Monday, September 28, 2026

ਪੀ.ਏ.ਯੂ.-ਕੇ.ਵੀ.ਕੇ. ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਮੇਲਾ ਆਯੋਜਿਤ

 ਸ੍ਰੀ ਮੁਕਤਸਰ ਸਾਹਿਬ, 28 ਸਤੰਬਰ:

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਅੱਜ ਕੇ.ਵੀ.ਕੇ. ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਲਗਭਗ 500 ਤੋਂ ਵੱਧ ਸੂਝਵਾਨ ਕਿਸਾਨਾਂ ਵੀਰਾਂ ਨੇ ਭਾਗ ਲਿਆ। ਇਸ ਮੇਲੇ ਦੀ ਪ੍ਰਧਾਨਗੀ ਕਰਦਿਆਂ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਕਰਮਜੀਤ ਸ਼ਰਮਾ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਇਸ ਤੋਂ ਇਲਾਵਾ, ਉਹਨਾਂ ਨੇ ਕਿਸਾਨਾਂ ਨੂੰ ਖੇਤੀ ਨਾਲ ਜੁੜੇ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਦਿਆਂ ਦੱਸਿਆ ਕਿ ਕੇ.ਵੀ.ਕੇ. ਵੱਲੋਂ ਵੱਖ ਵੱਖ ਸਹਾਇਕ ਧੰਦਿਆਂ ਲਈ ਸਿਖਲਾਈ ਦਿੱਤੀ ਜਾਂਦੀ ਹੈ, ਜਿਹਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਚੋਖਾ ਵਾਧਾ ਕਰ ਸਕਦੇ ਹਨ। ਇਸ ਮੇਲੇ ਵਿੱਚ ਡਾ. ਅਜੀਤਪਾਲ ਸਿੰਘ ਧਾਲੀਵਾਲ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਮੇਲੇ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੀ ਯੋਗ ਵਰਤੋਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਉਹਨਾਂ ਨੇ ਹਾੜੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਹੋਈਆਂ ਕਿਸਮਾਂ ਅਤੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ।
ਡਾ. ਜਗਮਨਜੋਤ ਸਿੰਘ ਮਾਨ, ਸਹਾਇਕ ਪ੍ਰੋਫ਼ੈਸਰ (ਭੂਮੀ ਵਿਗਿਆਨ) ਨੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਮਿੱਟੀ ਨੂੰ ਉਪਜਾਊ ਅਤੇ ਸਿਹਤਮੰਦ ਬਣਾਈ ਰੱਖਣ ਲਈ ਕਿਸਾਨਾਂ ਨੂੰ ਜੀਵਾਣੂੰ ਖਾਦਾਂ ਦੀ ਵਰਤੋਂ ਅਤੇ ਆਪਣੇ ਫ਼ਸਲੀ ਚੱਕਰ ਵਿੱਚ ਦਾਲਾਂ ਅਤੇ ਤੇਲ ਬੀਜ ਵਾਲੀਆਂ ਫ਼ਸਲਾਂ ਨੂੰ ਸ਼ਾਮਿਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਲਈ ਅਤੇ ਮਾੜੇ ਪਾਣੀਆਂ ਦੀ ਸੁਚੱਜੀ ਵਰਤੋਂ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫ਼ਲ ਵਿਗਿਆਨ) ਨੇ ਫ਼ਲਾਂ ਅਤੇ ਸਬਜੀਆਂ ਦੀ ਪੌਸ਼ਟਿਕ ਮਹੱਤਤਾ ਸਮਝਾਉਂਦੇ ਹੋਏ ਕਿਸਾਨ ਵੀਰਾਂ ਨੂੰ ਘਰੇਲੂ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ। ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਮੰਚ ਦਾ ਸੰਚਾਲਨ ਕਰਦਿਆਂ ਮੇਲੇ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।

ਇਸ ਮੇਲੇ ਵਿਚ ਵੱਖ-ਵੱਖ ਅਗਾਂਹਵਧੂ ਕਿਸਾਨ ਵੀਰਾਂ ਅਤੇ ਸੈਲਫ-ਹੈਲਪ ਗਰੁੱਪਾਂ ਵੱਲੋਂ ਆਪਣੀਆਂ-ਆਪਣੀਆ ਸਟਾਲਾਂ ਲਗਾਈਆਂ ਗਈਆਂ। ਮੇਲੇ ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਅਤੇ ਕੁਝ ਹੋਰ ਅਗਾਂਹਵਾਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕਿਸਾਨ ਵੀਰਾਂ ਵੱਲੋਂ ਖੇਤੀ ਮਸਲਿਆਂ ਸੰਬੰਧੀ ਕੀਤੇ ਗਏ ਸਵਾਲਾਂ ਦੇ ਮਾਹਿਰਾਂ ਵੱਲੋਂ ਮੌਕੇ ’ਤੇ ਜਵਾਬ ਵੀ ਦਿੱਤੇ ਗਏ।

No comments:

Post a Comment