ਅਗਾਂਹਵਧੂ ਕਿਸਾਨਾਂ ਦਾ ਕੀਤਾ ਸਨਮਾਨ; ਵੱਖ-ਵੱਖ ਸਟਾਲਾਂ ਰਾਹੀਂ ਖੇਤੀਬਾੜੀ ਸਬੰਧੀ ਪ੍ਰਦਰਸ਼ਨੀ ਲਗਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਸੰਗਰੂਰ ਵੱਲੋਂ ਹਾੜੀ 2026 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਧੂਰੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਵਿਗਿਆਨਕ ਖੇਤੀ ਵਿਧੀਆਂ ਬਾਰੇ ਜਾਣਕਾਰੀ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਕੈਂਪ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੀਆਂ ਖੇਤੀ ਸਬੰਧੀ ਸਮੱਸਿਆਵਾਂ ਦਾ ਹੱਲ ਜਾਣਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਿਸਾਨਾਂ ਤੱਕ ਵਿਗਿਆਨਕ ਅਤੇ ਤਕਨੀਕੀ ਜਾਣਕਾਰੀ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਅਮਲ ਵਿੱਚ ਲਿਆਉਣ ਅਤੇ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ।
ਕੈਂਪ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਵੱਲੋਂ ਹਾੜੀ ਦੀਆਂ ਵੱਖ-ਵੱਖ ਫਸਲਾਂ ਦੀ ਕਾਸ਼ਤ ਦੇ ਢੰਗ-ਤਰੀਕਿਆਂ, ਬੀਜਾਂ ਦੀ ਚੋਣ, ਫਸਲਾਂ ਦੀ ਸਾਂਭ-ਸੰਭਾਲ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸਮੇਤ ਹੋਰ ਅਹਿਮ ਖੇਤੀਬਾੜੀ ਵਿਸ਼ਿਆਂ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਵੀ ਕੀਤਾ ਗਿਆ, ਜਿਨ੍ਹਾਂ ਨੇ ਖੇਤੀਬਾੜੀ ਦੇ ਖੇਤਰ ਵਿੱਚ ਨਵੀਆਂ ਤਕਨੀਕਾਂ ਅਤੇ ਬਿਹਤਰ ਖੇਤੀ ਵਿਧੀਆਂ ਨੂੰ ਅਪਣਾ ਕੇ ਹੋਰਨਾਂ ਕਿਸਾਨਾਂ ਲਈ ਮਿਸਾਲ ਕਾਇਮ ਕੀਤੀ ਹੈ।
ਕੈਂਪ ਵਿੱਚ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਲਗਾ ਕੇ ਖੇਤੀਬਾੜੀ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ। ਇਨ੍ਹਾਂ ਸਟਾਲਾਂ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀ ਸੰਦਾਂ, ਵਿਭਾਗੀ ਸਕੀਮਾਂ, ਫਸਲਾਂ ਦੀ ਤਕਨੀਕੀ ਸਾਂਭ-ਸੰਭਾਲ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਸੇਖੋਂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਹਰਬੰਸ ਸਿੰਘ ਸਿੱਧੂ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

No comments:
Post a Comment