ਬਠਿੰਡਾ, 29 ਸਤੰਬਰ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਝੋਨੇ ਦੀ ਪਰਾਲੀ/ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਸੀ.ਆਰ.ਐਮ. ਸਕੀਮ ਤਹਿਤ ਮੁੜ ਤੋਂ ਖੇਤੀਬਾੜੀ ਮਸ਼ੀਨਾਂ ਸਬਸਿਡੀ 'ਤੇ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਕੀਮ ਦਾ ਲਾਭ ਕੇਵਲ ਅਨੁਸੂਚਿਤ ਜਾਤੀ (ਐਸ.ਸੀ.) ਕੈਟਾਗਰੀ ਦੇ ਕਿਸਾਨ ਹੀ ਲੈ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ “ਪਹਿਲਾਂ ਆਓ, ਪਹਿਲਾਂ ਪਾਓ” ਦੇ ਆਧਾਰ 'ਤੇ ਸਬਸਿਡੀ ਦਿੱਤੀ ਜਾਵੇਗੀ। ਯੋਗ ਕਿਸਾਨ ਵਿਭਾਗ ਦੀ ਵੈੱਬਸਾਈਟ agrimachinerypb.com portal 'ਤੇ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਬਿਨਾਂ ਦੇਰੀ ਆਪਣੀਆਂ ਅਰਜ਼ੀਆਂ ਆਨਲਾਈਨ ਅਪਲਾਈ ਕਰਨ, ਕਿਉਂਕਿ ਸਬਸਿਡੀ “ਪਹਿਲਾਂ ਆਓ ਪਹਿਲਾਂ ਪਾਓ” ਦੇ ਅਧਾਰ 'ਤੇ ਮਿਲਣੀ ਹੈ, ਇਸ ਲਈ ਜਲਦੀ ਅਰਜ਼ੀ ਦੇਣ ਵਾਲੇ ਕਿਸਾਨਾਂ ਨੂੰ ਵੱਧ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ ਦੀ ਖਰੀਦ ਵੀ ਜਲਦੀ ਕਰਨ, ਤਾਂ ਜੋ ਆ ਰਹੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਖੇਤ ਵਿੱਚ ਹੀ ਵਾਹ ਕੇ ਜਾਂ ਸੰਭਾਲ ਕੇ ਪ੍ਰਬੰਧਨ ਕੀਤਾ ਜਾ ਸਕੇ।
ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਲੋਕਾਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਅਤੇ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ। ਇਸ ਲਈ ਕਿਸਾਨ ਵੀਰ ਸਰਕਾਰ ਦੀ ਇਸ ਸਕੀਮ ਦਾ ਫ਼ਾਇਦਾ ਉਠਾ ਕੇ ਪਰਾਲੀ ਨੂੰ ਬਿਨਾਂ ਸਾੜੇ ਸੰਭਾਲਣ ਵਿੱਚ ਆਪਣਾ ਯੋਗਦਾਨ ਪਾਉਣ।
ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਦਫ਼ਤਰ, ਬਠਿੰਡਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

No comments:
Post a Comment