40 ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਲਿਆ ਸਿਖਲਾਈ ਦਾ ਲਾਭ
ਰੂਪਨਗਰ, 2 ਸਤੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ, ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵਿਖੇ ‘ਖੁੰਬਾਂ ਦੀ ਕਾਸ਼ਤ’ ਸਬੰਧੀ ਪੰਜ ਰੋਜ਼ਾ ਕਿੱਤਾ-ਮੁਖੀ ਸਿਖਲਾਈ ਕੋਰਸ ਸਫ਼ਲਤਾਪੂਰਵਕ ਕਰਵਾਇਆ ਗਿਆ।
ਇਸ ਸਬੰਧੀ ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਵਿੱਚ ਰੋਪੜ ਅਤੇ ਨੇੜਲੇ ਇਲਾਕਿਆਂ ਤੋਂ 40 ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ-ਸਮੇਂ ’ਤੇ ਵੱਖ-ਵੱਖ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਏ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਖੁੰਬਾਂ ਦੀ ਕਾਸ਼ਤ ਘੱਟ ਸਮੇਂ ਵਿੱਚ ਆਮਦਨ ਪ੍ਰਦਾਨ ਕਰਨ ਵਾਲਾ ਇੱਕ ਉੱਤਮ ਕਿੱਤਾ ਹੈ ਅਤੇ ਨੌਜਵਾਨ ਇਸ ਖੇਤਰ ਵਿੱਚ ਉਦਯੋਗਪਤੀ ਵਜੋਂ ਅੱਗੇ ਆ ਕੇ ਚੰਗੀ ਆਮਦਨ ਕਮਾ ਸਕਦੇ ਹਨ। ਉਨ੍ਹਾਂ ਸਿਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਨੂੰ ਲਾਭਦਾਇਕ ਉੱਦਮ ਵਜੋਂ ਅਪਣਾਉਣ ਅਤੇ ਇਸ ਖੇਤਰ ਵਿੱਚ ਮੌਜੂਦ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ।
ਟ੍ਰੇਨਿੰਗ ਕੋਆਰਡੀਨੇਟਰ ਅਤੇ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਸਿਖਿਆਰਥੀਆਂ ਨੂੰ ਬਟਨ, ਢੀਂਗਰੀ ਅਤੇ ਸ਼ਿਟਾਕੀ ਖੁੰਬਾਂ ਦੀ ਕਾਸ਼ਤ ਸਬੰਧੀ ਪੂਰੀ ਉਤਪਾਦਨ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਕੰਪੋਸਟ ਦੀ ਤਿਆਰੀ, ਸਪਾਨਿੰਗ, ਬੈਗਿੰਗ, ਪੈਕਿੰਗ, ਭੰਡਾਰਨ ਅਤੇ ਮੰਡੀਕਰਨ ਸਮੇਤ ਖੁੰਬਾਂ ਦੀ ਪੈਦਾਵਾਰ ਨਾਲ ਸਬੰਧਤ ਵੱਖ-ਵੱਖ ਪੜਾਵਾਂ ਬਾਰੇ ਸਿਖਲਾਈ ਦਿੱਤੀ ਗਈ।
ਸਿਖਿਆਰਥੀਆਂ ਨੂੰ ਖੁੰਬਾਂ ਵਿੱਚ ਹੋਣ ਵਾਲੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ, ਉਨ੍ਹਾਂ ਦੇ ਲੱਛਣਾਂ ਅਤੇ ਰੋਕਥਾਮ ਦੇ ਢੰਗਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਗਰਮੀ ਦੇ ਮੌਸਮ ਵਿੱਚ ਖੁੰਬਾਂ ਦੀ ਕਾਸ਼ਤ ਸਬੰਧੀ ਵਿਸ਼ੇਸ਼ ਸਿਖਲਾਈ ਸੈਸ਼ਨ ਵੀ ਕਰਵਾਇਆ ਗਿਆ।
ਸਿਖਲਾਈ ਦੌਰਾਨ ਸਿਧਾਂਤਕ ਜਾਣਕਾਰੀ ਦੇ ਨਾਲ-ਨਾਲ ਸਿਖਿਆਰਥੀਆਂ ਨੂੰ ਸਪਾਨਿੰਗ, ਬੈਗਿੰਗ ਅਤੇ ਕੰਪੋਸਟ ਤਿਆਰ ਕਰਨ ਆਦਿ ਦੀਆਂ ਵਿਹਾਰਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਨਾਲ ਉਨ੍ਹਾਂ ਨੂੰ ਖੁੰਬਾਂ ਦੀ ਕਾਸ਼ਤ ਦਾ ਹੱਥੀਂ ਅਭਿਆਸ ਕਰਨ ਦਾ ਮੌਕਾ ਮਿਲਿਆ।
ਇਸ ਮੌਕੇ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ ਡਾ. ਭਾਰਤ ਭੂਸ਼ਣ ਵੱਲੋਂ ਖੁੰਬਾਂ ਦੀ ਕਾਸ਼ਤ ਨੂੰ ਉੱਦਮ ਵਜੋਂ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਬਸਿਡੀਆਂ ਅਤੇ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਕੇ ਖੁੰਬਾਂ ਦੀ ਕਾਸ਼ਤ ਨੂੰ ਇੱਕ ਸਫ਼ਲ ਸਵੈ-ਰੁਜ਼ਗਾਰ ਅਤੇ ਆਮਦਨ ਦੇ ਸਾਧਨ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ।

No comments:
Post a Comment