ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਰਨਾਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ: ਡਿਪਟੀ ਕਮਿਸ਼ਨਰ*
*ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ‘ਲੱਕੀ ਡਰਾਅ (ਪਰਾਲੀ) 2026’ ਦਾ ਐਲਾਨ, ਵੰਡੇ ਜਾਣਗੇ 7 ਲੱਖ ਤੱਕ ਦੇ ਇਨਾਮ*
ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਪੂਰੀ ਤਰ੍ਹਾਂ ਸਰਗਰਮ ਹੈ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਸਮੂਹ ਮੁਲਾਜ਼ਮ ਆਪਸੀ ਤਾਲਮੇਲ ਰਾਹੀਂ ਜ਼ਮੀਨੀ ਪੱਧਰ ’ਤੇ ਢੁਕਵੇਂ ਪ੍ਰਬੰਧ ਕਰਨ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025 ਦੇ ਅੰਕੜਿਆਂ ਅਨੁਸਾਰ ਜ਼ਿਲ੍ਹੇ ਦੇ 3 ਪਿੰਡਾਂ ਨੂੰ 'ਹਾਟ-ਸਪਾਟ' ਵਜੋਂ ਨਿਸ਼ਾਨਦੇਹ ਕੀਤਾ ਗਿਆ ਹੈ। ਇਨ੍ਹਾਂ ਪਿੰਡਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਬਾਜ਼ ਅੱਖ ਰੱਖਣ ਲਈ ਵਿਸ਼ੇਸ਼ ਡਰੋਨ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਮੂਹ ਐਸ.ਡੀ.ਐਮਜ਼. ਅਤੇ ਡੀ.ਐਸ.ਪੀਜ਼. ਨੂੰ ਹਦਾਇਤ ਕੀਤੀ ਕਿ ਉਹ ਕਲੱਸਟਰ ਅਤੇ ਪਿੰਡ ਪੱਧਰੀ ਅਫ਼ਸਰਾਂ ਨਾਲ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਨੂੰ ਪਿੰਡਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਖੇਤੀਬਾੜੀ ਅਫ਼ਸਰ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਅਤੇ ਸਭਾਵਾਂ ਨੂੰ ਅਲਾਟ ਹੋਈ ਆਧੁਨਿਕ ਮਸ਼ੀਨਰੀ ਦੀ ਖਰੀਦ ਸਮੇਂ ਸਿਰ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਪਰਾਲੀ ਸਾਂਭਣ ਵਿੱਚ ਕੋਈ ਦਿੱਕਤ ਨਾ ਆਵੇ।
ਉਹਨਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਲੱਕੀ ਡਰਾਅ (ਪਰਾਲੀ) 2026’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਕੁੱਲ 7,00,000 ਰੁਪਏ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ। ਹਰ ਹਫ਼ਤੇ 1,00,000 ਰੁਪਏ ਦੇ ਇਨਾਮ ਕੱਢੇ ਜਾਣਗੇ, ਜਿਸ ਵਿੱਚ ਪਹਿਲਾ ਇਨਾਮ 20,000 ਰੁਪਏ, ਦੂਜਾ ਇਨਾਮ 15,000 ਰੁਪਏ, ਤੀਜਾ ਇਨਾਮ 10,000 ਰੁਪਏ ਅਤੇ 22 ਜੇਤੂ ਕਿਸਾਨਾਂ ਨੂੰ 2,500-2,500 ਰੁਪਏ ਦਿੱਤੇ ਜਾਣਗੇ।
ਇਸ ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹੇ ਦੇ ਕਿਸਾਨ 10 ਅਕਤੂਬਰ 2026 ਤੱਕ ਆਨਲਾਈਨ ਲਿੰਕ (https://dabarnala.in/lucky_draw_registration_2026/) ਜਾਂ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ QR ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 82644-25663 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

No comments:
Post a Comment