Tuesday, September 29, 2026

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਜਾਗਰੂਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ

ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ 'ਲੱਕੀ ਡਰਾਅ' ਸਕੀਮ ਵੀ ਸ਼ੁਰੂ; ਕਿਸਾਨਾਂ ਨੂੰ ਅਪਲਾਈ ਕਰਨ ਦਾ ਦਿੱਤਾ ਸੱਦਾ

ਬਰਨਾਲਾ, 29 ਸਤੰਬਰ
        ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਤੋਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵੱਲੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
 ਖੇਤੀਬਾੜੀ ਵਿਭਾਗ ਵੱਲੋਂ "ਪਰਾਲੀ ਸੰਭਾਲ ਮੁਹਿੰਮ" ਅਧੀਨ ਚਲਾਈਆਂ ਗਈਆਂ ਇਹ ਵੈਨਾਂ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਪਿੰਡ-ਪਿੰਡ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣਗੀਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 5,170 ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਜਿਨ੍ਹਾਂ ਵਿੱਚ ਇਸ ਸਾਲ ਵੀ ਕਿਸਾਨਾਂ ਵੱਲੋਂ ਲਗਭਗ 920 ਮਸ਼ੀਨਾਂ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ 'ਲੱਕੀ ਡਰਾਅ' (Lucky Draw) ਸਕੀਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਲਈ ਕਿਸਾਨ ਅਪਲਾਈ ਕਰ ਸਕਦੇ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਨਾ ਸਾੜਨ ਵਾਲੇ ਅਤੇ ਵਿਭਾਗ ਦਾ ਸਹਿਯੋਗ ਕਰਨ ਵਾਲੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਮਾਗਮਾਂ ਵਿੱਚ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੂੰ ਪੂਰੀ ਉਮੀਦ ਹੈ ਕਿ ਕਿਸਾਨਾਂ ਦੇ ਸਹਿਯੋਗ ਅਤੇ ਖੇਤੀਬਾੜੀ, ਸਹਿਕਾਰਤਾ, ਪੇਂਡੂ ਵਿਕਾਸ ਅਤੇ ਸਿੱਖਿਆ ਵਿਭਾਗ ਦੀਆਂ ਸਾਂਝੀਆਂ ਕੋਸ਼ਿਸ਼ਾਂ ਨਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ 'ਤੇ ਠੱਲ੍ਹ ਪਾਈ ਜਾ ਸਕੇਗੀ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਕਿਸਾਨਾਂ, ਕਿਸਾਨ ਗਰੁੱਪਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਪਾਸ ਉਪਲਭਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਬਿਨਾਂ ਸਾੜੇ ਸੰਭਾਲਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਓਹਨਾਂ ਕਿਹਾ ਕਿ ਇਨ੍ਹਾਂ ਵੈਨਾਂ 'ਤੇ ਲੱਗੇ ਆਡੀਓ ਸਿਸਟਮ ਰਾਹੀਂ ਗੀਤਾਂ ਅਤੇ ਸੰਦੇਸ਼ਾਂ ਨਾਲ ਪ੍ਰਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ, ਸਕੂਲੀ ਸਮਾਗਮ, ਵਟਸਐਪ ਸੰਦੇਸ਼ਾਂ ਅਤੇ ਕੰਧਾਂ 'ਤੇ ਲਿਖੇ ਸਲੋਗਨਾਂ ਰਾਹੀਂ ਵੀ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਏ.ਡੀ.ਸੀ. (ਜਨਰਲ) ਵਿਵੇਕ ਕੁਮਾਰ ਮੋਦੀ, ਸਹਾਇਕ ਖੇਤੀਬਾੜੀ ਇਜੀਨੀਅਰ ਬੇਅੰਤ ਸਿੰਘ, ਸਹਾਇਕ ਨੋਡਲ ਅਫ਼ਸਰ (ਪਰਾਲੀ ਪ੍ਰਬੰਧਨ) ਸੁਨੀਤਾ ਸ਼ਰਮਾ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

No comments:

Post a Comment