ਰੂਪਨਗਰ, 21 ਸਤੰਬਰ 2026: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਸ. ਨਿਰਮਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਦੇ ਪੰਜਾਂ ਬਲਾਕਾਂ ਵਿੱਚ 16 ਤੋਂ 18 ਸਤੰਬਰ 2026 ਤੱਕ ਜ਼ਿਲ੍ਹੇ ਦੇ ਸਮੂਹ ਬੀਜ ਵਿਕਰੇਤਾਵਾਂ ਨੂੰ ਸਾਥੀ ਪੋਰਟਲ ਦੀ ਵਰਤੋਂ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦਾ ਮੁੱਖ ਉਦੇਸ਼ ਬੀਜ ਵਿਕਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ, ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਮਿਆਰੀ ਬੀਜ ਦੀ ਉਪਲਬਧਤਾ ਯਕੀਨੀ ਬਣਾਉਣਾ ਸੀ।
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ (ਬੀਜ) ਸ੍ਰੀ ਕੁਨਾਲ ਫਰਵਾਨ ਵੱਲੋਂ ਬੀਜ ਵਿਕਰੇਤਾਵਾਂ ਨੂੰ ਸਾਥੀ ਪੋਰਟਲ ਦੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਪੋਰਟਲ ਰਾਹੀਂ ਬੀਜ ਦੀ ਵਿਕਰੀ ਕਰਨ, ਕਿਸਾਨਾਂ ਨੂੰ ਬੀਜ ਵੇਚਣ ਸਮੇਂ ਲੋੜੀਂਦੀ ਜਾਣਕਾਰੀ ਦਰਜ ਕਰਨ, ਵਿਕਰੀ ਨਾਲ ਸਬੰਧਤ ਰਿਕਾਰਡ ਪੋਰਟਲ ’ਤੇ ਦਰਜ ਕਰਨ ਅਤੇ ਪੋਰਟਲ ਦੀ ਵਰਤੋਂ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਗਈ।
ਮੁੱਖ ਖੇਤੀਬਾੜੀ ਅਫ਼ਸਰ ਸ. ਨਿਰਮਲ ਸਿੰਘ ਨੇ ਸਮੂਹ ਬੀਜ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਸਬੰਧਤ ਕਾਨੂੰਨਾਂ ਦੀ ਪੂਰੀ ਪਾਲਣਾ ਕਰਦੇ ਹੋਏ ਹੀ ਕੀਤੀ ਜਾਵੇ। ਉਨ੍ਹਾਂ ਨੇ ਟੈਗਿੰਗ ਜਾਂ ਨਿਰਧਾਰਤ ਪ੍ਰਕਿਰਿਆ ਦੀ ਉਲੰਘਣਾ ਕਰਕੇ ਖਾਦ ਦੀ ਵਿਕਰੀ ਕਰਨ ਤੋਂ ਇਲਾਵਾ ਅਣਅਧਿਕਾਰਤ ਬੀਜ, ਖਾਦ ਜਾਂ ਕੀਟਨਾਸ਼ਕਾਂ ਦੀ ਵਿਕਰੀ ਨਾ ਕਰਨ ਲਈ ਸਖ਼ਤ ਹਦਾਇਤ ਕੀਤੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਡੀਲਰ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸਿਖਲਾਈ ਦੌਰਾਨ ਵਿਭਾਗੀ ਅਧਿਕਾਰੀਆਂ ਵੱਲੋਂ ਬੀਜ ਵਿਕਰੇਤਾਵਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਸਾਥੀ ਪੋਰਟਲ ਸਮੇਤ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀ ਵਿਕਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਹੱਲ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਦੌਰਾਨ ਬੀਜ ਵਿਕਰੇਤਾਵਾਂ ਨੂੰ ਸਰਕਾਰੀ ਨਿਯਮਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਸਿਖਲਾਈ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ (ਖਾਦ) ਸ. ਲਵਪ੍ਰੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਟੀ.ਏ.) ਸ. ਨਵਦੀਪ ਸਿੰਘ ਵੀ ਮੌਜੂਦ ਰਹੇ। ਸਬੰਧਤ ਬਲਾਕਾਂ ਦੇ ਬਲਾਕ ਇੰਚਾਰਜਾਂ ਅਤੇ ਵਿਭਾਗੀ ਸਟਾਫ਼ ਵੱਲੋਂ ਵੀ ਸਿਖਲਾਈ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਗਈ।

No comments:
Post a Comment