Wednesday, September 16, 2026

ਖੇਤੀਬਾੜੀ ਵਿਭਾਗ ਦੀ ਯੋਜਨਾਵਾਂ ਦਾ ਸੁਖਾਲੇ ਢੰਗ ਨਾਲ ਲਾਭ ਲੈਣ ਲਈ ਕਿਸਾਨ ਆਪਣੀ ‘ਕਿਸਾਨ ਆਈ.ਡੀ.’ ਜ਼ਰੂਰ ਬਣਵਾਉਣ

ਡਿਜੀਟਲ ਕਿਸਾਨ ਪਛਾਣ ਨਾਲ ਸਰਕਾਰੀ ਸਹਾਇਤਾ ਦੀ ਪਹੁੰਚ ਹੋਵੇਗੀ ਹੋਰ ਮਜ਼ਬੂਤ

ਫ਼ਤਹਿਗੜ੍ਹ ਸਾਹਿਬ, 16 ਸਤੰਬਰ:

ਮੁੱਖ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਸਾਹਿਬ ਡਾ. ਜਗਦੇਵ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਕਿਸਾਨ ਆਈ.ਡੀ. (Kisan ID) ਜਲਦ ਤੋਂ ਜਲਦ ਬਣਵਾਉਣ ਨੂੰ ਤਰਜੀਹ ਦੇਣ, ਤਾਂ ਜੋ ਸਰਕਾਰ ਵੱਲੋਂ ਕਿਸਾਨ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਖੇਤੀਬਾੜੀ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਡਿਜ਼ੀਟਲ ਪਛਾਣ ਤਿਆਰ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਆਈ.ਡੀ. Farmer ID ਰਾਹੀਂ ਕਿਸਾਨ ਅਤੇ ਖੇਤੀਬਾੜੀ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਨੂੰ ਡਿਜ਼ੀਟਲ ਰੂਪ ਵਿੱਚ ਦਰਜ ਕਰਨ ਵਿੱਚ ਸਹਾਇਤਾ ਮਿਲੇਗੀ। ਇਸ ਨਾਲ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਯੋਗ ਕਿਸਾਨਾਂ ਤੱਕ ਸਹਾਇਤਾ ਅਤੇ ਖੇਤੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਸੁਚਾਰੂ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਦੱਸਿਆ ਕਿ ਕਿਸਾਨ ਆਈ.ਡੀ. ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM KISAN), ਖੇਤੀ ਮਸ਼ੀਨਰੀ ਅਤੇ ਖੇਤੀ ਸੰਦਾਂ ’ਤੇ ਸਬਸਿਡੀ, ਮਿੱਟੀ ਸਿਹਤ ਪ੍ਰਬੰਧਨ, ਸੂਖਮ ਸਿੰਚਾਈ ਅਤੇ ਫ਼ਸਲੀ ਵਿਭਿੰਨਤਾ ਸਮੇਤ ਵੱਖ-ਵੱਖ ਖੇਤੀਬਾੜੀ ਯੋਜਨਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਾਈ ਹੋਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਡਿਜ਼ੀਟਲ ਰਿਕਾਰਡ ਉਪਲਬਧ ਹੋਣ ਨਾਲ ਕਿਸਾਨਾਂ ਦੀ ਜ਼ਮੀਨ ਅਤੇ ਖੇਤੀ ਨਾਲ ਸਬੰਧਤ ਵੇਰਵਿਆਂ ਦੀ ਪੜਤਾਲ ਸੁਖਾਲੀ ਹੋਵੇਗੀ ਅਤੇ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਵਿੱਚ ਹੋਰ ਵਧੇਰੇ ਪਾਰਦਰਸ਼ਤਾ ਵਧੇਗੀ।

ਡਾ. ਜਗਦੇਵ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਆਈ.ਡੀ. ਬਣਵਾਉਣ ਦੇ ਕੰਮ ਨੂੰ ਟਾਲਣ ਦੀ ਬਜਾਏ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਖੇਤੀਬਾੜੀ ਯੋਜਨਾ ਜਾਂ ਸਹੂਲਤ ਦਾ ਲਾਭ ਲੈਂਦਿਆਂ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਕਿਸਾਨ ਆਈ.ਡੀ. ਬਣਵਾਉਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਮਾਰਗਦਰਸ਼ਨ ਦੀ ਲੋੜ ਪੈਣ ’ਤੇ ਕਿਸਾਨ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਜਾਂ ਸਬੰਧਤ ਖੇਤੀਬਾੜੀ ਅਧਿਕਾਰੀ/ਕਰਮਚਾਰੀ ਨਾਲ ਸੰਪਰਕ ਕਰ ਸਕਦੇ ਹਨ।

No comments:

Post a Comment