Monday, October 26, 2026

ਪਿੰਡ ਕੱਟੂ ਦਾ ਨੌਜਵਾਨ ਕਿਸਾਨਾਂ ਲਈ ਬਣਿਆ ਮਿਸਾਲ

*ਪਿਛਲੇ 7 ਸਾਲਾਂ ਤੋਂ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰ ਰਹੇ ਹਨ ਪਿਓ - ਪੁੱਤ*

*6 ਏਕੜ ਵਿਚ ਕਰਦੇ ਹਨ ਵਾਹੀ, ਮਲਚਰ ਨਾਲ ਪਰਾਲੀ ਖੇਤਾਂ ਵਿਚ ਰਲਾਈ*
*ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕੀਤੀ ਸ਼ਲਾਘਾ*
ਬਰਨਾਲਾ, 26 ਅਕਤੂਬਰ
ਜ਼ਿਲ੍ਹਾ ਬਰਨਾਲਾ ਦੇ ਪਿੰਡ ਕੱਟੂ ਦਾ ਨੌਜਵਾਨ ਕਿਸਾਨ ਸੰਦੀਪ ਸਿੰਘ ਪੁੱਤਰ ਲਾਭ ਸਿੰਘ ਪਿਛਲੇ ਕਰੀਬ ਸੱਤ ਸਾਲਾਂ ਤੋਂ ਆਪਣੇ ਖੇਤਾਂ ਵਿੱਚ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰ ਰਿਹਾ ਹੈ। ਕਿਸਾਨ ਪਿਓ - ਪੁੱਤ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਵੀ ਯੋਗਦਾਨ ਪਾ ਰਹੇ ਹਨ।
ਕਿਸਾਨ ਸੰਦੀਪ ਸਿੰਘ (32) ਪੁੱਤਰ ਲਾਭ ਸਿੰਘ (58) ਵਾਸੀ ਕੱਟੂ ਨੇ ਦੱਸਿਆ ਕਿ ਉਹ ਬੀ.ਟੈੱਕ ਪਾਸ ਹੈ। ਪਰਾਲੀ ਸਾੜਨ ਕਾਰਨ ਵਾਤਾਵਰਨ, ਮਿੱਟੀ ਦੀ ਗੁਣਵੱਤਾ ਅਤੇ ਜੀਵ-ਜੰਤੂਆਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਹੋਣ ਕਰਕੇ ਉਨ੍ਹਾਂ ਨੇ ਕਰੀਬ ਸੱਤ ਸਾਲ ਪਹਿਲਾਂ ਹੀ ਪਰਾਲੀ ਨੂੰ ਅੱਗ ਲਗਾਉਣੀ ਛੱਡ ਦਿੱਤੀ ਸੀ। ਉਦੋਂ ਤੋਂ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਉਹ ਛੇ ਕਿੱਲੇ ਜ਼ਮੀਨ ਵਿੱਚ ਖੇਤੀ ਕਰਦੇ ਹਨ। ਪਿਛਲੇ ਸਾਲਾਂ ਦੌਰਾਨ ਉਹ ਪਰਾਲੀ ਦੀਆਂ ਗੰਢਾਂ ਬਣਵਾ ਕੇ ਇਸ ਦਾ ਨਿਬੇੜਾ ਕਰਦੇ ਰਹੇ ਹਨ। ਇਸ ਵਾਰ ਉਨ੍ਹਾਂ ਨੇ ਸੁਪਰ ਐੱਸ.ਐੱਮ.ਐੱਸ. (Super SMS) ਲੱਗੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾਈ। ਇਸ ਤੋਂ ਬਾਅਦ ਮਲਚਰ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਕੁਤਰ ਕੇ ਮਿੱਟੀ ਵਿੱਚ ਮਿਲਾ ਦਿੱਤਾ। ਹੁਣ ਉਹ ਸੁਪਰ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨਗੇ।
ਸੰਦੀਪ ਸਿੰਘ ਨੇ ਕਿਹਾ ਕਿ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨਾਲ ਉਨ੍ਹਾਂ ਨੂੰ ਹੁਣ ਤੱਕ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਫ਼ਸਲਾਂ ਦਾ ਝਾੜ ਵੀ ਵਧੀਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਢੁਕਵਾਂ ਨਿਬੇੜਾ ਕਰਨਾ ਚਾਹੀਦਾ ਹੈ। ਉਨ੍ਹਾਂ ਖ਼ਾਸ ਤੌਰ ’ਤੇ ਛੋਟੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਦੇ ਸੁਚੱਜੇ ਤਰੀਕੇ ਅਪਣਾਉਣ ਲਈ ਅੱਗੇ ਆਉਣ।
ਇਸ ਮੌਕੇ ਏ.ਆਰ (ਸਹਿਕਾਰੀ ਸੁਸਾਇਟੀ) ਬਰਨਾਲਾ ਗੁਰਪ੍ਰੀਤ ਕੌਰ ਨੇ ਆਪਣੀ ਟੀਮ ਸਮੇਤ ਕਿਸਾਨ ਲਾਭ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਉੱਥੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕਿਸਾਨ ਲਾਭ ਸਿੰਘ ਵੱਲੋਂ ਸਹਿਕਾਰੀ ਸੁਸਾਇਟੀ ਰਾਹੀਂ ਮੁਹੱਈਆ ਕਰਵਾਏ ਗਏ ਮਲਚਰ ਦੀ ਵਰਤੋਂ ਕਰਕੇ ਪਰਾਲੀ ਦੀ ਮਲਚਿੰਗ ਕੀਤੀ ਗਈ ਹੈ। ਇਸ ਤਰੀਕੇ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਖੇਤ ਵਿੱਚ ਹੀ ਮਿਲ ਜਾਂਦੀ ਹੈ, ਜਿਸ ਨਾਲ ਮਿੱਟੀ ਵਿੱਚ ਜੈਵਿਕ ਪਦਾਰਥਾਂ ਦੇ ਵਾਧੇ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਲਈ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਹਿਕਾਰੀ ਸੁਸਾਇਟੀਆਂ ਰਾਹੀਂ ਉਪਲਬਧ ਕਰਵਾਈ ਜਾ ਰਹੀ ਮਸ਼ੀਨਰੀ ਦਾ ਲਾਹਾ ਲੈਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐੱਸ. ਨੇ ਕਿਸਾਨ ਲਾਭ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਸੰਦੀਪ ਸਿੰਘ ਵੱਲੋਂ ਕੀਤੇ ਜਾ ਰਹੇ ਵਾਤਾਵਰਨ ਪੱਖੀ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਰ ਮਸੀਨਰੀ ਦੀ ਮੈਪਿੰਗ ਕੀਤੀ ਗਈ ਹੈ। ਜੇਕਰ ਕਿਸੇ ਕਿਸਾਨ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿਚ ਨੋਡਲ ਅਫ਼ਸਰ ਵੀ ਲਗਾਏ ਗਏ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਅਤੇ ਮਸ਼ੀਨਰੀ ਤੇ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ।

No comments:

Post a Comment