ਬਿਨਾਂ ਬਿੱਲ ਵਿਕਰੀ, ਕਾਲਾਬਾਜ਼ਾਰੀ, ਜਮ੍ਹਾਂਖੋਰੀ ਅਤੇ ਟੈਗਿੰਗ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ: ਮੁੱਖ ਖੇਤੀਬਾੜੀ ਅਫ਼ਸਰ
ਕਿਸਾਨਾਂ ਨੂੰ ਖਾਦ, ਦਵਾਈਆਂ ਅਤੇ ਬੀਜ ਖਰੀਦਣ ਸਮੇਂ ਪੱਕਾ ਬਿੱਲ ਲੈਣ ਦੀ ਅਪੀਲ
ਅੰਮ੍ਰਿਤਸਰ, 26 ਸਤੰਬਰ:
ਜ਼ਿਲ੍ਹੇ ਅੰਦਰ ਪਿਛਲੇ ਕੁਝ ਸਮੇਂ ਤੋਂ ਖਾਦਾਂ ਦੀ ਉਪਲਬਧਤਾ ਸਬੰਧੀ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਮਾਣਯੋਗ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਸ. ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਖਾਦ ਵਿਕਰੇਤਾਵਾਂ ਅਤੇ ਹੋਲਸੇਲਰਾਂ ਦੀ ਚੈਕਿੰਗ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਖਾਦ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਦੁਕਾਨਾਂ 'ਤੇ ਲਗਾਏ ਸਟਾਕ ਬੋਰਡਾਂ ਉੱਪਰ ਰੋਜ਼ਾਨਾ ਖਾਦਾਂ ਦੇ ਸਟਾਕ ਦੀ ਜਾਣਕਾਰੀ ਦਰਜ ਕਰਨ।
ਉਨ੍ਹਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਵੇਚੀ ਜਾਣ ਵਾਲੀ ਹਰੇਕ ਖੇਤੀ ਸਮੱਗਰੀ ਦਾ ਪੱਕਾ ਬਿੱਲ ਜਾਰੀ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਵੇਚੀ ਜਾਵੇ। ਕਿਸਾਨਾਂ ਨੂੰ ਖਾਦਾਂ ਦੇ ਨਾਲ ਹੋਰ ਗੈਰ-ਜ਼ਰੂਰੀ ਵਸਤਾਂ ਦੀ ਟੈਗਿੰਗ ਕਰਕੇ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ।
ਸ. ਦੋਸਾਂਝ ਨੇ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੀ.ਓ.ਐੱਸ. (POS) ਮਸ਼ੀਨਾਂ ਵਿੱਚ ਦਰਜ ਖਾਦਾਂ ਦੇ ਸਟਾਕ ਨੂੰ ਨਿਯਮਿਤ ਤੌਰ 'ਤੇ ਅਪਡੇਟ ਕੀਤਾ ਜਾਵੇ ਅਤੇ ਪੀ.ਓ.ਐੱਸ. ਮਸ਼ੀਨਾਂ ਤੇ ਭੌਤਿਕ ਸਟਾਕ ਵਿੱਚ ਪੂਰਾ ਤਾਲਮੇਲ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਲੋੜ ਅਨੁਸਾਰ ਯੂਰੀਆ ਅਤੇ ਹੋਰ ਖਾਦਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਮਿਲ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਖਾਦਾਂ, ਬੀਜਾਂ ਜਾਂ ਖੇਤੀ ਦਵਾਈਆਂ ਦੀ ਕਾਲਾਬਾਜ਼ਾਰੀ, ਜਮ੍ਹਾਂਖੋਰੀ ਜਾਂ ਬਿਨਾਂ ਬਿੱਲ ਤੋਂ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਬੰਧਤ ਐਕਟਾਂ ਅਤੇ ਕੰਟਰੋਲ ਆਰਡਰਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਕਿਸਾਨਾਂ ਲਈ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਖਾਦਾਂ ਸਰਕਾਰ ਵੱਲੋਂ ਨਿਰਧਾਰਤ ਕੰਟਰੋਲ ਰੇਟਾਂ 'ਤੇ ਬਿਨਾਂ ਕਿਸੇ ਟੈਗਿੰਗ ਦੇ ਮੁਹੱਈਆ ਕਰਵਾਈਆਂ ਜਾਣ।
ਅੰਤ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਦਾਂ, ਖੇਤੀ ਦਵਾਈਆਂ ਅਤੇ ਬੀਜ ਖਰੀਦਣ ਸਮੇਂ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ। ਜੇਕਰ ਕੋਈ ਵਿਕਰੇਤਾ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਖਾਦਾਂ ਨਾਲ ਹੋਰ ਵਸਤਾਂ ਦੀ ਟੈਗਿੰਗ ਕਰਦਾ ਹੈ ਤਾਂ ਕਿਸਾਨ ਇਸ ਸਬੰਧੀ ਲਿਖਤੀ ਸ਼ਿਕਾਇਤ ਆਪਣੇ ਸਬੰਧਤ ਖੇਤੀਬਾੜੀ ਦਫ਼ਤਰ ਵਿਖੇ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਖਾਦਾਂ ਦੀ ਉਪਲਬਧਤਾ ਜਾਂ ਕਿਸੇ ਹੋਰ ਖੇਤੀਬਾੜੀ ਸਮੱਸਿਆ ਸਬੰਧੀ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਨ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।
.jpeg)
No comments:
Post a Comment