ਸਿਖਲਾਈ ਉਪਰੰਤ ਦਿੱਤਾ ਜਾਵੇਗਾ 3500 ਰੁਪਏ ਵਜੀਫਾ
ਮੁਫ਼ਤ ਸਿਖਲਾਈ ਲਈ ਸਿਰਫ਼ ਐਸ.ਸੀ. ਨੌਜਵਾਨਾਂ ਦੀ ਹੋਵੇਗੀ ਪਾਤਰਤਾ
ਸਿਖਲਾਈ ਉਪਰੰਤ ਡੇਅਰੀ ਕਰਜੇ 'ਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ:
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ ਲਾਭਪਾਤਰੀਆਂ ਨੂੰ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 02 ਨਵੰਬਰ 2026 ਨੂੰ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਹਰਵੰਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਸਾਲ ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ। ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੋਈ ਵੀ ਫ਼ੀਸ ਨਹੀਂ ਹੈ। ਬਲਕਿ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ।
ਡੇਅਰੀ ਇੰਸਪੈਕਟਰ ਮਿਸ ਗੁਰਪ੍ਰੀਤ ਅਤੇ ਮਿਸ ਵਰਤਿਕਾ ਨੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਚਾਹਵਾਨ ਐਸ.ਸੀ. ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ 'ਤੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਅਰਜ਼ੀ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰਾਂ (7009982900, 8221024797) ਤੇ ਸੰਪਰਕ ਕਰ ਸਕਦੇ ਹੋ।

No comments:
Post a Comment