ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ 3 ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮਾਨਸਾ, 02 ਅਕਤੂਬਰ:
ਡਿਪਟੀ ਕਮਿਸ਼ਨ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ 3 ਮੋਬਾਇਲ ਵੈਨਾਂ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਮੋਬਾਈਲ ਵੈਨਾਂ ਜ਼ਿਲ੍ਹਾ ਮਾਨਸਾ ਦੇ ਪਿੰਡ-ਪਿੰਡ ਵਿੱਚ ਜਾ ਕੇ ਲਗਾਤਾਰ 20 ਦਿਨਾਂ ਤੱਕ ਪ੍ਰਚਾਰ ਕਰਨਗੀਆਂ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਪਰਾਲੀ ਨਾ ਸਾੜਨ ਦੇ ਲਾਭ ਬਾਰੇ ਜਾਗਰੂਕ ਕਰਨਗੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਪਰਾਲੀ ਦਾ ਖੇਤ ਵਿੱਚ ਹੀ ਖੇਤੀ ਮਸ਼ੀਨਰੀ ਰਾਹੀਂ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਵੈਨਾਂ ਪਿੰਡਾਂ ਵਿੱਚ ਜਾ ਕੇ ਆਡੀਓ ਸੰਦੇਸ਼ਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ ਅਤੇ ਨਾਲ ਹੀ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਪ੍ਰਭਾਵਸ਼ਾਲੀ ਤਰੀਕਿਆਂ ਸਬੰਧੀ ਲਿਟਰੇਚਰ ਵੰਡ ਕੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕਰਿਤਿਕਾ ਗੋਇਲ, ਆਈ.ਏ.ਐੱਸ. ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਫ਼ਸਲ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕੀਤੀ ਜਾਵੇ ਅਤੇ ਕੰਬਾਈਨ ਹਾਰਵੈਸਟਰ ਦੀ ਵਰਤੋਂ ਸੁਪਰ ਐੱਸ.ਐੱਮ.ਐੱਸ. ਲਗਾ ਕੇ ਹੀ ਕੀਤੀ ਜਾਵੇ, ਤਾਂ ਜੋ ਪਰਾਲੀ ਦਾ ਸੁਚੱਜਾ ਇਨ-ਸੀਟੂ ਪ੍ਰਬੰਧਨ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਦਬਾਉਣਾ ਲਾਹੇਵੰਦ ਹੈ, ਕਿਉਂਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਮਿੱਟੀ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਵੀ ਵਧਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਅਤੇ ਸੰਦਾਂ ਦੀ ਵਰਤੋਂ ਕਰਨ, ਜਿਸ ਨਾਲ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ।

No comments:
Post a Comment