Tuesday, October 13, 2026

ਕਣਕ ਦੇ ਬੀਜ ’ਤੇ 100 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਮੇਲੇ ਦਾ ਉਦਘਾਟਨ

ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁੱਟਸ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਕਣਕ ਦੇ ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੇ ਬੀਜ ’ਤੇ ਸਬਸਿਡੀ ਦੇਣ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਅਤੇ ਇਸ ਦਾ ਲਾਭ ਕਿਸਾਨਾਂ ਨੂੰ ਜਲਦ ਮੁਹੱਈਆ ਕਰਵਾਇਆ ਜਾਵੇਗਾ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਹੋਰ ਖੇਤੀ ਇਨਪੁੱਟਸ ਸਮੇਂ ਸਿਰ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਖੇਤੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਆਧੁਨਿਕ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਸਾਨਾਂ ਨੂੰ ਸਰ੍ਹੋਂ ਦੀ ਕਾਸ਼ਤ ਵੱਲ ਵੀ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਸਰ੍ਹੋਂ ਦਾ ਬੀਜ ਖੇਤੀਬਾੜੀ ਵਿਭਾਗ ਕੋਲ ਉਪਲਬਧ ਹੈ। ਇਸ ਦੇ ਨਾਲ ਹੀ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਮੰਗ ਅਨੁਸਾਰ ਜ਼ਿਲ੍ਹੇ ਵਿੱਚ ਖਾਦਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਈ ਜਾਵੇ।

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਬਾਰੇ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਲੋੜੀਂਦੇ ਕਦਮ ਜਲਦ ਚੁੱਕੇ ਜਾਣਗੇ।

ਮੇਲੇ ਵਿੱਚ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਉਪਰਾਲੇ ਕੀਤੇ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਕਿਸਾਨ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

ਵਿਧਾਇਕ ਸ੍ਰੀ ਰੰਧਾਵਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਯੂਰੀਆ ਅਤੇ ਡੀ.ਏ.ਪੀ. ਖਾਦਾਂ ਦੀ ਵਰਤੋਂ ਸਿਰਫ਼ ਲੋੜ ਅਨੁਸਾਰ ਅਤੇ ਖੇਤੀ ਮਾਹਿਰਾਂ ਵੱਲੋਂ ਸਿਫ਼ਾਰਸ਼ ਕੀਤੀ ਮਾਤਰਾ ਵਿੱਚ ਹੀ ਕਰਨ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਖੇਤੀ ਲਾਗਤਾਂ ਘਟਾਉਣ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ।

ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਖੇਤੀ ਤਕਨੀਕਾਂ, ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਬਾਰੇ ਜਾਗਰੂਕ ਕੀਤਾ ਗਿਆ। ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਲਈ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਲਾਹਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਮੇਲੇ ਦੌਰਾਨ ਕਿਸਾਨਾਂ ਨੂੰ ਦੱਸਿਆ ਗਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕੋਲ ਸਰ੍ਹੋਂ ਅਤੇ ਛੋਲਿਆਂ ਦਾ ਬੀਜ ਅਤੇ ਜਿਪਸਮ ਉਪਲਬਧ ਹਨ। ਕਿਸਾਨਾਂ ਨੂੰ ਬੀਜਾਂ, ਖਾਦਾਂ ਅਤੇ ਹੋਰ ਖੇਤੀ ਇਨਪੁੱਟਸ ਦੀ ਉਪਲਬਧਤਾ ਅਤੇ ਵਰਤੋਂ ਸਬੰਧੀ ਜਾਣਕਾਰੀ ਲਈ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਸ਼ਰਮਾ ਨੇ ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ, ਹੋਰ ਪਤਵੰਤਿਆਂ, ਅਧਿਕਾਰੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁੱਟਸ ਮੁਹੱਈਆ ਕਰਵਾਉਣ ਅਤੇ ਖਾਦਾਂ ਦੀ ਸੁਚੱਜੀ ਉਪਲਬਧਤਾ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖੇਤੀਬਾੜੀ ਅਫ਼ਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋਂ ਖਾਦਾਂ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਨਿਯਮਤ ਸੈਂਪਲਿੰਗ ਅਤੇ ਜਾਂਚ ਕੀਤੀ ਜਾਂਦੀ ਹੈ। ਜਾਂਚ ਦੌਰਾਨ ਗੈਰ-ਮਿਆਰੀ ਪਾਏ ਜਾਣ ਵਾਲੇ ਉਤਪਾਦਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਇਨਪੁੱਟਸ ਖਰੀਦਣ ਸਮੇਂ ਲੋੜੀਂਦੇ ਦਸਤਾਵੇਜ਼ ਅਤੇ ਬਿੱਲ ਜ਼ਰੂਰ ਪ੍ਰਾਪਤ ਕਰਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਬਲਾਕ ਖੇਤੀਬਾੜੀ ਦਫ਼ਤਰਾਂ ਵਿੱਚ ਸਰ੍ਹੋਂ ਅਤੇ ਛੋਲਿਆਂ ਦਾ ਬੀਜ ਅਤੇ 50 ਫ਼ੀਸਦੀ ਸਬਸਿਡੀ ’ਤੇ ਜਿਪਸਮ ਉਪਲਬਧ ਹੈ। ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਕੇ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ।

No comments:

Post a Comment