Monday, November 9, 2026

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਰਾਲੀ ਸਾੜਨ ਖ਼ਿਲਾਫ਼ ਕੀਤਾ ਜਾ ਰਿਹਾ ਜਾਗਰੂਕਤਾ

ਕਿਸਾਨਾਂ ਨੂੰ ਸੈਮੀਨਾਰਾਂ ਰਾਹੀਂ ਪਰਾਲੀ ਦੇ ਬਦਲਵੇਂ ਪ੍ਰਬੰਧਨ ਸਬੰਧੀ ਕੀਤੀ ਗਈ ਅਪੀਲ

ਸ੍ਰੀ ਮੁਕਤਸਰ ਸਾਹਿਬ, 9 ਨਵੰਬਰ 2026:

ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਅਭਿਮੰਨਿਊ ਰਾਣਾ (ਆਈ.ਪੀ.ਐੱਸ.) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚਾਰੇ ਸਬ-ਡਿਵੀਜ਼ਨਾਂ—ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ—ਵਿੱਚ ਪਰਾਲੀ ਸਾੜਨ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੈਮੀਨਾਰ ਅਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਬਦਲਵੇਂ ਪ੍ਰਬੰਧਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ।
ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ
ਇਸ ਮੁਹਿੰਮ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਵਿੱਚ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਦੇ ਧੂੰਏਂ ਕਾਰਨ ਸੜਕਾਂ ’ਤੇ ਵਿਜ਼ੀਬਿਲਟੀ ਘਟਣ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ।
ਕਿਸਾਨਾਂ ਨੂੰ ਬਦਲਵੇਂ ਢੰਗ ਅਪਣਾਉਣ ਦੀ ਅਪੀਲ
ਪੁਲਿਸ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਬਦਲਵੇਂ ਪ੍ਰਬੰਧਨ ਦੇ ਢੰਗ ਅਪਣਾਉਣ। ਪਰਾਲੀ ਨੂੰ ਖੇਤਾਂ ਵਿੱਚ ਹੀ ਯੋਗ ਤਰੀਕੇ ਨਾਲ ਸੰਭਾਲਣ ਤੋਂ ਇਲਾਵਾ ਇਸ ਨੂੰ ਇਕੱਠਾ ਕਰਕੇ ਗੱਠਾਂ ਦੇ ਰੂਪ ਵਿੱਚ ਉਦਯੋਗਿਕ ਇਕਾਈਆਂ ਤੱਕ ਪਹੁੰਚਾਇਆ ਜਾ ਸਕਦਾ ਹੈ, ਜਿੱਥੇ ਇਸ ਦੀ ਵਰਤੋਂ ਇੰਧਨ ਵਜੋਂ ਕੀਤੀ ਜਾਂਦੀ ਹੈ। ਇਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ।
ਸਾਂਝੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਮੂਹ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਪੁਲਿਸ ਦਾ ਸਹਿਯੋਗ ਕਰਨ। ਪਰਾਲੀ ਪ੍ਰਬੰਧਨ ਦੇ ਬਦਲਵੇਂ ਢੰਗ ਅਪਣਾ ਕੇ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।
ਸੰਦੇਸ਼
“ਪਰਾਲੀ ਨੂੰ ਅੱਗ ਨਾ ਲਗਾਓ—ਵਾਤਾਵਰਣ ਬਚਾਓ, ਧਰਤੀ ਬਚਾਓ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾਓ।”
ਸ੍ਰੀ ਮੁਕਤਸਰ ਸਾਹਿਬ ਪੁਲਿਸ — ਸੁਰੱਖਿਅਤ ਸਮਾਜ, ਸਾਫ਼ ਵਾਤਾਵਰਣ ਲਈ ਵਚਨਬੱਧ।

No comments:

Post a Comment