Monday, August 24, 2026

ਪੀ.ਏ.ਯੂ—ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਆਯੋਜਨ

ਸ੍ਰੀ ਮੁਕਤਸਰ ਸਾਹਿਬ, 25 ਅਗਸਤ

PAU ਪੀ.ਏ.ਯੂ—ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ KVK Muktsar ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ,ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ—1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਸੂਰੇਵਾਲ ਬਲਾਕ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ।
ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਨੇ ਕਿਸਾਨਾਂ ਨੂੰ ਪਰਾਲੀ ਸਾੜਨ Paddy Stubble Burning ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ Natural Recourses ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ—ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਸੱਦਾ ਦਿੱਤਾ।
ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (Crop Science) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ—ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ—ਵਟਾਂਦਰਾ ਕੀਤਾ। ਉਹਨਾਂ ਨੇ ਵੱਖ—ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ—ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਜਗਮਨਜੋਤ ਸਿੰਘ, ਸਹਾਇਕ ਪ੍ਰੋਫੈਸਰ (Soil Science) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ।
ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ Fruit and Vegetable ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਬਾਗਾਂ, ਸਬਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ
ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਉਹਨਾਂ ਸਵਾਲਾਂ ਦੇ ਜਵਾਬ ਦਿੱਤੇ ਗਏ।

No comments:

Post a Comment