Monday, September 14, 2026

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਕੀਤਾ ਜਾ ਰਿਹਾ ਟੀਕਾਕਰਨ

ਟੀਕਾਕਰਨ ਕਰਨ ਲਈ 43 ਟੀਮਾਂ ਦਾ ਕੀਤਾ ਗਿਆ ਗਠਨ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪਸ਼ੂ ਪਾਲਣ ਦੇ ਧੰਦੇ ਨੂੰ ਪਰਫੂਲਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਹਨਾ ਉਪਰਾਲਿਆਂ ਅਧੀਨ ਸ: ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਖੇਤੀਬਾੜੀ, ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਅਤੇ ਸ਼੍ਰੀ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਪਰਮਦੀਪ ਸਿੰਘ ਵਾਲੀਆਂ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋ ਲੰਪੀ ਸਕਿੱਨ ਦੀ ਬਿਮਾਰੀ ਤੋ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ।

ਡਾ.ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ਼੍ਰੀ ਮੁਕਤਸਰ ਸਾਹਿਬ ਵੱਲੋ ਦੱਸਿਆ ਗਿਆ ਕਿ ਲੰਪੀ ਸਕਿੱਨ ਬਿਮਾਰੀ ਦਾ ਟੀਕਾਕਰਨ ਕਰਨ ਲਈ 43 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਘਰ- ਘਰ ਜਾ ਕੇ ਟੀਕਾਕਰਨ ਕਰ ਰਹੀਆਂ ਹਨ। ਇਸ ਸਬੰਧੀ ਸਾਰੇ ਪਸ਼ੂ ਪਾਲਕਾਂ ਨੂੰ ਦੱਸਿਆ ਜਾਦਾ ਹੈ ਕਿ ਲੰਪੀ ਸਕਿੱਨ ਬਿਮਾਰੀ ਗਾਵਾਂ ਅਤੇ ਮੱਝਾਂ ਨੂੰ ਹੋਣ ਵਾਲੀ ਇੱਕ ਵਾਈਰਲ ਬਿਮਾਰੀ ਹੈ, ਇਹ ਮੁੱਖ ਤੋਰ ਤੇ ਮੱਛਰਾਂ, ਮੱਖੀਆਂ ਅਤੇ ਚਿੱਚੜਾਂ ਤੋਂ ਫੈਲਦੀ ਹੈ ਅਤੇ ਇਸ ਨਾਲ ਗਾਵਾਂ ਨੂੰ ਤੇਜ ਬੁਖਾਰ, ਚਮੜੀ ਉੱਪਰ ਗੰਢਾਂ, ਕਮਜ਼ੋਰੀ ਅਤੇ ਦੁੱਧ ਦੀ ਪੈਦਾਵਾਰ ਘੱਟਣ ਵਰਗੇ ਲੱਛਣ ਹੋ ਜਾਂਦੇ ਹਨ।

ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਦਿੱਤਾ ਜਾਵੇ ਅਤੇ ਆਪਣੇ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਕਰਵਾਇਆ ਜਾਵੇ। ਇਸ ਬਿਮਾਰੀ ਤੋਂ ਬਚਾਅ ਲਈ ਮੰਡੀਆਂ ਤੋਂ ਪਸ਼ੂ ਖਰੀਦ ਕੇ ਲਿਆਉਣ ਤੋਂ ਗਰੇਜ ਕੀਤਾ ਜਾਵੇ। ਜੇਕਰ ਇਸ ਬਿਮਾਰੀ ਸਬੰਧੀ ਪਸ਼ੂਆਂ ਵਿਚ ਕੋਈ ਲੱਛਣ ਪਾਇਆ ਜਾਂਦਾ ਹੈ ਤਾਂ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕੀਤਾ ਜਾਵੇ।

Sunday, September 13, 2026

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 14 ਸਤੰਬਰ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਵੱਲੋਂ ਪਿੰਡ ਮਿੱਢਾ ਬਲਾਕ ਮਲੋਟ ਦੇ ਕਿਸਾਨਾਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਪਿੰਡ ਦੇ ਕੁੱਲ 25 ਕਿਸਾਨਾਂ ਨੇ ਭਾਗ ਲਿਆ।

ਇਸ ਮੌਕੇ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਸਿਖਲਾਈ), ਪੀ.ਏ.ਯੂ.-ਕੇ.ਵੀ.ਕੇ ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਣ ਦੀ ਸੰਭਾਲ ਅਤੇ ਜ਼ਮੀਨ ਦੀ ਸਿਹਤ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕੀਤੀ। ਉਨ੍ਹਾਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ।

ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵੱਖ-ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਵਿੱਚ ਨਦੀਨ ਪ੍ਰਬੰਧਨ ਬਾਰੇ ਵਿਸਥਾਰ ਤਹਿਤ ਜਾਣਕਾਰੀ ਦਿੱਤੀ।

ਡਾ. ਜਗਮਨਜੋਤ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ। ਉਹਨਾਂ ਨੇ ਝੋਨੇ ਦੀ ਗੋਭ ਅਵਸਥਾ ਵਿੱਚ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦਾ ਛਿੜਕਾਅ ਕਰਨ ਬਾਰੇ ਜਾਣਕਾਰੀ ਦਿੱਤੀ।

ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫ਼ਸਲੀ ਵਿਭੰਨਤਾ ਤਹਿਤ ਥੋੜ੍ਹਾ ਰਕਬਾ ਫ਼ਲਦਾਰ ਬੂਟਿਆਂ ਅਤੇ ਸਬਜੀਆਂ ਹੇਠ ਵਧਾਉਣ ਬਾਰੇ ਪ੍ਰੇਰਿਤ ਕੀਤਾ। ਉਹਨਾਂ ਨੇ ਮਨੁੱਖੀ ਸਿਹਤ ਲਈ ਫਲ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਬਾਗਾਂ, ਸਬਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਵੀ ਪ੍ਰੇਰਿਤ ਕੀਤਾ।

ਟੇਲਾਂ ’ਤੇ ਵਗਿਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

• *ਕਰੀਬ 7 ਕਰੋੜ 74 ਲੱਖ ਰੁਪਏ ਨਾਲ ਕਰੀਬ 42 ਕਿਲੋਮੀਟਰ ਅੰਡਰਗਰਾਊਂਡ ਪਾਈਪਲਾਈਨ;ਲਗਭਗ 1988 ਏਕੜ ਰਕਬੇ ਨੂੰ ਮਿਲੀ ਸਿੰਚਾਈ ਦੀ ਨਵੀਂ ਆਸ*

* *ਕਿਹਾ, “ਟੇਲ ’ਤੇ ਪਾਣੀ ਦੀ ਧਾਰ ਸਿਰਫ਼ ਖੇਤ ਨੂੰ ਨਹੀਂ ਸਿੰਜਦੀ, ਇਹ ਕਿਸਾਨ ਦੀ ਆਸ ਨੂੰ ਵੀ ਸਿੰਜਦੀ ਹੈ।”*
• *“ਲੋਕ ਗੱਲਾਂ ਨਹੀਂ, ਜ਼ਮੀਨ ’ਤੇ ਹੋਇਆ ਕੰਮ ਦੇਖਦੇ ਹਨ; ਟੇਲ ਤੱਕ ਪਾਣੀ ਪਹੁੰਚਣਾ ਹੀ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ”-ਗੋਇਲ*
ਲਹਿਰਾਗਾਗਾ/ਸੰਗਰੂਰ, 13 ਸਤੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਉਲੀਕੀ ਸੋਚ ਨੂੰ ਜ਼ਮੀਨੀ ਰੂਪ ਦਿੰਦਿਆਂ ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਰਾਜਲਹੇੜੀ ਵਿਖੇ ਕਰੀਬ 7 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਪਾਈਪਲਾਈਨ ਪ੍ਰੋਜੈਕਟਾਂ ਨੂੰ ਲੋਕ ਅਰਪਣ ਕੀਤਾ।
ਗੋਇਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੇ ਨਹਿਰੀ ਪਾਣੀ ਨੂੰ ਸਿਰਫ਼ ਨਹਿਰਾਂ ਵਿੱਚ ਵਗਦਾ ਦੇਖਣ ਦੀ ਥਾਂ ਉਸ ਨੂੰ ਕਿਸਾਨ ਦੇ ਖੇਤ ਦੀ ਆਖ਼ਰੀ ਟੇਲ ਤੱਕ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਟੇਲ ’ਤੇ ਬੈਠੇ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਣਾ ਹੀ ਅਜਿਹੇ ਪ੍ਰੋਜੈਕਟਾਂ ਦੀ ਅਸਲ ਸਫਲਤਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਪਾਣੀ ਦੀ ਸੰਭਾਲ ਲਈ ਇਸ ਦਿਸ਼ਾ ਵਿੱਚ ਕੰਮ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ, “ਟੇਲ ’ਤੇ ਪਾਣੀ ਦੀ ਧਾਰ ਸਿਰਫ਼ ਖੇਤ ਨੂੰ ਨਹੀਂ ਸਿੰਜਦੀ, ਇਹ ਕਿਸਾਨ ਦੀ ਆਸ ਨੂੰ ਵੀ ਸਿੰਜਦੀ ਹੈ।”
ਪ੍ਰੋਜੈਕਟਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਰੀਗੜ੍ਹ ਬ੍ਰਾਂਚ ਅਧੀਨ ਲਾਂਡਰਾਂ ਰਜਵਾਹੇ ਨਾਲ ਸਬੰਧਤ ਖੇਤਰ ਵਿੱਚ ਕਰੀਬ 42 ਕਿਲੋਮੀਟਰ ਅੰਡਰਗਰਾਊਂਡ ਪਾਈਪਲਾਈਨ ਵਿਛਾਈ ਗਈ ਹੈ। ਇਸ ਪ੍ਰਣਾਲੀ ਰਾਹੀਂ ਲਗਭਗ 1988 ਏਕੜ ਰਕਬੇ ਤੱਕ ਨਹਿਰੀ ਪਾਣੀ ਦੀ ਪਹੁੰਚ ਬਣਾਈ ਗਈ ਹੈ। ਰਾਜਲਹੇੜੀ, ਭੂਟੀਆਂ ਹਮੀਰਗੜ੍ਹ, ਬਾਦਲਗੜ੍ਹ ਅਤੇ ਜੋਰਗੜ੍ਹ ਨਾਲ ਸਬੰਧਤ ਪਾਈਪਲਾਈਨ ਕੰਮਾਂ ’ਤੇ ਕੁੱਲ 7.74 ਕਰੋੜ ਰੁਪਏ ਖਰਚੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਕਈ ਥਾਵਾਂ ’ਤੇ ਧਰਤੀ ਹੇਠਲਾ ਪਾਣੀ ਖੇਤੀ ਲਈ ਸੁਖਾਵਾਂ ਨਾ ਹੋਣ ਕਾਰਨ ਨਹਿਰੀ ਪਾਣੀ ਦੀ ਅਹਿਮੀਅਤ ਹੋਰ ਵਧ ਜਾਂਦੀ ਹੈ। ਨਹਿਰੀ ਪਾਣੀ ਦੀ ਵਰਤੋਂ ਨਾਲ ਜਿੱਥੇ ਫ਼ਸਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਲਾਭ ਮਿਲੇਗਾ, ਉੱਥੇ ਟਿਊਬਵੈੱਲਾਂ ਅਤੇ ਬਿਜਲੀ ’ਤੇ ਨਿਰਭਰਤਾ ਘਟਾਉਣ ਵਿੱਚ ਵੀ ਮਦਦ ਮਿਲੇਗੀ। ਵਿਰੋਧੀ ਧਿਰਾਂ ਦੀ ਆਲੋਚਨਾ ’ਤੇ ਗੋਇਲ ਨੇ ਕਿਹਾ ਕਿ ਅੱਜ ਲੋਕ ਸਿਆਸੀ ਬਿਆਨਾਂ ਨਾਲੋਂ ਆਪਣੀਆਂ ਅੱਖਾਂ ਸਾਹਮਣੇ ਹੋਇਆ ਕੰਮ ਦੇਖ ਕੇ ਰਾਇ ਬਣਾਉਂਦੇ ਹਨ। ਲੋਕ ਹੀ ਸਭ ਤੋਂ ਵੱਡੇ ਮੁਲਾਂਕਣਕਾਰ ਹਨ ਅਤੇ ਸਰਕਾਰ ਦੇ ਕੰਮਾਂ ਦਾ ਫ਼ੈਸਲਾ ਵੀ ਉਨ੍ਹਾਂ ਨੇ ਹੀ ਕਰਨਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਹਿਰੀ ਪਾਣੀ ਦਾ ਦਾਇਰਾ ਵਧਾਉਣ ਦੀ ਇਹ ਮੁਹਿੰਮ ਕਿਸਾਨ ਦੀ ਅੱਜ ਦੀ ਫ਼ਸਲ ਨੂੰ ਪਾਣੀ ਦੇਣ ਦੇ ਨਾਲ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਸੰਭਾਲਣ ਦੀ ਕੋਸ਼ਿਸ਼ ਵੀ ਹੈ

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

•ਵਿਗਿਆਨਕ ਬਿਜਾਈ ਤਕਨੀਕਾਂ ਨੂੰ ਪ੍ਰਦਰਸ਼ਿਤ ਕਰਨ ਲਈ 12 ਜ਼ਿਲ੍ਹਿਆਂ ਵਿੱਚ ਡੈਮੋ ਪਲਾਟ ਲਗਾਉਣ ਵਾਲੇ ਕਿਸਾਨਾਂ ਨੂੰ 3,200 ਰੁਪਏ ਪ੍ਰਤੀ ਏਕੜ ਦਾ ਵਿੱਤੀ ਲਾਭ ਦਿੱਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ

•ਮਾਨ ਸਰਕਾਰ ਵੱਲੋਂ ਲੇਬਰ ਖਰਚੇ ਘਟਾਉਣ ਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਵੈਸਟਰ, ਛੋਟੇ ਟਰੈਕਟਰਾਂ, ਪਲਾਂਟਰਾਂ 'ਤੇ 40 ਫੀਸਦ ਸਬਸਿਡੀ ਦੀ ਪੇਸ਼ਕਸ਼: ਖੇਤੀਬਾੜੀ ਮੰਤਰੀ

•ਖੇਤੀਬਾੜੀ ਵਿਭਾਗ, ਪੀਏਯੂ ਵੱਲੋਂ ਕਿਸਾਨਾਂ ਨੂੰ ਚੋਵਾ ਪਲਾਂਟਿੰਗ, ਪ੍ਰਮਾਣਿਤ ਬੀਜਾਂ, ਖਾਦਾਂ ਦੀ ਵਰਤੋਂ ਅਤੇ ਕੀਟ ਪ੍ਰਬੰਧਨ ਬਾਰੇ ਸਿਖਲਾਈ ਦੇਣ ਲਈ ਕੈਂਪ, ਵੈਬੀਨਾਰ ਲਗਾਏ ਜਾ ਰਹੇ ਹਨ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 13 ਸਤੰਬਰ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ ਅਤੇ 700 ਲੱਖ ਕੁਇੰਟਲ ਉਤਪਾਦਨ ਦਾ ਟੀਚਾ ਹੈ। ਉਨ੍ਹਾਂ ਨੇ ਕਣਕ ਅਤੇ ਝੋਨੇ ਵਾਂਗ ਗੰਨੇ ਦੀ ਫਸਲ ਨੂੰ ਲਾਹੇਵੰਦ ਬਣਾਉਣ ਲਈ ਬਹੁ-ਪੱਖੀ ਰਣਨੀਤੀ ਦਾ ਐਲਾਨ ਕੀਤਾ, ਜਿਸ ਤਹਿਤ ਵੱਡੇ ਪੱਧਰ 'ਤੇ ਮਸ਼ੀਨੀਕਰਨ, ਜ਼ਮੀਨੀ ਪੱਧਰ ਤੱਕ ਤਕਨੀਕ ਪਹੁੰਚਾਉਣ ਅਤੇ ਗੰਨਾ ਕਾਸ਼ਤਕਾਰਾਂ ਲਈ ਵਿੱਤੀ ਲਾਭ ਵਰਗੇ ਉਪਾਅ ਸ਼ਾਮਲ ਹਨ।

ਗੰਨੇ ਨੂੰ ਕਣਕ ਅਤੇ ਝੋਨੇ ਤੋਂ ਬਾਅਦ ਪੰਜਾਬ ਦੀ ਤੀਜੀ ਸਭ ਤੋਂ ਅਹਿਮ ਫਸਲ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਉੱਨਤ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰਕੇ ਉਤਪਾਦਨ ਵਿੱਚ ਵਾਧਾ ਕਰਨ, ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰਨ ਅਤੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।

ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ ਸਾਲ 2025-26 ਵਿੱਚ 1,11,818 ਹੈਕਟੇਅਰ ਦੇ ਮੁਕਾਬਲੇ ਵਧ ਕੇ ਮੌਜੂਦਾ ਸੀਜ਼ਨ 2026-27 ਵਿੱਚ 1,16,131 ਹੈਕਟੇਅਰ ਹੋ ਗਿਆ ਹੈ ਅਤੇ ਜੇਕਰ ਮੌਸਮ ਅਨੁਕੂਲ ਰਿਹਾ ਤਾਂ ਇਸ ਤੋਂ 700 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਕੁੱਲ ਰਕਬੇ ਵਿੱਚੋਂ 17,662 ਹੈਕਟੇਅਰ ਰਕਬਾ ਪਤਝੜ ਰੁੱਤ ਦੀ ਫਸਲ, 51,174 ਹੈਕਟੇਅਰ ਬਹਾਰ ਰੁੱਤ ਦੀ ਫਸਲ ਅਤੇ 47,295 ਹੈਕਟੇਅਰ ਰਕਬਾ ਮੋਡੀ (ਰਟੂਨ) ਫਸਲ ਅਧੀਨ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਹਾਲਾਂਕਿ, ਸਰਗਰਮ ਉਪਰਾਲਿਆਂ ਅਤੇ ਮੌਸਮ ਦੇ ਅਨੁਕੂਲ ਰਹਿਣ ਦੀ ਸੰਭਾਵਨਾ ਨੂੰ ਵੇਖਦਿਆਂ, ਸਾਨੂੰ ਅਗਾਮੀ ਸੀਜ਼ਨ ਵਿੱਚ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਦੋਵਾਂ ਵਿੱਚ ਹੀ ਕਾਫ਼ੀ ਸੁਧਾਰ ਹੋਣ ਦੀ ਉਮੀਦ ਹੈ।"

ਸੀਜ਼ਨ 2026-27 ਲਈ, ਸਰਕਾਰ ਨੇ ਸਿਫ਼ਾਰਸ਼ ਕੀਤੀਆਂ ਗੰਨੇ ਦੀ ਕਾਸ਼ਤ ਤਕਨੀਕਾਂ ਦੇ ਪ੍ਰਦਰਸ਼ਨੀ ਪਲਾਟ ਲਗਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 3,200 ਰੁਪਏ ਦਾ ਪ੍ਰੋਤਸਾਹਨ ਸ਼ੁਰੂ ਕੀਤਾ ਹੈ। ਇਹ ਯੋਜਨਾ 12 ਜ਼ਿਲ੍ਹਿਆਂ - ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਫਾਜ਼ਿਲਕਾ, ਫਰੀਦਕੋਟ ਅਤੇ ਕਪੂਰਥਲਾ ਵਿੱਚ ਲਾਗੂ ਕੀਤੀ ਜਾਵੇਗੀ।

ਇਹ ਡੈਮੋ ਪਲਾਟ ਖੇਤੀ ਲਾਗਤਾਂ ਨੂੰ ਘਟਾਉਂਦੇ ਹੋਏ ਝਾੜ ਵਧਾਉਣ ਲਈ ਉੱਨਤ ਅਭਿਆਸਾਂ ਜਿਵੇਂ ਕਿ ਚੌੜੀ-ਕਤਾਰ, ਟ੍ਰੈਂਚ ਪਲਾਂਟਿੰਗ, ਇੰਟਰਕਰੌਪਿੰਗ, ਮਲਚਿੰਗ ਅਤੇ ਸਾਇੰਟੀਫਿਕ ਰੈਟੂਨ ਮੈਨੇਜਮੈਂਟ ਨੂੰ ਉਤਸ਼ਾਹਿਤ ਕਰਨਗੇ।

ਬਿਜਾਈ ਅਤੇ ਵਾਢੀ ਸਮੇਂ ਖੇਤ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਸ਼ੂਗਰਕੇਨ ਹਾਰਵੈਸਟਰ, ਛੋਟੇ ਟਰੈਕਟਰ, ਗੰਨਾ ਪਲਾਂਟਰ ਅਤੇ ਰੈਟੂਨ ਮੈਨੇਜਰਾਂ ਸਮੇਤ ਮੁੱਖ ਉਪਕਰਣਾਂ 'ਤੇ 40 ਫੀਸਦ ਸਬਸਿਡੀ ਦੀ ਪੇਸ਼ਕਸ਼ ਕਰਕੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰ ਰਹੀ ਹੈ। ਸ. ਖੁੱਡੀਆਂ ਨੇ ਕਿਹਾ, "ਮਸ਼ੀਨੀਕਰਨ ਹੁਣ ਇੱਕ ਵਿਕਲਪ ਨਹੀਂ ਸਗੋਂ ਇੱਕ ਜ਼ਰੂਰਤ ਹੈ। ਸਾਡਾ ਉਦੇਸ਼ ਇਨ੍ਹਾਂ ਮਸ਼ੀਨਾਂ ਨੂੰ ਹਰੇਕ ਕਿਸਾਨ ਲਈ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ।" 

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਆਪਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜੋ ਕਿ ਵਾਈਡ ਸਪੇਸਿੰਗ ਟ੍ਰੈਂਚ ਪਲਾਂਟਿੰਗ ਵਿਧੀ, ਪ੍ਰਾਇਮਰੀ ਬੀਜ ਨਰਸਰੀਆਂ, ਬਿਮਾਰੀ-ਮੁਕਤ ਪ੍ਰਮਾਣਿਤ ਬੀਜਾਂ ਦੀਆਂ ਕਿਸਮਾਂ, ਸੰਤੁਲਿਤ ਖਾਦ ਦੀ ਵਰਤੋਂ, ਏਕੀਕ੍ਰਿਤ ਕੀਟ ਪ੍ਰਬੰਧਨ ਅਤੇ ਰੈਟੂਨ ਪ੍ਰਬੰਧਨ 'ਤੇ ਕੇਂਦ੍ਰਤ ਹਨ। ਹੁਣ ਤੱਕ, 14 ਵੈਬੀਨਾਰਾਂ ਰਾਹੀਂ ਲਗਭਗ 1,100 ਕਿਸਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜਦੋਂ ਕਿ 320 ਸਿਖਲਾਈ ਕੈਂਪਾਂ ਰਾਹੀਂ ਸਿੱਧੇ ਤੌਰ 'ਤੇ 15,000 ਤੋਂ ਵੱਧ ਕਿਸਾਨਾਂ ਤੱਕ ਪਹੁੰਚ ਕੀਤੀ ਗਈ ਹੈ। ਫੇਸਬੁੱਕ, ਯੂਟਿਊਬ ਅਤੇ ਫੀਲਡ ਸਟਾਫ ਵੱਲੋਂ ਤਕਨੀਕੀ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ।

ਸ. ਖੁੱਡੀਆਂ ਨੇ ਕਿਹਾ, "ਪੰਜਾਬ ਭਰ ਦੇ ਬਹੁਤ ਸਾਰੇ ਕਿਸਾਨ ਅਤੇ ਖੇਤ ਮਜ਼ਦੂਰ ਗੰਨੇ ਦੀ ਫਸਲ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਆਰਥਿਕ ਖੁਸ਼ਹਾਲੀ ਸਿੱਧੇ ਤੌਰ 'ਤੇ ਇਸ ਫਸਲ ‘ਤੇ ਨਿਰਭਰ ਹੈ। ਗੰਨੇ ਦੀ ਕਾਸ਼ਤ ਨੂੰ ਵਧੇਰੇ ਲਾਹੇਵੰਦ ਅਤੇ ਭਵਿੱਖ ਲਈ ਤਿਆਰ ਬਣਾਉਣਾ ਸਾਡਾ ਮੁੱਖ ਫਰਜ਼ ਹੈ।" 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ‘ਤੇ ਚਾਨਣਾ ਪਾਉਂਦਿਆਂ, ਸ. ਖੁੱਡੀਆਂ ਨੇ ਕਿਹਾ ਕਿ ਵਿੱਤੀ ਲਾਭ, ਤਕਨੀਕੀ ਅਪਗ੍ਰੇਡੇਸ਼ਨ, ਸਮਰੱਥਾ ਨਿਰਮਾਣ ਅਤੇ ਖੇਤੀ ਮਸ਼ੀਨੀਕਰਨ ‘ਤੇ ਅਧਾਰਤ ਇਸ ਬਹੁ-ਪੱਖੀ ਰਣਨੀਤੀ ਦਾ ਉਦੇਸ਼ ਗੰਨੇ ਦੀ ਕਾਸ਼ਤ ਨੂੰ ਲਾਹੇਵੰਦ ਕਿੱਤਾ ਬਣਾਉਣਾ ਹੈ।

ਉਨ੍ਹਾਂ ਕਿਹਾ, "ਸਾਡੀ ਵਿਆਪਕ ਪਹੁੰਚ ਕਾਸ਼ਤ ਦੇ ਖਰਚਿਆਂ ਨੂੰ ਘਟਾਏਗੀ, ਉਤਪਾਦਕਤਾ ਵਿੱਚ ਵਾਧਾ ਕਰੇਗੀ ਅਤੇ ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰੇਗੀ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਪੰਜਾਬ ਦੇ ਗੰਨਾ ਉਤਪਾਦਕ ਆਪਣੀ ਮਿਹਨਤ ਦਾ ਫ਼ਲ ਪ੍ਰਾਪਤ ਕਰਨ ਅਤੇ ਸੂਬੇ ਦੀ ਖੇਤੀ ਨੂੰ ਹੋਰ ਉੱਨਤ ਬਣਾਉਣ ਵਿੱਚ ਸਾਰਥਕ ਯੋਗਦਾਨ ਪਾਉਣ।"

ਪੀ.ਏ.ਯੂ. ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨ ਮੇਲਾ 15 ਸਤੰਬਰ ਨੂੰ ਲਗਾਇਆ ਜਾਵੇਗਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਤੰਬਰ ਮਹੀਨੇ ਦੇ ਕਿਸਾਨ ਮੇਲਿਆਂ ਦੀ ਲੜੀ ਵਿੱਚ "ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ" ਦੇ ਉਦੇਸ਼ ਨੂੰ ਮੁੱਖ ਰੱਖ ਕੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਜ਼ਿਲ੍ਹਾ ਪਟਿਆਲਾ ਵਿਖੇ 15 ਸਤੰਬਰ, 2026 ਨੂੰ ਇੱਕ-ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। 

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ. ਮਨਦੀਪ ਸਿੰਘ, ਇੰਚਾਰਜ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। 

ਉਹਨਾਂ ਅੱਗੇ ਦੱਸਿਆ ਕਿ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਏ ਜਾ ਰਹੇ ਇਸ ਕਿਸਾਨ ਮੇਲੇ ਦੌਰਾਨ ਖੇਤੀ ਮਾਹਿਰਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਅਤੇ ਸੁਧਰੀਆਂ ਕਾਸ਼ਤਕਾਰੀ ਤਕਨੀਕਾਂ, ਖੇਤੀ ਮਸ਼ੀਨਰੀ, ਸਰਦੀ ਰੁੱਤ ਦੀਆਂ ਸਬਜ਼ੀਆਂ ਦੀ ਕਾਸ਼ਤ, ਬਾਗਬਾਨੀ, ਮਿੱਟੀ-ਪਾਣੀ ਪਰਖ, ਤੇਲਬੀਜ ਅਤੇ ਦਾਲਾਂ, ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਬੀਬੀਆਂ ਨੂੰ ਘਰੇਲੂ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਵੱਲੋਂ ਕਿਸਾਨਾਂ ਦੀਆਂ ਖੇਤੀ ਸਮੱਸਿਆਂਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। 

ਇਸ ਮੇਲੇ ਵਿੱਚ ਪੀ.ਏ.ਯੂ., ਲੁਧਿਆਣਾ, ਸਰਕਾਰੀ ਵਿਭਾਗਾਂ, ਖੇਤੀਬਾੜੀ ਇੰਡਸਟਰੀ, ਕਿਸਾਨ ਉਤਪਾਦਕ ਸੰਗਠਨ, ਸੈਲਫ਼ ਹੈਲਪ ਗਰੁੱਪਾਂ ਅਤੇ ਉੱਦਮੀ ਕਿਸਾਨਾਂ ਵੱਲੋਂ ਖੇਤੀ ਨੁਮਾਇਸ਼ਾਂ ਲਗਾਈਆਂ ਜਾਣਗੀਆਂ। ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜਾਂ, ਸਰਦੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ, ਦਾਲਾਂ ਅਤੇ ਤੇਲਬੀਜ ਕਿੱਟਾਂ, ਹਾੜ੍ਹੀ ਦੇ ਚਾਰਿਆਂ ਦੇ ਬੀਜਾਂ ਦੀਆਂ ਕਿੱਟਾਂ, ਫ਼ਲਦਾਰ ਬੂਟੇ ਅਤੇ ਪੀ.ਏ.ਯੂ. ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਾਹਿਤ ਦੀ ਵਿਕਰੀ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਕਿਸਾਨਾਂ ਵੱਲੋਂ ਲਿਆਂਦੇ ਮਿੱਟੀ ਅਤੇ ਪਾਣੀ ਦੇ ਨਮੂਨੇ ਜਾਂਚ ਕਰਨ ਲਈ ਜਮ੍ਹਾਂ ਕੀਤੇ ਜਾਣਗੇ। 

ਡਾ. ਮਨਦੀਪ ਸਿੰਘ ਵੱਲੋਂ ਸਮੂਹ ਕਿਸਾਨ ਵੀਰਾਂ ਨੂੰ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕੇ.ਵੀ.ਕੇ., ਰੌਣੀ ਦੇ ਕਿਸਾਨ ਮੇਲੇ ਵਿੱਚ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਜਾਂਦੀ ਹੈ।

Saturday, September 12, 2026

ਜ਼ਰੂਰਤ ਮੁਤਾਬਕ ਹੀ ਕੀਟਨਾਸ਼ਕਾ ਅਤੇ ਉੱਲੀਨਾਸ਼ਕਾਂ ਦੀ ਵਰਤੋਂ ਕਰਨ ਕਿਸਾਨ

ਬਠਿੰਡਾ, 12 ਸਤੰਬਰ :

ਸਾਉਣੀ ਦੀਆਂ ਫ਼ਸਲਾਂ ਸਬੰਧੀ, ਫਾਰਮਰ ਰਜਿਸਟਰੀ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਤੇ ਖੇਤੀ ਆਮਦਨ ਵਧਾਉਣ ਦੇ ਮੰਤਵ ਨਾਲ ਜ਼ਿਲ੍ਹਾ ਸਿਖਲਾਈ ਦਫਤਰ, ਬਠਿੰਡਾ ਬਲਾਕ ਨਥਾਣਾ ਦੇ ਸਟਾਫ ਦੇ ਸਹਿਯੋਗ ਨਾਲ ਪਿੰਡ ਸੇਮਾ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।

ਇਸ ਕੈਂਪ ਵਿੱਚ ਕਿਸਾਨਾਂ ਨੇ ਖੇਤਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਮਾਹਿਰਾਂ ਨਾਲ ਸਾਂਝੀਆਂ ਕੀਤੀਆਂ। ਕੈਂਪ ਦੌਰਾਨ ਮਾਹਿਰਾਂ ਨੇ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਦੀ ਮਹੱਤਤਾ ਦੱਸਦਿਆਂ ਹੋਇਆਂ ਉਨ੍ਹਾਂ ਨੂੰ ਕਿਸਾਨ ਆਈਡੀ ਬਣਾਉਣ ਲਈ ਪ੍ਰੇਰਿਆ। ਮਾਹਿਰਾਂ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਕੀੜੇ ਅਤੇ ਬਿਮਾਰੀਆਂ ਤੋਂ ਬਚਾਅ ਅਤੇ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਹੋਇਆਂ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੀਆਂ ਕੀਟਨਾਸ਼ਕ ਅਤੇ ਉਲੀਨਾਸ਼ਕ ਦਵਾਈਆਂ ਦੀ ਵਰਤੋਂ ਲੋੜ ਮੁਤਾਬਿਕ ਕਰਨ ਲਈ ਕਿਹਾ।

ਖੇਤੀ ਖਰਚੇ ਘਟਾਉਣ ਲਈ ਮਾਹਿਰਾਂ ਨੇ ਕਿਸਾਨਾਂ ਨੂੰ ਝੋਨੇ ਦੇ ਸ਼ੁੱਧ ਬੀਜ ਉਤਪਾਦਨ ਬਾਰੇ ਜਾਣਕਾਰੀ ਦਿੱਤੀ ਅਤੇ ਆਮਦਨ ਵਧਾਉਣ ਲਈ ਸਹਾਇਕ ਧੰਦੇ ਅਪਨਾਉਣ ਲਈ ਉਤਸਾਹਿਤ ਕੀਤਾ। ਪ੍ਰੋਸੈਸਿੰਗ ਯੂਨਿਟਾਂ ਰਾਹੀਂ ਮੁੱਲ ਵਾਧਾ ਕਰਨ ਲਈ ਵੱਡੇ ਪੱਧਰ ਤੇ ਕਿਸਾਨਾਂ ਨੂੰ ਇਕੱਠੇ ਹੋ ਕੇ ਕਿਸਾਨ ਉਤਪਾਦਕ ਸੰਗਠਨ ਬਣਾਉਣ ਲਈ ਜਾਗਰੂਕ ਕੀਤਾ।

ਇਸ ਕੈਂਪ ਦੀ ਅਗਵਾਈ ਡਾ ਪ੍ਰਭਜੋਤ ਕੌਰ, ਜ਼ਿਲ੍ਹਾ ਸਿਖਲਾਈ ਅਫਸਰ, ਬਠਿੰਡਾ ਵੱਲੋਂ ਕੀਤੀ ਗਈ। ਜ਼ਿਲ੍ਹਾ ਸਿਖ਼ਲਾਈ ਦਫਤਰ ਵਿੰਗ ਦੀ ਟੀਮ ਵਿੱਚੋਂ ਡਾ ਹਰਦੀਪ ਸਿੰਘ, ਵਿਸ਼ਾ ਵਸਤੂ ਮਾਹਿਰ, ਬਠਿੰਡਾ ਅਤੇ ਡਾ ਯਾਦਵੀਰ ਕੌਰ, ਏਡੀਓ (ਡੈਮੋ), ਬਠਿੰਡਾ ਨੇ ਭਾਗ ਲਿਆ।

ਇਸ ਕੈਂਪ ਵਿੱਚ ਬਲਾਕ ਨਥਾਣਾ ਵੱਲੋਂ ਏਐਸਆਈ ਪਰਸ਼ੋਤਮ ਠਾਕੁਰ, ਏਟੀਐਮ ਹਰਵਿੰਦਰ ਸਿੰਘ ਅਤੇ ਬੇਲਦਾਰ ਲਖਵਿੰਦਰ ਸਿੰਘ ਆਦਿ ਵੀ ਸ਼ਾਮਲ ਸਨ।

Friday, September 11, 2026

ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਦੋਂ ਲੱਗੇਗਾ ਕਿਸਾਨ ਮੇਲਾ

ਫ਼ਿਰੋਜ਼ਪੁਰ, 12 ਸਤੰਬਰ

ਡਾ: ਕੁਲਦੀਪ ਸਿੰਘ ਨਿਰਦੇਸ਼ਕ ਪੀ.ਏ.ਯੂ਼ ਖੇਤਰੀ ਖੋਜ ਕੇਂਦਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 22 ਸਤੰਬਰ 2026 ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ ।

ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ। ਇਸ ਵਿੱਚ ਯੂਨੀਵਰਸਿਟੀ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ ਸੰਬੰਧੀ ਮੁਸ਼ਕਿਲਾਂ ਦੇ ਹੱਲ ਵੀ ਦੱਸੇ ਜਾਣਗੇ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ। ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘ, ਫੋਨ ਨੰਬਰ 94177-83052,01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਲਗਾਉਣ ਅੱਗ, ਇਸ ਦਾ ਖੇਤਾਂ ਵਿਚ ਹੀ ਕਰਨ ਪ੍ਰਬੰਧਨ

*ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਜਿਲ੍ਹਾ ਪੱਧਰੀ ਕੋਆਡੀਨੇਟਿੰਗ ਐਂਡ ਮੋਨੀਟਰਿੰਗ ਕਮੇਟੀ ਦੀ ਹੋਈ ਬੈਠਕ*

ਬਠਿੰਡਾ, 11 ਸਤੰਬਰ :

ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਬਜਾਏ ਇਸ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਤਾਂ ਜੋ ਵਾਤਾਵਰਨ ਅਤੇ ਖੇਤੀਬਾੜੀ ਨਾਲ ਸਬੰਧਤ ਮਿੱਤਰ ਕੀੜਿਆਂ ਦੀ ਸੰਭਾਲ ਕੀਤੀ ਜਾ ਸਕੇ । ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਪੱਧਰੀ ਕੋਆਡੀਨੇਟਿੰਗ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ ।

ਬੈਠਕ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਅਗਾਊਂ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਸਾੜਨ ਨਾਲ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਅਤੇ ਪੌਸ਼ਟਿਕ ਤੱਤ ਨਸ਼ਟ ਹੁੰਦੇ ਹਨ ਅਤੇ ਧੂੰਏਂ ਕਾਰਨ ਹਵਾ ਪ੍ਰਦੂਸ਼ਿਤ ਹੁੰਦੀ ਹੈ। ਉਨ੍ਹਾਂ ਨੇ ਜ਼ਿਲ੍ਹਾ ਬਠਿੰਡਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸੁਝਾਈਆਂ ਗਈਆਂ ਤਕਨੀਕਾਂ ਨੂੰ ਅਪਣਾਉਣ। ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਖੇਤੀ ਲਈ ਲੋੜੀਂਦ ਤੱਤਾਂ ਦੀ ਪੂਰਤੀ ਵਿੱਚ ਵੀ ਮਦਦ ਮਿਲਦੀ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਉਣ ਲਈ ਕਿਹਾ ਗਿਆ।

ਮੀਟਿੰਗ ਦੌਰਾਨ ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬਾੜੀ ਅਫਸਰ, ਬਠਿੰਡਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਮੈਪਿੰਗ, ਪਰਾਲੀ ਨੂੰ ਖੇਤ ਵਿੱਚ ਮਿਲਾਉਣ ਦੀਆਂ ਤਕਨੀਕਾਂ, ਐਕਸ ਸੀਟੂ ਅਤੇ ਇਨ ਸੀਟੂ ਵਿਧੀ ਅਤੇ ਆਈ.ਈ.ਸੀ ਗਤੀਵਿਧੀਆਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਉਨ੍ਹਾਂ ਦੇ ਵਿਭਾਗ ਵੱਲੋ ਇਹ ਜਾਣਕਾਰੀ ਕਿਸਾਨਾਂ ਨੂੰ ਪਿੰਡ ਪੱਧਰ ਤੇ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਸ਼੍ਰੀ ਬਲਕਰਨ ਸਿੰਘ ਐਸ.ਡੀ.ਐਮ., ਰਾਮਪੁਰਾ ਫੂਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Thursday, September 10, 2026

ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਸੀ.ਆਰ.ਐਮ. ਪ੍ਰੋਜੈਕਟ ਅਧੀਨ ਪਿੰਡ ਬਾਲੀਆਂ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ

- ਕੈਂਪ ਦੌਰਾਨ 100 ਤੋਂ ਵੱਧ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ - ਡਾ. ਮਨਦੀਪ ਸਿੰਘ 

ਸੰਗਰੂਰ 11 ਸਤੰਬਰ 

ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਵਿੱਢੀ ਮੁਹਿੰਮ ਅਧੀਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਬਾਲੀਆਂ, ਬਲਾਕ ਧੂਰੀ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਇੱਕ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
 ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫ਼ਰ ਤੱਤ ਦਾ ਨੁਕਸਾਨ ਹੁੰਦਾ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਹਾਨੀਕਾਰਕ ਗੈਸਾਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਨੁੱਖਾਂ ਲਈ ਬਿਮਾਰੀਆਂ ਦਾ ਕਾਰਣ ਬਣਦੀਆਂ ਹਨ। ਉਹਨਾਂ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਦੀਆਂ ਤਕਨੀਕਾਂ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ। ਉਹਨਾਂ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਹੋਣ ਵਾਲੇ ਫ਼ਾਇਦਿਆਂ ਅਤੇ ਮਿੱਟੀ ਦੀ ਸਿਹਤ ਵਿੱਚ ਹੋਣ ਵਾਲੇ ਸੁਧਾਰ ਸੰਬੰਧੀ ਵੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਾਤਰਾ ਵਧਦੀ ਹੈ । ਜਿਸ ਨਾਲ ਮਿੱਟੀ ਵਧੇਰੇ ਉਪਜਾਊ ਬਣਦੀ ਹੈ ਅਤੇ ਰਸਾਇਣਿਕ ਖਾਦਾਂ ਦਾ ਖਰਚਾ ਘਟਦਾ ਹੈ ਅਤੇ ਫ਼ਸਲ ਦੀ ਪੈਦਾਵਾਰ ਵਧਦੀ ਹੈ।ਇਸ ਤੋਂ ਇਲਾਵਾ ਉਹਨਾਂ ਕਣਕ ਦੀ ਵੱਧ ਝਾੜ ਦੇਣ ਵਾਲੀ ਨਵੀਂ ਕਿਸਮ ਪੀ ਬੀ ਡਬਲਯੂ 887 ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇਹ ਕਿਸਮ ਪੱਕਣ ਲਈ 155 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 24.60 ਕੁਇੰਟਲ ਪ੍ਰਤੀ ਏਕੜ ਹੈ। ਇਸ ਤੋਂ ਇਲਾਵਾ ਉਹਨਾਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 872 ਅਤੇ ਪੀ ਬੀ ਡਬਲਯੂ 826 ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਵੱਲੋਂ ਕਣਕ ਦੀਆਂ ਵਿਸ਼ੇ਼ਸ਼ ਗੁਣਵੱਤਾ ਵਾਲੀਆਂ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ ਜ਼ਿੰਕ 2, ਪੀ ਬੀ ਡਬਲਯੂ 1 ਚਪਾਤੀ, ਪੀ ਬੀ ਡਬਲਯੂ ਆਰ ਐਸ 1 ਅਤੇ ਪੀ ਬੀ ਡਬਲਯੂ 1 ਬਿਸਕੁਟ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਹਨਾਂ ਕਿਸਾਨਾਂ ਨੂੰ ਹਾੜ੍ਹੀ ਰੁੱਤ ਦੀਆਂ ਦਾਲਾਂ ਅਤੇ ਤੇਲਬੀਜ ਫ਼ਸਲਾਂ ਬੀਜਣ ਲਈ ਵੀ ਪ੍ਰੇਰਿਤ ਕੀਤਾ।ਉਹਨਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਤੰਬਰ ਮਹੀਨੇ ਦੌਰਾਨ ਲੱਗਣ ਵਾਲੇ ਕਿਸਾਨ ਮੇਲਿਆਂ ਵਿੱਚ ਹੁੰਮ-ਹੁੰਮਾ ਕੇ ਭਾਗ ਲੈਣ ਦਾ ਸੱਦਾ ਵੀ ਦਿੱਤਾ। 
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਪੀ.ਏ.ਯੂ. ਵੱਲੋਂ ਵਿਕਸਤ ਕੀਤੀ ਗਈ ਖੇਤੀ ਮਸ਼ੀਨਰੀ ਜਿਵੇਂ ਕਿ ਸਮਾਰਟ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਪਲਟਾਊ ਹਲ, ਮਲਚਰ, ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ। 
ਉਹਨਾਂ ਪਰਾਲੀ ਵਿੱਚ ਮੌਜੂਦ ਖੁਰਾਕੀ ਤੱਤਾਂ ਨੂੰ ਦੇਖਦਿਆਂ ਇਸ ਨੂੰ ਖੇਤ ਵਿੱਚ ਹੀ ਸਾਂਭਣ 'ਤੇ ਜ਼ੋਰ ਦਿੱਤਾ।

ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਮਿਲਾ ਕੇ ਬੀਜੀ ਕਣਕ ਦੀ ਫ਼ਸਲ ਵਿੱਚ ਨਦੀਆਂ ਦੀ ਰੋਕਥਾਮ ਅਤੇ ਖੁਰਾਕੀ ਤੱਤਾਂ ਦੀ ਪੂਰਤੀ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਣਕ ਵਿੱਚ ਗੁੱਲੀਡੰਡੇ ਦੀ ਅਸਰਦਾਰ ਰੋਕਥਾਮ ਲਈ ਕਣਕ ਦੇ ਉੱਗਣ ਤੋਂ ਪਹਿਲਾਂ ਵਰਤੀਆਂ ਜਾਣ ਵਾਲੀਆਂ ਨਦੀਨਨਾਸ਼ਕ ਦਵਾਈਆਂ ਵਰਤਣ ਲਈ ਉਤਸ਼ਾਹਿਤ ਕੀਤਾ। ਉਹਨਾਂ ਕਣਕ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਵੀ ਵਡਮੁੱਲੇ ਸੁਝਾਅ ਸਾਂਝੇ ਕੀਤੇ।  
ਇਸ ਕੈਂਪ ਦੇ ਅਖੀਰ ਵਿੱਚ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਉਹਨਾਂ ਨੂੰ ਯੂਨੀਵਰਸਿਟੀ ਵੱਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਖੇਤੀ ਸਾਹਿਤ ਮੁਹਈਆ ਕਰਵਾਇਆ ਗਿਆ।
ਪਿੰਡ ਦੇ ਸਰਪੰਚ ਸ. ਕੁਲਦੀਪ ਸਿੰਘ ਅਤੇ ਸਹਿਕਾਰੀ ਸਭਾ ਦੇ ਪ੍ਰਧਾਨ ਸ. ਜਗਸੀਰ ਸਿੰਘ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੀ ਟੀਮ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ। ਸ. ਪਰਗਟ ਸਿੰਘ ਅਤੇ ਉਸ ਦੇ ਸਾਥੀ ਕਿਸਾਨਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਸ਼ਲਾਘਾਯੋਗ ਯਤਨ ਕੀਤੇ।

Wednesday, September 9, 2026

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਸਤੰਬਰ ਤੋਂ

ਰੂਪਨਗਰ, 10 ਸਤੰਬਰ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਡੇਅਰੀ ਫਾਰਮਿੰਗ ਨੂੰ ਰੋਜ਼ਗਾਰ ਦੇ ਸਾਧਨ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 14 ਸਤੰਬਰ ਤੋਂ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।


ਡਿਪਟੀ ਡਾਇਰੈਕਟਰ ਡੇਅਰੀ ਹਰਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮੰਤਵ ਨਾਲ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵਜੋਂ ਡੇਅਰੀ ਫਾਰਮਿੰਗ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਤੋਂ 25 ਸਤੰਬਰ 2026 ਤੱਕ ਚਲਾਇਆ ਜਾਵੇਗਾ। ਇੱਛੁਕ ਲਾਭਪਾਤਰੀ ਆਪਣੇ ਬਿਨੈ-ਪੱਤਰ 13 ਸਤੰਬਰ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਰੂਪਨਗਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ ਦੇ ਫ਼ੋਨ ਨੰਬਰ 01881-222028, ਸ. ਨਵਪੁਨੀਤ ਸਿੰਘ ਮਾਵੀ ਦੇ ਮੋਬਾਈਲ ਨੰਬਰ 8283045015, ਸ਼੍ਰੀ ਨਿਸ਼ਚਲ ਠਾਕੁਰ ਦੇ ਮੋਬਾਈਲ ਨੰਬਰ 9464489303, ਸ. ਕੁਲਦੀਪ ਸਿੰਘ ਦੇ ਮੋਬਾਈਲ ਨੰਬਰ 9872917245 ਅਤੇ ਸ਼੍ਰੀਮਤੀ ਮੋਨਿਕਾ ਰਾਣੀ ਦੇ ਮੋਬਾਈਲ ਨੰਬਰ 8283855950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ : ਡਾ. ਤੇਜਬੀਰ ਸਿੰਘ ਭੰਗੂ

ਆਉਣ ਵਾਲੇ ਸਮੇਂ 'ਚ ਸਬਸਿਡੀ 'ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ ਹੋਵੇਗੀ ਅਹਿਮ: ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ

ਤਰਨ ਤਾਰਨ, 10 ਸਤੰਬਰ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ.ਡੀ. ਜ਼ਰੂਰ ਬਣਵਾਉਣ ਤਾਂ ਜੋ ਭਵਿੱਖ ਵਿੱਚ ਕਿਸਾਨਾ ਨੂੰ ਉਹਨਾ ਦੀ ਇਸ ਯੂਨੀਕ ਫਾਰਮਰ ਆਈ.ਡੀ ਰਾਂਹੀ ਹੀ ਖਾਦਾਂ ਦੀ ਸਪਲਾਈ, ਪੀ.ਐਮ. ਕਿਸਾਨ ਸਨਮਾਨ ਨਿੱਧੀ ਯੋਜਨਾ ਤਹਿਤ ਮਿਲਣ ਵਾਲੀਆਂ ਕਿਸ਼ਤਾਂ, ਖੇਤੀ ਮਸ਼ੀਨਰੀ ਆਦਿ ਸਹੂਲਤਾਂ ਸਬਸਿਡੀ 'ਤੇ ਮਿਲਣਯੋਗ ਹੋਣਗੀਆਂ। ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਡਾ. ਤੇਜਬੀਰ ਸਿੰਘ ਭੰਗੂ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਂ 'ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ.ਡੀ ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਾਰਮਰ ਆਈ.ਡੀ ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਆਈ.ਡੀ ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਆਈ.ਡੀ ਬਣਵਾਉਣ ਲਈ ਯੋਗ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵਿਸ਼ੇਸ਼ ਤੌਰ 'ਤੇ ਯਕੀਨੀ ਬਣਾਉਣ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ 'ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਆਈ.ਡੀ ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇਕ ਮੈਂਬਰ ਦੀ ਫਾਰਮਰ ਆਈ.ਡੀ ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਂ 'ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਆਈ.ਡੀ ਬਣਾਉਣੀ ਜ਼ਰੂਰੀ ਹੈ ਤਾਂ ਜੋ ਖੇਤੀ ਨਾਲ ਸਬੰਧਤ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਡਾ. ਤੇਜਬੀਰ ਸਿੰਘ ਭੰਗੂ ਨੇ ਦੱਸਿਆ ਕਿ ਫਾਰਮਰ ਆਈ.ਡੀ ਬਣਾਉਣ ਦੀ ਸਹੂਲਤ ਜ਼ਿਲ੍ਹੇ ਦੇ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ (ਸੀ.ਐੱਸ.ਸੀ) ਵਿਖੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ 'ਤੇ ਪਹੁੰਚਣ ਅਤੇ ਆਪਣੀ ਤੇ ਪਰਿਵਾਰ ਦੇ ਉਨ੍ਹਾਂ ਸਾਰੇ ਮੈਂਬਰਾਂ ਦੀ ਫਾਰਮਰ ਆਈ.ਡੀ ਜ਼ਰੂਰ ਬਣਵਾਉਣ, ਜਿਨ੍ਹਾਂ ਦੇ ਨਾਮ 'ਤੇ ਵਾਹੀਯੋਗ ਜ਼ਮੀਨ ਦਰਜ ਹੈ।

ਉਨ੍ਹਾਂ ਕਿਹਾ ਕਿ ਫਾਰਮਰ ਆਈ.ਡੀ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਮੁੜ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਕਿਸਾਨ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ ਅਤੇ ਸਾਰੇ ਕਿਸਾਨ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ.ਡੀ ਜ਼ਰੂਰ ਬਣਵਾਉਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਧਿਆਨ ਕੇਂਦਰਿਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲਵਾ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਦੇ ਯਤਨਾਂ ਵਿੱਚ ਤੇਜ਼ੀ ਲਿਆਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਵਾਸਤੇ ਵਿਸ਼ੇਸ਼ ਹੁਨਰ ਨਿਰਮਾਣ ਕੇਂਦਰਾਂ ਦੀ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 9 ਸਤੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੀ.ਆਈ.ਆਈ. ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਜ਼ੋਰ ਦਿੱਤਾ। ਉਨ੍ਹਾਂ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੇ ਨਾਲ-ਨਾਲ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਅਤੇ ਜਲੰਧਰ ਵਿੱਚ ਇੱਕ ਅਤਿ-ਆਧੁਨਿਕ ਲੈਬਾਰਟਰੀ ਵਾਲਾ ਸੈਂਟਰ ਆਫ਼ ਐਕਸੀਲੈਂਸ ਫਾਰ ਟੈਕਨੀਕਲ ਟੈਕਸਟਾਈਲਜ਼ ਤਿਆਰ ਕਰਨ ਸਮੇਤ ਨਵੀਆਂ ਹੁਨਰ ਨਿਰਮਾਣ ਅਤੇ ਤਕਨਾਲੋਜੀ ਅਧਾਰਤ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ।

ਇਸ ਮੀਟਿੰਗ ਬਾਰੇ ਕੁਝ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ 'ਤੇ ਕਿਹਾ, "ਅੱਜ, ਮੇਰੀ ਚੰਡੀਗੜ੍ਹ ਵਿੱਚ ਸੀ.ਆਈ.ਆਈ. ਉੱਤਰੀ ਖੇਤਰ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ। ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਵਾਸਤੇ ਲਗਾਤਾਰ ਕੰਮ ਕਰ ਰਹੀ ਹੈ। ਅਸੀਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"

ਸੀ.ਆਈ.ਆਈ. ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸੀ.ਆਈ.ਆਈ. ਦਾ ਮਿਲ ਕੇ ਕੰਮ ਕਰਨਾ ਬੇਹੱਦ ਜ਼ਰੂਰੀ ਹੈ। ਸਾਡਾ ਧਿਆਨ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਹੋਣਾ ਚਾਹੀਦਾ ਹੈ, ਜਿਸ ਨਾਲ ਇੱਕ ਪਾਸੇ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾਵੇਗਾ।"

ਮੁੱਖ ਮੰਤਰੀ ਨੇ ਸੀ.ਆਈ.ਆਈ. ਨੂੰ ਮਾਲਵਾ ਖੇਤਰ, ਵਿਸ਼ੇਸ਼ ਤੌਰ ‘ਤੇ ਸੰਗਰੂਰ ਅਤੇ ਬਰਨਾਲਾ, ਜਿੱਥੇ ਝੋਨੇ ਦੀ ਪਰਮਲ ਕਿਸਮ ਦੀ ਖੇਤੀ ਹੁੰਦੀ ਹੈ, ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਯਤਨਾਂ ਨੂੰ ਵਧਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, “ਪੰਜਾਬ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਟਿਕਾਊ ਅਤੇ ਤਕਨਾਲੋਜੀ-ਆਧਾਰਤ ਹੱਲ ਅਪਣਾਉਣ ਲਈ ਵਚਨਬੱਧ ਹੈ। ਸਰਕਾਰ, ਉਦਯੋਗ ਅਤੇ ਹੋਰ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਵਿਹਾਰਕ, ਸਸਤੇ ਅਤੇ ਪ੍ਰਭਾਵਸ਼ਾਲੀ ਹੱਲ ਮਿਲ ਸਕਣ ਅਤੇ ਸੂਬਾ ਸਾਫ਼ ਅਤੇ ਸਵੱਛ ਭਵਿੱਖ ਵੱਲ ਮਜ਼ਬੂਤੀ ਨਾਲ ਅੱਗੇ ਵਧ ਸਕੇ।”

ਮੁੱਖ ਮੰਤਰੀ ਨੇ ਸੀ.ਆਈ.ਆਈ. ਐਗਰੋ ਟੈਕ ਇੰਡੀਆ 2026 ਦੌਰਾਨ 'ਵਰਲਡ ਹੌਰਟੀਕਲਚਰ ਸੈਂਟਰ' ਦੇ ਭਾਰਤ ਦੌਰੇ ਨੂੰ ਸੁਚਾਰੂ ਬਣਾਉਣ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ, “ਖੇਤੀਬਾੜੀ ਅਤੇ ਉਦਯੋਗਿਕ ਦੋਵਾਂ ਖੇਤਰਾਂ ਵਿੱਚ ਗਿਆਨ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਰਾਹੀਂ ਪੰਜਾਬ ਨੂੰ ਅਜਿਹੇ ਦੌਰਿਆਂ ਤੋਂ ਬਹੁਤ ਲਾਭ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਗਿਆਨ ਦੇ ਆਦਾਨ-ਪ੍ਰਦਾਨ ਅਤੇ ਤਕਨਾਲੋਜੀ ਸਹਿਯੋਗ 'ਤੇ ਹੋਰ ਜ਼ੋਰ ਦਿੱਤਾ। ਉਨ੍ਹਾਂ ਨੇ ਕਾਰੋਬਾਰ ਕਰਨ ਦੀ ਸੌਖ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਮੁੱਖ ਕੇਂਦਰਾਂ 'ਤੇ ਉਦਯੋਗਿਕ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਰੋਬਾਰ ਕਰਨ ਦੀ ਸੌਖ ਵਿੱਚ ਸੁਧਾਰ ਕਰਨ, ਲਾਗਤਾਂ ਘਟਾਉਣ ਅਤੇ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਆਧੁਨਿਕ ਅਤੇ ਯੋਜਨਾਬੱਧ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਉਦਯੋਗਿਕ ਖੇਤਰਾਂ ਨੂੰ ਭਰੋਸੇਯੋਗ ਅਤੇ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਉਦਯੋਗਿਕ ਕੰਮਕਾਜ ਨੂੰ ਪ੍ਰਭਾਵਿਤ ਕਰਨ ਵਾਲੀਆਂ ਅਹਿਮ ਬੁਨਿਆਦੀ ਢਾਂਚੇ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ।”

ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ (ਐਮ.ਐਸ.ਟੀ.ਆਈ.) ਸਥਾਪਿਤ ਕਰਨ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਜਿਹੀ ਪਹਿਲਕਦਮੀ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ, “ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਸਥਾਨਕ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੰਜਾਬ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕਰਨ ਵਿੱਚ ਮਦਦ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਾਸ ਨੂੰ ਹੁਲਾਰਾ ਦੇਣਾ ਪੰਜਾਬ ਦੇ ਆਰਥਿਕ ਵਿਕਾਸ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੀ.ਆਈ.ਆਈ. ਨੂੰ ਜਲੰਧਰ ਵਿੱਚ ਇੱਕ ਅਲਟਰਾ-ਮਾਡਰਨ ਲੈਬਾਰਟਰੀ ਦੇ ਨਾਲ ਪੰਜਾਬ ਵਿੱਚ 'ਸੈਂਟਰ ਆਫ਼ ਐਕਸੀਲੈਂਸ ਫ਼ਾਰ ਟੈਕਨੀਕਲ ਟੈਕਸਟਾਈਲ' ਸਥਾਪਿਤ ਕਰਨ ਦੀ ਸੰਭਾਵਨਾ ਬਾਰੇ ਪਤਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਿਖਲਾਈ ਪ੍ਰਾਪਤ ਮਾਨਵ ਸ਼ਕਤੀ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਲਈ ਵਿਸ਼ੇਸ਼ ਸਕਿੱਲ ਸੈਂਟਰ ਸਥਾਪਿਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਇਸ ਮੀਟਿੰਗ ਦੌਰਾਨ ਖੇਤੀਬਾੜੀ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਬਾਗਬਾਨੀ, ਬੁਨਿਆਦੀ ਢਾਂਚਾ, ਹੁਨਰ ਵਿਕਾਸ ਅਤੇ ਉੱਭਰ ਰਹੇ ਉਦਯੋਗਿਕ ਖੇਤਰਾਂ ਵਿੱਚ ਸਰਕਾਰ-ਉਦਯੋਗ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਦਾ ਸਾਂਝਾ ਉਦੇਸ਼ ਟਿਕਾਊ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਸੀ।

Tuesday, September 8, 2026

10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਤੇਲ ਕੱਢਣ ਵਾਲੇ ਯੂਨਿਟ ਦੀ ਸਥਾਪਨਾ ਲਈ 33 ਫ਼ੀਸਦੀ ਸਬਸਿਡੀ

 ਤੇਲ ਬੀਜ ਫ਼ਸਲਾਂ ਦੀ ਪ੍ਰੋਸੈਸਿੰਗ ਨੂੰ ਮਿਲੇਗਾ ਹੁਲਾਰਾ

ਅਰਜ਼ੀਆਂ 23 ਸਤੰਬਰ ਤੱਕ

ਰੂਪਨਗਰ, 9 ਸਤੰਬਰ: ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ (ਐੱਨ.ਐੱਮ.ਈ.ਓ.-ਓ.ਐੱਸ.) ਤਹਿਤ ਤੇਲ ਬੀਜ ਫ਼ਸਲਾਂ ਦੇ ਉਤਪਾਦਨ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਤੇਲ ਕੱਢਣ ਵਾਲੇ ਯੂਨਿਟ ਸਥਾਪਿਤ ਕਰਨ ਲਈ ਯੋਗ ਬਿਨੈਕਾਰਾਂ ਤੋਂ ਮੁੜ ਅਰਜ਼ੀਆਂ ਮੰਗੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਨਿਰਮਲ ਸਿੰਘ ਨੇ ਦੱਸਿਆ ਕਿ ਯੋਗ ਬਿਨੈਕਾਰਾਂ ਨੂੰ ਯੂਨਿਟ ਲਈ ਲੋੜੀਂਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਖਰੀਦ ’ਤੇ 33 ਫ਼ੀਸਦੀ ਸਬਸਿਡੀ, ਵੱਧ ਤੋਂ ਵੱਧ 9.90 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਹ ਵਿੱਤੀ ਸਹਾਇਤਾ ਕੇਵਲ ਤੇਲ ਕੱਢਣ ਵਾਲੇ ਯੂਨਿਟ ਲਈ ਖਰੀਦੀ ਜਾਣ ਵਾਲੀ ਯੋਗ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਲਾਗਤ ’ਤੇ ਹੀ ਲਾਗੂ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਤੇਲ ਬੀਜ ਫ਼ਸਲਾਂ ਤੋਂ ਸਥਾਨਕ ਪੱਧਰ ’ਤੇ ਤੇਲ ਕੱਢਣ ਦੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਨਾ ਅਤੇ ਇਨ੍ਹਾਂ ਫ਼ਸਲਾਂ ਦੀ ਕਾਸ਼ਤ ਨੂੰ ਹੋਰ ਪ੍ਰੋਤਸਾਹਿਤ ਕਰਨਾ ਹੈ। ਇਸ ਸਹਾਇਤਾ ਲਈ ਯੋਗ ਕਿਸਾਨ, ਕਿਸਾਨ ਉਤਪਾਦਕ ਸੰਸਥਾਵਾਂ (ਐੱਫ.ਪੀ.ਓਜ਼), ਸਹਿਕਾਰੀ ਸਭਾਵਾਂ, ਨਿੱਜੀ ਖੇਤਰ ਅਤੇ ਹੋਰ ਯੋਗ ਸੰਸਥਾਵਾਂ/ਉਦਮੀ ਅਰਜ਼ੀ ਦੇ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇੱਛੁਕ ਬਿਨੈਕਾਰ ਸਕੀਮ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੀਆਂ ਅਰਜ਼ੀਆਂ 23 ਸਤੰਬਰ 2026 ਤੱਕ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ, ਰੂਪਨਗਰ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜੇਕਰ ਨਿਰਧਾਰਤ ਸਮੇਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦੀ ਗਿਣਤੀ ਉਪਲਬਧ ਟੀਚੇ ਤੋਂ ਵੱਧ ਹੁੰਦੀ ਹੈ ਤਾਂ ਲਾਭਪਾਤਰੀਆਂ ਦੀ ਚੋਣ ਸਬੰਧੀ ਐੱਨ.ਐੱਮ.ਈ.ਓ.-ਓ.ਐੱਸ. ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦਾ ਫ਼ੈਸਲਾ ਅੰਤਿਮ ਹੋਵੇਗਾ।

ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਯੋਗ ਕਿਸਾਨਾਂ, ਕਿਸਾਨ ਉਤਪਾਦਕ ਸੰਸਥਾਵਾਂ, ਸਹਿਕਾਰੀ ਸਭਾਵਾਂ ਅਤੇ ਹੋਰ ਯੋਗ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਤੇਲ ਬੀਜ ਫ਼ਸਲਾਂ ਦੀ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਨਾਲ ਸਬੰਧਤ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ 23 ਸਤੰਬਰ 2026 ਤੱਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਸਕੀਮ ਦਾ ਲਾਭ ਪ੍ਰਾਪਤ ਕਰਨ।

ਪਰਾਲੀ ਨੂੰ ਅੱਗ ਨਹੀਂ, ਖੇਤ ਦੀ ਖੁਰਾਕ ਬਣਾਓ: ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਮੱਟਰਾਂ ਵਿਖੇ ਜਾਗਰੂਕਤਾ ਕੈਂਪ

 • ਪਰਾਲੀ ਪ੍ਰਬੰਧਨ, ਫੋਕ ਘਟਾਉਣ, ਮਿੱਟੀ ਪਰਖ, ਕਣਕ ਦੀਆਂ ਨਵੀਆਂ ਕਿਸਮਾਂ ਅਤੇ ਘਰੇਲੂ ਬਗੀਚੀ ਬਾਰੇ ਦਿੱਤੀ ਵਿਗਿਆਨਕ ਜਾਣਕਾਰੀ

ਭਵਾਨੀਗੜ੍ਹ /ਸੰਗਰੂਰ 09 ਸਤੰਬਰ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਕਿਸਾਨਾਂ ਤੱਕ ਖੇਤੀਬਾੜੀ ਦੀਆਂ ਨਵੀਆਂ ਅਤੇ ਵਿਗਿਆਨਕ ਤਕਨੀਕਾਂ ਪਹੁੰਚਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਮੱਟਰਾਂ (ਨੇੜੇ ਭਵਾਨੀਗੜ੍ਹ) ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ 30 ਤੋਂ ਵੱਧ ਅਗਾਂਹਵਧੂ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੌਰਾਨ ਝੋਨੇ ਅਤੇ ਬਾਸਮਤੀ ਵਿੱਚੋਂ ਵੱਧ ਝਾੜ ਲੈਣ, ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਹੀ ਸੰਭਾਲਣ, ਫੋਕ ਘਟਾਉਣ, ਮਿੱਟੀ ਦੀ ਸਿਹਤ ਸੁਧਾਰਨ ਅਤੇ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ (ਮਿੱਟੀ ਵਿਗਿਆਨ) ਅਤੇ ਇੰਚਾਰਜ, ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਕੀਮਤੀ ਖੁਰਾਕੀ ਤੱਤ ਅਤੇ ਜੈਵਿਕ ਪਦਾਰਥ ਨਸ਼ਟ ਕਰਨ ਦੀ ਬਜਾਏ ਇਸ ਨੂੰ ਖੇਤ ਦੀ ਖੁਰਾਕ ਅਤੇ ਮਿੱਟੀ ਦੀ ਸਿਹਤ ਸੁਧਾਰਨ ਦੇ ਸਾਧਨ ਵਜੋਂ ਵਰਤਿਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ, ਸੁਪਰ ਸੀਡਰ, ਪੀ.ਏ.ਯੂ. ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਰਗੀਆਂ ਤਕਨੀਕਾਂ ਰਾਹੀਂ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਨ੍ਹਾਂ ਤਕਨੀਕਾਂ ਦੀ ਸਹੀ ਵਰਤੋਂ ਅਤੇ ਸਮੇਂ ਸਿਰ ਅਪਣਾਉਣ ਲਈ ਪ੍ਰੇਰਿਤ ਕੀਤਾ।
ਡਾ. ਗਰਗ ਨੇ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਸਾੜਨ ਨਾਲ ਲਗਭਗ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ। ਇਸ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਮਿਲਾਉਣ ਜਾਂ ਇਸ ਦੀ ਸਹੀ ਮਸ਼ੀਨੀ ਤਰੀਕੇ ਨਾਲ ਸੰਭਾਲ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਜੈਵਿਕ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ।
ਕੈਂਪ ਦੌਰਾਨ ਝੋਨੇ ਵਿੱਚ ਫੋਕ ਦੀ ਸਮੱਸਿਆ ਬਾਰੇ ਵੀ ਕਿਸਾਨਾਂ ਨੂੰ ਵਿਗਿਆਨਕ ਜਾਣਕਾਰੀ ਦਿੱਤੀ ਗਈ। ਡਾ. ਗਰਗ ਨੇ ਦੱਸਿਆ ਕਿ ਜਦੋਂ ਝੋਨਾ ਗੋਭ ਵਿੱਚ ਹੋਵੇ, ਤਾਂ ਫ਼ਸਲ ਵਿੱਚ ਫੋਕ ਘਟਾਉਣ ਲਈ 1.5 ਪ੍ਰਤੀਸ਼ਤ ਪੋਟਾਸ਼ੀਅਮ ਨਾਈਟ੍ਰੇਟ (13:0:45) ਦਾ ਛਿੜਕਾਅ ਕੀਤਾ ਜਾ ਸਕਦਾ ਹੈ। ਇਸ ਲਈ 3 ਕਿਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰਨ ਦੀ ਸਲਾਹ ਦਿੱਤੀ ਗਈ।
ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਪੱਤਾ ਲਪੇਟ ਸੁੰਡੀ, ਸ਼ੀਥ ਬਲਾਈਟ ਅਤੇ ਬਲਾਸਟ ਸਮੇਤ ਮੁੱਖ ਕੀੜਿਆਂ ਅਤੇ ਬਿਮਾਰੀਆਂ ਦੀ ਪਛਾਣ, ਨਿਗਰਾਨੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਗਰਗ ਨੇ ਕਿਸਾਨਾਂ ਨੂੰ ਸਾਉਣੀ ਦੀ ਫ਼ਸਲ ਦੀ ਵਾਢੀ ਤੋਂ ਬਾਅਦ ਮਿੱਟੀ ਦੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮਿੱਟੀ ਦਾ ਨਮੂਨਾ ਲੈਣ ਦੀ ਸਹੀ ਵਿਧੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਨਾਲ ਬੇਲੋੜੀ ਖਾਦ ਦੀ ਵਰਤੋਂ ਘਟਾਉਣ, ਖੇਤੀ ਲਾਗਤ ਬਚਾਉਣ ਅਤੇ ਮਿੱਟੀ ਦੀ ਸਿਹਤ ਨੂੰ ਕਾਇਮ ਰੱਖਣ ਵਿੱਚ ਮਦਦ ਮਿਲਦੀ ਹੈ।
ਉਨ੍ਹਾਂ ਨੇ ਅਗਲੀ ਹਾੜ੍ਹੀ ਦੀ ਕਣਕ ਲਈ ਜੈਵਿਕ ਟੀਕਿਆਂ (ਕੰਸੋਰਸ਼ੀਅਮ) ਦੀ ਵਰਤੋਂ ਦੇ ਫਾਇਦਿਆਂ ਬਾਰੇ ਵੀ ਦੱਸਿਆ ਅਤੇ ਮਿੱਟੀ ਵਿੱਚ ਜੈਵਿਕ ਪਦਾਰਥ ਵਧਾਉਣ ਅਤੇ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਦੇ ਵੱਖ-ਵੱਖ ਤਰੀਕਿਆਂ ਬਾਰੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਕਿਸਾਨਾਂ ਨੂੰ ਹਾੜ੍ਹੀ ਵਿੱਚ ਬੀਜੀਆਂ ਜਾਣ ਵਾਲੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ੀ ਕਣਕ ਕਿਸਮਾਂ, ਖਾਸ ਕਰਕੇ ਪੀ.ਬੀ.ਡਬਲਯੂ. 887, ਸ਼ੂਗਰ ਲਈ ਸਿਫ਼ਾਰਸ਼ੀ ਕਿਸਮਾਂ ਪੀ.ਬੀ.ਡਬਲਯੂ. ਆਰ.ਐੱਸ. 1 ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਘਰੇਲੂ ਬਗੀਚੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਸਰਦੀ ਰੁੱਤ ਦੀਆਂ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਘਰ ਵਿੱਚ ਹੀ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪੀ.ਏ.ਯੂ. ਵੱਲੋਂ ਤਿਆਰ ਕੀਤੀਆਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਕਰੀ ਲਈ ਵੀ ਉਪਲਬਧ ਕਰਵਾਇਆ ਗਿਆ। ਇਸ ਦੇ ਨਾਲ ਹੀ ਪੀ.ਏ.ਯੂ. ਸਾਹਿਤ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਗਈ।
ਕੈਂਪ ਦੌਰਾਨ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਉਣ ਵਾਲੀ ਹਾੜ੍ਹੀ ਰੁੱਤ ਸਬੰਧੀ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਕੈਂਪ ਦੇ ਸਫਲ ਆਯੋਜਨ ਵਿੱਚ ਸ. ਗੁਰਤੇਜ ਸਿੰਘ ਅਤੇ ਸ. ਜਸਪਾਲ ਸਿੰਘ (ਸਰਪੰਚ) ਨੇ ਪੂਰਨ ਸਹਿਯੋਗ ਦਿੱਤਾ।
ਕੈਂਪ ਦੇ ਅੰਤ ਵਿੱਚ ਕਿਸਾਨਾਂ ਨੇ ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜ, ਨੈਨੋ-ਯੂਰੀਆ, ਮਿੱਟੀ ਅਤੇ ਪਾਣੀ ਦੇ ਨਮੂਨੇ ਲੈਣ ਦੀ ਵਿਧੀ, ਜੈਵਿਕ ਪਦਾਰਥ ਵਧਾਉਣ, ਪਰਾਲੀ ਪ੍ਰਬੰਧਨ ਅਤੇ ਸੰਤੁਲਿਤ ਖੁਰਾਕੀ ਤੱਤ ਪ੍ਰਬੰਧਨ ਸਬੰਧੀ ਸਵਾਲ ਪੁੱਛੇ, ਜਿਨ੍ਹਾਂ ਦੇ ਡਾ. ਗਰਗ ਵੱਲੋਂ ਵਿਗਿਆਨਕ ਅਤੇ ਵਿਹਾਰਕ ਢੰਗ ਨਾਲ ਜਵਾਬ ਦਿੱਤੇ ਗਏ।

ਹਰ ਯੋਗ ਕਿਸਾਨ ਲਈ ਫਾਰਮਰ ਆਈ.ਡੀ. ਲਾਜ਼ਮੀ

ਸ੍ਰੀ ਮੁਕਤਸਰ ਸਾਹਿਬ  8  ਸਤੰਬਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਖੇਤੀਬਾੜੀ ਸਹੂਲਤਾਂ ਨਾਲ ਜੋੜਨ ਲਈ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਤਹਿਤ ਜਿ਼ਲ੍ਹੇ ਦੇ ਹਰੇਕ ਯੋਗ ਕਿਸਾਨ ਦੀ ਵਿਲੱਖਣ ਫਾਰਮਰ ਆਈ.ਡੀ. ਬਣਾਈ ਜਾ ਰਹੀ ਹੈ।

ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਡਾ: ਜਗਸੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਖਾਦਾਂ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਕਿਸ਼ਤਾਂ, ਖੇਤੀ ਮਸ਼ੀਨਰੀ ਅਤੇ ਹੋਰ ਖੇਤੀਬਾੜੀ ਸਹੂਲਤਾਂ ਤੇ ਸਬਸਿਡੀਆਂ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਮਹੱਤਵਪੂਰਨ ਹੋਵੇਗੀ। ਇਸ ਲਈ ਸਾਰੇ ਯੋਗ ਕਿਸਾਨ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਫਾਰਮਰ ਆਈ.ਡੀ. ਜ਼ਰੂਰ ਬਣਵਾੳਣ।

ਮੁੱਖ ਖੇਤੀਬਾੜੀ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜਿਸ ਕਿਸਾਨ ਦੇ ਨਾਮ ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਤਹਿਤ ਫਾਰਮਰ ਆਈ.ਡੀ. ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫਾਰਮਰ ਆਈ.ਡੀ. ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਕਿਸਾਨ ਕੋਲ ਜ਼ਮੀਨ ਘੱਟ ਹੈ ਜਾਂ ਵੱਧ, ਉਹ ਫਾਰਮਰ ਆਈ.ਡੀ. ਬਣਵਾਉਣ ਲਈ ਯੋਗ ਹੈ। ਇਸ ਤੋਂ ਇਲਾਵਾ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ-ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ ਤਾਂ ਵੀ ਉਹ ਫਾਰਮਰ ਆਈ.ਡੀ. ਬਣਵਾ ਸਕਦਾ ਹੈ।

 ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਦੇ ਹਰੇਕ ਉਸ ਮੈਂਬਰ ਦੀ ਵੱਖਰੀ ਫਾਰਮਰ ਆਈ.ਡੀ. ਬਣਵਾਈ ਜਾਵੇ, ਜਿਸ ਦੇ ਨਾਂ ਤੇ ਵਾਹੀਯੋਗ ਜ਼ਮੀਨ ਦਰਜ਼ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇੱਕ ਮੈਂਬਰ ਦੀ ਫਾਰਮਰ ਆਈ.ਡੀ. ਬਣਵਾਉਣਾ ਕਾਫ਼ੀ ਨਹੀਂ ਹੋਵੇਗਾ। ਜਿਸ ਜਿਸ ਵਿਅਕਤੀ ਦੇ ਨਾਂ ਤੇ ਖੇਤੀਯੋਗ ਜ਼ਮੀਨ ਦਰਜ ਹੈ, ਉਸ ਦੀ ਵੱਖਰੀ ਫਾਰਮਰ ਆਈ.ਡੀ. ਬਣਾਉਣੀ ਲਾਜ਼ਮੀ ਹੈ, ਤਾਂ ਜੋ ਭਵਿੱਖ ਵਿਚ ਖੇਤੀਬਾੜੀ ਨਾਲ ਸਬੰਧਤ ਸਰਕਾਰੀ ਯੋਜਨਾਵਾਂ, ਸਬਸਿਡੀਆਂ ਅਤੇ ਹੋਰ ਸਹੂਲਤਾਂ ਦਾ ਲਾਭ ਲੈਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਫਾਰਮਰ ਆਈ.ਡੀ. ਬਣਾਉਣ ਦੀ ਸਹੂਲਤ ਜਿ਼ਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ(ਸੀ.ਐਸ.ਸੀ.) ਵਿਖੇ ਬਿਲਕੁਲ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੀ.ਐਸ.ਸੀ. ਤੇ ਪਹੁੰਚ ਕੇ ਆਪਣੀ ਅਤੇ ਪਰਿਵਾਰ ਦੇ ਉਨ੍ਹਾਂ ਸਾਰੇ ਮੈਂਬਰਾਂ ਦੀ ਫਾਰਮਰ ਆਈ.ਡੀ. ਬਣਵਾਉਣ ਜਿੰਨ੍ਹਾਂ ਦੇ ਨਾਂ ਤੇ ਵਾਹੀਯੋਗ ਜ਼ਮੀਨ ਦਰਜ਼ ਹੈ। ਕਿਸਾਨ ਆਪਣੀ ਆਈ.ਡੀ. ਬਣਵਾਉਣ ਲਈ ਸਬੰਧਤ ਸਹਿਕਾਰੀ ਸਭਾ ਨਾਲ ਵੀ ਸੰਪਰਕ ਕਰ ਸਕਦੇ ਹਨ।

                        ਡਾ: ਜਗਸੀਰ ਸਿੰਘ ਨੇ ਮੁੜ ਅਪੀਲ ਕਰਦਿਆਂ ਕਿਹਾ ਕਿ ਜਿ਼ਲ੍ਹੇ ਦਾ ਕੋਈ ਵੀ ਯੋਗ ਕਿਸਾਨ ਫਾਰਮਰ ਰਜਿਸਟਰੀ ਤੋਂ ਵਾਂਝਾ ਨਾ ਰਹੇ ਅਤੇ ਸਾਰੇ ਯੋਗ ਕਿਸਾਨ ਆਪਣੀ ਫਾਰਮਰ ਆਈ.ਡੀ. ਲਾਜ਼ਮੀ ਤੌਰ ਤੇ ਬਣਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰ ਦੀਆਂ ਖੇਤੀ ਸਬੰਧੀ ਸਹੂਲਤਾਂ ਅਤੇ ਸਬਸਿਡੀਆਂ ਦਾ ਲਾਭ ਲੈਣ ਵਿਚ ਕੋਈ ਰੁਕਾਵਟ ਨਾ ਆਵੇ।