰੇ ਵੀ ਗੱਲਬਾਤ ਕੀਤੀ।
ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਕਿਹਾ ਕਿ ਪਰਾਲੀ ਪ੍ਰਬੰਧਨ Paddy Stubble Management ਸਿਰਫ਼ ਵਾਤਾਵਰਣ ਦੀ ਸੰਭਾਲ Environment Protection ਦਾ ਮੁੱਦਾ ਨਹੀਂ, ਸਗੋਂ ਮਿੱਟੀ ਦੀ ਸਿਹਤ, ਫ਼ਸਲ ਦੀ ਉਤਪਾਦਕਤਾ ਅਤੇ ਕਿਸਾਨ ਦੀ ਆਮਦਨ ਨਾਲ ਵੀ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਕਨੀਕਾਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਆਪਣੇ ਪਿੰਡ ਦੇ ਹੋਰ ਕਿਸਾਨਾਂ ਨੂੰ ਵੀ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ।
ਡਾ. ਨਵਨੀਤ ਕੌਰ, ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨ), ਫਾਰਮ ਸਲਾਹਕਾਰ ਸੇਵਾ ਕੇਂਦਰ, ਬਠਿੰਡਾ Bathinda ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਕਾਸ਼ਤ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਵਿਗਿਆਨਕ ਹੱਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਹੀ ਸਮੇਂ ’ਤੇ ਸਹੀ ਮਸ਼ੀਨਰੀ ਅਤੇ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਵਾਲੇ ਖੇਤਾਂ ਵਿੱਚ ਵੀ ਕਣਕ ਦੀ ਸਫਲ ਕਾਸ਼ਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸੁਚੇਤ ਕਰਦਿਆਂ ਕਿਹਾ ਕਿ ਝੋਨੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ, ਤਾਂ ਜੋ ਪਰਾਲੀ ਨੂੰ ਖੇਤ ਵਿੱਚ ਵਾਹੁਣ ਤੋਂ ਬਾਅਦ ਅਗਲੀ ਕਣਕ ਦੀ ਫ਼ਸਲ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ) ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ PAU ਸਟਰਾਅ ਕਟਰ-ਕਮ-ਸਪ੍ਰੈਡਰ ਰਾਹੀਂ ਪਰਾਲੀ ਨੂੰ ਇਕਸਾਰ ਖਿਲਾਰ ਕੇ ਹੈਪੀ ਸੀਡਰ ਨਾਲ ਬਿਨਾਂ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਤਕਨੀਕ ਨਾਲ ਪਰਾਲੀ ਖੇਤ ਵਿੱਚ ਮਲਚ ਦਾ ਕੰਮ ਕਰਦੀ ਹੈ ਅਤੇ ਮਿੱਟੀ ਵਿੱਚ ਨਮੀ ਦੀ ਸੰਭਾਲ ਵਿੱਚ ਵੀ ਸਹਾਇਤਾ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪੀ.ਏ.ਯੂ ਦੀਆਂ ਸਿਫਾਰਸ਼ਾਂ ਅਨੁਸਾਰ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਮਿੱਟੀ ਦੀ ਸਿਹਤ ’ਤੇ ਪੈਣ ਵਾਲੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਜੈਵਿਕ ਕਾਰਬਨ Organic Carbon ਵਿੱਚ ਵਾਧਾ ਹੁੰਦਾ ਹੈ, ਮਿੱਟੀ ਦੀ ਪਾਣੀ ਸੰਭਾਲਣ ਦੀ ਸਮਰੱਥਾ ਵਿੱਚ ਸੁਧਾਰ ਆਉਂਦਾ ਹੈ ਅਤੇ ਲਾਭਦਾਇਕ ਸੂਖਮ ਜੀਵਾਂ ਦੀ ਗਤੀਵਿਧੀ ਨੂੰ ਉਤਸ਼ਾਹ ਮਿਲਦਾ ਹੈ।
ਸਿਖਲਾਈ ਦੌਰਾਨ ਕਿਸਾਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਸੰਭਾਲਣ ਨਾਲ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਿਆ ਜਾ ਸਕਦਾ ਹੈ।
ਮਾਹਿਰਾਂ ਨੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ ਅਤੇ ਹੋਰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸਹੀ ਚੋਣ ਅਤੇ ਵਰਤੋਂ ਲਈ ਵੀ ਪ੍ਰੇਰਿਤ ਕੀਤਾ।

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ

ਚੰਡੀਗੜ੍ਹ, 21 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਸ੍ਰੀ ਭਗਤ ਨੇ ਸੂਬੇ ਦੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰ ਮਾਲਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਮੰਤਰੀ ਸ੍ਰੀ ਭਗਤ ਨੇ ਬਾਗਬਾਨੀ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

14.57 ਕਰੋੜ ਦੀ ਲਾਗਤ ਨਾਲ 35 ਮੋਘਿਆਂ ਦਾ ਹੋਇਆ ਨਵੀਨੀਕਰਨ

*16 ਪਿੰਡਾਂ ਦੇ ਕਿਸਾਨਾਂ ਨੂੰ ਹੋਵੇਗਾ ਫਾਇਦਾ*

ਜੀਦਾ (ਬਠਿੰਡਾ) 21 ਅਗਸਤ :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਦਿਆਂ ਸੂਬੇ ਨੂੰ ਤਰੱਕੀ ਵੱਲ ਲਿਜਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਜੀਦਾ ਵਿਖੇ ਨਵੇਂ ਨਹਿਰੀ ਪਾਣੀ ਦੇ ਖਾਲਾਂ ਦਾ ਉਦਘਾਟਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅੱਜ ਦੇ ਇਸ ਉਦਘਾਟਨ ਵਾਲੇ ਖਾਲਾਂ ਦੇ ਨਵੀਨੀਕਰਨ ‘ਤੇ 14.57 ਕਰੋੜ ਰੁਪਏ ਖਰਚਾ ਆਇਆ ਹੈ, ਇਸ ਨਾਲ 16 ਪਿੰਡਾਂ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਨ੍ਹਾਂ ਖਾਲਾਂ ਦੇ ਨਵੀਨੀਕਰਨ ਨਾਲ ਨਹਿਰੀ ਸਿੰਚਾਈ ਲਈ 5453 ਏਕੜ ਵਧ ਕੇ 7163 ਏਕੜ ਹੋ ਜਾਵੇਗਾ। ਜਦਕਿ ਪਹਿਲਾਂ ਇਨ੍ਹਾਂ ਖਾਲਾਂ ਦੇ ਪਾਣੀ ਨਾਲ 1710 ਏਕੜ ਰਕਬੇ ਵਿੱਚ ਸਿੰਚਾਈ ਹੁੰਦੀ ਸੀ। ਨਿਉਰ ਮਾਈਨਰ ਤਹਿਤ ਪਿੰਡ ਜੀਦਾ ਦੇ 1.29 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਖਾਲਾਂ ਦੀ ਲੰਬਾਈ 5.30 ਕਿਲੋਮੀਟਰ ਹੈ ਅਤੇ ਇਨ੍ਹਾਂ ਖਾਲਾਂ ਨਾਲ ਜੀਦਾ ਦੇ ਕਿਸਾਨਾਂ ਦੇ 500 ਏਕੜ ਰਕਬੇ ਨੂੰ ਹੁਣ ਨਹਿਰੀ ਪਾਣੀ ਪੁੱਜੇਗਾ।
ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਨਹਿਰਾਂ ਅਤੇ ਖਾਲਾਂ ਦੇ ਨਵੀਨੀਕਰਨ, ਵਿਸਥਾਰ ਅਤੇ ਨਵੀਆਂ ਨਹਿਰਾਂ-ਖਾਲਾਂ ਦੀ ਉਸਾਰੀ ਨਾਲ ਸਿੰਚਾਈ ਲਈ ਪਾਣੀ ਦੀ ਵਧੇਰੇ ਕੁਸ਼ਲ ਵਰਤੋਂ ਯਕੀਨੀ ਬਣੇਗੀ। ਇਸ ਨਾਲ ਪਾਣੀ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਦੀ ਟਿਊਬਵੈੱਲਾਂ ’ਤੇ ਨਿਰਭਰਤਾ ਘਟੇਗੀ, ਬਿਜਲੀ ਦੀ ਖਪਤ ਵਿੱਚ ਕਮੀ ਆਵੇਗੀ ਅਤੇ ਸਿੰਚਾਈ ’ਤੇ ਹੋਣ ਵਾਲਾ ਖਰਚਾ ਵੀ ਘਟੇਗਾ। ਇਸ ਦੇ ਨਤੀਜੇ ਵਜੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਦੇ ਸਰਕਾਰ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਹਿੱਸੇ ਵਿੱਚ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਿੰਚਾਈ ਨਾਲ ਸਬੰਧਤ ਅਜਿਹੇ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਸਕਣ। ਇਸ ਨਾਲ ਨਾ ਸਿਰਫ਼ ਖੇਤੀਬਾੜੀ ਦੀ ਉਤਪਾਦਕਤਾ ਵਿੱਚ ਸੁਧਾਰ ਹੋਵੇਗਾ, ਸਗੋਂ ਪਾਣੀ ਅਤੇ ਊਰਜਾ ਵਰਗੇ ਕੀਮਤੀ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਵੀ ਹੁਲਾਰਾ ਮਿਲੇਗਾ।


ਸੀ.ਆਰ.ਐਮ. ਸਕੀਮ ਦੌਰਾਨ ਮਸ਼ੀਨਰੀ ਦੇ ਕੱਢੇ ਗਏ ਡਰਾਅ

ਬਠਿੰਡਾ, 21 ਅਗਸਤ :

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਮੌਜੂਦਗੀ ਵਿੱਚ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਿਸਾਨ ਅਤੇ ਸਹਿਕਾਰੀ ਸਭਾਵਾਂ ਤੋਂ ਆਨਲਾਈਨ ਪੋਰਟਲ ਰਾਹੀਂ ਪ੍ਰਾਪਤ ਅਰਜੀਆਂ 'ਚੋਂ ਸਫ਼ਲ ਅਰਜ਼ੀਆਂ ਦੀ ਚੋਣ ਕੀਤੀ ਗਈ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੀ.ਆਰ.ਐਮ. ਸਕੀਮ CRM Scheme ਤਹਿਤ ਪਰਾਲੀ ਦੇ ਪ੍ਰਬੰਧਨ Paddy Stubble Management ਲਈ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾ ਸਕਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਕਿਸੇ ਵੀ ਸੂਰਤ ਵਿੱਚ ਅੱਗ ਨਾ ਲਗਾਉਣ। ਓਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਓਥੇ ਹੀ ਮਨੁੱਖੀ ਸਿਹਤ ਤੇ ਮਾੜਾ ਅਸਰ ਵੀ ਪੈਂਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਲਾਹੇਵੰਦ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ ਜੋ ਕਿ ਫ਼ਸਲਾਂ ਲਈ ਬਹੁਤ ਫਾਇਦੇਵੰਦ ਹੋਣੇ ਜ਼ਰੂਰੀ ਹੁੰਦੇ ਹਨ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਰ.ਐਮ. (ਕਰਾਪ ਰੈਜ਼ਡੀਊ ਮਨੇਜਮੈਂਟ) ਸਕੀਮ 2026-27 ਅਧੀਨ 22 ਜੁਲਾਈ 2026 ਤੋਂ 3 ਅਗਸਤ 2026 ਤੱਕ ਨਿੱਜੀ ਕਿਸਾਨ ਸਹਿਕਾਰੀ ਸਭਾਵਾਂ ਤੋਂ ਕੀਤੀ ਗਈ ਆਨਲਾਈਨ ਪੋਰਟਲ ਰਾਹੀਂ ਅਰਜੀਆਂ ਦੀ ਮੰਗ ਸਬੰਧੀ ਹੀ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਅਤੇ ਕਿਸਾਨਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਉਪਰੋਕਤ ਸਕੀਮ ਅਧੀਨ ਮਸ਼ੀਨਰੀ ਦੀਆਂ ਪ੍ਰਾਪਤ ਅਰਜ਼ੀਆਂ ਵਿੱਚੋ ਸਫਲ ਲਾਭਪਾਤਰੀਆਂ ਦੀ ਚੋਣ ਕੀਤੀ ਗਈ ਹੈ।

ਓਹਨਾਂ ਦੱਸਿਆ ਕਿ ਚੁਣੇ ਗਏ ਬਿਨੈਕਾਰਾਂ ਨੂੰ ਸਬੰਧਿਤ ਬਲਾਕ ਖੇਤੀਬਾੜੀ ਦਫਤਰ ਵੱਲੋਂ ਦਸਤਾਵੇਜ਼ ਪੜਤਾਲ ਕਰਨ ਉਪਰੰਤ ਮਸ਼ੀਨਰੀ ਖਰੀਦਣ ਲਈ ਆਨਲਾਈਨ ਸੈਕਸ਼ਨ ਪੱਤਰ ਜਾਰੀ ਕੀਤੇ ਜਾਣਗੇ।