ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਨੇ ਕੀਤੀ ਸ਼ਲਾਘਾ
ਸੰਘੇੜਾ ਵਿਚ ਪਰਾਲੀ ਨੂੰ ਲੱਗੀ ਅੱਗ ਬੁਝਾਈ, ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ. ਸੁਖਪਾਲ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਦੀ ਅਗਵਾਈ ਹੇਠ ਟੀਮ ਵਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਓਹਨਾਂ
ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ਦਾ ਦੌਰਾ ਕੀਤਾ ਜਿੱਥੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਵੱਲੋਂ ਝੋਨੇ ਦੀ ਪਰਾਲੀ ਨੂੰ ਮਲਚਰ ਕਰਨ ਤੋਂ ਬਾਅਦ ਸੁਪਰਸੀਡਰ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕੀਤੀ ਗਈ। ਡਾ. ਗਿੱਲ ਨੇ ਕਿਸਾਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸੇ ਤਰ੍ਹਾਂ ਆਧੁਨਿਕ ਤਕਨੀਕਾਂ ਅਪਣਾ ਕੇ ਪਰਾਲੀ ਦਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਪਰਾਲੀ ਦੀ ਸਾਂਭ-ਸੰਭਾਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵੱਲੋਂ ਸੰਘੇੜਾ ਦਾ ਦੌਰਾ ਵੀ ਕੀਤਾ ਗਿਆ। ਦੌਰੇ ਦੌਰਾਨ ਮੌਕੇ 'ਤੇ ਖੇਤਾਂ 'ਚ ਲੱਗੀ ਅੱਗ ਨੂੰ ਤੁਰੰਤ ਬੁਝਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਲੱਸਟਰ ਅਫ਼ਸਰ ਸ਼੍ਰੀ ਮਨਪ੍ਰੀਤ ਸਿੰਘ (ਏ.ਡੀ.ਓ.), ਸਹਾਇਕ ਕਲੱਸਟਰ ਅਫ਼ਸਰ ਸ਼੍ਰੀ ਸੁਨੀਲ ਕੁਮਾਰ ਅਤੇ ਨੋਡਲ ਅਫ਼ਸਰ ਸ਼੍ਰੀ ਹਰਜਿੰਦਰ ਸਿੰਘ ਵੀ ਮੌਜੂਦ ਸਨ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

No comments:
Post a Comment