Thursday, October 1, 2026

ਮਾਨਸਾ ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਵੱਲੋਂ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਖਰੀਫ ਸੀਜ਼ਨ 2025-26 ਦੌਰਾਨ ਰਾਜ ਵਿਚ ਝੋਨੇ ਦੀ ਖਰੀਦ ਦਾ ਸੀਜ਼ਨ 01 ਅਕਤੂਬਰ, 2026 ਤੋਂ ਸ਼ੁਰੂ ਹੋ ਰਿਹਾ ਹੈ, ਇਹ ਆਮ ਤੌਰ 'ਤੇ ਵੇਖਣ ਵਿਚ ਆਇਆ ਹੈ ਕਿ ਕਈ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡ ਵਿਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ, ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ ਹੈ। ਇਸ ਨੂੰ ਰੋਕਣਾ ਲੋਕ ਹਿਤ ਵਿਚ ਬਹੁਤ ਜ਼ਰੂਰੀ ਹੈ ਅਤੇ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਜ਼ਰੂਰਤ ਜਾਪਦੀ ਹੈ।
ਇਹ ਹੁਕਮ 30 ਨਵੰਬਰ, 2026 ਤੱਕ ਲਾਗੂ ਰਹੇਗਾ।

No comments:

Post a Comment