ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਦੇ ਉਦੇਸ਼ ਨਾਲ 50 ਫੀਸਦੀ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਿਅਕਤੀਗਤ ਐਸ.ਸੀ. ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਨਿਰਮਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਖੇਤਾਂ ਵਿੱਚ ਇਸ ਦੇ ਪ੍ਰਬੰਧਨ ਲਈ ਸੁਪਰ ਐੱਸ.ਐੱਮ.ਐੱਸ., ਹੈਪੀ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਸਟ੍ਰਾਅ ਰੀਪਰ ਅਤੇ ਉਲਟਾਵੇਂ ਪਲਾਊ ਆਦਿ ਖੇਤੀ ਮਸ਼ੀਨਾਂ ’ਤੇ 50 ਫੀਸਦੀ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ।
ਡਾ. ਨਿਰਮਲ ਸਿੰਘ ਨੇ ਦੱਸਿਆ ਕਿ ਸਬਸਿਡੀ ਦੀ ਦਰ ਸਬੰਧਤ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਹੋਵੇਗੀ। ਸਬਸਿਡੀ ਪ੍ਰਾਪਤ ਕਰਨ ਦੇ ਚਾਹਵਾਨ ਕਿਸਾਨ ਆਪਣੀਆਂ ਅਰਜ਼ੀਆਂ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ’ਤੇ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਅਰਜ਼ੀਆਂ ਦੀ ਚੋਣ ਪਹਿਲਾਂ ਆਉਣ ਵਾਲੀ ਅਰਜ਼ੀ ਨੂੰ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ ਅਤੇ ਮਸ਼ੀਨਾਂ ਦੀ ਵੰਡ ਸਬੰਧਤ ਸਕੀਮ ਅਧੀਨ ਨਿਰਧਾਰਤ ਮਾਪਦੰਡਾਂ ਅਤੇ ਉਪਲਬਧ ਟੀਚੇ ਅਨੁਸਾਰ ਕੀਤੀ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ, ਜਿਸ ਨਾਲ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਣਾਈ ਰੱਖਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਬਸਿਡੀ ਦਾ ਲਾਭ ਲੈਣ ਲਈ ਆਪਣੀਆਂ ਅਰਜ਼ੀਆਂ ਸਮੇਂ ਸਿਰ ਆਨਲਾਈਨ ਪੋਰਟਲ ’ਤੇ ਜਮ੍ਹਾਂ ਕਰਵਾਉਣ। ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਜਾਂ ਸਬੰਧਤ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹਨ।

No comments:
Post a Comment