Thursday, August 13, 2026

ਪਰਾਲੀ ਪ੍ਰਬੰਧਨ ਕੇ.ਵੀ.ਕੇ. ਵੱਲੋਂ ਕੈਂਪ ਆਯੋਜਿਤ

ਬਠਿੰਡਾ, 14 ਅਗਸਤ :
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ KVK Bathinda ਵੱਲੋਂ ਬਲਾਕ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿਖਲਾਈ) ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਅਭਿਆਨ ਤਹਿਤ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੀ ਵਿਗਿਆਨਕ ਸਾਂਭ-ਸੰਭਾਲ ਬਾਰੇ ਜਾਗਰੂਕ ਕਰਨਾ ਸੀ।
ਇਸ ਮੌਕੇ ਡਾ ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਪਰਾਲੀ ਪ੍ਰਬੰਧਨ ਤਕਨੀਕਾਂ ਅਤੇ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸਰਫੇਸ ਸੀਡਰ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸੁਪਰ ਐੱਸ.ਐੱਮ.ਐੱਸ. ਅਤੇ ਹੋਰ ਆਧੁਨਿਕ ਮਸ਼ੀਨਾਂ ਦੀ ਕਾਰਜ-ਪ੍ਰਣਾਲੀ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਦੱਸਦਿਆਂ ਕਿਹਾ ਕਿ ਇਨ੍ਹਾਂ ਦੀ ਵਰਤੋਂ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸਰਫੇਸ ਸੀਡਰ, ਹੈਪੀ ਸੀਡਰ, ਤਕਨੀਕ ਨਾਲ ਬਿਜਾਈ ਕੀਤੀ ਗਈ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਘਟਦੀ ਹੈ ਅਤੇ ਜਮੀਨ ਵਿੱਚ ਨਮੀਂ ਮੌਜੂਦ ਰਹਿੰਦੀ ਹੈ ਜਿਸ ਨਾਲ ਕਣਕ ਉੱਪਰ ਦੋਧੇ ਸਮੇਂ ਗਰਮੀ ਦਾ ਅਸਰ ਘਟਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਪਰਾਲੀ ਦਾ ਵਿਗਿਆਨਕ ਪ੍ਰਬੰਧਨ ਅਪਣਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ, ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਖੇਤੀ ਨੂੰ ਹੋਰ ਟਿਕਾਊ ਅਤੇ ਲਾਭਕਾਰੀ ਬਣਾਇਆ ਜਾ ਸਕੇ।
ਇਸ ਮੌਕੇ ਡਾ. ਗੁਰਲਾਲ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਪਸ਼ੂਆਂ ਦੇ ਚਾਰੇ ਵਜੋਂ ਝੋਨੇ ਦੀ ਪਰਾਲੀ ਦੀ ਵਰਤੋਂ ਦੀ ਸੰਭਾਵਨਾ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਇਸ ਦੇ ਪੌਸ਼ਟਿਕ ਮੁੱਲ ਨੂੰ ਵਧਾਉਣ ਲਈ ਢੁਕਵੇਂ ਤਰੀਕੇ ਦੱਸੇ ਅਤੇ ਖਾਸ ਤੌਰ ਤੇ ਚਾਰੇ ਦੀ ਕਮੀ ਦੇ ਸਮੇਂ ਦੌਰਾਨ ਪਸ਼ੂਆਂ ਨੂੰ ਖੁਆਉਣ ਲਈ ਪਰਾਲੀ ਦੀ ਵਰਤੋਂ ਕਰਨ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਗਾਵਾਂ ਅਤੇ ਮੱਝਾਂ ਵਿੱਚ ਅੰਦਰੂਨੀ ਅਤੇ ਬਾਹਰੀ ਪਰਜੀਵੀਆਂ ਦੀ ਸਮੇਂ-ਸਿਰ ਰੋਕਥਾਮ, ਨਿਯਮਿਤ ਮਲ੍ਹੱਪ ਰਹਿਤ ਕਰਨ ਲਈ ਦਵਾਈਆਂ ਦੀ ਵਰਤੋਂ, ਚਿੱਚੜਾਂ ਅਤੇ ਹੋਰ ਪਰਜੀਵੀਆਂ ਤੋਂ ਬਚਾਅ, ਪਸ਼ੂਆਂ ਦੇ ਰਹਿਣ ਵਾਲੇ ਸਥਾਨ ਦੀ ਸਫ਼ਾਈ ਅਤੇ ਸੁੱਕੇ ਵਾਤਾਵਰਨ ਨੂੰ ਯਕੀਨੀ ਬਣਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮਿੱਟੀ ਦੀ ਸਿਹਤ ਨੂੰ ਬਣਾਈ ਰੱਖਣ ਲਈ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ‘ਤੇ ਜੋਰ ਦਿੱਤਾ। ਉਹਨਾਂ ਦੱਸਿਆ ਕਿ ਇੱਕ ਟਨ ਪਰਾਲੀ ਵਿੱਚ 400 ਕਿੱਲੋ ਜੈਵਿਕ ਕਾਰਬਨ, 5.5 ਕਿੱਲੋ ਨਾਈਟ੍ਰੋਜਨ, 2.3 ਕਿੱਲੋ ਫਾਸਫੋਰਸ, 25 ਕਿੱਲੋ ਪੋਟਾਸ਼, 1.2 ਕਿੱਲੋ ਸਲਫ਼ਰ ਅਤੇ ਹੋਰ ਖੁਰਾਕੀ ਤੱਤ ਮੋਜੂਦ ਹੁੰਦੇ ਹਨ ਜੋ ਮਿੱਟੀ ਦੀ ਸਿਹਤ ਲਈ ਲਾਹੇਵੰਦ ਹੁੰਦੇ ਹਨ।
ਕੈਂਪ ਦੌਰਾਨ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਅਤੇ ਝੋਨੇ ਦੀ ਫਸਲ ਨਾਲ ਸਬੰਧਤ ਵੱਖ-ਵੱਖ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ। ਵਿਗਿਆਨੀਆਂ ਨੇ ਭਰੋਸਾ ਦਿਵਾਇਆ ਕਿ ਕੇ.ਵੀ.ਕੇ, ਬਠਿੰਡਾ ਵੱਲੋਂ ਅਜਿਹੇ ਜਾਗਰੂਕਤਾ ਕੈਂਪਾਂ ਰਾਹੀਂ ਕਿਸਾਨਾਂ ਤੱਕ ਨਵੀਆਂ ਖੇਤੀ ਤਕਨੀਕਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਨੂੰ ਨਿਰੰਤਰ ਪਹੁੰਚਾਇਆ ਜਾਂਦਾ ਰਹੇਗਾ।
ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।

No comments:

Post a Comment