ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਮਿਤੀ 11 ਅਗਸਤ, 2026 ਨੂੰ ਕੇ.ਵੀ.ਕੇ. ਕੈਂਪਸ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ Paddy Stubble Management ਸਬੰਧੀ ਜਿਲਾ ਪੱਧਰੀ ਜਾਗਰੂਕਤਾ ਕੈਂਪ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਮੁੱਖ ਖੇਤੀਬਾੜੀ ਅਫਸਰ, ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ PAU-KVK, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਮਹਿਮ,ਾਨਾਂ ਤੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਤੇ ਕਿਸਾਨ ਭਲਾਈ ਸਬੰਧੀ ਕੇਂਦਰ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹਿੰਮ ਰੂਪ ਵਿੱਚ ਪਰਾਲੀ ਪ੍ਰਬੰਧਨ ਬਾਬਤ ਪਿੰਡਾਂ, ਸਕੂਲਾਂ/ਕਾਲਿਜਾਂ ਵਿੱਚ ਜਾਗਰੁਕਤਾ ਕੈਪਾਂ, ਸਿਖਲਾਈ ਪ੍ਰੋਗਰਾਮਾਂ, ਪ੍ਰਦਰਸ਼ਨੀਆਂ, ਹੋਰਡਿੰਗ ਅਤੇ ਖੇਤੀ ਸਾਹਿੱਤ ਰਾਂਹੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਹਰ ਤਕਨੀਕ ਹਰ ਥਾਂ ਤੇ ਲਾਗੂ ਨਹੀਂ ਹੋ ਸਕਦੀ ਇਸ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਦੀ ਕਿਸਮ, ਬੀਜੀ ਜਾਣ ਵਾਲੀ ਫਸਲ, ਪਰਾਲੀ ਪ੍ਰਬੰਧਨ ਲਈ ਉਪਲੱਬਧ ਮਸ਼ੀਨਰੀ ਅਤੇ ਸਮੇਂ ਅਨੁਸਾਰ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਬਾਬਤ ਜ਼ੋਰ ਦਿੱਤਾ।ਡਾ. ਬੌਂਸ ਨੇ ਇਸ ਕੇਂਦਰ ਵਿਖੇ ਸਿਖਲਾਈ ਲੈਕੇ ਕਿਸਾਨਾਂ ਨੂੰ ਸਹਾਇਕ ਧੰਧੇ ਅਪਨਾਉਣ ਲਈ ਪ੍ਰੇਰਿਆ ਅਤੇ ਖੇਤੀ ਜਿਣਸਾਂ ਦੇ ਮੁੱਲ ਉਤਪਾਦ ਵਿੱਚ ਵਾਧੇ ਲਈ ਪ੍ਰੋਸੈਸਿੰਗ ਤੇ ਵੀ ਜ਼ੋਰ ਦਿੱਤਾ।
ਮੁੱਖ ਖੇਤੀਬਾੜੀ ਅਫਸਰ, ਡਾ. ਦਪਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਸੰਭਾਲਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਮਿਲਾਉਣ ਜਾਂ ਵਿਛਾਉਣ, ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਵੇ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਨਾ ਹੋਵੇ।ਡਾ. ਦਪਿੰਦਰ ਸਿੰਘ ਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਚਲਾਈ ਮੁਹਿੰਮ ਵਿੱਚ ਭਰਪੂਰ ਯੋਗਦਾਨ ਪਾਉਣ ਵਾਲੇ ਜ਼ਿਲੇ ਦੇ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ ਜਿਸ ਨਾਲ ਪਿਛਲੇ ਸਾਲ ਪਰਾਲੀ ਨੂੰ ਅੱਗ ਲਾਉਣ ਦੇ ਕੇਸ 29 ਤੋਂ ਘੱਟ ਕੇ 18 ਹੀ ਰਹਿ ਗਏ ਸਨ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਵਾਰ ਵੀ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੇ ਇਸ ਨੇਕ ਕੰਮ ਵਿੱਚ ਸਮੂਹਿਕ ਰੂਪ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ।
ਕਿਸਾਨਾਂ ਦੀ ਤਕਨੀਕੀ ਜਾਣਕਾਰੀ ਵਿੱਚ ਵਾਧਾ ਕਰਣ ਲਈ, ਵੱਖ-ਵੱਖ ਵਿਸ਼ਿਆਂ ਦੇ ਮਾਹਿਰ, ਕਿਸਾਨਾਂ ਤੇ ਕਿਸਾਨ ਬੀਬੀਆਂ ਨਾਲ ਰੂਬਰੂ ਹੋਏ।ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਤੋਂ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਡਾ. ਪਰਮਿੰਦਰ ਸਿੰਘ ਨੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ, ਝੋਨੇ ਦੀ ਪਰਾਲੀ ਦੀ ਬਾਇੳੇੁ ਗੈਸ ਪਲਾਂਟ ਤੇ ਪਸ਼ੂ ਖੁਰਾਕ ਵਜੋਂ ਵਰਤੋਂ ਅਤੇ ਮੁਰਗੀ ਪਾਲਣ ਧੰਧੇ ਬਾਰੇ ਜਾਣਕਾਰੀ ਸਾਂਝੀ ਕੀਤੀ ਜਦਕਿ ਸਹਾਇਕ ਪੋ੍ਰਫੈਸਰ (ਐਗਰੀਕਲਚਰਲ ਇੰਜੀਨਿਅਰਿੰਗ), ਡਾ.ਅਜੈਬ ਸਿੰਘ ਨੇ ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੇ ਇਲਾਕੇ ਦੀਆਂ ਪ੍ਰਮੁੱਖ ਸਬਜੀਆਂ-ਆਲੂ ਤੇ ਮਟਰਾਂ ਦੀ ਝੋਨੇ ਦੀ ਅਗੇਤੀ ਕਿਸਮ, ਪੀ.ਆਰ 126 ਦੀ ਵਾਢੀ ਤੋਂ ਬਾਅਦ ਸੁਚੱਜੇ ਪਰਾਲੀ ਪ੍ਰਬੰਧਨ ਲਈ ਉਲਟਾਵੇਂ ਹੱਲ ਤੇ ਮਲਚਰ ਮਸ਼ੀਨਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਆਏ ਖੇਤੀਬਾੜੀ ਅਫਸਰ, ਡਾ. ਗੁਰਿੰਦਰ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ, ਡਾ. ਹਰਪ੍ਰੀਤ ਸਿੰਘ ਨੇ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸੁਚੱਜੀ ਵਰਤੋਂ ਲਈ ਇਸ ਨੂੰ ਸਾਂਝੇ ਤੌਰ ਤੇ ਵਰਤਣ ਲਈ ਜ਼ੋਰ ਦਿੱਤਾ।
ਇਸ ਮੌਕੇ ਪਿਛਲੇ ਕਈ ਸਾਲਾਂ ਤੋਂ ਖੇਤਾਂ ਵਿੱਚ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਨ੍ਹਾਂ ਵਿੱਚੋਂ ਸ. ਪਰਮਜੀਤ ਸਿੰਘ, ਪਿੰਡ ਲੱਧੇਵਾਲ, ਸ. ਹਰਦੀਪ ਸਿੰਘ, ਪਿੰਡ ਢੱਕੋਂ, ਸ. ਇੰਦਰਜੀਤ ਸਿੰਘ, ਪਿੰਡ ਨਸਰਾਂ ਅਤੇ ਸ. ਅਵਤਾਰ ਸਿੰਘ, ਪਿੰਡ ਬੂੜੋਬਾੜੀ ਨੂੰ ਮਹਿਮਾਨਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਅੰਤ ਵਿੱਚ ਸਮੂਹ ਕਿਸਾਨਾਂ ਨੂੰ ਕੇਵੀਕੇ ਫਾਰਮ ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਤੇ ਮੌਕੇ ਤੇ ਹੀ ਉਨ੍ਹਾਂ ਦੇ ਸੁਆਲਾਂ ਦੇ ਜਵਾਬ ਦਿੱਤੇ ਗਏ।

No comments:
Post a Comment