Monday, November 2, 2026

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਸਖ਼ਤ, ਐੱਸ.ਡੀ.ਐੱਮ ਵੱਲੋਂ 13 ਪਿੰਡਾਂ ਦਾ ਦੌਰਾ

ਮੁੰਡਾ ਪਿੰਡ ਵਿਖੇ ਮੌਕੇ ’ਤੇ ਬੁਝਾਈ ਅੱਗ, ਕਿਸਾਨ ਨੂੰ ਕੀਤਾ ਜ਼ੁਰਮਾਨਾ

ਖਡੂਰ ਸਾਹਿਬ/ ਤਰਨ ਤਾਰਨ, 2 ਨਵੰਬਰ :

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀਆਂ ਹਦਾਇਤਾਂ ਅਨੁਸਾਰ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਵੱਲੋਂ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੀ ਟੀਮ ਨਾਲ ਸਬ ਡਵੀਜ਼ਨ ਦੇ ਵੱਖ-ਵੱਖ 13 ਪਿੰਡਾਂ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਟੀਮ ਵੱਲੋਂ ਫਤਿਹਾਬਾਦ, ਖੇਲਾ, ਭੈਲ, ਭੋਈਆਂ, ਜੋਹਲ ਢਾਏ ਵਾਲਾ, ਮੁੰਡਾ ਪਿੰਡ, ਗੁਜਰਪੁਰ, ਡੇਹਰਾ ਸਾਹਿਬ, ਲੁਹਾਰ, ਛਾਪੜੀ, ਚੱਕ ਮਹਿਰ, ਖਾਨ ਰਜਾਦਾ ਅਤੇ ਜਾਮਾਰਾਏ ਆਦਿ ਪਿੰਡਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ।

ਦੌਰੇ ਦੌਰਾਨ ਪਿੰਡ ਮੁੰਡਾ ਪਿੰਡ ਵਿਖੇ ਪਰਾਲੀ ਨੂੰ ਲਗਾਈ ਗਈ ਅੱਗ ਦਾ ਪਤਾ ਲੱਗਣ ’ਤੇ ਪ੍ਰਸ਼ਾਸਨਿਕ ਟੀਮ ਵੱਲੋਂ ਮੌਕੇ ’ਤੇ ਹੀ ਅੱਗ ਬੁਝਾਈ ਗਈ ਅਤੇ ਸਬੰਧਤ ਕਿਸਾਨ ਨੂੰ ਨਿਯਮਾਂ ਅਨੁਸਾਰ ਜ਼ੁਰਮਾਨਾ ਕੀਤਾ ਗਿਆ। ਐੱਸ.ਡੀ.ਐੱਮ ਨੇ ਸਪੱਸ਼ਟ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਪਣਾਈ ਜਾਵੇ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਮੁਕਤ ਬਣਾਉਣ ਵਿੱਚ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਵੀਰ ਸਿੰਘ ਭੰਗੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਲੱਸਟਰ ਅਫ਼ਸਰ ਖਡੂਰ ਸਾਹਿਬ ਡਾ. ਯਾਦਵਿੰਦਰ ਸਿੰਘ ਨੇ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਖੇਤੀ ਮਸ਼ੀਨਾਂ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਇਕ ਵਧੀਆ ਅਤੇ ਪ੍ਰਭਾਵਸ਼ਾਲੀ ਸੰਦ ਹੈ। ਇਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਰਹਿੰਦੀ ਅਤੇ ਵਾਤਾਵਰਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਦੀ ਵੀ ਸੰਭਾਲ ਹੁੰਦੀ ਹੈ। ਇਸ ਮੌਕੇ ਡਾ. ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੀ ਹਾਜ਼ਰ ਸਨ।

No comments:

Post a Comment