Friday, October 30, 2026

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ ਕਣਕ ਦਾ ਤਸਦੀਕਸ਼ੁਦਾ ਬੀਜ-ਡਾ. ਜਗਦੇਵ ਸਿੰਘ

ਸਬਸਿਡੀ ’ਤੇ ਕਣਕ ਦਾ ਬੀਜ ਲੈਣ ਲਈ ਆਧਾਰ ਨੰਬਰ ਅਨਾਜ ਖਰੀਦ ਪੋਰਟਲ ’ਤੇ ਰਜਿਸਟਰਡ ਹੋਣਾ ਲਾਜ਼ਮੀ

ਫਤਹਿਗੜ੍ਹ ਸਾਹਿਬ, 30 ਅਕਤੂਬਰ

ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ ਦੇ ਤਸਦੀਕਸ਼ੁਦਾ ਬੀਜ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫਸਰ, ਡਾ.ਜਗਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਫਤਿਹਗੜ੍ਹ ਸਾਹਿਬ ਨੇ  ਦੱਸਿਆ ਕਿ ਸਬਸਿਡੀ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ ਅਤੇ ਆਈ.ਸੀ.ਏ.ਆਰ ਜਾਂ ਪੰਜਾਬ ਸਰਕਾਰ ਵੱਲੋਂ ਨੋਟੀਫਾਈ 10 ਸਾਲ ਤੱਕ ਪੁਰਾਣੀਆਂ ਪ੍ਰਮਾਣਿਤ ਕਣਕ ਦੀਆਂ ਕਿਸਮਾਂ ਤੇ ਹੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਜਾਂ ਵੱਧ ਤੋਂ ਵੱਧ 2000 ਰੁਪਏ ਪ੍ਰਤੀ ਕੁਇੰਟਲ ਸਹਾਇਤਾ ਨਾਲ ਕਣਕ ਦਾ ਤਸਦੀਕਸ਼ੁਦਾ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਇਹ ਬੀਜ ਕਿਸਾਨਾਂ ਖਰੀਦ ਸਮੇਂ ਹੀ ਸਹਾਇਤਾ ਰਾਸ਼ੀ ਘਟਾ ਕੇ ਦਿੱਤਾ ਜਾ ਰਿਹਾ ਹੈ ਅਤੇ ਇੱਕ ਕਿਸਾਨ ਵੱਧ ਤੋਂ ਵੱਧ ਇੱਕ ਹੈਕਟੇਅਰ ਲਈ ਹੀ ਸਬਸਿਡੀ ਵਾਲਾ ਬੀਜ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਬਸਿਡੀ ਵਾਲਾ ਬੀਜ ਪ੍ਰਾਪਤ ਕਰਨ ਲਈ ਕਿਸਾਨ ਦਾ ਆਧਾਰ ਨੰਬਰ ਪਹਿਲਾਂ ਅਨਾਜ ਖਰੀਦ ਪੋਰਟਲ 'ਤੇ ਰਜਿਸਟਰਡ ਹੋਣਾ ਲਾਜ਼ਮੀ ਹੈ। ਕਿਸਾਨ ਇਹ ਬੀਜ ਸਬਸਿਡੀ ਉੱਪਰ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਿਸਾਨ ਵੀਰ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਵਿਖੇ ਜਾ ਕੇ ਆਪਣਾ ਆਧਾਰ ਕਾਰਡ ਅਤੇ ਆਧਾਰ ਨਾਲ ਅਟੈਚ ਮੋਬਾਈਲ ਨੰਬਰ ਦੇ ਓਟੀਪੀ ਰਾਹੀਂ ਬੀਜ ਲੈ ਸਕਦੇ ਹਨ।

ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਪਿੰਡਾਂ ਨਾਲ ਸਬੰਧਤ ਸਰਕਲ ਇੰਚਾਰਜ ਜਾਂ ਬਲਾਕ ਪੱਧਰੀ ਦਫਤਰਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਬਲਾਕ ਸਰਹਿੰਦ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ 97818-48675, ਬਲਾਕ ਖੇੜਾ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ 94630-41053, ਬਲਾਕ ਬਸੀ ਪਠਾਣਾ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ 97804-49024, ਬਲਾਕ ਖਮਾਣੋਂ ਦੇ ਖੇਤੀਬਾੜੀ ਅਫ਼ਸਰ ਨਾਲ 95018-00975 ਅਤੇ ਬਲਾਕ ਅਮਲੋਹ ਦੇ ਖੇਤੀਬਾੜੀ ਅਫ਼ਸਰ  ਨਾਲ 96465-78198 ਮੋਬਾਇਲ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ

ਡਾ. ਅਮਰੀਕ ਸਿੰਘ, ਕੇਨ ਕਮਿਸ਼ਨਰ ਪੰਜਾਬ ਨੂੰ ‘ਨੈਸ਼ਨਲ ਐਵਾਰਡ ਆਫ਼ ਐਕਸੀਲੈਂਸ ਇਨ ਐਗਰੀਕਲਚਰ 2026’ ਨਾਲ ਸਨਮਾਨਿਤ ਕੀਤਾ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਅਕਤੂਬਰ

ਨਵੀਂ ਦਿੱਲੀ ਦੀ ਸੁਸਾਇਟੀ ਆਫ਼ ਐਗਰੀਕਲਚਰ ਐਂਡ ਬਾਇਓਲੋਜੀਕਲ ਸਾਇੰਸ ਰਿਸਰਚ ਵੱਲੋਂ ਪੰਜਾਬ ਦੇ ਕੇਨ ਕਮਿਸ਼ਨਰ ਡਾ. ਅਮਰੀਕ ਸਿੰਘ ਨੂੰ ਖੇਤੀਬਾੜੀ ਪਸਾਰ, ਤਕਨਾਲੋਜੀ ਦੇ ਪ੍ਰਸਾਰ, ਟਿਕਾਊ ਖੇਤੀਬਾੜੀ ਵਿਕਾਸ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਵਿੱਚ ਪਾਏ ਸ਼ਾਨਦਾਰ ਯੋਗਦਾਨ ਲਈ ਵੱਕਾਰੀ ‘ਨੈਸ਼ਨਲ ਐਵਾਰਡ ਆਫ਼ ਐਕਸੀਲੈਂਸ ਇਨ ਐਗਰੀਕਲਚਰ 2026’ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਹ ਪੁਰਸਕਾਰ ਉੱਤਰਾਖੰਡ ਦੇ ਦੇਹਰਾਦੂਨ ਵਿਖੇ ਆਯੋਜਿਤ 15ਵੀਂ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਕਾਨਫਰੰਸ ਦਾ ਵਿਸ਼ਾ “ਖੇਤੀਬਾੜੀ, ਬਾਗ਼ਬਾਨੀ ਅਤੇ ਜੰਗਲਾਤ: ਲਚਕੀਲੇ ਫ਼ਸਲੀ ਪ੍ਰਬੰਧ” (Agriculture, Horticulture and Forestry: Resilient Cropping Systems) ਸੀ। ਇਸ ਕਾਨਫਰੰਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਵਾਨਾਂ, ਅਧਿਆਪਕਾਂ, ਖੋਜਕਰਤਾਵਾਂ ਅਤੇ ਖੇਤੀਬਾੜੀ ਮਾਹਿਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਨਵੀਆਂ ਤਕਨੀਕੀ ਤਰੱਕੀਆਂ, ਲਚਕੀਲੇ ਫ਼ਸਲੀ ਪ੍ਰਬੰਧਾਂ ਅਤੇ ਸਿੱਖਿਆ, ਖੋਜ ਤੇ ਖੇਤੀਬਾੜੀ ਵਿਕਾਸ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਪਰਿਵਰਤਨਸ਼ੀਲ ਭੂਮਿਕਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਨਫਰੰਸ ਦਾ ਮੁੱਖ ਵਿਸ਼ਾ “ਏਆਈ ਨਾਲ ਤਕਨਾਲੋਜੀ ਦਾ ਨਵਾਂ ਵਿਸਥਾਰ” (Transcending Technology with AI) ਸੀ, ਜਿਸ ਵਿੱਚ ਖੇਤੀਬਾੜੀ ਦੀਆਂ ਮੌਜੂਦਾ ਚੁਣੌਤੀਆਂ ਦੇ ਹੱਲ ਲਈ ਨਵੀਨਤਮ ਤਕਨਾਲੋਜੀਆਂ ਦੀ ਸੰਭਾਵਨਾ ਨੂੰ ਉਜਾਗਰ ਕੀਤਾ ਗਿਆ।

ਖੇਤੀਬਾੜੀ ਪਸਾਰ ਅਤੇ ਵਿਕਾਸ ਦੇ ਖੇਤਰ ਵਿੱਚ 36 ਸਾਲਾਂ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਖੋਜ ਸੰਸਥਾਵਾਂ ਅਤੇ ਕਿਸਾਨ ਭਾਈਚਾਰੇ ਦਰਮਿਆਨ ਤਾਲਮੇਲ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਆਪਣੇ ਪੂਰੇ ਸੇਵਾ ਕਾਲ ਦੌਰਾਨ ਉਨ੍ਹਾਂ ਨੇ ਵਿਗਿਆਨਕ ਖੋਜਾਂ ਅਤੇ ਨਵੀਆਂ ਤਕਨੀਕਾਂ ਨੂੰ ਕਿਸਾਨਾਂ ਲਈ ਸਰਲ, ਵਿਹਾਰਕ ਅਤੇ ਲਾਹੇਵੰਦ ਰੂਪ ਵਿੱਚ ਪੇਸ਼ ਕਰਨ ਲਈ ਨਿਰੰਤਰ ਯਤਨ ਕੀਤੇ ਹਨ, ਤਾਂ ਜੋ ਖੇਤੀਬਾੜੀ ਉਤਪਾਦਕਤਾ, ਮੁਨਾਫ਼ੇ ਅਤੇ ਟਿਕਾਊਪਣ ਵਿੱਚ ਵਾਧਾ ਕੀਤਾ ਜਾ ਸਕੇ।

ਕੇਨ ਕਮਿਸ਼ਨਰ ਪੰਜਾਬ ਵਜੋਂ ਡਾ. ਅਮਰੀਕ ਸਿੰਘ ਦਾ ਯੋਗਦਾਨ

ਕੇਨ ਕਮਿਸ਼ਨਰ ਪੰਜਾਬ ਵਜੋਂ ਡਾ. ਸਿੰਘ ਵਿਗਿਆਨਕ ਢੰਗ ਨਾਲ ਗੰਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ, ਫ਼ਸਲ ਦੀ ਉਤਪਾਦਕਤਾ ਵਧਾਉਣ ਅਤੇ ਆਧੁਨਿਕ ਤੇ ਸਰੋਤ-ਕੁਸ਼ਲ ਉਤਪਾਦਨ ਤਕਨੀਕਾਂ ਅਪਣਾਉਣ ਲਈ ਸਰਗਰਮੀ ਨਾਲ ਕੰਮ ਕਰਦੇ ਰਹੇ ਹਨ। ਉਨ੍ਹਾਂ ਦੇ ਯਤਨਾਂ ਦਾ ਮੁੱਖ ਉਦੇਸ਼ ਗੰਨੇ ਹੇਠ ਰਕਬਾ ਵਧਾਉਣਾ, ਕਾਸ਼ਤ ਦੇ ਢੰਗਾਂ ਵਿੱਚ ਸੁਧਾਰ ਕਰਨਾ, ਮਿਆਰੀ ਬੀਜ ਸਮੱਗਰੀ ਦੀ ਉਪਲਬਧਤਾ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਤੱਕ ਸੁਧਰੀਆਂ ਕਾਸ਼ਤ ਤਕਨੀਕਾਂ ਪਹੁੰਚਾਉਣਾ ਰਿਹਾ ਹੈ।

ਉਨ੍ਹਾਂ ਨੇ ਗੰਨੇ ਦੀ ਕਾਸ਼ਤ ਵਿੱਚ ਨਵੀਨਤਮ ਤਰੀਕਿਆਂ ਨੂੰ ਉਤਸ਼ਾਹਿਤ ਕੀਤਾ ਹੈ, ਜਿਨ੍ਹਾਂ ਵਿੱਚ ਸੁਧਰੇ ਹੋਏ ਬਿਜਾਈ ਢੰਗ, ਢੁਕਵਾਂ ਫ਼ਾਸਲਾ, ਮਿਆਰੀ ਬੀਜ ਉਤਪਾਦਨ, ਕੁਸ਼ਲ ਖਾਦ ਪ੍ਰਬੰਧਨ ਅਤੇ ਅੰਤਰ-ਕਾਸ਼ਤ ਤੇ ਅੰਤਰ-ਫ਼ਸਲ ਪ੍ਰਣਾਲੀਆਂ ਨੂੰ ਅਪਣਾਉਣਾ ਸ਼ਾਮਲ ਹੈ। ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਗੰਨੇ ਦੀ ਪੈਦਾਵਾਰ ਵਧਾਉਣਾ, ਖੇਤੀਬਾੜੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਪੰਜਾਬ ਵਿੱਚ ਗੰਨਾ ਖੇਤਰ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਉਣਾ ਹੈ।

ਡਾ. ਸਿੰਘ ਦੇ ਪ੍ਰਮੁੱਖ ਯੋਗਦਾਨਾਂ ਵਿੱਚੋਂ ਇੱਕ ਖੇਤੀਬਾੜੀ ਤਕਨਾਲੋਜੀਆਂ ਦੇ ਤੇਜ਼ੀ ਨਾਲ ਪ੍ਰਸਾਰ ਲਈ ਡਿਜੀਟਲ ਅਤੇ ਸੋਸ਼ਲ ਮੀਡੀਆ ਮੰਚਾਂ ਦੀ ਵਰਤੋਂ ਕਰਨਾ ਹੈ। ਡਿਜੀਟਲ ਸੰਚਾਰ ਦੀ ਵਧਦੀ ਮਹੱਤਤਾ ਨੂੰ ਸਮਝਦਿਆਂ ਉਨ੍ਹਾਂ ਨੇ ਵਟਸਐਪ, ਯੂਟਿਊਬ, ਫੇਸਬੁੱਕ ਅਤੇ ਹੋਰ ਆਨਲਾਈਨ ਮੰਚਾਂ ਦੀ ਪ੍ਰਭਾਵਸ਼ਾਲੀ ਵਰਤੋਂ ਰਾਹੀਂ ਖੇਤੀਬਾੜੀ ਮਾਹਿਰਾਂ ਨੂੰ ਕਿਸਾਨਾਂ ਨਾਲ ਜੋੜਿਆ ਹੈ। ਇਨ੍ਹਾਂ ਮੰਚਾਂ ਰਾਹੀਂ ਫ਼ਸਲਾਂ ਦੀ ਕਾਸ਼ਤ, ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ, ਮਿੱਟੀ ਦੀ ਸਿਹਤ, ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਟਿਕਾਊ ਖੇਤੀਬਾੜੀ ਤਰੀਕਿਆਂ ਬਾਰੇ ਸਮੇਂ ਸਿਰ ਵਿਹਾਰਕ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।

ਕਿਸਾਨ-ਕੇਂਦਰਿਤ ਡਿਜੀਟਲ ਪਸਾਰ ਉਪਰਾਲਿਆਂ ਸਦਕਾ ਖੇਤੀਬਾੜੀ ਨਾਲ ਸਬੰਧਤ ਗਿਆਨ ਤੱਕ ਕਿਸਾਨਾਂ ਦੀ ਪਹੁੰਚ ਆਸਾਨ ਹੋਈ ਹੈ। ਇਸ ਨਾਲ ਰਵਾਇਤੀ ਪਸਾਰ ਸੇਵਾਵਾਂ ਦੀਆਂ ਭੂਗੋਲਿਕ ਅਤੇ ਪ੍ਰਬੰਧਕੀ ਸੀਮਾਵਾਂ ਤੋਂ ਪਰੇ ਰਹਿੰਦਿਆਂ ਵੀ ਕਿਸਾਨਾਂ ਨੂੰ ਤਕਨੀਕੀ ਸਲਾਹ ਪ੍ਰਾਪਤ ਕਰਨ ਵਿੱਚ ਮਦਦ ਮਿਲੀ ਹੈ। ਇਨ੍ਹਾਂ ਉਪਰਾਲਿਆਂ ਰਾਹੀਂ ਉਨ੍ਹਾਂ ਨੇ ਆਪਸੀ ਸੰਵਾਦ, ਖੇਤੀਬਾੜੀ ਸਲਾਹਾਂ ਦੇ ਤੇਜ਼ ਪ੍ਰਸਾਰ ਅਤੇ ਨਵੀਆਂ ਤਕਨੀਕਾਂ ਅਪਣਾਉਣ ਵਿੱਚ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਹੈ।

ਉਨ੍ਹਾਂ ਦਾ ਤਜਰਬਾ ਦਰਸਾਉਂਦਾ ਹੈ ਕਿ ਜਦੋਂ ਡਿਜੀਟਲ ਸਾਧਨਾਂ ਨੂੰ ਖੇਤ ਪ੍ਰਦਰਸ਼ਨੀਆਂ, ਕਿਸਾਨ ਮੀਟਿੰਗਾਂ, ਸਿਖਲਾਈ ਪ੍ਰੋਗਰਾਮਾਂ ਅਤੇ ਨਿੱਜੀ ਸੰਪਰਕ ਨਾਲ ਜੋੜਿਆ ਜਾਂਦਾ ਹੈ, ਤਾਂ ਖੇਤੀਬਾੜੀ ਪਸਾਰ ਸੇਵਾਵਾਂ ਨੂੰ ਵਧੇਰੇ ਸਮਾਵੇਸ਼ੀ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਖੇਤੀਬਾੜੀ ਪਸਾਰ ਨਾਲ ਸਬੰਧਤ ਜ਼ਿੰਮੇਵਾਰੀਆਂ ਤੋਂ ਇਲਾਵਾ, ਡਾ. ਸਿੰਘ ਨੇ ਟਿਕਾਊ ਖੇਤੀਬਾੜੀ ਤਰੀਕਿਆਂ, ਵਿਸ਼ੇਸ਼ ਤੌਰ ’ਤੇ ਝੋਨਾ-ਕਣਕ ਫ਼ਸਲੀ ਪ੍ਰਣਾਲੀ ਵਿੱਚ ਪਰਾਲੀ ਦੇ ਪ੍ਰਬੰਧਨ ਬਾਰੇ ਖੋਜ ਵਿੱਚ ਵੀ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਡਾਕਟਰੇਟ ਖੋਜ ਵਿੱਚ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਸਥਿਰਤਾ ਦੇ ਸੰਦਰਭ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਦਾ ਅਧਿਐਨ ਕੀਤਾ ਗਿਆ।

ਇਹ ਖੋਜ ਪੰਜਾਬ ਲਈ ਵਿਸ਼ੇਸ਼ ਮਹੱਤਤਾ ਰੱਖਦੀ ਹੈ, ਕਿਉਂਕਿ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਇੱਕ ਮਹੱਤਵਪੂਰਨ ਖੇਤੀਬਾੜੀ ਅਤੇ ਵਾਤਾਵਰਣਕ ਮੁੱਦਾ ਹੈ। ਪਰਾਲੀ ਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਨਾਲ ਮਿੱਟੀ ਵਿੱਚ ਜੈਵਿਕ ਪਦਾਰਥ ਦੀ ਮਾਤਰਾ ਕਾਇਮ ਰੱਖਣ, ਪੌਸ਼ਟਿਕ ਤੱਤਾਂ ਦੇ ਚੱਕਰ ਨੂੰ ਬਿਹਤਰ ਬਣਾਉਣ, ਵਾਤਾਵਰਣ ਪ੍ਰਦੂਸ਼ਣ ਘਟਾਉਣ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੀਆਂ ਤੀਬਰ ਫ਼ਸਲੀ ਪ੍ਰਣਾਲੀਆਂ ਨੂੰ ਟਿਕਾਊ ਬਣਾਉਣ ਵਿੱਚ ਮਦਦ ਮਿਲ ਸਕਦੀ ਹੈ।

ਉਨ੍ਹਾਂ ਦੀ ਖੋਜ ਅਤੇ ਪਸਾਰ ਦਾ ਤਜਰਬਾ ਉੱਭਰ ਰਹੀਆਂ ਖੇਤੀਬਾੜੀ ਚੁਣੌਤੀਆਂ ਦੇ ਹੱਲ ਲਈ ਵਿਗਿਆਨਕ ਤੱਥਾਂ, ਵਿਹਾਰਕ ਖੇਤ ਤਜਰਬੇ ਅਤੇ ਕਿਸਾਨਾਂ ਦੀ ਭਾਗੀਦਾਰੀ ਨੂੰ ਇਕੱਠੇ ਜੋੜਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਡਾ. ਸਿੰਘ ਨੇ ਕਿਸਾਨ ਸਿਖਲਾਈ ਪ੍ਰੋਗਰਾਮਾਂ, ਜਾਗਰੂਕਤਾ ਮੁਹਿੰਮਾਂ, ਖੇਤ ਪ੍ਰਦਰਸ਼ਨੀਆਂ, ਖੇਤੀਬਾੜੀ ਕੈਂਪਾਂ ਅਤੇ ਸਮਰੱਥਾ ਨਿਰਮਾਣ ਗਤੀਵਿਧੀਆਂ ਦੇ ਆਯੋਜਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਿਸਾਨਾਂ ਨੂੰ ਸੁਧਰੀਆਂ ਫ਼ਸਲ ਉਤਪਾਦਨ ਤਕਨੀਕਾਂ, ਮਿੱਟੀ ਦੀ ਪਰਖ, ਸੰਤੁਲਿਤ ਖਾਦਾਂ ਦੀ ਵਰਤੋਂ, ਏਕੀਕ੍ਰਿਤ ਪੌਸ਼ਟਿਕ ਤੱਤ ਪ੍ਰਬੰਧਨ, ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਖੇਤੀਬਾੜੀ ਸਰੋਤਾਂ ਦੀ ਕੁਸ਼ਲ ਵਰਤੋਂ ਬਾਰੇ ਵਿਹਾਰਕ ਗਿਆਨ ਪ੍ਰਦਾਨ ਕਰਨਾ ਰਿਹਾ ਹੈ।

ਕਿਸਾਨਾਂ, ਵਿਗਿਆਨੀਆਂ, ਖੇਤੀਬਾੜੀ ਪਸਾਰ ਮਾਹਿਰਾਂ ਅਤੇ ਵਿਭਾਗੀ ਅਧਿਕਾਰੀਆਂ ਦਰਮਿਆਨ ਸਿੱਧੇ ਸੰਪਰਕ ਨੂੰ ਉਤਸ਼ਾਹਿਤ ਕਰਕੇ ਉਨ੍ਹਾਂ ਨੇ ਲੋੜ-ਅਧਾਰਿਤ ਅਤੇ ਸਥਾਨਕ ਹਾਲਾਤਾਂ ਅਨੁਸਾਰ ਢੁਕਵੀਆਂ ਖੇਤੀਬਾੜੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਦੀ ਕਾਰਜਸ਼ੈਲੀ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਵਿਕਾਸ ਦੇ ਕੇਂਦਰ ਵਿੱਚ ਰੱਖਣ, ਨਿਰੰਤਰ ਸਿੱਖਿਆ, ਖੇਤ ਪੱਧਰ ’ਤੇ ਸਮੱਸਿਆਵਾਂ ਦੇ ਹੱਲ ਅਤੇ ਵਿਗਿਆਨਕ ਜਾਣਕਾਰੀ ਦੇ ਸਮੇਂ ਸਿਰ ਪ੍ਰਸਾਰ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਜਾਂਦੀ ਹੈ।

ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਪਸਾਰ ਦੇ ਤਰੀਕਿਆਂ ਵਿੱਚ ਨਵੀਆਂ ਤਰੱਕੀਆਂ ਅਤੇ ਏਆਈ-ਅਧਾਰਿਤ ਨਵੀਨਤਮ ਤਕਨੀਕਾਂ ਬਾਰੇ ਵਿਸ਼ੇਸ਼ ਲੈਕਚਰ ਦਿੱਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਆਰਟੀਫ਼ੀਸ਼ੀਅਲ ਇੰਟੈਲੀਜੈਂਸ, ਡਿਜੀਟਲ ਸੰਚਾਰ ਅਤੇ ਅੰਕੜਿਆਂ ’ਤੇ ਅਧਾਰਿਤ ਸਲਾਹਕਾਰੀ ਸੇਵਾਵਾਂ ਖੇਤੀਬਾੜੀ ਪਸਾਰ ਨੂੰ ਵਧੇਰੇ ਸਟੀਕ, ਸਮੇਂ ਸਿਰ ਅਤੇ ਕਿਸਾਨ-ਕੇਂਦਰਿਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ।

ਉਨ੍ਹਾਂ ਨੇ ਉੱਭਰ ਰਹੀਆਂ ਤਕਨੀਕਾਂ ਦੀ ਮਦਦ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਾਸ ਲੋੜਾਂ ਅਨੁਸਾਰ ਫ਼ਸਲ ਸਬੰਧੀ ਸਲਾਹਾਂ ਦੇਣ, ਵਿਗਿਆਨਕ ਜਾਣਕਾਰੀ ਤੱਕ ਪਹੁੰਚ ਬਿਹਤਰ ਬਣਾਉਣ, ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦੀ ਸ਼ੁਰੂਆਤੀ ਪੜਾਅ ’ਤੇ ਪਛਾਣ ਕਰਨ ਅਤੇ ਕਿਸਾਨਾਂ ਦੀ ਫ਼ੈਸਲੇ ਲੈਣ ਦੀ ਸਮਰੱਥਾ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਉਜਾਗਰ ਕੀਤੀਆਂ। ਉਨ੍ਹਾਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਤਕਨੀਕੀ ਨਵੀਨਤਾ ਨੂੰ ਕਿਸਾਨਾਂ ਦੇ ਵਿਹਾਰਕ ਤਜਰਬੇ ਅਤੇ ਖੇਤੀਬਾੜੀ ਵਿਗਿਆਨੀਆਂ ਤੇ ਪਸਾਰ ਮਾਹਿਰਾਂ ਦੀ ਮੁਹਾਰਤ ਨਾਲ ਜੋੜਨਾ ਜ਼ਰੂਰੀ ਹੈ।

ਕਾਨਫਰੰਸ ਵਿੱਚ ਉਨ੍ਹਾਂ ਦੇ ਯੋਗਦਾਨ ਨੇ ਖੇਤੀਬਾੜੀ ਪਸਾਰ ਪ੍ਰਣਾਲੀਆਂ ਨੂੰ ਆਧੁਨਿਕ ਬਣਾਉਣ ਦੀ ਵਧਦੀ ਲੋੜ ਨੂੰ ਉਜਾਗਰ ਕੀਤਾ, ਤਾਂ ਜੋ ਵਿਗਿਆਨਕ ਜਾਣਕਾਰੀ ਕਿਸਾਨਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੇ, ਉਤਪਾਦਕਤਾ ਵਿੱਚ ਵਾਧਾ ਹੋਵੇ, ਬਚਾਏ ਜਾ ਸਕਣ ਵਾਲੇ ਖੇਤੀ ਲਾਗਤ ਖ਼ਰਚੇ ਘਟਣ ਅਤੇ ਵਾਤਾਵਰਣ ਪੱਖੀ ਖੇਤੀਬਾੜੀ ਨੂੰ ਉਤਸ਼ਾਹ ਮਿਲੇ।

‘ਨੈਸ਼ਨਲ ਐਵਾਰਡ ਆਫ਼ ਐਕਸੀਲੈਂਸ ਇਨ ਐਗਰੀਕਲਚਰ 2026’ ਨਾਲ ਸਨਮਾਨਿਤ ਹੋਣਾ ਡਾ. ਅਮਰੀਕ ਸਿੰਘ ਦੀ ਖੇਤੀਬਾੜੀ ਵਿਕਾਸ, ਕਿਸਾਨ ਭਲਾਈ, ਵਿਗਿਆਨਕ ਨਵੀਨਤਾ ਅਤੇ ਖੇਤੀਬਾੜੀ ਤਕਨਾਲੋਜੀ ਦੇ ਪ੍ਰਭਾਵਸ਼ਾਲੀ ਪ੍ਰਸਾਰ ਪ੍ਰਤੀ ਲੰਬੇ ਸਮੇਂ ਤੋਂ ਜਾਰੀ ਵਚਨਬੱਧਤਾ ਦੀ ਮਾਨਤਾ ਹੈ। ਇਹ ਸਨਮਾਨ ਖੋਜ ਸੰਸਥਾਵਾਂ ਅਤੇ ਕਿਸਾਨ ਭਾਈਚਾਰੇ ਦਰਮਿਆਨ ਪਾੜੇ ਨੂੰ ਘਟਾਉਣ ਵਿੱਚ ਖੇਤੀਬਾੜੀ ਪਸਾਰ ਮਾਹਿਰਾਂ ਦੀ ਅਹਿਮ ਭੂਮਿਕਾ ਨੂੰ ਵੀ ਉਜਾਗਰ ਕਰਦਾ ਹੈ।

ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਸ੍ਰ ਗੁਰਮੀਤ ਸਿੰਘ ਖੁੱਡੀਆਂ ,ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ,ਪ੍ਰਬੰਧਕੀ ਸਕੱਤਰ ਖੇਤੀਬਾੜੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਕਟਰ ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਡਾ. ਅਮਰੀਕ ਸਿੰਘ ਨੂੰ ਇਹ ਕੌਮੀ ਪੁਰਸਕਾਰ ਪ੍ਰਾਪਤ ਕਰਨ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਡਾ. ਸਿੰਘ ਵੱਲੋਂ ਖੇਤੀਬਾੜੀ ਖੇਤਰ ਵਿੱਚ ਪਾਏ ਯੋਗਦਾਨ ਦੀ ਮਾਨਤਾ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਦੱਸਿਆ।

Thursday, October 29, 2026

ਕਣਕ ਦੇ ਤਸਦੀਕਸ਼ੁਦਾ ਬੀਜ ਦੀ ਖਰੀਦ ’ਤੇ ਕਿਸਾਨਾਂ ਨੂੰ ਮਿਲੇਗੀ 2,000 ਰੁਪਏ ਤੱਕ ਦੀ ਸਬਸਿਡੀ

*ਬੀਜ ਦੀ ਖਰੀਦ ਲਈ ਕਿਸਾਨ ਆਪਣੇ ਬਲਾਕ ਖੇਤੀਬਾੜੀ ਦਫਤਰ ਵਿੱਚ ਕਰਨ ਸੰਪਰਕ  – ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ. ਨਗਰ*

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਅਕਤੂਬਰ

ਹਾੜੀ ਸੀਜ਼ਨ 2026-27 ਦੌਰਾਨ ਕਿਸਾਨਾਂ ਨੂੰ ਕਣਕ ਦਾ ਤਸਦੀਕਸ਼ੁਦਾ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਵਿਭਾਗ ਵੱਲੋਂ ਸਪਲਾਈ ਕੀਤਾ ਤਸਦੀਕਸ਼ੁਦਾ ਬੀਜ ਖਰੀਦਣ ’ਤੇ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਕਿਸਾਨਾਂ ਨੂੰ ਬੀਜ ਦੀ ਖਰੀਦ ਤੇ ਪ੍ਰਤੀ ਕੁਇੰਟਲ 2,000 ਰੁਪਏ ਜਾਂ ਬੀਜ ਦੀ ਕੀਮਤ ਦਾ 50 ਫ਼ੀਸਦੀ, ਜੋ ਵੀ ਘੱਟ ਹੋਵੇ, ਦੇ ਹਿਸਾਬ ਨਾਲ ਵੱਧ ਤੋਂ ਵੱਧ 2,000 ਰੁਪਏ ਪ੍ਰਤੀ ਕੁਇੰਟਲ ਦੀ ਸਹਾਇਤਾ ਦਿੱਤੀ ਜਾਵੇਗੀ। ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਣਕ ਦੀ ਬਿਜਾਈ ਲਈ ਤਸਦੀਕਸ਼ੁਦਾ ਬੀਜ ਪ੍ਰਾਪਤ ਕਰਨ ਵਾਸਤੇ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।

 ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ. ਨਗਰ ਡਾ ਰਾਕੇਸ਼ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਕਣਕ ਦੇ ਤਸਦੀਕਸ਼ੁਦਾ ਬੀਜ ਲਈ ਵਿਭਾਗ ਦੇ ਆਨਲਾਈਨ ਪੋਰਟਲ www.agrimachinerypb.com ਰਾਹੀਂ ਖੁਦ ਵੀ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਜਾ ਕੇ ਵੀ ਆਨਲਾਈਨ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਛੁੱਟੀ ਵਾਲੇ ਦਿਨਾਂ ਵਿੱਚ ਵੀ ਬੀਜ ਮੁਹੱਈਆ ਕਰਵਾਉਣ ਲਈ ਬਲਾਕ ਖੇਤੀਬਾੜੀ ਦਫ਼ਤਰ ਖੁੱਲ੍ਹੇ ਰਹਿਣਗੇ। ਕਣਕ ਦੇ ਬੀਜ ਦੀ ਕਿਸੇ ਵੀ ਜਾਣਕਾਰੀ ਜਾਂ ਸਬਸਿਡੀ ਸੰਬੰਧੀ ਬਲਾਕ ਖਰੜ ਦੇ ਕਿਸਾਨ ਆਪਣੇ ਬਲਾਕ ਖੇਤੀਬਾੜੀ ਅਫ਼ਸਰ ਡਾ.ਸ਼ੁਭਕਰਨ ਸਿੰਘ, ਮੋਬਾਈਲ ਨੰਬਰ: 84279 77101 , ਬਲਾਕ ਮਾਜਰੀ ਤੋ ਖੇਤੀਬਾੜੀ ਅਫ਼ਸਰ, ਡਾ. ਰਮਨ ਕਰੋੜੀਆ, ਮੋਬਾਈਲ ਨੰਬਰ: 98156 77245 ਅਤੇ ਡੇਰਾਬੱਸੀ ਤੋ ਖੇਤੀਬਾੜੀ ਵਿਕਾਸ ਅਫਸਰ ਡਾ ਕਲਪਨਾ 8949-234345 ਨਾਲ ਸੰਪਰਕ ਕਰ ਸਕਦੇ ਹਨ ।

ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ,ਐੱਸ.ਏ.ਐੱਸ ਨਗਰ ਡਾ ਰਾਕੇਸ਼ ਕੁਮਾਰ ਸ਼ਰਮਾ ਵੱਲੋਂ ਕਿਸਾਨਾਂ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਮੇਂ ਸਿਰ ਤਸਦੀਕਸ਼ੁਦਾ ਬੀਜ ਪ੍ਰਾਪਤ ਕਰਨ ਲਈ ਅਪਲਾਈ ਕਰਨ ਅਤੇ ਕਣਕ ਦੀ ਬਿਜਾਈ ਲਈ ਤਸਦੀਕਸ਼ੁਦਾ ਬੀਜ ਹੀ ਖਰੀਦਣ ।ਕਿਸਾਨ ਸਰਕਾਰ ਦੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ

4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ

ਚੰਡੀਗੜ੍ਹ, 29 ਅਕਤੂਬਰ:

ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ।

ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20,713.24 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੀ ਸਮੀਖਿਆ ਲਈ ਬੁਲਾਈ ਗਈ ਮੀਟਿੰਗ ਦੌਰਾਨ ਦਿੱਤੀ।

ਉਹਨਾਂ ਦੱਸਿਆ ਕਿ ਲਿਫਟਿੰਗ 70 ਲੱਖ ਮੀਟ੍ਰਿਕ ਟਨ ਹੋ ਚੁੱਕੀ ਹੈ, ਜੋ 72 ਘੰਟਿਆਂ ਦੇ ਚੱਕਰ ਦੇ ਹਿਸਾਬ ਨਾਲ ਲਗਭਗ 86 ਫੀਸਦੀ ਬਣਦੀ ਹੈ।

ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 2500 ਤੋਂ ਵੱਧ ਮੰਡੀਆਂ ਚਾਲੂ ਹਨ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਖਰੀਦੀ ਜਾ ਰਹੀ ਹੈ।

ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸੂਬਾ 180 ਲੱਖ ਮੀਟ੍ਰਿਕ ਟਨ ਦੇ ਖਰੀਦ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕਰ ਲਵੇਗਾ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਾਹਰਲੇ ਸੂਬਿਆਂ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਵਿਕੇ ਅਤੇ ਖੇਤੀ ਖੇਤਰ ਦੇ ਹਿੱਤਾਂ ਦੀ ਰਾਖੀ ਲਈ ਇਸ ਸਬੰਧ ਵਿੱਚ ਸਖ਼ਤ ਨਿਗਰਾਨੀ ਰੱਖੀ ਜਾਵੇ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਬੜੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਵਚਨਬੱਧ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਸ੍ਰੀ ਰਾਹੁਲ ਤਿਵਾੜੀ, ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਸ੍ਰੀ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ (ਵਿੱਤ) ਸ੍ਰੀ ਸਰਵੇਸ਼ ਕੁਮਾਰ ਵੀ ਮੌਜੂਦ ਸਨ।

ਖੇਤੀਬਾੜੀ ਵਿਭਾਗ ਵੱਲੋਂ ਅਣ-ਅਧਿਕਾਰਤ ਗੋਦਾਮ ਕੀਤਾ ਗਿਆ ਸੀਲ, ਐੱਫ ਆਈ ਆਰ ਦਰਜ

ਬਠਿੰਡਾ, 29 ਅਕਤੂਬਰ :

ਗੁਪਤ ਸੂਚਨਾ ਦੇ ਆਧਾਰ 'ਤੇ ਖੇਤੀਬਾੜੀ ਵਿਭਾਗ ਦੀ ਇੱਕ ਟੀਮ ਵੱਲੋਂ ਬਲਾਕ ਨਥਾਣਾ ਦੇ ਭੁੱਚੋ ਮੰਡੀ ਵਿਖੇ ਮੈਸ.ਐੱਸ.ਆਰ. ਗੋਇਲ ਟਰੇਡਿੰਗ ਨਾਲ ਸਬੰਧਤ ਇਕ ਅਣ-ਅਧਿਕਾਰਤ ਗੋਦਾਮ ਦੀ ਚੈਕਿੰਗ ਕੀਤੀ ਗਈ ਅਤੇ ਉਸ ਨੂੰ ਸੀਲ ਕਰਕੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਦੇਖਿਆ ਗਿਆ ਕਿ ਉਕਤ ਅਣ-ਅਧਿਕਾਰਤ ਗੋਦਾਮ ਵਿੱਚ ਕਾਫੀ ਮਾਤਰਾ ਵਿੱਖ ਖਾਦਾਂ ਅਤੇ ਕੀੜੇਮਾਰ ਦਵਾਈਆਂ ਸਟੋਰ ਕਰਕੇ ਰੱਖੀਆਂ ਗਈਆ ਸਨ। ਇਸ ਤੋਂ ਇਲਾਵਾ ਗੁਦਾਮ ਵਿੱਚ ਚਿੱਟੇ ਰੰਗ ਦੇ ਥੈਲਿਆਂ ਵਿੱਚ ਕੋਈ ਪਦਾਰਥ ਸਟੋਰ ਕਰਕੇ ਰੱਖਿਆ ਗਿਆ ਸੀ ਅਤੇ ਮੌਕੇ ਤੋਂ ਕਈ ਨਾਮੀ ਕੰਪਨੀਆਂ ਦੇ ਛਪੇ ਹੋਏ ਅਣਵਰਤੇ ਥੈਲੇ ਵੀ ਬਰਾਮਦ ਕੀਤੇ ਗਏ ਜੋ ਕਿ ਸ਼ੱਕੀ ਜਾਪ ਰਹੇ ਹਨ। ਇਸ ਸਬੰਧ ਵਿੱਚ ਮੈਸ.ਐੱਸ.ਆਰ. ਗੋਇਲ ਟਰੇਡਿੰਗ ਦੇ ਨੁਮਾਇੰਦੇ ਵੱਲੋਂ ਉਕਤ ਖਾਦਾਂ ਨਾਲ ਸਬੰਧਤ ਕੋਈ ਵੀ ਦਸਤਾਵੇਜ਼ ਵਿਭਾਗ ਦੇ ਅਧਿਕਾਰੀਆਂ ਪਾਸ ਪੇਸ਼ ਨਹੀਂ ਕੀਤਾ ਗਿਆ।
ਇਸ ਆਧਾਰ 'ਤੇ ਕਾਰਵਾਈ ਕਰਦੇ ਹੋਏ ਮਿਤੀ 28.10.2026 ਨੂੰ ਗੋਦਾਮ ਨੂੰ ਸੀਲ ਕਰਨ ਉਪਰੰਤ ਸਬੰਧਤ ਫਰਮ ਖਿਲਾਫ ਐਫ.ਆਈ.ਆਰ. ਨੰਬਰ 0275 ਮਿਤੀ 29-10-2026 ਦਰਜ ਕਰਵਾ ਦਿੱਤੀ ਗਈ ਹੈ। ਅਣ-ਅਧਿਕਾਰਤ ਗੁਦਾਮ ਵਿੱਚ ਪਈਆਂ ਖਾਦਾਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ, ਜੋ ਕਿ ਸਬੰਧਤ ਲੈਬਾਰਟਰੀਆਂ ਨੂੰ ਪਹਿਲ ਦੇ ਆਧਾਰ 'ਤੇ ਟੈਸਟ ਕਰਨ ਸਬੰਧੀ ਭੇਜ ਦਿੱਤੇ ਜਾਣਗੇ ਅਤੇ ਜੇਕਰ ਕੋਈ ਸੈਂਪਲ ਫੇਲ੍ਹ ਪਾਇਆ ਜਾਂਦਾ ਹੈ ਤਾਂ ਫਰਮ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਝੋਨੇ ਦੀ ਪਰਾਲੀ ਨੂੰ ਬੋਝ ਸਮਝਣ ਦੀ ਬਜਾਏ ਖੇਤ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਸਰੋਤ ਵਜੋਂ ਦੇਖਣ ਦੀ ਲੋੜ

*ਕਣਕ ਦੀ ਸਫ਼ਲ ਕਾਸ਼ਤ ਲਈ ਮਿੱਟੀ ਪਰਖ ਅਧਾਰਿਤ ਖਾਦ ਪ੍ਰਬੰਧਨ ਜ਼ਰੂਰੀ

*ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਜਖੇਪਲ (ਚੌਵਾਸ ਕਰਮਾਪੱਤੀ) ਵਿਖੇ ਕਿਸਾਨ ਜਾਗਰੂਕਤਾ ਕੈਂਪ
ਸੁਨਾਮ , 29 ਅਕਤੂਬਰ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ (ਐੱਫਏਐੱਸਸੀ), ਸੰਗਰੂਰ ਵੱਲੋਂ ਪਿੰਡ ਜਖੇਪਲ (ਚੌਵਾਸ ਕਰਮਾਪੱਤੀ) ਦੀ ਕੋਆਪ੍ਰੇਟਿਵ ਸੁਸਾਇਟੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। 

ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਅਤੇ ਇੰਚਾਰਜ, ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਬੋਝ ਸਮਝਣ ਦੀ ਬਜਾਏ ਖੇਤ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਸਰੋਤ ਵਜੋਂ ਦੇਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਜੈਵਿਕ ਪਦਾਰਥ ਅਤੇ ਖੁਰਾਕੀ ਤੱਤਾਂ ਦੀ ਵਾਪਸੀ ਹੁੰਦੀ ਹੈ, ਜਿਸ ਨਾਲ ਮਿੱਟੀ ਦੀ ਸਿਹਤ ਨੂੰ ਲੰਮੇ ਸਮੇਂ ਤੱਕ ਕਾਇਮ ਰੱਖਣ ਵਿੱਚ ਮਦਦ ਮਿਲਦੀ ਹੈ। 

ਡਾ. ਗਰਗ ਨੇ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਸਾੜਨ ਨਾਲ ਲਗਭਗ 400 ਕਿਲੋਗ੍ਰਾਮ ਜੈਵਿਕ ਕਾਰਬਨ, 5.5 ਕਿਲੋਗ੍ਰਾਮ ਨਾਈਟ੍ਰੋਜਨ, 2.3 ਕਿਲੋਗ੍ਰਾਮ ਫਾਸਫੋਰਸ, 25 ਕਿਲੋਗ੍ਰਾਮ ਪੋਟਾਸ਼ੀਅਮ ਅਤੇ 1.2 ਕਿਲੋਗ੍ਰਾਮ ਗੰਧਕ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਦਿਆਂ ਹੈਪੀ ਸੀਡਰ, ਸੁਪਰ ਸੀਡਰ, ਪੀਏਯੂ ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਰਗੀਆਂ ਪੀਏਯੂ ਵੱਲੋਂ ਸਿਫ਼ਾਰਸ਼ ਕੀਤੀਆਂ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਕੈਂਪ ਵਿੱਚ 30 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ, ਕਣਕ ਵਿੱਚ ਮਿੱਟੀ ਪਰਖ ਅਧਾਰਿਤ ਖਾਦਾਂ ਦੀ ਲੋੜ ਅਨੁਸਾਰ ਵਰਤੋਂ, ਫਾਸਫੋਰਸ ਦੇ ਬਦਲਵੇਂ ਸਰੋਤਾਂ, ਪੀਏਯੂ ਦੀਆਂ ਸੁਧਰੀਆਂ ਕਣਕ ਕਿਸਮਾਂ ਅਤੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਵਿਭਿੰਨਤਾ ਲਿਆਉਣ ਬਾਰੇ ਵਿਗਿਆਨਕ ਜਾਣਕਾਰੀ ਦਿੱਤੀ ਗਈ।

ਖਾਦ ਪ੍ਰਬੰਧਨ ਸਬੰਧੀ ਡਾ. ਗਰਗ ਨੇ ਕਿਹਾ ਕਿ ਕਣਕ ਵਿੱਚ ਵੱਧ ਖਾਦ ਪਾਉਣਾ ਵੱਧ ਪੈਦਾਵਾਰ ਦੀ ਗਾਰੰਟੀ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਨਤੀਜਿਆਂ, ਫ਼ਸਲ ਦੀ ਲੋੜ ਅਤੇ ਖੁਰਾਕੀ ਤੱਤਾਂ ਦੀ ਉਪਲਬਧਤਾ ਨੂੰ ਧਿਆਨ ਵਿੱਚ ਰੱਖ ਕੇ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਫਾਸਫੋਰਸ ਦੀ ਲੋੜ ਪੂਰੀ ਕਰਨ ਲਈ ਡੀਏਪੀ ’ਤੇ ਨਿਰਭਰ ਰਹਿਣ ਦੀ ਬਜਾਏ ਸਿੰਗਲ ਸੁਪਰ ਫਾਸਫੇਟ (ਐੱਸਐੱਸਪੀ), ਟ੍ਰਿਪਲ ਸੁਪਰ ਫਾਸਫੇਟ (ਟੀਐੱਸਪੀ) ਅਤੇ ਐੱਨਪੀਕੇ 12:32:16 ਵਰਗੇ ਸਰੋਤਾਂ ਦੀ ਲੋੜ ਅਨੁਸਾਰ ਚੋਣ ਕੀਤੀ ਜਾ ਸਕਦੀ ਹੈ। ਇਸ ਨਾਲ ਫ਼ਸਲ ਦੀ ਲੋੜ ਅਨੁਸਾਰ ਖੁਰਾਕੀ ਤੱਤ ਦੇਣ ਦੇ ਨਾਲ ਖਾਦਾਂ ਦੀ ਵਧੇਰੇ ਅਤੇ ਗੈਰ-ਜ਼ਰੂਰੀ ਵਰਤੋਂ ਤੋਂ ਵੀ ਬਚਿਆ ਜਾ ਸਕਦਾ ਹੈ। ਉਨ੍ਹਾਂ ਕਣਕ ਦੇ ਬੀਜ ਨੂੰ ਪੀਏਯੂ ਵੱਲੋਂ ਸਿਫ਼ਾਰਸ਼ ਕੀਤੀ ਜੀਵਾਣੂੰ ਖਾਦ ਨਾਲ ਸੋਧਣ ਦੀ ਵਿਧੀ ਬਾਰੇ ਵੀ ਵਿਸਥਾਰ ਨਾਲ ਦੱਸਿਆ ਅਤੇ ਇਸ ਦੇ ਪੌਦਿਆਂ ਦੇ ਵਾਧੇ, ਪੌਸ਼ਟਿਕ ਤੱਤਾਂ ਦੀ ਉਪਲਬਧਤਾ ਅਤੇ ਫ਼ਸਲ ਦੀ ਸਿਹਤ ਲਈ ਸੰਭਾਵਿਤ ਲਾਭਾਂ ਬਾਰੇ ਜਾਣਕਾਰੀ ਦਿੱਤੀ।

ਡਾ. ਗਰਗ ਨੇ ਕਿਸਾਨਾਂ ਨੂੰ ਸਿਰਫ਼ ਕਣਕ ’ਤੇ ਨਿਰਭਰ ਰਹਿਣ ਦੀ ਬਜਾਏ ਹਾਲਾਤਾਂ ਅਨੁਸਾਰ ਦਾਲਾਂ ਅਤੇ ਤੇਲਬੀਜਾਂ ਨੂੰ ਵੀ ਫ਼ਸਲੀ ਚੱਕਰ ਵਿੱਚ ਸ਼ਾਮਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਗੋਭੀ ਸਰ੍ਹੋਂ (ਜੀ ਐੱਸ ਸੀ 7), ਛੋਲੇ (ਪੀ ਬੀ ਜੀ 10) ਅਤੇ ਮਟਰ (ਪੀ ਬੀ 90) ਵਰਗੀਆਂ ਪੀਏਯੂ ਸਿਫ਼ਾਰਸ਼ੀ ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਨਾਲ ਕਿਸਾਨਾਂ ਨੂੰ ਵਿਕਲਪਿਕ ਆਮਦਨ ਦੇ ਮੌਕੇ ਮਿਲਣ ਦੇ ਨਾਲ ਮਿੱਟੀ ਦੀ ਸਿਹਤ ਅਤੇ ਖੁਰਾਕੀ ਸੁਰੱਖਿਆ ਨੂੰ ਵੀ ਹੁਲਾਰਾ ਮਿਲ ਸਕਦਾ ਹੈ।

ਕੈਂਪ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ, ਕਣਕ ਵਿੱਚ ਖਾਦਾਂ ਦੀ ਵਰਤੋਂ, ਮੈਗਨੀਜ਼ ਦੀ ਘਾਟ ਦੀ ਪਛਾਣ ਅਤੇ ਇਸ ਦੇ ਛਿੜਕਾਅ, ਕਣਕ ਦੀਆਂ ਕਿਸਮਾਂ ਅਤੇ ਹਾੜ੍ਹੀ ਦੀ ਫ਼ਸਲਾਂ ਦੀ ਯੋਜਨਾਬੰਦੀ ਸਬੰਧੀ ਸਵਾਲ ਪੁੱਛੇ ਗਏ। ਡਾ. ਗਰਗ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ। ਕਿਸਾਨਾਂ ਨੂੰ ਪੀਏਯੂ ਦੀਆਂ ਸਿਫ਼ਾਰਸ਼ਾਂ ਨੂੰ ਅਮਲ ਵਿੱਚ ਲਿਆਉਣ ਲਈ ਗੋਭੀ ਸਰ੍ਹੋਂ ਦਾ ਬੀਜ, ਕਣਕ ਲਈ ਜੀਵਾਣੂੰ ਖਾਦ ਅਤੇ ਪੀਏਯੂ ਦਾ ਖੇਤੀਬਾੜੀ ਸਾਹਿਤ ਵੀ ਉਪਲਬਧ ਕਰਵਾਇਆ ਗਿਆ।

ਕੈਂਪ ਦੀ ਸਫਲਤਾ ਵਿੱਚ ਸ. ਬਲਜੀਤ ਸਿੰਘ, ਸ. ਗੁਰਚਰਨ ਸਿੰਘ (ਸਰਪੰਚ), ਸੈਕਟਰੀ ਕੋਆਪ੍ਰੇਟਿਵ ਸੋਸਾਇਟੀ ਅਤੇ ਹੋਰ ਕਿਸਾਨਾਂ ਅਤੇ ਸਥਾਨਕ ਸਹਿਯੋਗੀਆਂ ਨੇ ਸਰਗਰਮ ਭੂਮਿਕਾ ਨਿਭਾਈ।

Wednesday, October 28, 2026

ਪੀ.ਏ.ਯੂ ਖੋਜ ਕੇਂਦਰ, ਗੁਰਦਾਸਪੁਰ ਵਿਖੇ ਨਵੇਂ ਆਟੋਮੈਟਿਕ ਮੌਸਮ ਸਟੇਸ਼ਨ ਦਾ ਉਦਘਾਟਨ, ਕਿਸਾਨਾਂ ਨੂੰ ਬਦਲਦੇ ਮੌਸਮ ਤੋਂ ਬਚਾਏਗਾ

ਨਵਾਂ ਆਟੋਮੈਟਿਕ ਸਿਸਟਮ ਤਾਪਮਾਨ, ਨਮੀ, ਹਵਾ ਦੀ ਰਫਤਾਰ, ਸੂਰਜੀ ਕਿਰਨਾਂ, ਜ਼ਮੀਨੀ ਤਾਪਮਾਨ ਅਤੇ ਬਰਸਾਤ ਨੂੰ ਰੀਅਲ ਟਾਈਮ ਵਿੱਚ ਦਰਜ ਕਰਕੇ ਅੰਦਾਜ਼ੇ ਦੀ ਥਾਂ ਸਹੀ ਜਾਣਕਾਰੀ ਦਿੰਦਾ ਹੈ

ਗੁਰਦਾਸਪੁਰ, 28 ਅਕਤੂਬਰ
ਵਧਦੀ ਮੌਸਮੀ ਅਸਥਿਰਤਾ ਦੇ ਮੱਦੇਨਜ਼ਰ ਅਤੇ ਮੌਸਮ ਦੀ ਭਵਿੱਖਬਾਣੀ ਨੂੰ ਹੋਰ ਸਟੀਕ ਬਣਾਉਣ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਇੱਕ ਪੂਰੀ ਤਰ੍ਹਾਂ ਆਟੋਮੈਟਿਕ ਮੌਸਮ ਸਟੇਸ਼ਨ ਦਾ ਉਦਘਾਟਨ
ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਅਤੇ ਪੀ.ਏ.ਯੂ ਦੇ ਵਾਈਸ ਚਾਂਸਲਰ ਸੁਖਜੀਤ ਪਾਲ ਸਿੰਘ ਨੇ ਸਾਂਝੇ ਤੌਰ 'ਤੇ ਕੀਤਾ। ਇਸ ਮੌਕੇ ਡਾਇਰੈਕਟਰ ਖੋਜ ਡਾ. ਏ.ਐਸ. ਢੱਟ, ਡਾਇਰੈਕਟਰ ਪਸਾਰ ਸਿੱਖਿਆ ਡਾ. ਐਮ.ਐਸ. ਭੁੱਲਰ ਅਤੇ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਰੰਧਾਵਾ ਸਮੇਤ ਖੇਤੀ ਵਿਗਿਆਨੀ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ।
ਆਟੋਮੈਟਿਕ ਮੌਸਮ ਸਟੇਸ਼ਨ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਣ ਖੇਤੀ ਪੁਰਾਣੇ ਕੈਲੰਡਰ ਦੀਆਂ ਤਰੀਕਾਂ ਦੇ ਸਹਾਰੇ ਨਹੀਂ ਚੱਲ ਸਕਦੀ, ਕਿਉਂਕਿ ਮੌਸਮ ਖੁਦ ਹੀ ਬਦਲ ਰਹੇ ਹਨ।
ਉਨ੍ਹਾਂ ਕਿਹਾ, "ਸਾਡਾ ਕਿਸਾਨ ਖੁੱਲ੍ਹੇ ਅਸਮਾਨ ਹੇਠ ਕੰਮ ਕਰਦਾ ਹੈ ਅਤੇ ਕੁਦਰਤ ਦੀ ਹਰ ਕਰੋਪੀ ਦਾ ਸਾਹਮਣਾ ਕਰਦਾ ਹੈ। ਵਾਢੀ ਵੇਲੇ ਬੇਵਕਤੀ ਬਰਸਾਤ ਤੋਂ ਲੈ ਕੇ ਦਾਣੇ ਭਰਨ ਵੇਲੇ ਅਚਾਨਕ ਗਰਮੀ ਦੀ ਲਹਿਰ ਤੱਕ। ਇਹ ਆਧੁਨਿਕ ਸਹੂਲਤ ਸਟੀਕ ਸੰਦ, ਸਿੱਧੇ ਸਾਡੇ ਕਿਸਾਨਾਂ ਦੀ ਸੇਵਾ ਵਿੱਚ ਲਿਆਉਂਦੀ ਹੈ। ਇਹ ਯਕੀਨੀ ਬਣਾਉਂਦੀ ਹੈ ਕਿ ਨੁਕਸਾਨ ਹੋਣ ਤੋਂ ਪਹਿਲਾਂ ਹੀ ਵਿਗਿਆਨ ਖੇਤ ਵਿੱਚ ਪਹੁੰਚ ਜਾਵੇ, ਨਾ ਕਿ ਬਾਅਦ ਵਿੱਚ ਸਿਰਫ਼ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ।
ਵਾਈਸ ਚਾਂਸਲਰ ਸੁਖਜੀਤ ਪਾਲ ਸਿੰਘ ਨੇ ਕਿਹਾ ਕਿ ਇਹ ਨਵਾਂ ਆਟੋਮੈਟਿਕ ਸਿਸਟਮ ਤਾਪਮਾਨ, ਨਮੀ, ਹਵਾ ਦੀ ਰਫਤਾਰ, ਸੂਰਜੀ ਕਿਰਨਾਂ, ਜ਼ਮੀਨੀ ਤਾਪਮਾਨ ਅਤੇ ਬਰਸਾਤ ਨੂੰ ਰੀਅਲ ਟਾਈਮ ਵਿੱਚ ਦਰਜ ਕਰਕੇ ਅੰਦਾਜ਼ੇ ਦੀ ਥਾਂ ਸਹੀ ਜਾਣਕਾਰੀ ਦਿੰਦਾ ਹੈ। ਇਹ ਸਹੂਲਤ ਗੁੰਝਲਦਾਰ ਵਾਯੂਮੰਡਲੀ ਅੰਕੜਿਆਂ ਨੂੰ ਸਾਦੀ, ਕੰਮ ਆਉਣ ਵਾਲੀ ਸਲਾਹ ਵਿੱਚ ਬਦਲ ਕੇ ਮੌਸਮ ਦੀ ਭਵਿੱਖਬਾਣੀ ਅਤੇ ਮੌਸਮੀ ਸ਼ਲਾਹਾਂ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ, ਜਿਸ ਨੂੰ ਕਿਸਾਨ ਸਵੇਰੇ-ਸਵੇਰੇ ਆਪਣੇ ਫੋਨ 'ਤੇ ਪੜ੍ਹ ਸਕਣਗੇ।
ਉਨ੍ਹਾਂ ਅੱਗੇ ਕਿਹਾ ਕਿ ਸਮੇਂ ਸਿਰ ਮਿਲਣ ਵਾਲੀ ਚਿਤਾਵਨੀ ਨਾਲ ਕਿਸਾਨ ਬਰਸਾਤ ਤੋਂ ਪਹਿਲਾਂ ਕੀਟਨਾਸ਼ਕ ਦੀ ਸਪਰੇਅ ਅਤੇ ਸਿੰਚਾਈ ਰੋਕ ਸਕਦਾ ਹੈ, ਜਾਂ ਜ਼ਮੀਨ ਵਿੱਚ ਪਹਿਲਾਂ ਹੀ ਲੋੜੀਂਦੀ ਨਮੀ ਹੋਣ 'ਤੇ ਟਿਊਬਵੈੱਲ ਦਾ ਇੱਕ ਗੇੜ ਛੱਡ ਸਕਦਾ ਹੈ।
ਡਾ. ਏ.ਐਸ. ਢੱਟ ਨੇ ਕਿਹਾ ਕਿ ਇਹ ਸਥਾਨਕ ਪੱਧਰ ਦੇ ਮੌਸਮੀ ਅੰਕੜੇ ਸਿੱਧੇ ਪੀਏਯੂ ਦੇ ਫ਼ੀਲਡ ਟਰਾਇਲਾਂ ਅਤੇ ਕਿਸਮਾਂ ਦੀ ਜਾਂਚ ਵਿੱਚ ਵਰਤੇ ਜਾਣਗੇ, ਤਾਂ ਜੋ ਨਵੀਆਂ ਬੀਜ ਕਿਸਮਾਂ ਨੂੰ ਗੁਰਦਾਸਪੁਰ ਦੇ ਅਸਲ ਮਾਈਕਰੋਕਲਾਈਮੇਟ ਮੁਤਾਬਕ ਪਰਖਿਆ ਜਾ ਸਕੇ, ਨਾ ਕਿ ਸਿਰਫ ਅੰਸਤ ਖੇਤਰੀ ਹਾਲਾਤਾਂ ਮੁਤਾਬਕ। ਡਾ. ਐਮ.ਐਸ. ਭੁੱਲਰ, ਡਾਇਰੈਕਟਰ ਪਸਾਰ ਸਿੱਖਿਆ ਨੇ ਪਸਾਰ ਸਿੱਖਿਆ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਦੱਸਿਆ ਕਿ ਸਟੇਸ਼ਨ ਤੋਂ ਮਿਲਣ ਵਾਲੇ ਅਸਲ ਅੰਕੜੇ ਸਿੱਧੇ ਹਫ਼ਤਾਵਾਰੀ ਜ਼ਿਲ੍ਹਾ-ਪੱਧਰੀ ਖੇਤੀ ਸਲਾਹਾਂ ਵਿੱਚ ਵਰਤੇ ਜਾਣਗੇ, ਜਿਸ ਨਾਲ ਕਿਸਾਨਾਂ ਨੂੰ ਬਿਜਾਈ, ਸਿੰਚਾਈ, ਖਾਦ ਪਾਉਣ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਸਹੀ ਸਮਾਂ-ਸੀਮਾ ਮਿਲੇਗੀ।
ਐਚ.ਐਸ. ਰੰਧਾਵਾ ਨੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਮੌਸਮ ਦੀ ਭਵਿੱਖਬਾਣੀ ਨੂੰ ਇਸ ਸਟੇਸ਼ਨ ਦਾ ਵੱਡਾ ਫਾਇਦਾ ਦੱਸਿਆ। ਉਨ੍ਹਾਂ ਕਿਹਾ ਕਿ ਕਣਕ ਦੀ ਪੀਲੀ ਕੁੰਗੀ ਵਰਗੀਆਂ ਬਿਮਾਰੀਆਂ ਨਮੀ ਅਤੇ ਤਾਪਮਾਨ ਦੇ ਇੱਕ ਖਾਸ ਪੱਧਰ 'ਤੇ ਹੀ ਹਮਲਾ ਕਰਦੀਆਂ ਹਨ, ਅਤੇ ਲਗਾਤਾਰ ਨਿਗਰਾਨੀ ਨਾਲ ਬਿਮਾਰੀਆਂ ਜਾਂ ਕੀੜੇ-ਮਕੌੜਿਆਂ ਦੇ ਹਮਲੇ ਦੀ ਰੋਕਥਾਮ ਵਿੱਚ ਮਦਦ ਮਿਲ ਸਕਦੀ ਹੈ।

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵਿਖੇ ਮਿਤੀ 27-10-2026 ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਊਨਾ, ਹਿਮਾਚਲ ਪ੍ਰਦੇਸ਼ ਦੇ ਨਾਲ ਜੁੜੇ ਕੁਟਲੇੈਹੜ ਨੈਚੁਰਲ ਫਾਰਮਰ ਪ੍ਰੋਡਿਊਸਰ ਕੰਪਨੀ, ਊਨਾ ਦੇ ਮੈਂਬਰਾਂ ਲਈ ਇੱਕ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਉਦੇਸ਼ ਕਿਸਾਨਾਂ ਨੂੰ ਕੁਦਰਤੀ ਖੇਤੀ ਦੇ ਢੰਗਾਂ ਅਤੇ ਸਫਲ ਕਿਸਾਨਾਂ ਵੱਲੋਂ ਅਪਣਾਈਆਂ ਜਾ ਰਹੀਆਂ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਸੀ।
ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੋਸ ਨੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਅਹਿਮ ਭੂਮਿਕਾ ਉੱਤੇ ਚਾਨਣਾ ਪਾਇਆ। ਡਾ. ਬੌਂਸ ਨੇ ਲੋੜ-ਅਧਾਰਿਤ ਸਿਖਲਾਈ ਪ੍ਰੋਗਰਾਮਾਂ, ਤਕਨੀਕੀ ਮਾਰਗਦਰਸ਼ਨ ਅਤੇ ਖੇਤ ਪ੍ਰਦਰਸ਼ਨੀਆਂ ਰਾਹੀਂ ਕਿਸਾਨਾਂ ਤੱਕ ਨਵੀਆਂ ਅਤੇ ਟਿਕਾਊ ਖੇਤੀ ਤਕਨੀਕਾਂ ਪਹੁੰਚਾਉਣ ਦੀ ਮਹੱਤਤਾ ਬਾਰੇ ਵੀ ਦੱਸਿਆ। ਇਸ ਮੌਕੇ ਵਫ਼ਦ ਵਿੱਚ ਸ਼ਾਮਲ ਨਿਰਦੇਸ਼ਕ ਅਤੇ ਮੈਂਬਰਾਂ ਨੂੰ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੇਵੀਕੇ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ ਗਿਆ।
ਇਸ ਉਪਰੰਤ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਪ੍ਰਭਜੋਤ ਕੌਰ ਅਤੇ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਦੀ ਅਗਵਾਈ ਹੇਠ ਵਫ਼ਦ ਨੂੰ ਕੇਵੀਕੇ ਨਾਲ ਜੁੜੇ ਕੁਦਰਤੀ ਖੇਤੀ ਕਰਨ ਵਾਲੇ ਰਾਜ ਪੱਧਰੀ ਇਨਾਮ ਜੇਤੂ ਕਿਸਾਨ ਸ. ਨਰਿੰਦਰ ਸਿੰਘ, ਪਿੰਡ ਅੱਜੋਵਾਲ, ਬਲਾਕ ਹੁਸ਼ਿਆਰਪੁਰ-1 ਅਤੇ ਸ. ਤਰਸੇਮ ਸਿੰਘ, ਪਿੰਡ ਨੀਲਾ ਨਲੋਆ, ਬਲਾਕ ਭੂੰਗਾ ਦੇ ਕੁਦਰਤੀ ਖੇਤੀ ਫਾਰਮਾਂ ਦਾ ਦੌਰਾ ਕਰਵਾਇਆ ਗਿਆ।ਦੌਰੇ ਦੌਰਾਨ ਵਫਦ ਦੇ ਮੈਂਬਰਾਂ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਅਪਣਾਈਆਂ ਜਾ ਰਹੀਆਂ ਕੁਦਰਤੀ ਖੇਤੀ ਦੀਆਂ ਵਿਧੀਆਂ. ਪ੍ਰੋਸੈਸਿੰਗ, ਮੰਡੀਕਰਨ ਅਤੇ ਖੇਤੀ ਤਜਰਬਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰੇ ਨੇ ਕਿਸਾਨਾਂ ਵਿਚਕਾਰ ਗਿਆਨ ਅਤੇ ਤਜਰਬਿਆਂ ਦੇ ਆਦਾਨ-ਪ੍ਰਦਾਨ ਦਾ ਮੌਕਾ ਦਿੱਤਾ ਅਤੇ ਵਫ਼ਦ ਦੇ ਮੈਂਬਰਾਂ ਨੂੰ ਆਪਣੇ ਖੇਤੀ ਹਾਲਾਤਾਂ ਅਨੁਸਾਰ ਸਫਲ ਕੁਦਰਤੀ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ।
ਦੌਰੇ ਦੇ ਅੰਤ ਵਿੱਚ ਡਾ. ਸੰਜੇ ਕੁਮਾਰ ਸ਼ਰਮਾ, ਵਿਸ਼ਾ ਵਸਤੂ ਮਾਹਿਰ (ਕੀਟ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਊਨਾ ਨੇ ਇਸ ਜਾਣਕਾਰੀ ਭਰਪੂਰ ਦੌਰੇ ਦਾ ਪ੍ਰਬੰਧ ਕਰਨ ਅਤੇ ਕੁਦਰਤੀ ਖੇਤੀ ਸਬੰਧੀ ਆਪਣੇ ਕੀਮਤੀ ਤਜਰਬੇ ਸਾਂਝੇ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਅਤੇ ਮੇਜ਼ਬਾਨ ਕਿਸਾਨਾਂ ਦਾ ਧੰਨਵਾਦ ਕੀਤਾ।

Tuesday, October 27, 2026

ਆਸ਼ਾ ਵਰਕਰਾਂ ਰਾਹੀਂ ਪਰਾਲੀ ਪ੍ਰਬੰਧਾਂ ਦਾ ਸੁਨੇਹਾ ਪਹੁੰਚਾਇਆ ਜਾਵੇਗਾ ਘਰ ਘਰ, ਡਿਪਟੀ ਕਮਿਸ਼ਨਰ

*ਮੁੱਖ ਖੇਤੀਬਾੜੀ ਅਫ਼ਸਰ ਨੇ ਸਿਵਲ ਹਸਪਤਾਲ ਗੋਨਿਆਣਾ ਵਿਖੇ ਆਸ਼ਾ ਵਰਕਰਾਂ ਨੂੰ ਦਿੱਤੀ ਸਿਖਲਾਈ*

*ਪਰਾਲੀ ਪ੍ਰਬੰਧਨ ਸਬੰਧੀ ਪਿੰਡ ਘੁੰਮਣ ਕਲਾਂ, ਨਹੀਆਂਵਾਲੀ ਵਿਖੇ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ*
*ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ*
ਬਠਿੰਡਾ, 27 ਅਕਤੂਬਰ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਉਸਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਹੁਣ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਝੋਨੇ ਦੇ ਸੁਚੱਜੇ ਪ੍ਰਬੰਧਨ ਦੇ ਇਸ ਕੰਮ ਵਿਚ ਆਸ਼ਾ ਵਕਰਾਂ ਦਾ ਵੀ ਸਹਿਯੋਗ ਲਿਆ ਜਾਵੇਗਾ, ਕਿਉਂਕਿ ਇਨ੍ਹਾਂ ਦੀ ਪਿੰਡਾਂ ਦੇ ਹਰ ਘਰ ਵਿਚ ਜਾਣ ਪਹਿਚਾਣ ਹੁੰਦੀ ਹੈ ਅਤੇ ਇਹ ਸਪਨੇ ਸਬੰਧਿਤ ਖੇਤਰਾਂ ਦੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਪਰਿਵਾਰਾਂ ਨਾਲ ਰਲੇ ਮਿਲੇ ਹੁੰਦੇ ਹਨ।
ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਿਵਲ ਹਸਪਤਾਲ ਗੋਨਿਆਣਾ ਵਿਖੇ ਆਸ਼ਾ ਵਰਕਰਾਂ ਨੂੰ ਇਸ ਸਬੰਧੀ ਸਿਖਲਾਈ ਡਾ. ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਵੱਲੋਂ ਦਿੱਤੀ ਗਈ। ਇਸ ਮੌਕੇ ਬੋਲਦਿਆਂ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਧੂਏਂ ਨਾਲ ਸਭ ਤੋਂ ਵੱਧ ਤਕਲੀਫ ਗਰਭਵਤੀ ਮਾਤਾਂਵਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਹੁੰਦੀ ਹੈ। ਇਨ੍ਹਾਂ ਹਾਲਾਤਾਂ ਇਹ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਅਸੀਂ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਝੋਨੇ ਦੀ ਪਰਾਲੀ ਖੇਤਾਂ ‘ਚ ਵਾਹ ਕੇ ਜਾਂ ਉਸ ਦੀਆਂ ਗੱਠਾਂ ਬਣਾ ਕੇ ਕਰ ਸਕਦੇ ਹਾਂ। ਉਨ੍ਹਾਂ ਆਸ਼ਾ ਵਰਕਰਾਂ ਨੂੰ ਕਿਹਾ ਕਿ ਉਹ ਧੂੰਏਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜ਼ਰੂਰ ਜਾਣੂ ਕਰਵਾਉਣ।
ਇਸੇ ਤਰ੍ਹਾਂ ਸ਼੍ਰੀ ਗੁਰਜਿੰਦਰ ਪਾਲ ਸਿੰਘ ਉਪ ਮੰਡਲ ਮੈਜਿਸਟਰੇਟ ਮੌੜ ਵੱਲੋਂ ਪਿੰਡ ਘੁੰਮਣ ਕਲਾਂ ਵਿਖੇ ਅਤੇ ਸ਼੍ਰੀ ਅਮਨਦੀਪ ਸਿੰਘ ਮਾਵੀ ਉਪ ਮੰਡਲ ਮੈਜਿਸਟਰੇਟ ਬਠਿੰਡਾ ਵੱਲੋਂ ਪਿੰਡ ਨਹੀਆਂਵਾਲਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਉਸ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਪਿੰਡ ਘੁੰਮਣ ਕਲਾਂ ਵਿਖੇ ਕਿਸਾਨਾਂ ਨਾਲ ਗੱਲਬਾਤ ਸ਼੍ਰੀ ਗੁਰਜਿੰਦਰ ਸਿੰਘ ਉਪ ਮੰਡਲ ਮੈਜਿਸਟਰੇਟ ਮੌੜ ਨੇ ਦੱਸਿਆ ਕਿ ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਸਾਨੂੰ ਖੇਤ ਦੀ ਮਿੱਟੀ ਨੂੰ ਆਪਣੀ ਮਾਂ ਸਮਝ ਕੇ ਇਸ ਦੀ ਸਿਹਤ ਬਰਕਰਾਰ ਰੱਖਣੀ ਚਾਹੀਦੀ ਹੈ। ਧਰਤੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਬੀਜ 'ਤੇ ਸਬਸਿਡੀ ਦਾ ਲਾਭ ਲੈਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਸ਼੍ਰੀ ਅਮਨਦੀਪ ਸਿੰਘ ਮਾਵੀ ਉਪ ਮੰਡਲ ਮੈਜਿਸਟਰੇਟ ਬਠਿੰਡਾ ਨੇ ਨਹੀਆਂਵਾਲੀ ਵਿਖੇ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਮਿਲਾਉਣ ਦੇ ਫ਼ਾਇਦਿਆਂ ਬਾਰੇ ਦੱਸਦਿਆਂ ਕਿਹਾ ਕਿ ਇਸ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ, ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਲੰਬੇ ਸਮੇਂ ਵਿੱਚ ਖਾਦਾਂ ਦੀ ਲੋੜ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।

Monday, October 26, 2026

ਫਾਜ਼ਿਲਕਾ ਦੇ ਚਾਰ ਪਿੰਡਾਂ ਦੇ 400 ਤੋਂ ਵੱਧ ਕਿਸਾਨਾਂ ਨੂੰ ਖੇਤ ਬਚਾਓ ਮੁਹਿੰਮ ਤਹਿਤ ਜਾਗਰੂਕ ਕੀਤਾ ਗਿਆ

ਖਾਦਾਂ ਅਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ, ਕੁਦਰਤੀ ਖੇਤੀ ਅਤੇ ਮਿੱਟੀ ਦੀ ਸਿਹਤ ਸੰਭਾਲ 'ਤੇ ਜ਼ੋਰ ਦਿੱਤਾ ਗਿਆ।

ਫਾਜ਼ਿਲਕਾ, 26 ਅਕਤੂਬਰ, 2026

 ਕਿਸਾਨਾਂ ਦੀ ਖੇਤੀ ਲਾਗਤ ਘਟਾਉਣ, ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਅਤੇ ਵਾਤਾਵਰਣ ਅਨੁਕੂਲ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਫਾਜ਼ਿਲਕਾ, ICAR-CIPHET, ਅਬੋਹਰ ਦੇ ਸਹਿਯੋਗ ਨਾਲ, 2026-27 ਹਾੜੀ ਦੇ ਸੀਜ਼ਨ ਦੌਰਾਨ ਖੇਤ ਬਚਾਓ ਮੁਹਿੰਮ ਚਲਾ ਰਿਹਾ ਹੈ। ਇਸ ਮੁਹਿੰਮ ਤਹਿਤ, ਜ਼ਿਲ੍ਹੇ ਦੇ ਚਾਰ ਪਿੰਡਾਂ-ਪੱਟੀ ਬਿੱਲਾ, ਵਰਿਆਮ ਖੇੜਾ, ਬੱਸੀਆਂ ਅਤੇ ਗੋਵਿੰਦਗੜ੍ਹ ਵਿੱਚ ਆਯੋਜਿਤ ਚਾਰ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ 400 ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।

ਪ੍ਰੋਗਰਾਮਾਂ ਦੌਰਾਨ, ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ, ਸੰਤੁਲਿਤ ਖਾਦ ਪ੍ਰਬੰਧਨ, ਕੀਟਨਾਸ਼ਕਾਂ ਦੀ ਸੁਰੱਖਿਅਤ ਅਤੇ ਲੋੜ-ਅਧਾਰਤ ਵਰਤੋਂ ਅਤੇ ਕੁਦਰਤੀ ਖੇਤੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਖਾਦਾਂ ਦੀ ਵਰਤੋਂ ਕਰਨ ਅਤੇ ਬੇਲੋੜੀਆਂ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਤੋਂ ਬਚਣ ਲਈ ਉਤਸ਼ਾਹਿਤ ਕੀਤਾ ਗਿਆ।

ਸੰਤੁਲਿਤ ਪੋਸ਼ਣ ਅਤੇ ਸੁਰੱਖਿਅਤ ਫਸਲ ਸੁਰੱਖਿਆ 'ਤੇ ਜ਼ੋਰ
ਕਿਸਾਨਾਂ ਨੂੰ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ ਸਮੇਤ ਜ਼ਰੂਰੀ ਪੌਸ਼ਟਿਕ ਤੱਤਾਂ ਦੀ ਵਰਤੋਂ ਕਰਨ, ਜੈਵਿਕ ਖਾਦਾਂ ਨੂੰ ਅਪਣਾਉਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਨ ਦੀ ਸਲਾਹ ਦਿੱਤੀ ਗਈ। ਉਨ੍ਹਾਂ ਨੂੰ ਕੀੜਿਆਂ ਅਤੇ ਬਿਮਾਰੀਆਂ ਦੀ ਨਿਯਮਤ ਨਿਗਰਾਨੀ, ਏਕੀਕ੍ਰਿਤ ਕੀਟ ਪ੍ਰਬੰਧਨ ਅਤੇ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਬਾਰੇ ਵੀ ਉਠਾਇਆ ਗਿਆ।

ਕੁਦਰਤੀ ਅਤੇ ਜਲਵਾਯੂ-ਲਚਕੀਲਾ ਖੇਤੀ ਦਾ ਪ੍ਰਚਾਰ
ਮੁਹਿੰਮ ਦੌਰਾਨ, ਕਿਸਾਨਾਂ ਨੂੰ ਕੁਦਰਤੀ ਖੇਤੀ, ਪਾਣੀ ਦੀ ਸੰਭਾਲ, ਟਿਕਾਊ ਪੌਸ਼ਟਿਕ ਪ੍ਰਬੰਧਨ ਅਤੇ ਜਲਵਾਯੂ-ਲਚਕੀਲਾ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦਾ ਉਦੇਸ਼ ਵਿਗਿਆਨਕ ਖੇਤੀਬਾੜੀ ਤਕਨੀਕਾਂ ਨੂੰ ਖੇਤ ਵਿੱਚ ਲੈ ਕੇ ਖੇਤੀ ਲਾਗਤਾਂ ਨੂੰ ਘਟਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਹੈ।

ਪਿੰਡ ਕੱਟੂ ਦਾ ਨੌਜਵਾਨ ਕਿਸਾਨਾਂ ਲਈ ਬਣਿਆ ਮਿਸਾਲ

*ਪਿਛਲੇ 7 ਸਾਲਾਂ ਤੋਂ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰ ਰਹੇ ਹਨ ਪਿਓ - ਪੁੱਤ*

*6 ਏਕੜ ਵਿਚ ਕਰਦੇ ਹਨ ਵਾਹੀ, ਮਲਚਰ ਨਾਲ ਪਰਾਲੀ ਖੇਤਾਂ ਵਿਚ ਰਲਾਈ*
*ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕੀਤੀ ਸ਼ਲਾਘਾ*
ਬਰਨਾਲਾ, 26 ਅਕਤੂਬਰ
ਜ਼ਿਲ੍ਹਾ ਬਰਨਾਲਾ ਦੇ ਪਿੰਡ ਕੱਟੂ ਦਾ ਨੌਜਵਾਨ ਕਿਸਾਨ ਸੰਦੀਪ ਸਿੰਘ ਪੁੱਤਰ ਲਾਭ ਸਿੰਘ ਪਿਛਲੇ ਕਰੀਬ ਸੱਤ ਸਾਲਾਂ ਤੋਂ ਆਪਣੇ ਖੇਤਾਂ ਵਿੱਚ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰ ਰਿਹਾ ਹੈ। ਕਿਸਾਨ ਪਿਓ - ਪੁੱਤ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਵੀ ਯੋਗਦਾਨ ਪਾ ਰਹੇ ਹਨ।
ਕਿਸਾਨ ਸੰਦੀਪ ਸਿੰਘ (32) ਪੁੱਤਰ ਲਾਭ ਸਿੰਘ (58) ਵਾਸੀ ਕੱਟੂ ਨੇ ਦੱਸਿਆ ਕਿ ਉਹ ਬੀ.ਟੈੱਕ ਪਾਸ ਹੈ। ਪਰਾਲੀ ਸਾੜਨ ਕਾਰਨ ਵਾਤਾਵਰਨ, ਮਿੱਟੀ ਦੀ ਗੁਣਵੱਤਾ ਅਤੇ ਜੀਵ-ਜੰਤੂਆਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਹੋਣ ਕਰਕੇ ਉਨ੍ਹਾਂ ਨੇ ਕਰੀਬ ਸੱਤ ਸਾਲ ਪਹਿਲਾਂ ਹੀ ਪਰਾਲੀ ਨੂੰ ਅੱਗ ਲਗਾਉਣੀ ਛੱਡ ਦਿੱਤੀ ਸੀ। ਉਦੋਂ ਤੋਂ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਉਹ ਛੇ ਕਿੱਲੇ ਜ਼ਮੀਨ ਵਿੱਚ ਖੇਤੀ ਕਰਦੇ ਹਨ। ਪਿਛਲੇ ਸਾਲਾਂ ਦੌਰਾਨ ਉਹ ਪਰਾਲੀ ਦੀਆਂ ਗੰਢਾਂ ਬਣਵਾ ਕੇ ਇਸ ਦਾ ਨਿਬੇੜਾ ਕਰਦੇ ਰਹੇ ਹਨ। ਇਸ ਵਾਰ ਉਨ੍ਹਾਂ ਨੇ ਸੁਪਰ ਐੱਸ.ਐੱਮ.ਐੱਸ. (Super SMS) ਲੱਗੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾਈ। ਇਸ ਤੋਂ ਬਾਅਦ ਮਲਚਰ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਕੁਤਰ ਕੇ ਮਿੱਟੀ ਵਿੱਚ ਮਿਲਾ ਦਿੱਤਾ। ਹੁਣ ਉਹ ਸੁਪਰ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨਗੇ।
ਸੰਦੀਪ ਸਿੰਘ ਨੇ ਕਿਹਾ ਕਿ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨਾਲ ਉਨ੍ਹਾਂ ਨੂੰ ਹੁਣ ਤੱਕ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਫ਼ਸਲਾਂ ਦਾ ਝਾੜ ਵੀ ਵਧੀਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਢੁਕਵਾਂ ਨਿਬੇੜਾ ਕਰਨਾ ਚਾਹੀਦਾ ਹੈ। ਉਨ੍ਹਾਂ ਖ਼ਾਸ ਤੌਰ ’ਤੇ ਛੋਟੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਦੇ ਸੁਚੱਜੇ ਤਰੀਕੇ ਅਪਣਾਉਣ ਲਈ ਅੱਗੇ ਆਉਣ।
ਇਸ ਮੌਕੇ ਏ.ਆਰ (ਸਹਿਕਾਰੀ ਸੁਸਾਇਟੀ) ਬਰਨਾਲਾ ਗੁਰਪ੍ਰੀਤ ਕੌਰ ਨੇ ਆਪਣੀ ਟੀਮ ਸਮੇਤ ਕਿਸਾਨ ਲਾਭ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਉੱਥੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕਿਸਾਨ ਲਾਭ ਸਿੰਘ ਵੱਲੋਂ ਸਹਿਕਾਰੀ ਸੁਸਾਇਟੀ ਰਾਹੀਂ ਮੁਹੱਈਆ ਕਰਵਾਏ ਗਏ ਮਲਚਰ ਦੀ ਵਰਤੋਂ ਕਰਕੇ ਪਰਾਲੀ ਦੀ ਮਲਚਿੰਗ ਕੀਤੀ ਗਈ ਹੈ। ਇਸ ਤਰੀਕੇ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਖੇਤ ਵਿੱਚ ਹੀ ਮਿਲ ਜਾਂਦੀ ਹੈ, ਜਿਸ ਨਾਲ ਮਿੱਟੀ ਵਿੱਚ ਜੈਵਿਕ ਪਦਾਰਥਾਂ ਦੇ ਵਾਧੇ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਲਈ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਹਿਕਾਰੀ ਸੁਸਾਇਟੀਆਂ ਰਾਹੀਂ ਉਪਲਬਧ ਕਰਵਾਈ ਜਾ ਰਹੀ ਮਸ਼ੀਨਰੀ ਦਾ ਲਾਹਾ ਲੈਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐੱਸ. ਨੇ ਕਿਸਾਨ ਲਾਭ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਸੰਦੀਪ ਸਿੰਘ ਵੱਲੋਂ ਕੀਤੇ ਜਾ ਰਹੇ ਵਾਤਾਵਰਨ ਪੱਖੀ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਰ ਮਸੀਨਰੀ ਦੀ ਮੈਪਿੰਗ ਕੀਤੀ ਗਈ ਹੈ। ਜੇਕਰ ਕਿਸੇ ਕਿਸਾਨ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿਚ ਨੋਡਲ ਅਫ਼ਸਰ ਵੀ ਲਗਾਏ ਗਏ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਅਤੇ ਮਸ਼ੀਨਰੀ ਤੇ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ।

Sunday, October 25, 2026

ਕਣਕ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਕਿਸਾਨ

*ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਹੇੜੀਕੇ ਵਿਖੇ ਜਾਗਰੂਕਤਾ ਕੈਂਪ

ਸ਼ੇਰਪੁਰ/ਧੂਰੀ, 25 ਅਕਤੂਬਰ
ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਵਧੇਰੇ ਟਿਕਾਊ ਬਣਾਉਣ ਦੇ ਉਦੇਸ਼ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐੱਫਏਐੱਸਸੀ), ਸੰਗਰੂਰ ਵੱਲੋਂ ਪਿੰਡ ਹੇੜੀਕੇ ਦੀ ਕੋਆਪ੍ਰੇਟਿਵ ਸੁਸਾਇਟੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਦੌਰਾਨ ਝੋਨੇ ਦੀ ਪਰਾਲੀ ਦੇ ਵਿਗਿਆਨਕ ਪ੍ਰਬੰਧਨ, ਖਾਦਾਂ ਦੀ ਸੰਤੁਲਿਤ ਵਰਤੋਂ, ਫਾਸਫੋਰਸ ਦੇ ਬਦਲਵੇਂ ਸਰੋਤਾਂ, ਕਣਕ ਦੀਆਂ ਸੁਧਰੀਆਂ ਕਿਸਮਾਂ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਵਿਭਿੰਨਤਾ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਹੇੜੀਕੇ ਦੇ 30 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਅਤੇ ਇੰਚਾਰਜ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੀ ਪ੍ਰਥਾ ਛੱਡ ਕੇ ਇਸ ਨੂੰ ਮਿੱਟੀ ਦੀ ਸਿਹਤ ਸੁਧਾਰਨ ਲਈ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਜੈਵਿਕ ਕਾਰਬਨ ਅਤੇ ਪੌਦਿਆਂ ਲਈ ਜ਼ਰੂਰੀ ਖੁਰਾਕੀ ਤੱਤਾਂ ਦਾ ਮਹੱਤਵਪੂਰਨ ਸਰੋਤ ਹੈ। ਇਸ ਨੂੰ ਖੇਤਾਂ ਵਿੱਚ ਹੀ ਸੰਭਾਲਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਅਤੇ ਲੰਮੇ ਸਮੇਂ ਤੱਕ ਫ਼ਸਲਾਂ ਦੀ ਉਤਪਾਦਕਤਾ ਬਣਾਈ ਰੱਖਣ ਵਿੱਚ ਮਦਦ ਮਿਲਦੀ ਹੈ।
ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਗਰਗ ਨੇ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਸਾੜਨ ਨਾਲ ਲਗਭਗ 400 ਕਿਲੋਗ੍ਰਾਮ ਜੈਵਿਕ ਕਾਰਬਨ, 5.5 ਕਿਲੋਗ੍ਰਾਮ ਨਾਈਟ੍ਰੋਜਨ, 2.3 ਕਿਲੋਗ੍ਰਾਮ ਫਾਸਫੋਰਸ, 25 ਕਿਲੋਗ੍ਰਾਮ ਪੋਟਾਸ਼ੀਅਮ ਅਤੇ 1.2 ਕਿਲੋਗ੍ਰਾਮ ਗੰਧਕ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਪੀਏਯੂ ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਰਗੀਆਂ ਪੀਏਯੂ ਦੀਆਂ ਸਿਫ਼ਾਰਸ਼ ਕੀਤੀਆਂ ਮਸ਼ੀਨਾਂ ਅਤੇ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਪਰਾਲੀ ਨੂੰ ਅੱਗ ਲਗਾਏ ਬਿਨਾਂ ਅਗਲੀ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਜਾ ਸਕੇ।
ਖਾਦ ਪ੍ਰਬੰਧਨ ਬਾਰੇ ਚਰਚਾ ਕਰਦਿਆਂ ਡਾ. ਗਰਗ ਨੇ ਜ਼ੋਰ ਦਿੱਤਾ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ, ਫ਼ਸਲ ਦੀ ਲੋੜ ਅਤੇ ਖੁਰਾਕੀ ਤੱਤਾਂ ਦੀ ਸੰਤੁਲਿਤ ਪੂਰਤੀ ਦੇ ਆਧਾਰ ’ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਾਸਫੋਰਸ ਦੀ ਪੂਰਤੀ ਲਈ ਡੀਏਪੀ ਹੀ ਇਕਲੌਤਾ ਵਿਕਲਪ ਨਹੀਂ ਹੈ। ਸਿੰਗਲ ਸੁਪਰ ਫਾਸਫੇਟ (ਐੱਸਐੱਸਪੀ), ਟ੍ਰਿਪਲ ਸੁਪਰ ਫਾਸਫੇਟ (ਟੀਐੱਸਪੀ) ਅਤੇ ਐੱਨਪੀਕੇ 12:32:16 ਵਰਗੀਆਂ ਖਾਦਾਂ ਦੀ ਵੀ ਢੁਕਵੀਂ ਵਰਤੋਂ ਕੀਤੀ ਜਾ ਸਕਦੀ ਹੈ।
ਡਾ. ਗਰਗ ਨੇ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਕਣਕ ਦੇ ਬੀਜ ਨੂੰ ਲਗਾਉਣ ਵਾਲਾ ਜੀਵਾਣੂੰ ਖਾਦ ਦਾ ਟੀਕਾ, ਉਸ ਵਿੱਚ ਮੌਜੂਦ ਜੀਵਾਣੂੰ ਅਤੇ ਫਾਇਦਿਆਂ ਸਬੰਧੀ ਭਰਪੂਰ ਜਾਣਕਾਰੀ ਸਾਂਝੀ ਕੀਤੀ।
ਕੈਂਪ ਦੌਰਾਨ ਕਿਸਾਨਾਂ ਨੂੰ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਲਈ ਪੀਏਯੂ ਵੱਲੋਂ ਸਿਫ਼ਾਰਸ਼ ਕੀਤੀਆਂ ਕਣਕ ਦੀਆਂ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਾ. ਗਰਗ ਨੇ ਪੀਬੀਡਬਲਯੂ 887 ਕਿਸਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਕਿਹਾ ਕਿ ਇਹ ਕਿਸਮ ਲਗਭਗ 155 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਇਸ ਦੀ ਔਸਤ ਪੈਦਾਵਾਰ ਸਮਰੱਥਾ 24.60 ਕੁਇੰਟਲ ਪ੍ਰਤੀ ਏਕੜ ਹੈ। ਇਸ ਤੋਂ ਇਲਾਵਾ ਪੀਬੀਡਬਲਯੂ 872 ਅਤੇ ਪੀਬੀਡਬਲਯੂ 826 ਦੇ ਨਾਲ-ਨਾਲ ਵਿਸ਼ੇਸ਼ ਵਰਤੋਂ ਅਤੇ ਪੌਸ਼ਟਿਕ ਗੁਣਾਂ ਲਈ ਵਿਕਸਿਤ ਕਿਸਮਾਂ, ਜਿਵੇਂ ਕਿ ਪੀਬੀਡਬਲਯੂ ਜ਼ਿੰਕ 2, ਪੀਬੀਡਬਲਯੂ 1 ਚਪਾਤੀ ਅਤੇ ਪੀਬੀਡਬਲਯੂ ਆਰਐੱਸ 1 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਹਾੜ੍ਹੀ ਦੀਆਂ ਫ਼ਸਲਾਂ ਦੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਿਆਂ ਡਾ. ਗਰਗ ਨੇ ਕਿਸਾਨਾਂ ਨੂੰ ਢੁਕਵੇਂ ਹਾਲਾਤ ਵਿੱਚ ਕਣਕ ਦੇ ਨਾਲ-ਨਾਲ ਦਾਲਾਂ ਅਤੇ ਤੇਲਬੀਜ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਘਰੇਲੂ ਵਰਤੋਂ ਲਈ ਗੋਭੀ ਸਰ੍ਹੋਂ ਦੀ ਕਿਸਮ ਜੀਐੱਸਸੀ 7, ਛੋਲਿਆਂ ਦੀ ਕਿਸਮ ਪੀਬੀਜੀ 10 ਅਤੇ ਮਟਰਾਂ ਦੀ ਕਿਸਮ ਪੀਬੀ 90 ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਜਿਹੀ ਫ਼ਸਲੀ ਵਿਭਿੰਨਤਾ ਖੁਰਾਕ ਵਿੱਚ ਪੌਸ਼ਟਿਕਤਾ ਅਤੇ ਵੰਨ-ਸੁਵੰਨਤਾ ਵਧਾਉਣ ਦੇ ਨਾਲ-ਨਾਲ ਪੌਸ਼ਟਿਕ ਸੁਰੱਖਿਆ ਅਤੇ ਟਿਕਾਊ ਖੇਤੀਬਾੜੀ ਨੂੰ ਵੀ ਉਤਸ਼ਾਹਿਤ ਕਰਦੀ ਹੈ।
ਕੈਂਪ ਦੌਰਾਨ ਕਿਸਾਨਾਂ ਨੇ ਪਰਾਲੀ ਪ੍ਰਬੰਧਨ, ਖਾਦਾਂ ਦੀ ਚੋਣ, ਮੈਗਨੀਜ਼ ਤੱਤ ਦੇ ਛਿੜਕਾਅ ਦਾ ਸਮਾਂ ਅਤੇ ਮਾਤਰਾ, ਕਣਕ ਦੀਆਂ ਕਿਸਮਾਂ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਵਿਉਂਤਬੰਦੀ ਸਬੰਧੀ ਵੱਖ-ਵੱਖ ਸਵਾਲ ਪੁੱਛੇ, ਜਿਨ੍ਹਾਂ ਦੇ ਡਾ. ਗਰਗ ਵੱਲੋਂ ਢੁਕਵੇਂ ਜਵਾਬ ਦਿੱਤੇ ਗਏ।
ਕਿਸਾਨਾਂ ਨੂੰ ਪੀਏਯੂ ਦੀਆਂ ਸਿਫ਼ਾਰਸ਼ਾਂ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਗੋਭੀ ਸਰ੍ਹੋਂ ਦਾ ਬੀਜ, ਕਣਕ ਲਈ ਜੈਵਿਕ ਖਾਦ ਅਤੇ ਪੀਏਯੂ ਦਾ ਖੇਤੀਬਾੜੀ ਸਾਹਿਤ ਵੀ ਉਪਲੱਬਧ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੀ ਸਫ਼ਲਤਾ ਵਿੱਚ ਸ. ਰਵਿੰਦਰ ਸਿੰਘ, ਅਤੇ ਸ. ਕੁਲਦੀਪ ਸਿੰਘ, ਸੈਕਟਰੀ ਕੋਆਪ੍ਰੇਟਿਵ ਸੋਸਾਇਟੀ ਅਤੇ ਪਿੰਡ ਹੇੜੀਕੇ ਦੇ ਹੋਰਨਾਂ ਕਿਸਾਨਾਂ ਨੇ ਵਡਮੁੱਲਾ ਯੋਗਦਾਨ ਪਾਇਆ। ਅਖੀਰ ਵਿੱਚ ਸ. ਰਵਿੰਦਰ ਸਿੰਘ ਦੇ ਬਾਸਮਤੀ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ।

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

• 50 ਕਰੋੜ ਰੁਪਏ ਵਾਲੀ ਇਸ ਯੋਜਨਾ ਨਾਲ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ; ਉੱਚ-ਗੁਣਵੱਤਾ ਵਾਲੇ ਪ੍ਰਮਾਣਿਤ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ‘ਤੇ ਵਿੱਤੀ ਬੋਝ ਘਟੇਗਾ: ਖੁੱਡੀਆਂ

ਚੰਡੀਗੜ੍ਹ, 25 ਅਕਤੂਬਰ:

ਉੱਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ 'ਤੇ ਵਿੱਤੀ ਬੋਝ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 50 ਕਰੋੜ ਰੁਪਏ ਦੀ ਸਹਾਇਤਾ ਯੋਜਨਾ ਦਾ ਐਲਾਨ ਕੀਤਾ, ਜਿਸ ਤਹਿਤ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਅਤੇ ਆਈਸੀਏਆਰ ਵੱਲੋਂ ਸਿਫਾਰਸ਼ ਕੀਤੇ ਗਏ ਪ੍ਰਮਾਣਿਤ ਕਣਕ ਦੇ ਬੀਜ ਅੱਧੀ ਕੀਮਤ 'ਤੇ ਦਿੱਤੇ ਜਾਣਗੇ ਅਤੇ ਵੱਧ ਤੋਂ ਵੱਧ 2,000 ਰੁਪਏ ਪ੍ਰਤੀ ਹੈਕਟੇਅਰ ਦੀ ਸਹਾਇਤਾ ਦਿੱਤੀ ਜਾਵੇਗੀ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ 4,250 ਰੁਪਏ ਪ੍ਰਤੀ ਕੁਇੰਟਲ ਦੀ ਕੀਮਤ ਵਾਲੇ ਪ੍ਰਮਾਣਿਤ ਕਣਕ ਦੇ ਬੀਜ ਕਿਸਾਨਾਂ ਨੂੰ 2,250 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤੇ ਜਾਣਗੇ ਅਤੇ 2,000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਬੀਜ ਦੀ ਖਰੀਦ ਸਮੇਂ ਹੀ ਘਟਾ ਦਿੱਤੀ ਜਾਵੇਗੀ। ਇਹ ਸਬਸਿਡੀ ਕੁੱਲ ਲਾਗਤ ਦੇ 50 ਫ਼ੀਸਦ ਜਾਂ 2,000 ਰੁਪਏ ਪ੍ਰਤੀ ਹੈਕਟੇਅਰ (ਜੋ ਵੀ ਘੱਟ ਹੋਵੇ) ਤੱਕ ਸੀਮਿਤ ਹੋਵੇਗੀ। ਇਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ ਮੁਹੱਈਆ ਕਰਾਉਣ ਅਤੇ ਅਗਲੇ ਸੀਜ਼ਨ ਲਈ ਬੀਜ ਤਿਆਰ ਕਰਨ ਵਿੱਚ ਮਦਦ ਕਰਨਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 2,42,218 ਲਾਭਪਾਤਰੀਆਂ ਨੂੰ ਕਵਰ ਕਰਨ ਲਈ ਜ਼ਿਲ੍ਹਾ-ਵਾਰ ਜ਼ਰੂਰਤ ਸਬੰਧੀ ਅਨੁਮਾਨ ਲਗਾਇਆ ਗਿਆ ਹੈ। ਇਸ ਲਈ ਕੁੱਲ 50 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਦੀ ਤਜਵੀਜ਼ ਕੀਤੀ ਗਈ ਹੈ, ਜਿਸ ਵਿੱਚ ਪ੍ਰਤੀ ਲਾਭਪਾਤਰੀ ਵੱਧ ਤੋਂ ਵੱਧ 2,000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਕੀਮ ਕ੍ਰਿਸ਼ੀਉੱਨਤੀ ਯੋਜਨਾ ਅਧੀਨ ਨੈਸ਼ਨਲ ਫੂਡ ਸਕਿਓਰਿਟੀ ਐਂਡ ਨਿਊਟ੍ਰੀਸ਼ਨ ਮਿਸ਼ਨ (ਐਨਐਫਐਸਐਨਐਮ) – ਸੀਡ ਕੰਪੋਨੈਂਟ ਤਹਿਤ ਲਾਗੂ ਕੀਤੀ ਜਾ ਰਹੀ ਹੈ।

ਅਰਜ਼ੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਯੋਗ ਕਿਸਾਨਾਂ ਨੂੰ ਆਪਣੇ ਆਧਾਰ ਕਾਰਡ ਸਮੇਤ ਆਪਣੇ ਸਬੰਧਤ ਜ਼ਿਲ੍ਹਾ ਜਾਂ ਬਲਾਕ ਖੇਤੀਬਾੜੀ ਦਫ਼ਤਰਾਂ ਵਿੱਚ ਜਾਣਾ ਪਵੇਗਾ ਅਤੇ ਨਿਰਧਾਰਤ ਪੋਰਟਲ http://www.agrimachinerypb.com  ਰਾਹੀਂ ਅਰਜ਼ੀ ਦੇਣੀ ਪਵੇਗੀ। ਇਸ ਪੋਰਟਲ 'ਤੇ ਉਨ੍ਹਾਂ ਦੀ ਪਛਾਣ ਦੀ ਤਸਦੀਕ ਆਧਾਰ ਨਾਲ ਜੁੜੇ ਓਟੀਪੀ ਰਾਹੀਂ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਸਿਡੀ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ ਅਤੇ ਆਈਸੀਏਆਰ ਜਾਂ ਪੰਜਾਬ ਸਰਕਾਰ ਵੱਲੋਂ ਨੋਟੀਫਾਈ 10 ਸਾਲ ਤੱਕ ਪੁਰਾਣੀਆਂ ਪ੍ਰਮਾਣਿਤ ਕਣਕ ਦੀਆਂ ਕਿਸਮਾਂ 'ਤੇ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਸੀਡ ਮਲਟੀਫਿਕੇਸ਼ਨ ਲਈ ਜ਼ਿੰਮੇਵਾਰ ਨੋਡਲ ਏਜੰਸੀਆਂ ਬੀਜ ਦੀ ਗੁਣਵੱਤਾ ਲਈ ਜਵਾਬਦੇਹ ਹੋਣਗੀਆਂ ਅਤੇ ਗੁਣਵੱਤਾ ਸਬੰਧੀ ਕਿਸੇ ਵੀ ਸ਼ਿਕਾਇਤ ਦਾ ਹੱਲ ਸਬੰਧਤ ਨੋਡਲ ਏਜੰਸੀ ਵੱਲੋਂ ਕੀਤਾ ਜਾਵੇਗਾ।

ਫੰਡਾਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਟੀਚਾਗਤ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਉਪਾਅ ਲਾਗੂ ਕੀਤੇ ਗਏ ਹਨ ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਨਿਰਧਾਰਤ ਟੀਚਿਆਂ ਮੁਤਾਬਕ ਪਹਿਲਾਂ ਆਓ, ਪਹਿਲਾਂ ਪਾਓ ਦੀ ਤਰਜ਼ ‘ਤੇ ਸਹਾਇਤਾ ਪ੍ਰਦਾਨ ਕਰਨਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਭਪਾਤਰੀਆਂ ਲਈ ਦੋ ਸਾਲਾਂ ਦੀ ਕੂਲਿੰਗ-ਆਫ ਮਿਆਦ, ਮੁੱਖ ਖੇਤੀਬਾੜੀ ਅਫਸਰ ਵੱਲੋਂ ਮੁਕੰਮਲ ਰਿਕਾਰਡ ਅਤੇ ਬਲਾਕ ਖੇਤੀਬਾੜੀ ਅਧਿਕਾਰੀਆਂ ਵੱਲੋਂ ਵਿਸਤ੍ਰਿਤ ਰਜਿਸਟਰ ਬਰਕਰਾਰ ਰੱਖਣਾ ਅਤੇ ਮੁੱਖ ਦਫਤਰ ਵੱਲੋਂ ਅੰਤਿਮ ਪ੍ਰਵਾਨਗੀ ਤੋਂ ਪਹਿਲਾਂ ਲਾਭਪਾਤਰੀਆਂ, ਬੀਜ ਦੀ ਮਾਤਰਾ ਅਤੇ ਸਬਸਿਡੀ ਦੀ ਰਕਮ ਦੀ ਤਸਦੀਕ ਕਰਨਾ ਸ਼ਾਮਲ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਨਿਰਧਾਰਤ ਆਨਲਾਈਨ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਿਰਫ਼ ਅਧਿਕਾਰਤ ਵਿਭਾਗੀ ਸੂਚਨਾ 'ਤੇ ਭਰੋਸਾ ਕਰਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਵਿੱਤੀ ਸੰਕਟ ਤੋਂ ਖੇਤੀਬਾੜੀ ਲਈ ਲੋੜੀਂਦੀਆਂ ਮਿਆਰੀ ਵਸਤਾਂ ਪ੍ਰਦਾਨ ਕੀਤੀਆਂ ਜਾ ਸਕਣ। ਬੀਜਾਂ ਦੀ ਗੁਣਵੱਤਾ ਨੂੰ ਸਖ਼ਤੀ ਨਾਲ ਕੰਟਰੋਲ ਕਰਕੇ ਅਤੇ ਇੱਕ ਪਾਰਦਰਸ਼ੀ, ਤਕਨਾਲੋਜੀ-ਅਧਾਰਿਤ ਵੰਡ ਪ੍ਰਣਾਲੀ ਲਾਗੂ ਕਰਕੇ, ਅਸੀਂ ਨਾ ਸਿਰਫ਼ ਕਣਕ ਦੀ ਅਗਾਮੀ ਫ਼ਸਲ ਨੂੰ ਸੁਰੱਖਿਅਤ ਕਰ ਰਹੇ ਹਾਂ ਸਗੋਂ ਇਹ ਵੀ ਯਕੀਨੀ ਬਣਾ ਰਹੇ ਹਾਂ ਕਿ ਜਨਤਕ ਫੰਡਾਂ ਦੀ ਵਰਤੋਂ ਪੂਰੀ ਜਵਾਬਦੇਹੀ ਨਾਲ ਕੀਤੀ ਜਾਵੇ।"

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ —— ਕੈਬਨਿਟ ਮੰਤਰੀ

ਲੰਬੀ/ ਮਲੋਟ/ ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ

      ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ, ਅਤੇ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਰਹੀ ਹੈ, ਇਹ ਪ੍ਰਗਟਾਵਾਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਬੀਤੇ ਦਿਨੀ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਾਨਾਂ, ਬੀਦੋਵਾਲੀ, ਚੰਨੂ,ਰੋੜਾਂਵਾਲੀ, ਫਤੂਹੀ ਖੇੜਾ ਅਤੇ ਦਿਉਣ ਖੇੜਾ ਵਿਖੇ ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਜਾਇਜਾ ਲੈਂਦਿਆਂ ਕੀਤਾ।
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਉਹਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੰਜਾਬ ਸਰਕਾਰ ਮੁਸੀਬਤ ਦੀ ਘੜੀ ਵਿੱਚ ਉਹਨਾਂ ਨਾਲ ਖੜ੍ਹੀ ਹੈ ਅਤੇ ਜਲਦੀ ਬਰਸਾਤ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜੇ ਉਹਨਾਂ ਨੂੰ ਦਿਵਾਇਆ ਜਾਵੇਗਾ।
                ਕੈਬਨਿਟ ਮੰਤਰੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੁਕਸਾਨ ਦੀ ਗਿਰਦਾਵਰੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਅਤੇ ਕੋਈ ਵੀ ਪੀੜਤ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਾ ਰਹੇ। ਉਹਨਾਂ ਭਰੋਸਾ ਦਿੱਤਾ ਕਿ ਜਿੱਥੇ ਫ਼ਸਲ ਦਾ 100 ਫ਼ੀਸਦੀ ਨੁਕਸਾਨ ਹੋਇਆ ਹੈ, ਉੱਥੇ ਗਿਰਦਾਵਰੀ ਵਿੱਚ ਵੀ ਨੁਕਸਾਨ 100 ਫ਼ੀਸਦੀ ਹੀ ਦਰਜ ਕੀਤਾ ਜਾਵੇਗਾ ਅਤੇ  ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦਿਵਾਉਣ ਲਈ ਲੋੜੀਦੀ ਕਾਰਵਾਈ ਕੀਤੀ
            ਇਸ ਮੌਕੇ ਗੁਰਬਾਜ ਸਿੰਘ ਬਣਨਵਾਲਾ ਚੇਅਰਮੈਨ ਮਾਰਕੀਟ ਕਮੇਟੀ,  ਚੇਅਰਮੈਨ ਰਸ਼ਪਾਲ ਖੁੱਡਿਆਂ, ਨਾਇਬ ਤਹਿਸੀਲਦਾਰ ਰੁਪਿੰਦਰ ਕੌਰ, ਬੀਡੀਪੀਓ ਰਾਕੇਸ਼ ਬਿਸ਼ਨੋਈ, ਚੀਫ ਐਗਰੀਕਲਚਰ ਜਗਸੀਰ ਸਿੰਘ, ਖੇਤੀਬਾੜੀ ਅਫਸਰ, ਪਟਵਾਰੀ, ਸਰਪੰਚ ਜਾਗਵਿੰਦਰ ਸਿੰਘ ਕਾਲਾ, ਸੁਖਜੀਤ ਸਿੰਘ ਬਰਾੜ, ਪ੍ਰਧਾਨ ਤੇਜਾ ਸਿੰਘ, ਪ੍ਰਧਾਨ ਰਾਜਾ ਭਿਟੀਵਾਲਾ, ਸਾਬਕਾ ਸਰਪੰਚ ਜਸਵਿੰਦਰ ਸਿੰਘ ਭਾਗੂ,
ਜਸਵਿੰਦਰ ਸਿੰਘ ਮੈਂਬਰ, ਭਿੰਦਾ ਸਿੰਘ ਸਾਬਕਾ ਮੈਂਬਰ, ਮੁਨਸ਼ੀ ਸਿੰਘ ਮੈਂਬਰ, ਰਾਜਵਿੰਦਰ ਸਿੰਘ ਲੱਡੂ,ਸ਼ਿੰਦੁ ਸਿੰਘ ਨੰਬਰਦਾਰ, ਪਰਮਜੀਤ ਸਿੰਘ ਜਸਕਰਨ ਸਿੰਘ, ਪ੍ਰਧਾਨ ਜੁਗਨੂ ਭੀਟੀਵਾਲਾ ਹਾਜ਼ਰ ਸਨ।

Saturday, October 24, 2026

ਪਰਾਲੀ ਪ੍ਰਬੰਧਨ: ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਵਲੋਂ ਝਲੂਰ ਦੇ ਖੇਤਾਂ ਦਾ ਦੌਰਾ

*ਕਲੱਸਟਰ ਤੇ ਨੋਡਲ ਅਫ਼ਸਰਾਂ ਨੂੰ ਪੂਰੀ ਨਿਗਰਾਨੀ ਦੇ ਨਿਰਦੇਸ਼*

*ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ, ਅੱਗ ਲਗਾਉਣ 'ਤੇ ਹੋਵੇਗੀ ਬਣਦੀ ਕਾਰਵਾਈ*
ਬਰਨਾਲਾ, 24 ਅਕਤੂਬਰ
ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਅਤੇ ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐਸ ਵਲੋਂ ਪਿੰਡ ਝਲੂਰ ਦੇ ਖੇਤਾਂ ਦਾ ਦੌਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਤਹਿਤ ਹੌਟਸਪੌਟ ਪਿੰਡਾਂ ਉੱਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਜਿਨ੍ਹਾਂ ਵਿਚ ਪਿੰਡ ਝਲੂਰ ਵੀ ਸ਼ਾਮਲ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਓਹਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ/ਸਾੜਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ ਅਤੇ ਕਿਸਾਨਾਂ ਨੂੰ ਪਿੰਡਵਾਰ ਢੁਕਵੀਂ ਮਸ਼ੀਨਰੀ ਵੀ ਮੁਹਈਆ ਕਰਾਈ ਜਾ ਰਹੀ ਹੈ। ਇਸ ਦੇ ਬਾਵਜੂਦ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਵੇਗਾ ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ, ਸਹਾਇਕ ਕਲੱਸਟਰ ਅਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਹੋਏ ਹਨ ਜੋ ਫੀਲਡ ਵਿੱਚ ਰਹਿ ਕੇ ਅਜਿਹੇ ਮਾਮਲਿਆਂ ਉੱਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜੇ ਕਰਨ।

*ਢੁਕਵੀਂ ਮਸ਼ੀਨਰੀ ਪਿੰਡਾਂ ਵਿਚ ਉਪਲਭਧ: ਡਿਪਟੀ ਕਮਿਸ਼ਨਰ*

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਝੋਨੇ ਹੇਠਲਾ ਰਕਬਾ 1,14,462 ਹੈਕਟੇਅਰ ਹੈ ਜਿਸ ਵਿਚੋਂ 7.10 ਲੱਖ ਟਨ ਪਰਾਲੀ ਨਿਕਲਣ ਦਾ ਅੰਦਾਜ਼ਾ ਹੈ ਜਿਸ ਵਾਸਤੇ 5300 ਦੇ ਕਰੀਬ ਮਸ਼ੀਨਾਂ ਉਪਲਭਧ ਹਨ। ਇਸ ਵਾਰ 42.25 ਫੀਸਦੀ ਦੇ ਕਰੀਬ ਇਨ ਸਿਟੂ ਅਤੇ 57.75 ਫੀਸਦੀ ਐਕਸ ਸਿਟੂ ਪਰਾਲੀ ਪ੍ਰਬੰਧਨ ਦਾ ਪਲਾਨ ਉਲੀਕਿਆ ਗਿਆ ਹੈ। ਪਰਾਲੀ ਪ੍ਰੋਟੈਕਸ਼ਨ ਫੋਰਸ ਤਹਿਤ 52 ਓਵਰਆਲ ਇੰਚਾਰਜ, 14 ਕਲੱਸਟਰ ਅਫ਼ਸਰ, 26 ਸਹਾਇਕ ਕਲੱਸਟਰ ਅਫ਼ਸਰ ਤੇ 245 ਨੋਡਲ ਅਫ਼ਸਰ ਜ਼ਿਲ੍ਹੇ ਦੇ 130 ਪਿੰਡਾਂ ਵਿਚ ਤਾਇਨਾਤ ਕੀਤੇ ਗਏ ਹਨ। ਓਹਨਾਂ ਦੱਸਿਆ ਕਿ ਸਾਲ 2025 ਦੇ ਅੰਕੜਿਆਂ ਅਨੁਸਾਰ 5 ਤੋਂ ਵੱਧ ਮਾਮਲਿਆਂ ਵਾਲੇ 3 ਪਿੰਡਾਂ (ਝਲੂਰ, ਕੋਟਦੁੰਨਾ, ਪੱਖੋਂ ਕਲਾਂ) 'ਤੇ ਨੇੜਿਓਂ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਸ ਤੋਂ ਪਿਛਲੇ ਸਾਲਾਂ ਦੇ ਹੌਟਸਪੌਟ ਪਿੰਡਾਂ ਉੱਤੇ ਵੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।

*ਪੈਲੇਟ ਯੂਨਿਟਾਂ ਤੋਂ ਇਲਾਵਾ ਪਰਾਲੀ ਡੰਪ ਸਥਾਪਿਤ*
ਜ਼ਿਲ੍ਹੇ ਵਿੱਚ 9 (ਇਸ ਤੋਂ 3 ਨੇੜਲੇ ਜ਼ਿਲ੍ਹਿਆਂ ਦੇ) ਪੈਲੇਟ ਯੂਨਿਟ ਚੱਲ ਰਹੇ ਹਨ ਜਿਨ੍ਹਾਂ ਵਾਸਤੇ ਪਰਾਲੀ ਦੀ ਮੈਪਿੰਗ ਕਿਸਾਨਾਂ ਨਾਲ ਕਰਾਈ ਗਈ ਹੈ। ਇਸ ਤੋਂ ਇਲਾਵਾ 16 ਪਰਾਲੀ ਡੰਪ ਸਥਾਪਿਤ ਕਰਨ ਤੋਂ ਇਲਾਵਾ 150 ਦੇ ਕਰੀਬ ਬੇਲਰ ਜ਼ਿਲ੍ਹੇ ਵਿੱਚ ਚੱਲ ਰਹੇ ਹਨ। ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੀ ਰਜਿਸਟ੍ਰੇਸ਼ਨ ਮਿਤੀ ਵਿਚ 30 ਅਕਤੂਬਰ ਤੱਕ ਦਾ ਵਾਧਾ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨ ਅਪਲਾਈ ਕਰ ਸਕਣ ਜਿਸ ਤਹਿਤ 7 ਲੱਖ ਦੇ ਇਨਾਮ ਰੱਖੇ ਗਏ ਹਨ।

Friday, October 23, 2026

ਇੱਟਾਂ ਦੇ ਭੱਠਿਆਂ ਵਿੱਚ ਬਾਲਣ ਵਜੋਂ 30 ਫ਼ੀਸਦੀ ਝੋਨੇ ਦੀ ਪਰਾਲੀ ਦੀਆਂ ਪੈਲਟਾਂ ਦੀ ਵਰਤੋਂ ਲਾਜ਼ਮੀ

*-ਡਿਪਟੀ ਕਮਿਸ਼ਨਰ ਵੱਲੋਂ ਇੱਟਾਂ ਦੇ ਭੱਠਿਆਂ ਦੇ ਮਾਲਕਾਂ ਨਾਲ ਮੀਟਿੰਗ*

*-ਭੱਠਾ ਮਾਲਕਾਂ ਦੀ ਐਸੋਸੀਏਸ਼ਨ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ*
*-ਜ਼ਿਲ੍ਹੇ ਵਿੱਚ 143 ਇੱਟਾਂ ਦੇ ਭੱਠੇ ਚਾਲੂ, ਇਸ ਸੀਜ਼ਨ ਦੌਰਾਨ ਲਗਭਗ 20,000 ਟਨ ਝੋਨੇ ਦੀ ਪਰਾਲੀ ਦੀਆਂ ਪੈਲਟਾਂ ਦੀ ਹੋਵੇਗੀ ਵਰਤੋਂ*
ਬਠਿੰਡਾ, 23 ਅਕਤੂਬਰ
ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਟਾਂ ਦੇ ਭੱਠਿਆਂ ਵਿੱਚ ਇੱਟਾਂ ਬਣਾਉਣ ਲਈ ਬਾਲਣ ਵਜੋਂ 30 ਫ਼ੀਸਦੀ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਦੀ ਵਰਤੋਂ ਕਰਨੀ ਲਾਜ਼ਮੀ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਇੱਟਾਂ ਦੇ ਭੱਠਿਆਂ ਵਾਸਤੇ ਸਬੰਧਤ ਗਿੱਟੀਆਂ ਬਣਾਉਣ ਵਾਲੀਆਂ ਫੈਕਟਰੀਆਂ ਤੋਂ ਗਿੱਟੀਆਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਜ਼ਰੂਰੀ ਹੈ।
ਇਹ ਗੱਲ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਅੱਜ ਇੱਥੇ ਜ਼ਿਲ੍ਹੇ ਦੇ ਇੱਟਾਂ ਦੇ ਭੱਠਿਆਂ ਦੇ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 143 ਇੱਟਾਂ ਦੇ ਭੱਠੇ ਚਾਲੂ ਹਨ, ਜਿਨ੍ਹਾਂ ਵੱਲੋਂ ਇਸ ਸੀਜ਼ਨ ਦੌਰਾਨ ਲਗਭਗ 20,000 ਟਨ ਝੋਨੇ ਦੀ ਪਰਾਲੀ ਦੀਆਂ ਪੈਲਟਾਂ ਦੇ ਰੂਪ ਵਿੱਚ ਵਰਤੋਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇੱਟਾਂ ਦੇ ਨਿਰਮਾਣ ਲਈ ਗਿੱਟੀਆਂ ਦੀ ਵਰਤੋਂ ਕੋਲੇ ਦੇ ਨਾਲ ਬਾਲਣ ਵਜੋਂ ਕੀਤੀ ਜਾਂਦੀ ਹੈ। ਇਸ ਨਾਲ ਨਾ ਸਿਰਫ਼ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ, ਸਗੋਂ ਇਸ ਦੀ ਸੁਚੱਜੀ ਵਰਤੋਂ ਵੀ ਯਕੀਨੀ ਬਣਦੀ ਹੈ। ਇਸ ਦੇ ਨਾਲ ਹੀ ਗਿੱਟੀਆਂ ਨੂੰ ਬਾਲਣ ਵਜੋਂ ਵਰਤਣਾ ਕੋਲੇ ਨੂੰ ਸਾੜਨ ਦੇ ਮੁਕਾਬਲੇ ਵਾਤਾਵਰਣ ਪੱਖੋਂ ਵਧੇਰੇ ਅਨੁਕੂਲ ਮੰਨਿਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਟਾਂ ਦੇ ਭੱਠਿਆਂ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਦੌਰਾਨ ਲਗਭਗ 20,000 ਟਨ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਦੀ ਖਪਤ ਹੋਵੇਗੀ। ਉਨ੍ਹਾਂ ਭੱਠਾ ਮਾਲਕਾਂ ਨੂੰ ਅਪੀਲ ਕੀਤੀ ਕਿ ਗਿੱਟੀਆਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਉਹ ਆਪਣੇ ਨੇੜਲੇ ਪੈਲਟ ਬਣਾਉਣ ਵਾਲੇ ਯੂਨਿਟਾਂ ਨਾਲ ਸਮਝੌਤਾ ਪੱਤਰ (ਐਮਓਯੂ) ਸਹੀਬੱਧ ਕਰਨ।

ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸ੍ਰੀਮਤੀ ਰੂਬੀ ਸਿੱਧੂ, ਡੀਐੱਫਐੱਸਸੀ ਸ੍ਰੀ ਗੁਰਤਾਰ ਸਿੰਘ, ਡੀਐੱਫਐੱਸਓ ਸ੍ਰੀ ਹਰਸ਼ਿਤ ਮਹਿਤਾ, ਇੱਟਾਂ ਦੇ ਭੱਠਿਆਂ ਦੇ ਮਾਲਕ ਅਤੇ ਹੋਰ ਹਾਜ਼ਰ ਸਨ।

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਮਿੱਟੀ ਅਤੇ ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਦੀ ਬਦੌਲਤ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਇਆ-ਭਗਵੰਤ ਸਿੰਘ ਮਾਨ

ਪਹਿਲੀ ਵਾਰ ਭਾਖੜਾ ਨਹਿਰ ਦੇ ਬਰਾਬਰ 18 ਹਜ਼ਾਰ ਕਿਊਸਿਕ ਲੀਟਰ ਪਾਣੀ ਪੰਜਾਬ ਦੇ ਖੇਤਾਂ ਤੱਕ ਪਹੁੰਚਿਆ-ਭਗਵੰਤ ਸਿੰਘ ਮਾਨ

40 ਸਾਲਾਂ ਤੋਂ ਪਾਣੀ ਦੀ ਉਡੀਕ ਕਰ ਰਹੇ ਲੋਕਾਂ ਲਈ ਛੇ ਹਜ਼ਾਰ ਕਿਲੋਮੀਟਰ ਹੋਰ ਪਾਈਪਲਾਈਨ ਵਿਛਾਵਾਂਗੇ-ਭਗਵੰਤ ਸਿੰਘ ਮਾਨ

ਧਰਤੀ ਹੇਠਲਾ ਪਾਣੀ 1 ਤੋਂ 5 ਮੀਟਰ ਉੱਪਰ ਆਉਣ ਨਾਲ ਪੰਜਾਬ ਹੁਣ ਡਾਰਕ ਜ਼ੋਨ ਤੋਂ ਸੇਫ਼ ਜ਼ੋਨ ਬਣਿਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ; 23 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ, ਜਿਸ ਨਾਲ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦਾ ਸਿਲਸਿਲਾ ਰੁਕਿਆ ਹੈ, ਜਿਸ ਨਾਲ ਪਾਣੀ ਦਾ ਪੱਧਰ ਚਾਰ ਮੀਟਰ ਉੱਚਾ ਹੋਇਆ ਹੈ। ਨਹਿਰੀ ਪਾਣੀ ਨੂੰ "ਪੰਜਾਬ ਦੀਆਂ ਫ਼ਸਲਾਂ ਲਈ ਦੇਸੀ ਘਿਓ" ਦੱਸਦਿਆਂ ਉਨ੍ਹਾਂ ਕਿਹਾ ਕਿ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਦੇ ਸਹਿਯੋਗ ਨਾਲ ਹੁਣ 18,000 ਕਿਊਸਿਕ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ ਅਤੇ ਇਸ ਨੈੱਟਵਰਕ ਨੂੰ ਵਧਾਉਣ ਲਈ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਿਸ਼ਨ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਧਰਤੀ ਹੇਠਲੇ ਪਾਣੀ ਦੇ ਬੇਸ਼ਕੀਮਤੀ ਭੰਡਾਰਾਂ ਦੀ ਰਾਖੀ ਕਰਨਾ ਅਤੇ ਪੰਜਾਬ ਦੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ।

ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਪੰਜਾਬ ਦੇ ਕਿਸਾਨੀ ਭਾਈਚਾਰੇ ਅਤੇ ਜਮਹੂਰੀਅਤ ਦੀ ਰਾਖੀ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਖੇਤੀਬਾੜੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸਾਡੇ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅਸੀਂ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਹੈ। ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਣ ਨਾਲ ਇਸ ਸੀਜ਼ਨ 'ਚ ਝੋਨੇ ਦਾ ਝਾੜ ਲਗਭਗ 90 ਮਣ ਪ੍ਰਤੀ ਏਕੜ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਨੇ ਲੋਕਤੰਤਰ ਵਿਰੋਧੀ ਅਤੇ ਦਮਨਕਾਰੀ ਕਾਨੂੰਨਾਂ ਵਿਰੁੱਧ ਅਹਿਮ ਮਤਾ ਪਾਸ ਕਰਕੇ ਦੇਸ਼ ਵਿੱਚ ਪਹਿਲਕਦਮੀ ਕੀਤੀ ਹੈ, ਜੋ ਮੁੱਦਾ ਅਜੇ ਤੱਕ ਨਾ ਤਾਂ ਲੋਕ ਸਭਾ ਅਤੇ ਨਾ ਹੀ ਰਾਜ ਸਭਾ ਵਿੱਚ ਚੁੱਕਿਆ ਗਿਆ ਹੈ। ਪੰਜਾਬ ਨੇ ਸਦਾ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਅਤੇ ਆਪ ਸਰਕਾਰ ਲੋਕ ਹਿੱਤਾਂ ਵਿੱਚ ਆਵਾਜ਼ ਉਠਾਉਂਦੀ ਰਹੇਗੀ। ਇਨਕਲਾਬ ਜ਼ਿੰਦਾਬਾਦ।”

ਪੰਜਾਬ ਵਿਧਾਨ ਸਭਾ ਵਿੱਚ ਬਹਿਸ ਦੌਰਾਨ ਹਿੱਸਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸਿਰਫ ਸਿੰਚਾਈ ਪਹਿਲਕਦਮੀ ਨਹੀਂ ਹੈ, ਇਹ ਪੰਜਾਬ ਦੇ ਖੇਤੀਬਾੜੀ ਭਵਿੱਖ ਨੂੰ ਸੁਰੱਖਿਅਤ ਕਰਨ, ਸਾਡੇ ਕੀਮਤੀ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਵੱਲ ਨਿਰਣਾਇਕ ਕਦਮ ਹੈ। ਉਨ੍ਹਾਂ ਕਿਹਾ, “ਨਹਿਰੀ ਪਾਣੀ ਦੀ ਵਰਤੋਂ ਸਾਲ 2022 ਵਿੱਚ 22 ਫੀਸਦੀ ਤੋਂ ਵਧ ਕੇ ਅੱਜ 80 ਫੀਸਦੀ ਤੋਂ ਵੱਧ ਹੋ ਗਈ ਹੈ, ਜਿਸ ਵਿੱਚ ਖੇਤੀਬਾੜੀ ਖੇਤਾਂ ਤੱਕ ਨਹਿਰੀ ਪਾਣੀ ਲੈ ਜਾਣ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।”

ਮੁੱਖ ਮੰਤਰੀ ਨੇ ਕਿਹਾ, “ਨਹਿਰੀ ਪਾਣੀ ਪੰਜਾਬ ਦੀਆਂ ਫ਼ਸਲਾਂ ਲਈ ਦੇਸੀ ਘਿਓ ਵਰਗਾ ਹੈ। ਜਦੋਂ ਸਾਡੇ ਕਿਸਾਨਾਂ ਨੂੰ ਲੋੜੀਂਦਾ ਨਹਿਰੀ ਪਾਣੀ ਮਿਲਦਾ ਹੈ ਤਾਂ ਧਰਤੀ ਹੇਠਲੇ ਪਾਣੀ 'ਤੇ ਉਨ੍ਹਾਂ ਦੀ ਨਿਰਭਰਤਾ ਘਟਦੀ ਹੈ, ਖੇਤੀਬਾੜੀ ਉਤਪਾਦਨ ਵਿੱਚ ਸੁਧਾਰ ਹੁੰਦਾ ਹੈ ਅਤੇ ਖੇਤੀ ਵਧੇਰੇ ਹੰਢਣਸਾਰ ਬਣਦੀ ਹੈ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਪੂਰੀ ਤਰ੍ਹਾਂ ਟਿਊਬਵੈਲਾਂ 'ਤੇ ਨਿਰਭਰ ਹੋਣ ਦੀ ਬਜਾਏ ਜਿੱਥੇ ਅਤੇ ਜਦੋਂ ਲੋੜ ਹੋਵੇ, ਪਾਣੀ ਮਿਲੇ।”

ਉਨ੍ਹਾਂ ਨੇ ਜ਼ਿਕਰ ਕੀਤਾ, “ਦਹਾਕਿਆਂ ਤੋਂ ਸਾਡੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਕਾਰਨ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਡੂੰਘੇ ਬੋਰਵੈੱਲ ਪੁੱਟਣ ਲਈ ਮਜਬੂਰ ਹੋਣਾ ਪਿਆ ਹੈ। ਸਾਡੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਲਈ ਦਿਨ-ਰਾਤ ਮਿਹਨਤ ਕੀਤੀ ਹੈ, ਪਰ ਆਪਣੀਆਂ ਫ਼ਸਲਾਂ ਨੂੰ ਬਚਾਉਣ ਦਾ ਬੋਝ ਲਗਾਤਾਰ ਸਾਡੇ ਜ਼ਮੀਨਦੋਜ਼ ਪਾਣੀ ਦੇ ਭੰਡਾਰਾਂ 'ਤੇ ਪੈਂਦਾ ਰਿਹਾ ਹੈ। ਅਸੀਂ ਅਜਿਹੀ ਸਥਿਤੀ ਨਹੀਂ ਬਣਨ ਦੇ ਸਕਦੇ ਜਿੱਥੇ ਸਾਡੇ ਕਿਸਾਨ ਪਾਣੀ ਲਈ ਸੰਘਰਸ਼ ਕਰਨ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਜਾਵੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਨਿਰੰਤਰ ਯਤਨਾਂ ਨਾਲ ਨਹਿਰੀ ਪਾਣੀ ਦੀ ਵਰਤੋਂ 2022 ਵਿੱਚ 22 ਫੀਸਦੀ ਤੋਂ ਵੱਧ ਕੇ ਅੱਜ 80 ਫੀਸਦੀ ਤੋਂ ਵੱਧ ਹੋ ਗਈ ਹੈ। ਕੁਝ ਇਲਾਕਿਆਂ ਵਿੱਚ ਨਹਿਰੀ ਪਾਣੀ ਉਨ੍ਹਾਂ ਪਿੰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਲੋਕਾਂ ਨੇ ਲਗਭਗ 80 ਸਾਲਾਂ ਤੋਂ ਆਪਣੇ ਖੇਤਾਂ ਵਿੱਚ ਪਾਣੀ ਵਗਦਾ ਨਹੀਂ ਦੇਖਿਆ ਸੀ। ਇਹ ਸਿਰਫ਼ ਸਿੰਚਾਈ ਵਿਵਸਥਾ ਵਿੱਚ ਬਦਲਾਅ ਨਹੀਂ ਹੈ; ਇਹ ਸਾਡੇ ਮਿਹਨਤੀ ਅਤੇ ਦ੍ਰਿੜ ਜਜ਼ਬੇ ਵਾਲੇ ਕਿਸਾਨਾਂ ਦੇ ਜੀਵਨ ਵਿੱਚ ਬਦਲਾਅ ਹੈ।”

ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਦੀ ਇਕ ਰਿਪੋਰਟ ਅਨੁਸਾਰ, ਨਹਿਰੀ ਸਿੰਚਾਈ ਦੇ ਵਿਸਤਾਰ ਲਈ ਸਾਡੇ ਯਤਨਾਂ ਦੇ ਨਤੀਜੇ ਵਜੋਂ ਪੰਜਾਬ ਦੇ ਧਰਤੀ ਹੇਠਲਾ ਪਾਣੀ ਦਾ ਪੱਧਰ ਚਾਰ ਮੀਟਰ ਉਪਰ ਆਇਆ ਹੈ। ਜਿਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਵੰਡਣ ਦੀਆਂ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਉੱਥੋਂ ਦੀਆਂ ਰਿਪੋਰਟਾਂ ਵੀ ਉਤਸ਼ਾਹਜਨਕ ਹਨ, ਜਿੱਥੇ ਕਿਸਾਨ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦੀ ਗੱਲ ਕਹਿ ਰਹੇ ਹਨ। ਇਹ ਪ੍ਰਾਪਤੀਆਂ ਨਹਿਰੀ ਸਿੰਚਾਈ ਦਾ ਵਿਸਤਾਰ ਕਰਨ ਅਤੇ ਧਰਤੀ ਹੇਠਲੇ ਪਾਣੀ ਦੀ ਵਾਧੂ ਨਿਕਾਸੀ ਨੂੰ ਘਟਾਉਣ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰਦੀਆਂ ਹਨ।”

ਉਨ੍ਹਾਂ ਅੱਗੇ ਕਿਹਾ, “ਲਗਭਗ 18,000 ਕਿਊਸਿਕ ਨਹਿਰੀ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ, ਜੋ ਸਿੰਚਾਈ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਸਾਡੇ ਯਤਨਾਂ ਨੂੰ ਦਰਸਾਉਂਦਾ ਹੈ। ਜਿਨ੍ਹਾਂ ਇਲਾਕਿਆਂ ਵਿੱਚ ਕਿਸਾਨ ਲੰਮੇ ਸਮੇਂ ਤੋਂ ਸਿੰਚਾਈ ਦੀ ਘਾਟ ਨਾਲ ਜੂਝ ਰਹੇ ਸਨ, ਉਨ੍ਹਾਂ ਨੂੰ ਹੁਣ ਰਾਹਤ ਮਿਲ ਰਹੀ ਹੈ, ਜਦੋਂ ਕਿ ਜ਼ਿਆਦਾ ਪਾਣੀ ਕੱਢਣ ਕਾਰਨ ਪਹਿਲਾਂ ਡਾਰਕ ਜ਼ੋਨ ਐਲਾਨੇ ਗਏ ਖੇਤਰਾਂ ਵਿੱਚ ਸੁਧਾਰ ਦੇ ਸਾਕਾਰਤਮਕ ਸੰਕੇਤ ਦਿਸ ਰਹੇ ਹਨ।”

ਉਨ੍ਹਾਂ ਨੇ ਸਿੰਚਾਈ ਸੁਧਾਰ ਦੇ ਪੂਰੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਫ਼ਸਲ-ਵਾਰ ਉਤਪਾਦਨ ਦੇ ਅੰਕੜਿਆਂ ਨੂੰ ਰਿਕਾਰਡ ਕਰਨ ਅਤੇ ਤਸਦੀਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਪ੍ਰਾਪਤ ਕਰਨ ਵਾਲੇ ਖੇਤਰਾਂ ਵਿੱਚ ਝੋਨੇ ਦੀ ਪੈਦਾਵਾਰ ਵਧਣ ਦੀਆਂ ਰਿਪੋਰਟਾਂ ਇਸ ਪਹਿਲਕਦਮੀ ਦਾ ਲਾਭ ਹੋਣ ਦੇ ਯੋਜਨਾਬੱਧ ਮੁਲਾਂਕਣ ਕਰਨ ਦੀ ਮਹੱਤਤਾ ਨੂੰ ਦਰਸਾਉਂਦੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪਾਣੀ ਦੀ ਵੰਡ ਨੂੰ ਮਜ਼ਬੂਤ ਕਰਨ ਅਤੇ ਨਹਿਰੀ ਪਾਣੀ ਨੂੰ ਖੇਤਾਂ ਤੱਕ ਲੈ ਜਾਣ ਲਈ ਪਹਿਲਾਂ ਹੀ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਚੁੱਕੇ ਹਾਂ। ਇਹ ਵਿਛਾਈਆਂ ਗਈਆਂ ਪਾਈਪਲਾਈਨਾਂ ਸਾਡੇ ਕਿਸਾਨਾਂ ਦੇ ਫਾਇਦੇ ਲਈ ਤਿਆਰ ਕੀਤੇ ਗਏ ਢਾਂਚੇ ਦੇ ਵੱਡੇ ਪੈਮਾਨੇ ਨੂੰ ਦਰਸਾਉਂਦੀਆਂ ਹਨ। ਅਸੀਂ ਸਿੰਚਾਈ ਨੈੱਟਵਰਕ ਦਾ ਵਿਸਤਾਰ ਕਰਨ ਅਤੇ ਨਹਿਰੀ ਪਾਣੀ ਦੇ ਘੇਰੇ ਹੇਠ ਹੋਰ ਖੇਤੀਬਾੜੀ ਜ਼ਮੀਨ ਲਿਆਉਣ ਲਈ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਵਾਂਗੇ।”

ਉਨ੍ਹਾਂ ਕਿਹਾ ਕਿ ਇਸ ਵਿਸਤਾਰ ਨਾਲ ਖਾਸ ਕਰਕੇ ਉਨ੍ਹਾਂ ਖੇਤਰਾਂ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਜੋ ਦਹਾਕਿਆਂ ਤੋਂ ਨਹਿਰੀ ਪਾਣੀ ਦੀ ਯੋਗ ਸਪਲਾਈ ਤੋਂ ਵਾਂਝੇ ਰਹੇ ਸਨ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, “ਅੱਜ ਧਰਤੀ ਹੇਠਲੇ ਪਾਣੀ ਦੀ ਬਚਾਈ ਗਈ ਇਕ-ਇਕ ਬੂੰਦ ਸਾਡੇ ਕਿਸਾਨਾਂ ਅਤੇ ਸਾਡੇ ਬੱਚਿਆਂ ਦੇ ਭਵਿੱਖ ਲਈ ਉਸਾਰੂ ਨਿਵੇਸ਼ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਕਿਸਾਨਾਂ ਨੂੰ ਡੂੰਘੇ ਜ਼ਮੀਨਦੋਜ਼ ਪਾਣੀ ਪਿੱਛੇ ਭੱਜਣ ਲਈ ਮਜਬੂਰ ਹੋਏ ਬਿਨਾਂ ਸਿੰਚਾਈ ਤੱਕ ਭਰੋਸੇਯੋਗ ਪਹੁੰਚ ਮਿਲੇ। ਸਾਡਾ ਮਿਸ਼ਨ ਸਪੱਸ਼ਟ ਹੈ: ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਹੋਣੀ ਚਾਹੀਦੀ ਹੈ ਅਤੇ ਅਸੀਂ ਸਾਡੇ ਕੋਲ ਮੌਜੂਦ ਨਹਿਰੀ ਪਾਣੀ ਦੀ 100 ਫੀਸਦੀ ਵਰਤੋਂ ਵੱਲ ਕੰਮ ਕਰਨਾ ਜਾਰੀ ਰੱਖਾਂਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨਾ, ਪਾਈਪਲਾਈਨ-ਆਧਾਰਿਤ ਵੰਡ ਦਾ ਵਿਸਤਾਰ ਕਰਨਾ ਅਤੇ ਪਾਣੀ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੀ ਖੇਤੀਬਾੜੀ ਆਪਣੇ ਕੁਦਰਤੀ ਸਰੋਤਾਂ ਨੂੰ ਖ਼ਤਮ ਕੀਤੇ ਬਿਨਾਂ ਉਪਜਾਊ ਬਣੀ ਰਹੇ। ਉਨ੍ਹਾਂ ਅੱਗੇ ਕਿਹਾ, “ਇਹ ਸਾਨੂੰ ਸਾਡੇ ਧਰਤੀ ਹੇਠਲੇ ਪਾਣੀ ਦੇ ਕੀਮਤੀ ਸਰੋਤਾਂ ਨੂੰ ਬਹਾਲ ਕਰਨ ਵਿੱਚ ਮਦਦ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਪੰਜਾਬ ਸਾਡੀ ਖੇਤੀਬਾੜੀ ਲਈ ਪਾਣੀ ਦੀ ਰਾਖੀ ਕਰਦੇ ਹੋਏ ਦੇਸ਼ ਦਾ ਢਿੱਡ ਭਰਨ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇ।”

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਬਾਬਾ ਬਕਾਲਾ ਹਲਕੇ ਵਿੱਚ 21.97 ਕਰੋੜ ਦੀ ਲਾਗਤ ਨਾਲ 31.44 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਮੁਕੰਮਲ

ਬਾਕੀ ਰਹਿੰਦੇ 77 ਕਿਲੋਮੀਟਰ ਨਹਿਰੀ ਨੈਟਵਰਕ ਦੀ ਲਾਈਨਿੰਗ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤੀ ਜਾਵੇਗੀ
108.71 ਕਿਲੋਮੀਟਰ ਲੰਮਾ ਨਹਿਰੀ ਨੈਟਵਰਕ ਬਾਬਾ ਬਕਾਲਾ ਹਲਕੇ ਦੇ ਖੇਤੀਬਾੜੀ ਖੇਤਰ ਨੂੰ ਕਰਦਾ ਹੈ ਸਿੰਜਾਈ ਸਹੂਲਤਾਂ ਪ੍ਰਦਾਨ
ਪੰਜਾਬ ਵਿੱਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 7,500 ਕਰੋੜ ਰੁਪਏ ਖਰਚੇ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 23 ਅਕਤੂਬਰ:
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਸੂਬਾ ਸਰਕਾਰ ਖੇਤੀਬਾੜੀ ਖੇਤਰਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਨਹਿਰੀ ਸਿੰਜਾਈ ਦਾ ਵਿਸਥਾਰ ਕਰਨ ਸਣੇ ਨਹਿਰੀ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ।
ਬਾਬਾ ਬਕਾਲਾ ਦੇ ਵਿਧਾਇਕ ਸ. ਦਲਬੀਰ ਸਿੰਘ ਵੱਲੋਂ ਹਲਕੇ ਵਿੱਚ ਨਹਿਰੀ ਪਾਣੀ ਦੀ ਸਪਲਾਈ ਅਤੇ ਖਾਲਿਆਂ ਦੀ ਲਾਈਨਿੰਗ ਸਬੰਧੀ ਪੁੱਛੇ ਸਵਾਲ ਦਾ ਪ੍ਰਸ਼ਨ ਕਾਲ ਦੌਰਾਨ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 21.97 ਕਰੋੜ ਰੁਪਏ ਦੀ ਲਾਗਤ ਨਾਲ 31.44 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਰਹਿੰਦੇ 77 ਕਿਲੋਮੀਟਰ ਦੀ ਲਾਈਨਿੰਗ ਦਾ ਕੰਮ ਤਕਨੀਕੀ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਬਾਬਾ ਬਕਾਲਾ ਹਲਕੇ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਵਾਲਾ ਨਹਿਰੀ ਨੈਟਵਰਕ ਅੱਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਪ੍ਰਣਾਲੀ ਦੀ ਸਭਰਾਉਂ ਬ੍ਰਾਂਚ ਤੋਂ ਨਿਕਲਦਾ ਹੈ। ਇਸ ਖੇਤਰ ਵਿੱਚ ਸੱਤ ਡਿਸਟ੍ਰੀਬਿਊਟਰੀਆਂ ਅਤੇ ਪੰਜ ਮਾਈਨਰਾਂ ਰਾਹੀਂ ਸਿੰਜਾਈ ਲਈ ਪਾਣੀ ਸਪਲਾਈ ਕੀਤਾ ਜਾਂਦਾ ਹੈ, ਜਿਨ੍ਹਾਂ ਦੀ ਕੁੱਲ ਲੰਬਾਈ 108.71 ਕਿਲੋਮੀਟਰ ਹੈ।
ਵਿਧਾਇਕ ਸ. ਦਲਬੀਰ ਸਿੰਘ ਵੱਲੋਂ ਰਈਆ, ਨਾਗੋਕੇ, ਭਿੰਡਰ ਅਤੇ ਘੱਗੜ ਭਾਣਾ ਰਜਬਾਹਿਆਂ ਸਬੰਧੀ ਉਠਾਏ ਮੁੱਦਿਆਂ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਹ ਨਹਿਰੀ ਚੈਨਲ ਲਗਭਗ 28,540 ਏਕੜ ਖੇਤੀਬਾੜੀ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਨਹਿਰੀ ਲਾਈਨਿੰਗ ਦੇ ਕੰਮ ਪੜਾਅਵਾਰ ਢੰਗ ਨਾਲ ਕੀਤੇ ਜਾਣਗੇ ਅਤੇ ਇਸ ਲਈ ਤਕਨੀਕੀ ਸੰਭਾਵਨਾ ਦੇ ਮੁਲਾਂਕਣ ਤੇ ਫੰਡਾਂ ਦੀ ਉਪਲਬਧਤਾ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।
ਹਲਕੇ ਵਿੱਚ ਮੁਕੰਮਲ ਹੋਏ ਕੰਮਾਂ ਦਾ ਵੇਰਵਾ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ 108.71 ਕਿਲੋਮੀਟਰ ਲੰਬੇ ਨਹਿਰੀ ਨੈਟਵਰਕ ਵਿੱਚੋਂ 31.44 ਕਿਲੋਮੀਟਰ ਦੀ ਕੰਕਰੀਟ ਲਾਈਨਿੰਗ 21 ਕਰੋੜ 97 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ। ਬਾਕੀ ਲਗਭਗ 77 ਕਿਲੋਮੀਟਰ ਦੀ ਲਾਈਨਿੰਗ ਸਬੰਧੀ ਕੰਮ ਆਉਣ ਵਾਲੇ ਸਮੇਂ ਵਿੱਚ ਤਕਨੀਕੀ ਸੰਭਾਵਨਾ ਅਤੇ ਪ੍ਰਾਜੈਕਟਾਂ ਦੀ ਤਰਜੀਹ ਦੇ ਆਧਾਰ ’ਤੇ ਵਿਚਾਰੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਨਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੇ ਖੇਤਾਂ ਤੱਕ ਸਿੰਜਾਈ ਲਈ ਪਾਣੀ ਦੀ ਭਰੋਸੇਯੋਗ ਸਪਲਾਈ ਯਕੀਨੀ ਬਣਾਉਣਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਲਗਭਗ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੇ ਖੇਤਾਂ ਦੇ ਨੇੜੇ ਹੀ ਸਿੰਜਾਈ ਲਈ ਪਾਣੀ ਉਪਲਬਧ ਹੋ ਸਕੇ।
ਉਨ੍ਹਾਂ ਸਦਨ ਨੂੰ ਇਹ ਵੀ ਦੱਸਿਆ ਕਿ ਨਹਿਰੀ ਸਿੰਜਾਈ ਅਧੀਨ ਰਕਬਾ 20.89 ਲੱਖ ਏਕੜ ਤੋਂ ਵਧ ਕੇ 61 ਲੱਖ ਏਕੜ ਤੱਕ ਪਹੁੰਚ ਗਿਆ ਹੈ। ਸੂਬਾ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੈਟਵਰਕ ਨੂੰ ਮਜ਼ਬੂਤ ਕਰਨ ਅਤੇ ਪਾਣੀ ਦੀ ਵੰਡ ਵਿੱਚ ਸੁਧਾਰ ਲਿਆਉਣ ਲਈ 7,500 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।
ਬਾਬਾ ਬਕਾਲਾ ਹਲਕੇ ਵਿੱਚ ਪਾਣੀ ਦੀ ਉਪਲਬਧਤਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਵੱਖ-ਵੱਖ ਡਿਸਟ੍ਰੀਬਿਊਟਰੀਆਂ ਵਿੱਚ ਪਾਣੀ ਦਾ ਵਹਾਅ ਉਨ੍ਹਾਂ ਦੀ ਨਿਰਧਾਰਤ ਸਮਰੱਥਾ ਦੇ 100 ਫ਼ੀਸਦੀ ਤੋਂ 132.8 ਫ਼ੀਸਦੀ ਤੱਕ ਰਿਹਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਨਹਿਰੀ ਪਾਣੀ ਦਾ ਵਹਾਅ ਪਹਿਲੀ ਵਾਰ 40,000 ਕਿਊਸਿਕ ਤੱਕ ਪਹੁੰਚਿਆ ਹੈ, ਜਦਕਿ ਸਾਲ 2022 ਤੋਂ ਪਹਿਲਾਂ ਪਾਣੀ ਦੀ ਔਸਤ ਸਮਰੱਥਾ ਲਗਭਗ 26,000 ਕਿਊਸਿਕ ਸੀ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਦੇ ਖੇਤੀਬਾੜੀ ਖੇਤਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਸੂਬੇ ਦੇ ਹਿੱਸੇ ਦਾ ਸਮੁੱਚਾ ਉਪਲਬਧ ਨਹਿਰੀ ਪਾਣੀ ਪੰਜਾਬ ਦੇ ਅੰਦਰ ਹੀ ਵਰਤੋਂ ਵਿੱਚ ਲਿਆਉਣਾ ਹੈ।

ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਨਾਲ ਸਬੰਧਤ ਪ੍ਰੋਜੈਕਟਾਂ ਦਾ ਨਿਰੀਖਣ

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਖੇਤਾਂ ’ਚ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਰੋਕਥਾਮ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 23 ਅਕਤੂਬਰ: ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਟੀਮ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਮੌਜੂਦਾ ਤਕਨਾਲੋਜੀ ਰਾਹੀਂ ਪਰਾਲੀ ਦੀ ਵੱਖ-ਵੱਖ ਕੰਮਾਂ ਲਈ ਵਰਤੋਂ ਨਾਲ ਸਬੰਧਤ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਸਥਿਤੀ ਦਾ ਜਾਇਜ਼ਾ ਲਿਆ।
ਉੱਚ ਪੱਧਰੀ ਟੀਮ ਵਿੱਚ ਸੀ.ਏ.ਕਿਊ.ਐੱਮ. ਦੇ ਚੇਅਰਪਰਸਨ ਰਾਜੇਸ਼ ਵਰਮਾ, ਮੈਂਬਰ (ਤਕਨੀਕੀ) ਐੱਸ.ਡੀ. ਅੱਤਰੀ ਅਤੇ ਮੈਂਬਰ ਸਕੱਤਰ ਤਰੁਣ ਕੁਮਾਰ ਪਿਥੋੜੇ ਸ਼ਾਮਲ ਸਨ। ਇਸ ਤੋਂ ਇਲਾਵਾ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਸੀ.ਐੱਮ.ਡੀ. ਗੁਰਕਿਰਤ ਕਿਰਪਾਲ ਸਿੰਘ, ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਲਵਨੀਤ ਕੁਮਾਰ ਦੂਬੇ, ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ, ਏ.ਡੀ.ਸੀ. ਰਾਕੇਸ਼ ਕੁਮਾਰ ਮੀਨਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਦੌਰੇ ਦੌਰਾਨ ਅਧਿਕਾਰੀਆਂ ਨੇ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਬਿੰਜੋਂ ਸਥਿਤ ਗ੍ਰੀਨ ਪਲੈਨੇਟ ਐਨਰਜੀ ਪ੍ਰਾਈਵੇਟ ਲਿਮਟਿਡ ਦੇ ਬਾਇਓਮਾਸ ਪਾਵਰ ਪਲਾਂਟ ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਖੇਤੀਬਾੜੀ ਵਿਗਿਆਨ ਕੇਂਦਰ ਦਾ ਦੌਰਾ ਕਰਕੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਸਥਿਤੀ ਅਤੇ ਵਰਤੋਂ ਦੀ ਸਮੀਖਿਆ ਕੀਤੀ।
ਅਧਿਕਾਰੀਆਂ ਨੇ ਪਿੰਡ ਬਰੋਟੀ ਸਥਿਤ ਰਿਲਾਇੰਸ ਕੰਪ੍ਰੈੱਸਡ ਬਾਇਓ-ਗੈਸ ਪਲਾਂਟ ਦਾ ਵੀ ਨਿਰੀਖਣ ਕੀਤਾ। ਇਸ ਤੋਂ ਇਲਾਵਾ ਪਿੰਡ ਕੋਟਲਾ ਗੌਂਸਪੁਰ ਸਥਿਤ ਮੈਸਰਜ਼ ਈਕੋ ਊਰਜਾ ਵੈਂਚਰਜ਼ ਦੇ ਝੋਨੇ ਦੀ ਪਰਾਲੀ ਤੋਂ ਪੈਲੇਟ ਬਣਾਉਣ ਵਾਲੇ ਪਲਾਂਟ ਦਾ ਦੌਰਾ ਕਰਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਰਾਹੀਂ ਵੱਖ-ਵੱਖ ਕਾਰਜਾਂ ਲਈ ਵਰਤੋਂ ਬਾਰੇ ਪ੍ਰੋਜੈਕਟਾਂ ਦਾ ਵੀ ਜਾਇਜ਼ਾ ਲਿਆ।
ਸੀ.ਏ.ਕਿਊ.ਐੱਮ. ਦੇ ਚੇਅਰਪਰਸਨ ਰਾਜੇਸ਼ ਵਰਮਾ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਝੋਨੇ ਦੀ ਪਰਾਲੀ ਦੇ ਵਿਗਿਆਨਕ ਅਤੇ ਵਾਤਾਵਰਣ-ਅਨੁਕੂਲ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ, ਪਰਾਲੀ ਆਧਾਰਿਤ ਊਰਜਾ ਉਤਪਾਦਨ ਅਤੇ ਹੋਰ ਉਦਯੋਗਿਕ ਵਰਤੋਂ ਦੀਆਂ ਸੰਭਾਵਨਾਵਾਂ ਨੂੰ ਵਧਾਉਣਾ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਨਾ ਸੀ।

ਫੂਸ ਮੰਡੀ ਦੇ ਪਰਮਜੀਤ ਸਿੰਘ ਨੇ ਸੁਪਰ ਸੀਡਰ ਨਾਲ ਪਰਾਲੀ ਖੇਤ ਵਿੱਚ ਮਿਲਾ ਕੇ ਕੀਤੀ ਕਣਕ ਦੀ ਬਿਜਾਈ

*ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਮਸ਼ੀਨਾਂ ਨਾਲ ਪਰਾਲੀ ਪ੍ਰਬੰਧਨ ਦੀ ਅਪੀਲ*

ਬਠਿੰਡਾ, 23 ਅਕਤੂਬਰ :

ਪਿੰਡ ਫੂਸ ਮੰਡੀ ਦੇ ਅਗਾਂਹਵਧੂ ਕਿਸਾਨ ਪਰਮਜੀਤ ਸਿੰਘ ਪੁੱਤਰ ਮਹਿਮਾ ਸਿੰਘ ਵੱਲੋਂ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਤਿੰਨ ਏਕੜ ਰਕਬੇ ਵਿੱਚ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਗਈ। ਇਸ ਉਪਰਾਲੇ ਨਾਲ ਉਹ ਇਲਾਕੇ ਦੇ ਹੋਰ ਕਿਸਾਨਾਂ ਲਈ ਇੱਕ ਮਿਸਾਲ ਬਣ ਕੇ ਸਾਹਮਣੇ ਆਏ ਹਨ।
ਇਸ ਮੌਕੇ ਹਾਜ਼ਰ ਡਾ. ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਨੇ ਕਿਸਾਨ ਪਰਮਜੀਤ ਸਿੰਘ ਦੀ ਸ਼ਲਾਘਾ ਕਰਦਿਆਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਕਿਸਾਨ ਵਾਂਗ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਰਲਾਉਣ।
ਇਸ ਮੌਕੇ ਕਿਸਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ 12 ਏਕੜ ਰਕਬਾ ਖੇਤੀ ਜ਼ਮੀਨ ਹੇਠਾਂ ਹੈ। ਇਸ ਸੀਜ਼ਨ ਦੌਰਾਨ ਉਨ੍ਹਾਂ ਹੁਣ ਤੱਕ 3 ਏਕੜ ਰਕਬੇ 'ਚ ਹੈਪੀ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਹੈ ਅਤੇ ਜਲਦ ਹੀ ਉਹ ਬਾਕੀ ਰਹਿੰਦੇ 9 ਏਕੜ ਚ ਵੀ ਮਸ਼ੀਨ ਰਾਹੀਂ ਹੀ ਬਿਜਾਈ ਕਰਨਗੇ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਮਸ਼ੀਨ ਰਾਹੀਂ ਕੀਤੀ ਜਾਂਦੀ ਬਿਜਾਈ ਤੋਂ ਬਾਅਦ ਉਨ੍ਹਾਂ ਦੀ ਕਣਕ ਦਾ ਝਾੜ ਪਹਿਲਾਂ ਵਾਂਗ ਹੀ ਬਰਕਰਾਰ ਹੈ।
ਇਸ ਮੌਕੇ ਡਾ. ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਨੇ ਦੱਸਿਆ ਕਿ ਪਰਾਲੀ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਜਦਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੇ ਮਿੱਤਰ ਕੀੜੇ ਤੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਛੋਟੇ ਅਤੇ ਮੱਧ ਕਿਸਾਨਾਂ ਨੂੰ ਖ਼ਾਸ ਤੌਰ ਤੇ ਸਲਾਹ ਦਿੱਤੀ ਕਿ ਜੇਕਰ ਉਨ੍ਹਾਂ ਕੋਲ ਜੇਕਰ ਆਪਣੀਆਂ ਮਸ਼ੀਨਾਂ ਨਹੀਂ ਹਨ ਤਾਂ ਉਹ ਸਬੰਧਤ ਸਹਿਕਾਰੀ ਸਭਾਵਾਂ ਤੋਂ ਮਸ਼ੀਨਾਂ ਮੁਫਤ ਲੈ ਕੇ ਪਰਾਲੀ ਦਾ ਪ੍ਰਬੰਧਨ ਕਰਨ।
ਉਨ੍ਹਾਂ ਪਰਮਜੀਤ ਸਿੰਘ ਵਰਗੇ ਅਗਾਂਹਵਧੂ ਕਿਸਾਨਾਂ ਨੂੰ ਵੀ ਕਿਹਾ ਕਿ ਉਹ ਹੋਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰਨ। ਇਸ ਮੌਕੇ ਇੰਜ. ਗੁਰਜੀਤ ਵਿਰਕ, ਡਾ ਅਸਮਾਨਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੁਖਦੀਪ ਸਿੰਘ, ਜੂਨੀਅਰ ਟੈਕਨੀਸ਼ੀਅਨ ,ਅਮਨਵੀਰ ਕੌਰ, ਏ ਐਸ ਆਈ, ਗੁਰਮਿਲਾਪ ਬੀਟੀਐ ਅਤੇ ਜਗਪ੍ਰੀਤ ਸਿੰਘ ਏਟੀਐਮ ਵੀ ਹਾਜ਼ਰ ਸਨ।

Thursday, October 22, 2026

ਐਗਰੀਸਟੈਕ ਸਕੀਮ ਤਹਿਤ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਾਰਮਰ ਰਜਿਸਟਰੀ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਕੈਂਪ

ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਕਿਸਾਨ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ: ਮੁੱਖ ਖੇਤੀਬਾੜ੍ਹੀ ਅਫ਼ਸਰ 

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। 
ਇਸ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜਿਲੇ ਦੀਆਂ ਅਨਾਜ ਮੰਡੀਆਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਦੀਆਂ ਫਾਰਮਰ ਆਈ.ਡੀਜ ਬਣਾਈਆਂ ਜਾ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫ਼ਸਰ ਜਗਦੇਵ ਸਿੰਘ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਹੈ। ਓਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕਿਸਾਨ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। 

ਸ.ਜਗਦੇਵ ਸਿੰਘ ਨੇ ਕਿਹਾ ਕਿ ਫਾਰਮਰ ਰਜਿਸਟਰੀ ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਰਜਿਸਟਰੀ ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਰਜਿਸਟਰੀ ਬਣਵਾਉਣ ਲਈ ਯੋਗ ਹੈ। 

ਮੁੱਖ ਖੇਤੀਬਾੜ੍ਹੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਰਜਿਸਟਰੀ ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇੱਕ ਮੈਂਬਰ ਦੀ ਰਜਿਸਟਰੀ ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਮ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਰਜਿਸਟਰੀ ਬਣਾਉਣੀ ਜ਼ਰੂਰੀ ਹੈ।

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪਿਛਲੇ 72 ਘੰਟਿਆਂ ਦੌਰਾਨ ਝੋਨੇ ਦੀ ਚੁਕਾਈ ਨੇ 83 ਫ਼ੀਸਦ ਦੇ ਅੰਕੜੇ ਨੂੰ ਛੂਹਿਆ

ਚੰਡੀਗੜ੍ਹ, 22 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਹਰੇਕ ਖਰੀਦ ਸੀਜ਼ਨ ਦੌਰਾਨ ਖਰੀਦੀ ਗਈ ਫਸਲ ਦੇ ਬਦਲੇ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਤੁਰੰਤ ਭੁਗਤਾਨ ਕਰਨਾ ਯਕੀਨੀ ਬਣਾਉਂਦੀ ਹੈ।
ਇਹ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਹੁਣ ਤੱਕ 2,92,814 ਕਿਸਾਨਾਂ ਦੀ ਫਸਲ ਖਰੀਦੀ ਗਈ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ 11,767.46 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਅੱਜ ਇੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਇੱਕ ਮੀਟਿੰਗ ਦੌਰਾਨ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 72 ਘੰਟਿਆਂ ਦੌਰਾਨ ਅਨਾਜ ਦੀ ਚੁਕਾਈ ਦੀ ਦਰ 83 ਫ਼ੀਸਦ ਰਹੀ ਹੈ। ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਬੀਤੀ ਸ਼ਾਮ ਤੱਕ, ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 56.08 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 54.61 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 34.28 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ।
ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਨਾਲ ਪੈਦਾ ਕੀਤੀ ਗਈ ਫਸਲ ਦੇ ਹਰ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਫਰਜ਼ੀ ਖਰੀਦ ਨਾ ਹੋਣ ਦਿੱਤੀ ਜਾਵੇ ਅਤੇ ਬਾਹਰਲੇ ਸੂਬਿਆਂ ਵਿੱਚੋਂ ਫਸਲ ਸੂਬੇ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ।
ਇਸ ਮੌਕੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਰਾਸ਼ਨ ਕਿੱਟਾਂ ਦੀ ਵੰਡ ਵਿੱਚ ਪੂਰੀ ਪਾਰਦਰਸ਼ਿਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਦੂਜੀ ਤਿਮਾਹੀ ਦੌਰਾਨ ਹੁਣ ਤੱਕ ਕੁੱਲ 29 ਲੱਖ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਿਸ਼ੇਸ਼ ਸਕੱਤਰ ਕਮਲ ਕੁਮਾਰ ਗਰਗ, ਪਨਸਪ ਦੇ ਐਮ.ਡੀ. ਬੀ. ਸ੍ਰੀਨਿਵਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਸ਼ਾਮਿਲ ਸਨ।