ਬਰਨਾਲਾ /
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹੇ ਦੇ ਐੱਸ.ਡੀ.ਐੱਮਜ਼ ਵੱਲੋਂ ਕਿਸਾਨਾਂ ਦੇ ਖੇਤਾਂ ਅਤੇ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਮੌਕੇ 'ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਇਸ ਤਹਿਤ ਐੱਸ.ਡੀ.ਐੱਮ. ਬਰਨਾਲਾ ਸ. ਅਜੀਤਪਾਲ ਸਿੰਘ ਚਹਿਲ ਵੱਲੋਂ ਪਿੰਡ ਫਰਵਾਹੀ ਅਤੇ ਕੱਟੂ ਵਿਖੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ।
ਇਸੇ ਤਰ੍ਹਾਂ ਐੱਸ.ਡੀ.ਐੱਮ. ਤਪਾ ਸ਼੍ਰੀ ਆਯੂਸ਼ ਗੋਇਲ ਵੱਲੋਂ ਦਾਣਾ ਮੰਡੀ ਭਦੌੜ ਅਤੇ ਹੋਰ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਇੱਕ ਖੇਤ ਵਿੱਚ ਪਰਾਲੀ ਨੂੰ ਲੱਗੀ ਅੱਗ ਦੇਖ ਕੇ ਉਨ੍ਹਾਂ ਮੌਕੇ 'ਤੇ ਹੀ ਤੁਰੰਤ ਕਾਰਵਾਈ ਕਰਦਿਆਂ ਅੱਗ ਬੁਝਵਾਈ।
ਐੱਸ.ਡੀ.ਐੱਮ. ਮਹਿਲ ਕਲਾਂ ਸ. ਬੇਅੰਤ ਸਿੰਘ ਵੱਲੋਂ ਵੀ ਆਪਣੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਜਾਇਜ਼ਾ ਲਿਆ ਗਿਆ। ਨਿਰੀਖਣ ਦੌਰਾਨ ਇੱਕ ਖੇਤ ਵਿੱਚ ਲੱਗੀ ਅੱਗ ਨੂੰ ਉਨ੍ਹਾਂ ਵੱਲੋਂ ਮੌਕੇ 'ਤੇ ਹੀ ਬੁਝਾਇਆ ਗਿਆ।
ਸਮੂਹ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਵਾਤਾਵਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਪਰਾਲੀ ਨੂੰ ਬਿਲਕੁਲ ਅੱਗ ਨਾ ਲਗਾਈ ਜਾਵੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਸਮਭਾਲਣ ਲਈ ਕਿਸੇ ਮਸ਼ੀਨਰੀ ਦੀ ਲੋੜ ਹੈ, ਤਾਂ ਉਹ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕਰਨ, ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

No comments:
Post a Comment