ਮਲੋਟ/ਸ੍ਰੀ ਮੁਕਤਸਰ ਸਾਹਿਬ, 14 ਸਤੰਬਰ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਵੱਲੋਂ ਪਿੰਡ ਮਿੱਢਾ ਬਲਾਕ ਮਲੋਟ ਦੇ ਕਿਸਾਨਾਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਪਿੰਡ ਦੇ ਕੁੱਲ 25 ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਸਿਖਲਾਈ), ਪੀ.ਏ.ਯੂ.-ਕੇ.ਵੀ.ਕੇ ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਣ ਦੀ ਸੰਭਾਲ ਅਤੇ ਜ਼ਮੀਨ ਦੀ ਸਿਹਤ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕੀਤੀ। ਉਨ੍ਹਾਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ।
ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵੱਖ-ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਵਿੱਚ ਨਦੀਨ ਪ੍ਰਬੰਧਨ ਬਾਰੇ ਵਿਸਥਾਰ ਤਹਿਤ ਜਾਣਕਾਰੀ ਦਿੱਤੀ।
ਡਾ. ਜਗਮਨਜੋਤ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ। ਉਹਨਾਂ ਨੇ ਝੋਨੇ ਦੀ ਗੋਭ ਅਵਸਥਾ ਵਿੱਚ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦਾ ਛਿੜਕਾਅ ਕਰਨ ਬਾਰੇ ਜਾਣਕਾਰੀ ਦਿੱਤੀ।
ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫ਼ਸਲੀ ਵਿਭੰਨਤਾ ਤਹਿਤ ਥੋੜ੍ਹਾ ਰਕਬਾ ਫ਼ਲਦਾਰ ਬੂਟਿਆਂ ਅਤੇ ਸਬਜੀਆਂ ਹੇਠ ਵਧਾਉਣ ਬਾਰੇ ਪ੍ਰੇਰਿਤ ਕੀਤਾ। ਉਹਨਾਂ ਨੇ ਮਨੁੱਖੀ ਸਿਹਤ ਲਈ ਫਲ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਬਾਗਾਂ, ਸਬਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਵੀ ਪ੍ਰੇਰਿਤ ਕੀਤਾ।
.jpeg)
No comments:
Post a Comment