ਪਰਾਲੀ ਨੂੰ ਬਿਨਾਂ ਅੱਗ ਲਿਆਏ ਵਿਗਿਆਨਕ ਖੇਤੀ ਵੱਲ ਵਧਣ ਕਿਸਾਨ: ਕੇ.ਵੀ.ਕੇ.
ਬਠਿੰਡਾ, 31 ਅਗਸਤ :
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਬਲਾਕ ਬਠਿੰਡਾ ਦੇ ਪਿੰਡ ਗਹਿਰੀ ਬੁੱਟਰ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਰਾਹੀਂ ਖੇਤ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਕੀਤਾ ਗਿਆ।
ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਇਸ ਵਿੱਚ ਮੌਜੂਦ ਲਾਭਦਾਇਕ ਤੱਤਾਂ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪੀ.ਐੱਫ.ਈ.) ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਮਸ਼ੀਨਰੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਕਣਕ ਦੀ ਸਿੱਧੀ ਬਿਜਾਈ ਲਈ ਹੈਪੀ ਸੀਡਰ, ਸੁਪਰ ਸੀਡਰ ਜਾਂ ਪੀ.ਏ.ਯੂ. ਸਮਾਰਟ ਸੀਡਰ ਦੀ ਵਰਤੋਂ ਬਹੁਤ ਲਾਹੇਵੰਦ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਬਿਜਾਈ ਸਮੇਂ ਖੇਤ ਵਿੱਚ ਲੋੜੀਂਦਾ ਵੱਤਰ ਬਣਾਈ ਰੱਖਣ ਲਈ ਝੋਨੇ ਦੀ ਫ਼ਸਲ ਨੂੰ ਵਾਢੀ ਤੋਂ ਲਗਭਗ ਦੋ ਹਫ਼ਤੇ ਪਹਿਲਾਂ ਅਖੀਰਲਾ ਪਾਣੀ ਲਗਾਉਣਾ ਚਾਹੀਦਾ ਹੈ।
ਡਾ. ਗੁਰਲਾਲ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਵਿੱਚ ਮੌਜੂਦ ਖੁਰਾਕੀ ਤੱਤਾਂ ਅਤੇ ਪਸ਼ੂਆਂ ਲਈ ਇਸ ਦੀ ਸੰਭਾਵੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਵਿਗਿਆਨਕ ਢੰਗ ਨਾਲ ਸੰਭਾਲ ਕਰਕੇ ਇਸ ਨੂੰ ਪਸ਼ੂਆਂ ਲਈ ਚਾਰੇ ਦੇ ਰੂਪ ਵਿੱਚ ਵਰਤਣ ਦੀਆਂ ਸੰਭਾਵਨਾਵਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਸਕਦਾ ਹੈ।
ਸ਼੍ਰੀਮਤੀ ਰਮਨਦੀਪ ਕੌਰ, ਬੀ.ਐੱਮ.ਐੱਮ., ਆਤਮਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਸਰਕਾਰੀ ਸਕੀਮਾਂ ਅਤੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ।
ਸ. ਅਮਨਦੀਪ ਸਿੰਘ ਸਿੱਧੂ, ਖੇਤੀਬਾੜੀ ਵਿਕਾਸ ਅਫ਼ਸਰ (ਪੌਦ ਸੁਰੱਖਿਆ), ਖੇਤੀਬਾੜੀ ਵਿਭਾਗ, ਬਠਿੰਡਾ ਨੇ ਕਿਸਾਨਾਂ ਨੂੰ ਫ਼ਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਸੁਚੱਜੇ ਫ਼ਸਲ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਮਾਹਿਰਾਂ ਨੇ ਕਿਸਾਨਾਂ ਦੇ ਪਰਾਲੀ ਪ੍ਰਬੰਧਨ, ਕਣਕ ਦੀ ਬਿਜਾਈ ਅਤੇ ਫ਼ਸਲ ਸੁਰੱਖਿਆ ਸਬੰਧੀ ਸਵਾਲਾਂ ਦੇ ਜਵਾਬ ਦਿੱਤੇ।

No comments:
Post a Comment