Thursday, August 6, 2026

ਤੇਲ ਬੀਜ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟ ਲਗਾਉਣ ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ

ਆਇਲ ਐਕਸਟਰੈਕਸ਼ਨ ਯੂਨਿਟ ਸਥਾਪਨਾ 'ਤੇ ਸਬਸਿਡੀ ਲੈਣ ਲਈ 12 ਅਗਸਤ ਤੱਕ ਮੰਗੀਆਂ ਅਰਜ਼ੀਆਂ

ਫਤਹਿਗੜ੍ਹ ਸਾਹਿਬ, 06 ਅਗਸਤ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ-ਆਇਲਸੀਡਜ਼ ਤਹਿਤ ਤੇਲ ਬੀਜ ਫਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸਨ ਯੂਨਿਟ ਸਥਾਪਤ ਕਰਨ ਲਈ 33 ਫੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫਸਰ ਸ੍ਰੀ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਯੋਗ ਬਿਨੈਕਾਰਾਂ ਤੋਂ 12 ਅਗਸਤ 2026 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਸਿਰਫ ਆਇਲ ਐਕਸਟਰੈਕਸ਼ਨ ਯੂਨਿਟ ਲਈ ਖਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਉਪਕਰਨਾਂ ਦੀ ਲਾਗਤ ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਯੋਗ ਕਿਸਾਨ, ਫਾਰਮ ਪ੍ਰੋਡਿਊਸਰ ਆਰਗੇਨਾਈਜੇਸ਼ਨਜ਼, ਸਹਿਕਾਰੀ ਸਭਾਵਾਂ, ਨਿੱਜੀ ਅਤੇ ਹੋਰ ਯੋਗ ਸੰਸਥਾਵਾਂ ਜਾਂ ਉਦਮੀ, ਜੋ ਸਕੀਮ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਹਨ, ਇਸ ਸਕੀਮ ਲਈ ਅਰਜ਼ੀ ਦੇ ਸਕਦੇ ਹਨ।
ਸ੍ਰੀ ਜਗਦੇਵ ਸਿੰਘ ਨੇ ਦੱਸਿਆ ਕਿ ਚਾਹਵਾਨ ਬਿਨੈਕਾਰ ਆਪਣੀਆਂ ਅਰਜ਼ੀਆਂ ਸਮੇਤ ਲੋੜੀਂਦੇ ਦਸਤਾਵੇਜ਼ 12 ਅਗਸਤ ਤੱਕ ਦਫਤਰ ਮੁੱਖ ਖੇਤੀਬਾੜੀ ਅਫਸਰ, ਫਤਹਿਗੜ੍ਹ ਸਾਹਿਬ ਜਾਂ ਸਬੰਧਿਤ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਵਿਚ ਜਮ੍ਹਾਂ ਕਰਵਾ ਸਕਦੇ ਹਨ। ਜੇਕਰ ਪ੍ਰਾਪਤ ਅਰਜ਼ੀਆਂ ਦੀ ਗਿਣਤੀ ਨਿਰਧਾਰਤ ਸੀਮਾਂ ਤੋਂ ਵੱਧ ਹੁੰਦੀ ਹੈ ਤਾਂ ਲਾਭਪਾਤਰੀਆਂ ਦੀ ਚੋਣ ਆਇਲਸੀਡਜ਼ ਮਿਸ਼ਨ ਤਹਿਤ ਗਠਿਤ ਜਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਜਿਲੇ ਦੇ ਯੋਗ ਕਿਸਾਨਾਂ, ਐੱਫ.ਪੀ.ਓਜ, ਸਹਿਕਾਰੀ ਸਭਾਵਾਂ ਅਤੇ ਹੋਰ ਯੋਗ ਉਦਮੀਆਂ ਨੂੰ ਅਪੀਲ ਕੀਤੀ ਕਿ ਲਾਭਕਾਰੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀਆਂ ਅਰਜ਼ੀਆਂ ਨਿਰਧਾਰਤ ਸਮੇਂ ਦੇ ਅੰਦਰ ਜਰੂਰ ਜਮਾਂ ਕਰਵਾਉਣ।

No comments:

Post a Comment