Tuesday, September 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

* ਪੰਜਾਬ ਸਰਕਾਰ ਦੇ ਜ਼ੋਰਦਾਰ ਯਤਨਾਂ ਸਦਕਾ 2023-25 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਆਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਐਨ.ਜੀ.ਓਜ਼. ਅਤੇ ਸਮਾਜ ਸੇਵਕਾਂ ਨੂੰ ਨਾਲ ਜੋੜਿਆ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸੋਸ਼ਲ ਮੀਡੀਆ ਰਾਹੀਂ ਵਿਆਪਕ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਹੋਰ ਠੱਲ੍ਹ ਪਾਉਣ ਲਈ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ 2023 ਤੋਂ 2025 ਤੱਕ ਅਜਿਹੀਆਂ ਘਟਨਾਵਾਂ ਵਿੱਚ ਪਹਿਲਾਂ ਹੀ 86 ਫ਼ੀਸਦੀ ਕਮੀ ਆ ਚੁੱਕੀ ਹੈ। ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਪਿੰਡਾਂ ਅਤੇ ਬਲਾਕਾਂ ਤੱਕ ਹੋਰ ਸ਼ਿੱਦਤ ਨਾਲ ਲੈ ਜਾਣ ਦੀ ਹਦਾਇਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦਾ ਵਾਤਾਵਰਣ ਬਚਾਉਣ ਲਈ ਗ਼ੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼.), ਸਮਾਜ ਸੇਵਕਾਂ, ਪੰਚਾਇਤਾਂ ਅਤੇ ਕਿਸਾਨਾਂ ਦੀ ਸਰਗਰਮ ਸ਼ਮੂਲੀਅਤ, ਵੱਡੇ ਪੱਧਰ 'ਤੇ ਸੋਸ਼ਲ ਮੀਡੀਆ ਦੀ ਪਹੁੰਚ ਅਤੇ ਮਜ਼ਬੂਤ ਇਨ-ਸੀਟੂ ਤੇ ਐਕਸ-ਸੀਟੂ(ਖੇਤ ਵਿੱਚ ਅਤੇ ਖੇਤ ਤੋਂ ਬਾਹਰ) ਪਰਾਲੀ ਪ੍ਰਬੰਧਨ ਬਹੁਤ ਜ਼ਰੂਰੀ ਹੈ।

ਪਰਾਲੀ ਦੇ ਪ੍ਰਬੰਧਨ ਦੀ ਰਣਨੀਤੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਲਗਪਗ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਕੀਤੀ ਗਈ ਹੈ, ਜਿਸ ਤੋਂ 18.81 ਮਿਲੀਅਨ ਟਨ ਪਰਾਲੀ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਦੇ ਭਰਪੂਰ ਯਤਨਾਂ ਸਦਕਾ ਪੰਜਾਬ ਵਿੱਚ 2023 ਤੋਂ 2025 ਤੱਕ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 86 ਫ਼ੀਸਦੀ ਕਮੀ ਆਈ ਹੈ। ਇਹ ਘਟਨਾਵਾਂ 2023 ਵਿੱਚ 36,663 ਤੋਂ ਘਟ ਕੇ 2024 ਵਿੱਚ 10,909 ਅਤੇ 2025 ਵਿੱਚ ਹੋਰ ਘਟ ਕੇ 5,114 ਰਹਿ ਗਈਆਂ ਹਨ। ਸਾਨੂੰ ਇਸ ਨੂੰ ਹੋਰ ਅੱਗੇ ਲੈ ਕੇ ਜਾਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੋਰ ਵੀ ਕਮੀ ਆਵੇ।”

ਜ਼ਮੀਨੀ ਪੱਧਰ 'ਤੇ ਤੇਜ਼ ਮੁਹਿੰਮ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਅਤੇ ਬਲਾਕ ਪੱਧਰ 'ਤੇ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਹਰ ਹਿੱਸੇਦਾਰ ਨੂੰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਟਿਕਾਊ ਬਦਲ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ।”

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਗ਼ੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼.) ਅਤੇ ਸਮਾਜ ਸੇਵਕਾਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਗ਼ੈਰ-ਸਰਕਾਰੀ ਸੰਗਠਨਾਂ ਅਤੇ ਸਮਾਜ ਸੇਵਕਾਂ ਨੂੰ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਨਾਲ ਜੋੜਿਆ ਜਾਵੇ। ਮਸ਼ੀਨਰੀ ਦੇ ਪ੍ਰਦਰਸ਼ਨ, ਨੁੱਕੜ ਨਾਟਕ, ਸਰਪੰਚਾਂ ਨਾਲ ਮੀਟਿੰਗਾਂ, ਸਹੁੰ ਚੁੱਕ ਸਮਾਗਮ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਵਿਆਪਕ ਪੱਧਰ 'ਤੇ ਕਰਵਾਏ ਜਾਣ ਤਾਂ ਜੋ ਇਹ ਸੁਨੇਹਾ ਜ਼ਮੀਨੀ ਪੱਧਰ ਤੱਕ ਕਿਸਾਨਾਂ ਤੱਕ ਪਹੁੰਚ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਦੇ ਪੂਰਕ ਵਜੋਂ ਇੱਕ ਵਿਆਪਕ ਡਿਜੀਟਲ ਅਤੇ ਮਲਟੀਮੀਡੀਆ ਰਣਨੀਤੀ ਅਪਨਾਉਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹਾ, “ਰੇਡੀਓ ਜਿੰਗਲਜ਼, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਮੋਬਾਈਲ ਐਸ.ਐਮ.ਐਸ. ਅਤੇ ਆਊਟਡੋਰ ਮੀਡੀਆ ਨੂੰ ਸ਼ਾਮਲ ਕਰਦਿਆਂ ਵਿਸਤ੍ਰਿਤ ਡਿਜੀਟਲ ਯੋਜਨਾ ਲਾਗੂ ਕੀਤੀ ਜਾਣੀ ਚਾਹੀਦੀ ਹੈ। ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਉਪਲਬਧ ਪ੍ਰਬੰਧਨ ਵਿਕਲਪਾਂ ਬਾਰੇ ਵਿਆਪਕ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਜਾਗਰੂਕਤਾ ਮੁਹਿੰਮ ਵੀ ਵੱਡੇ ਪੱਧਰ 'ਤੇ ਚਲਾਈ ਜਾਣੀ ਚਾਹੀਦੀ ਹੈ।”

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਕਿਸਾਨਾਂ ਅਤੇ ਪੇਂਡੂ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਤਰੱਕੀਪਸੰਦ ਕਿਸਾਨਾਂ, ਵਧੀਆ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ, ਪੈਕਸ (ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੁਸਾਇਟੀਆਂ) ਅਤੇ ਹੋਰ ਹਿੱਸੇਦਾਰਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਅਜਿਹਾ ਮਾਣ-ਸਤਿਕਾਰ ਦੂਜਿਆਂ ਨੂੰ ਵਧੀਆ ਅਭਿਆਸ ਅਪਨਾਉਣ ਅਤੇ ਪਰਾਲੀ ਪ੍ਰਬੰਧਨ ਨੂੰ ਸਮੂਹਿਕ ਅੰਦੋਲਨ ਬਣਾਉਣ ਲਈ ਉਤਸ਼ਾਹਿਤ ਕਰੇਗਾ।”

ਉਨ੍ਹਾਂ ਇਸ ਰਣਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਹਿੱਸੇਦਾਰਾਂ ਅਤੇ ਜ਼ਿਲ੍ਹਿਆਂ ਵਿਚਕਾਰ ਆਪਸੀ ਤਾਲਮੇਲ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਹਿੱਸੇਦਾਰਾਂ ਅਤੇ ਜ਼ਿਲ੍ਹਿਆਂ ਵਿਚਕਾਰ ਬਿਹਤਰੀਨ ਤਾਲਮੇਲ ਯਕੀਨੀ ਬਣਾਇਆ ਜਾਵੇ ਤਾਂ ਜੋ ਪੂਰੀ ਯੋਜਨਾ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਹਰ ਵਿਭਾਗ ਅਤੇ ਹਿੱਸੇਦਾਰ ਨੂੰ ਤਾਲਮੇਲ ਵਿੱਚ ਕੰਮ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਪਰਾਲੀ ਦੇ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਪ੍ਰਬੰਧਨ ਦੋਵਾਂ ਤਰੀਕਿਆਂ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਕਿਹਾ, “ਝੋਨੇ ਦੀ ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਮਿਲ ਸਕੇ ਅਤੇ ਵਾਤਾਵਰਨ ਦੀ ਵੀ ਸੁਰੱਖਿਆ ਹੋ ਸਕੇ। ਸਾਡਾ ਉਦੇਸ਼ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਵਿਹਾਰਕ ਅਤੇ ਟਿਕਾਊ ਬਦਲ ਪ੍ਰਦਾਨ ਕਰਨਾ ਚਾਹੀਦਾ ਹੈ।”

ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਾਇੰਸ ਅਤੇ ਤਕਨਾਲੋਜੀ ਵਿਭਾਗ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਖੇਤੀਬਾੜੀ ਵਿਭਾਗ ਅਰਸ਼ਦੀਪ ਸਿੰਘ ਥਿੰਦ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਆਧੁਨਿਕ ਮਸ਼ੀਨਰੀ ਨਾਲ ਕਣਕ ਦੀ ਸਿੱਧੀ ਬਿਜਾਈ ਕਰਨ ਕਿਸਾਨ : ਕੇ.ਵੀ.ਕੇ

ਤਿਉਣਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 1 ਸਤੰਬਰ :
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਬਲਾਕ ਬਠਿੰਡਾ ਦੇ ਪਿੰਡ ਤਿਉਣਾ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਰਾਹੀਂ ਖੇਤ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ, ਕਣਕ ਦੀ ਬਿਜਾਈ, ਮਿੱਟੀ ਦੀ ਸਿਹਤ ਅਤੇ ਪਸ਼ੂ ਪਾਲਣ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ।
ਕੈਂਪ ਦੌਰਾਨ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਬਠਿੰਡਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਣ ਅਤੇ ਮਿੱਟੀ ਦੀ ਸਿਹਤ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਪਰਾਲੀ ਪ੍ਰਬੰਧਨ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਮਲਚਰ, ਸੁਪਰ ਐੱਸ.ਐੱਮ.ਐੱਸ. ਅਤੇ ਹੋਰ ਮਸ਼ੀਨਰੀ ਦੀ ਸਹੀ ਵਰਤੋਂ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਸਮੇਂ ਸਿਰ ਬਿਜਾਈ ਕੀਤੀ ਜਾ ਸਕਦੀ ਹੈ।
ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਵਾਤਾਵਰਣ ਪ੍ਰਦੂਸ਼ਣ ਨੂੰ ਵੀ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਚਲਿਤ ਹੈਪੀ ਸੀਡਰ ਵਿੱਚ ਦਬਾਅ ਵਾਲੇ ਪਹੀਆਂ ਵਾਲੀ ਅਟੈਚਮੈਂਟ ਲਗਾ ਕੇ ਇਸ ਵਿੱਚ ਸੋਧ ਕੀਤੀ ਗਈ ਹੈ, ਜੋ ਕਣਕ ਦੀ ਬਿਜਾਈ ਦੌਰਾਨ ਝੋਨੇ ਦੀ ਪਰਾਲੀ ਨੂੰ ਕਣਕ ਦੀਆਂ ਸਿਆੜਾਂ ਵਿਚਕਾਰ ਇਕਸਾਰ ਮਲਚ ਦੇ ਰੂਪ ਵਿੱਚ ਵਿਛਾਉਣ ਉਪਰੰਤ ਉਸ ’ਤੇ ਦਬਾਅ ਪਾਉਂਦੀ ਹੈ। ਇਸ ਨਾਲ ਕਣਕ ਦਾ ਪੁੰਗਾਰਾ ਅਤੇ ਮੁੱਢਲਾ ਵਾਧਾ ਵਧੀਆ ਹੁੰਦਾ ਹੈ ਅਤੇ ਨਦੀਨਾਂ ਦੀ ਘਣਤਾ ਵੀ ਘੱਟ ਰਹਿੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਕੰਬਾਈਨ ਨਾਲ ਕੱਟੇ ਝੋਨੇ ਦੇ ਮੁੱਢਾਂ ਅਤੇ ਪਰਾਲੀ ਨੂੰ ਕੁਤਰ ਕੇ ਇਕਸਾਰ ਖਿਲਾਰਨ ਲਈ ਪੀ.ਏ.ਯੂ. ਸਟਰਾਅ ਕਟਰ-ਕਮ-ਸਪ੍ਰੈਡਰ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਹੈਪੀ ਸੀਡਰ ਦੀ ਕਾਰਜ ਸਮਰੱਥਾ ਵਿੱਚ ਵੀ ਵਾਧਾ ਹੁੰਦਾ ਹੈ।
ਇਸ ਮੌਕੇ ਡਾ. ਗੁਰਲਾਲ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕੇ.ਵੀ.ਕੇ. ਬਠਿੰਡਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਵਿੱਚ ਮੌਜੂਦ ਖੁਰਾਕੀ ਤੱਤਾਂ ਅਤੇ ਪਸ਼ੂਆਂ ਲਈ ਇਸ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਢੁਕਵੇਂ ਵਿਗਿਆਨਕ ਢੰਗਾਂ ਨਾਲ ਸੰਭਾਲ ਕੇ ਪਸ਼ੂਆਂ ਲਈ ਚਾਰੇ ਦੇ ਰੂਪ ਵਿੱਚ ਵੀ ਵਰਤਿਆ ਜਾ ਸਕਦਾ ਹੈ।
ਕੈਂਪ ਦੌਰਾਨ ਮਾਹਿਰਾਂ ਨੇ ਕਿਸਾਨਾਂ ਦੇ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਨੂੰ ਖੇਤ ਦੀ ਸਥਿਤੀ ਅਨੁਸਾਰ ਢੁਕਵੀਂ ਮਸ਼ੀਨਰੀ ਦੀ ਚੋਣ ਕਰਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਖੇਤੀ ਕਰਨ ਦੀ ਸਲਾਹ ਦਿੱਤੀ। ਕਿਸਾਨਾਂ ਨੇ ਕੈਂਪ ਵਿੱਚ ਦਿੱਤੀ ਗਈ ਵਿਗਿਆਨਕ ਜਾਣਕਾਰੀ ਵਿੱਚ ਗਹਿਰੀ ਦਿਲਚਸਪੀ ਦਿਖਾਈ ਅਤੇ ਪਰਾਲੀ ਨਾ ਸਾੜਨ ਦਾ ਸੰਕਲਪ ਲੈਂਦਿਆਂ ਇਸ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਤਕਨੀਕਾਂ ਅਪਣਾਉਣ ਵਿੱਚ ਦਿਲਚਸਪੀ ਪ੍ਰਗਟਾਈ।

ਝੋਨੇ ਵਿੱਚ ਫੋਕ ਘਟਾਉਣ ਲਈ ਪੀ.ਏ.ਯੂ. ਵੱਲੋਂ ਪ੍ਰਦਰਸ਼ਨੀ ਕੈਂਪ ਲਗਾਇਆ

*ਗੋਭ ਦੇ ਸਮੇਂ 1.5% ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਝੋਨੇ ਦੇ ਦਾਣਿਆਂ ਦੀ ਭਰਾਈ ਲਈ ਲਾਹੇਵੰਦ: ਡਾ. ਅਸ਼ੋਕ ਕੁਮਾਰ ਗਰਗ*

ਲਹਿਰਾਗਾਗਾ/ਸੰਗਰੂਰ, 1 ਸਤੰਬਰ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀਆਂ ਹਦਾਇਤਾਂ ਅਨੁਸਾਰ ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਸੰਗਤਪੁਰਾ ਵਿਖੇ ਝੋਨੇ ਦੀ ਫ਼ਸਲ ਵਿੱਚੋਂ ਫੋਕ ਘਟਾਉਣ ਅਤੇ ਚੰਗਾ ਝਾੜ ਪ੍ਰਾਪਤ ਕਰਨ ਲਈ ਪ੍ਰਦਰਸ਼ਨੀ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੇ ਗੋਭ ਵਿੱਚ ਆਉਣ ਸਮੇਂ ਖੁਰਾਕੀ ਤੱਤਾਂ ਦੀ ਘਾਟ ਨਾਲ ਦਾਣੇ ਖਾਲੀ ਅਤੇ ਹਲਕੇ ਰਹਿ ਜਾਂਦੇ ਹਨ। ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਨੇ ਗੋਭ ਦੇ ਸਮੇਂ 1.5% ਪੋਟਾਸ਼ੀਅਮ ਨਾਈਟ੍ਰੇਟ (13:0:45) 3 ਕਿੱਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ ਦੇ ਹਿਸਾਬ ਨਾਲ ਪੱਤਿਆਂ ਉੱਤੇ ਛਿੜਕਾਅ ਕਰਨ ਦੀ ਸਿਫ਼ਾਰਸ਼ ਕੀਤੀ ਅਤੇ ਕਿਸਾਨਾਂ ਨੂੰ ਪ੍ਰਦਰਸ਼ਨੀ ਵਜੋਂ ਇਹ ਤੱਤ ਵੀ ਉਪਲਬਧ ਕਰਵਾਇਆ।

ਉਨ੍ਹਾਂ ਨੇ ਤਣੇ ਦੇ ਗੰਢੂਏ ਅਤੇ ਪੱਤਾ ਲਪੇਟ ਸੁੰਡੀ ਦੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਕੀਟਨਾਸ਼ਕਾਂ ਦੀ ਵਰਤੋਂ ਕੇਵਲ ਆਰਥਿਕ ਨੁਕਸਾਨ ਪੱਧਰ ਤੋਂ ਵੱਧ ਕੀੜੇ ਹੋਣ 'ਤੇ ਹੀ ਕਰਨ ਦੀ ਸਲਾਹ ਦਿੱਤੀ ਤਾਂ ਜੋ ਬੇਲੋੜੇ ਖਰਚੇ ਅਤੇ ਵਾਤਾਵਰਨ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਸਤੰਬਰ ਮਹੀਨੇ ਦੇ ਪੀ.ਏ.ਯੂ. ਕਿਸਾਨ ਮੇਲਿਆਂ, ਪੇਂਡੂ ਬੱਚਿਆਂ ਲਈ ਕੋਰਸਾਂ ਅਤੇ ਸਰਦੀਆਂ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਬਾਰੇ ਜਾਣੂ ਕਰਵਾਇਆ ਗਿਆ।

ਅੰਤ ਵਿੱਚ ਡਾ. ਗਰਗ ਨੇ ਕੱਦੂ ਵਾਲੇ ਅਤੇ ਸਿੱਧੇ ਬੀਜੇ ਝੋਨੇ ਦੇ ਖੇਤਾਂ ਦਾ ਦੌਰਾ ਕਰਕੇ ਤਕਨੀਕੀ ਸਲਾਹ ਦਿੱਤੀ। ਕੈਂਪ ਦੌਰਾਨ ਪਸ਼ੂਆਂ ਲਈ ਧਾਤਾਂ ਦਾ ਚੂਰਾ ਅਤੇ ਖੇਤੀ ਸਾਹਿਤ ਦੀ ਵਿਕਰੀ ਕੀਤੀ ਗਈ।

ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਸੁਖਤਾਰ ਸਿੰਘ, ਗੁਰਵਿੰਦਰ ਸਿੰਘ, ਗੋਬਿੰਦਰ ਸਿੰਘ, ਪ੍ਰਗਟ ਸਿੰਘ ਅਤੇ ਸ. ਜਗਸੀਰ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ।