Tuesday, October 13, 2026

ਕਣਕ ਦੇ ਬੀਜ ’ਤੇ 100 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਮੇਲੇ ਦਾ ਉਦਘਾਟਨ

ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁੱਟਸ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਕਣਕ ਦੇ ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੇ ਬੀਜ ’ਤੇ ਸਬਸਿਡੀ ਦੇਣ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਅਤੇ ਇਸ ਦਾ ਲਾਭ ਕਿਸਾਨਾਂ ਨੂੰ ਜਲਦ ਮੁਹੱਈਆ ਕਰਵਾਇਆ ਜਾਵੇਗਾ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਹੋਰ ਖੇਤੀ ਇਨਪੁੱਟਸ ਸਮੇਂ ਸਿਰ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਖੇਤੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਆਧੁਨਿਕ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਸਾਨਾਂ ਨੂੰ ਸਰ੍ਹੋਂ ਦੀ ਕਾਸ਼ਤ ਵੱਲ ਵੀ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਸਰ੍ਹੋਂ ਦਾ ਬੀਜ ਖੇਤੀਬਾੜੀ ਵਿਭਾਗ ਕੋਲ ਉਪਲਬਧ ਹੈ। ਇਸ ਦੇ ਨਾਲ ਹੀ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਮੰਗ ਅਨੁਸਾਰ ਜ਼ਿਲ੍ਹੇ ਵਿੱਚ ਖਾਦਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਈ ਜਾਵੇ।

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਬਾਰੇ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਲੋੜੀਂਦੇ ਕਦਮ ਜਲਦ ਚੁੱਕੇ ਜਾਣਗੇ।

ਮੇਲੇ ਵਿੱਚ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਉਪਰਾਲੇ ਕੀਤੇ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਕਿਸਾਨ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

ਵਿਧਾਇਕ ਸ੍ਰੀ ਰੰਧਾਵਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਯੂਰੀਆ ਅਤੇ ਡੀ.ਏ.ਪੀ. ਖਾਦਾਂ ਦੀ ਵਰਤੋਂ ਸਿਰਫ਼ ਲੋੜ ਅਨੁਸਾਰ ਅਤੇ ਖੇਤੀ ਮਾਹਿਰਾਂ ਵੱਲੋਂ ਸਿਫ਼ਾਰਸ਼ ਕੀਤੀ ਮਾਤਰਾ ਵਿੱਚ ਹੀ ਕਰਨ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਖੇਤੀ ਲਾਗਤਾਂ ਘਟਾਉਣ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ।

ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਖੇਤੀ ਤਕਨੀਕਾਂ, ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਬਾਰੇ ਜਾਗਰੂਕ ਕੀਤਾ ਗਿਆ। ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਲਈ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਲਾਹਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਮੇਲੇ ਦੌਰਾਨ ਕਿਸਾਨਾਂ ਨੂੰ ਦੱਸਿਆ ਗਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕੋਲ ਸਰ੍ਹੋਂ ਅਤੇ ਛੋਲਿਆਂ ਦਾ ਬੀਜ ਅਤੇ ਜਿਪਸਮ ਉਪਲਬਧ ਹਨ। ਕਿਸਾਨਾਂ ਨੂੰ ਬੀਜਾਂ, ਖਾਦਾਂ ਅਤੇ ਹੋਰ ਖੇਤੀ ਇਨਪੁੱਟਸ ਦੀ ਉਪਲਬਧਤਾ ਅਤੇ ਵਰਤੋਂ ਸਬੰਧੀ ਜਾਣਕਾਰੀ ਲਈ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਸ਼ਰਮਾ ਨੇ ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ, ਹੋਰ ਪਤਵੰਤਿਆਂ, ਅਧਿਕਾਰੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁੱਟਸ ਮੁਹੱਈਆ ਕਰਵਾਉਣ ਅਤੇ ਖਾਦਾਂ ਦੀ ਸੁਚੱਜੀ ਉਪਲਬਧਤਾ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖੇਤੀਬਾੜੀ ਅਫ਼ਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋਂ ਖਾਦਾਂ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਨਿਯਮਤ ਸੈਂਪਲਿੰਗ ਅਤੇ ਜਾਂਚ ਕੀਤੀ ਜਾਂਦੀ ਹੈ। ਜਾਂਚ ਦੌਰਾਨ ਗੈਰ-ਮਿਆਰੀ ਪਾਏ ਜਾਣ ਵਾਲੇ ਉਤਪਾਦਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਇਨਪੁੱਟਸ ਖਰੀਦਣ ਸਮੇਂ ਲੋੜੀਂਦੇ ਦਸਤਾਵੇਜ਼ ਅਤੇ ਬਿੱਲ ਜ਼ਰੂਰ ਪ੍ਰਾਪਤ ਕਰਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਬਲਾਕ ਖੇਤੀਬਾੜੀ ਦਫ਼ਤਰਾਂ ਵਿੱਚ ਸਰ੍ਹੋਂ ਅਤੇ ਛੋਲਿਆਂ ਦਾ ਬੀਜ ਅਤੇ 50 ਫ਼ੀਸਦੀ ਸਬਸਿਡੀ ’ਤੇ ਜਿਪਸਮ ਉਪਲਬਧ ਹੈ। ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਕੇ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ।

ਖੇਤੀਬਾੜ੍ਹੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਤੇਵਾਲੀ ਵਿਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਕਿਸਾਨ ਮੇਲਾ

 ਫਤਹਿਗੜ੍ਹ ਸਾਹਿਬ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਵਿੱਚ ਪਿਛਲੇ ਸਾਲ ਪੰਜਾਬ ਭਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ- ਐਡਵੋਕੇਟ ਲਖਬੀਰ ਸਿੰਘ ਰਾਏ

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਖੇਤੀ ਮਸ਼ੀਨਰੀ ਅਤੇ ਜਿਪਸਮ ਖਾਦ-ਡਿਪਟੀ ਕਮਿਸ਼ਨਰ

ਫਤਹਿਗੜ੍ਹ ਸਾਹਿਬ, 13 ਅਕਤੂਬਰ

ਪੰਜਾਬ ਸਰਕਾਰ ਵੱਲੋਂ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਦੀ ਬਿਜਾਈ ਅਤੇ ਸਿੰਜਾਈ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਅਤੇ ਖੇਤਾਂ ਤੱਕ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ ਜਿਸ ਨਾਲ ਝੋਨੇ ਦੀ ਫਸਲ ਦਾ ਚੰਗਾ ਝਾੜ ਪ੍ਰਾਪਤ ਹੋਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਖੇਤੀਬਾੜ੍ਹੀ ਵਿਭਾਗ ਵੱਲੋਂ ਅੱਤੇਵਾਲੀ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਜਾਇਜਾ ਵੀ ਲਿਆ।

ਵਿਧਾਇਕ ਐਡਵੋਕੇਟ ਰਾਏ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਿਸਾਨਾਂ ਨੇ ਆਪਣੀ ਮਿਹਨਤ, ਸੂਝ-ਬੂਝ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦਾ ਸਬੂਤ ਦਿੰਦਿਆਂ ਸਾਲ 2025 ਦੌਰਾਨ ਪਰਾਲੀ ਪ੍ਰਬੰਧਨ ਦੇ ਖੇਤਰ ਵਿੱਚ ਪੰਜਾਬ ਭਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਕਿਸਾਨਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਇਸ ਸਾਲ 2026 ਵਿੱਚ ਵੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ ਪੂਰੇ ਪੰਜਾਬ ਲਈ ਮਿਸਾਲ ਕਾਇਮ ਕਰੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਦਿਆਂ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਨਾਲ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿੱਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਦਿਆਂ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ।

ਇਸ ਮੌਕੇ ਸ੍ਰੀ ਲਖਬੀਰ ਸਿੰਘ ਰਾਏ ਵੱਲੋਂ ਪਰਾਲੀ ਪ੍ਰਬੰਧਨ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਜ਼ਿਲ੍ਹੇ ਦੇ 50 ਅਗਾਂਹਵਧੂ ਕਿਸਾਨਾਂ, 5 ਗ੍ਰਾਮ ਪੰਚਾਇਤਾਂ ਅਤੇ 4 ਫਰਮਾਂ/ਕਿਸਾਨ ਉਤਪਾਦਕ ਸੰਗਠਨਾਂ (ਐੱਫ.ਪੀ.ਓਜ਼) ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਨਮਾਨਿਤ ਕਿਸਾਨਾਂ ਅਤੇ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜ੍ਹੀ ਵਿਭਾਗ ਵੱਲੋਂ ਸਬਸਿਡੀ ਤੇ ਖੇਤੀ ਮਸ਼ੀਨਰੀ ਦਿੱਤੀ ਗਈ ਹੈ ਅਤੇ ਜਿਪਸਮ ਖਾਦ ਵੀ 50 ਫੀਸਦੀ ਸਬਸਿਡੀ ਤੇ ਦਿੱਤਾ ਗਿਆ ਹੈ। ਉਹਨਾ ਕਿਸਾਨਾਂ ਨੂੰ ਵਿਭਾਗ ਵੱਲੋਂ ਉਪਲਬੱਧ ਕਰਵਾਈਆਂ ਪਰਾਲੀ ਸਾਂਭਣ ਵਾਲੀਆਂ ਮਸ਼ੀਨਾ ਦੀ ਵੱਧ ਤੋਂ ਵੱਧ ਵਰਤੋ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਾ. ਹਰਦੀਪ ਸਿੰਘ ਸਵਿੱਖੀ ਦੀ ਅਗਾਈ ਵਿੱਚ ਪਹੁੰਚੀ ਕੇ.ਵੀ.ਕੇ ਦੀ ਟੀਮ ਵੱਲੋਂ ਕਿਸਾਨਾਂ ਨੂੰ ਵੱਖ ਵੱਖ ਖੇਤੀ ਵਿਸ਼ਿਆਂ ਉੱਪਰ ਜਾਣਕਾਰੀ ਦਿੱਤੀ ਗਈ। ਸ੍ਰੀਮਤੀ ਅਰਵਿੰਦਪ੍ਰੀਤ ਕੌਰ, ਸਹਾਇਕ ਪ੍ਰੋਫੈਸਰ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਬਾਰੇ ਜਾਣਕਾਰੀ ਦਿੱਤੀ। ਡਾ. ਅਮਨਪ੍ਰੀਤ ਸਿੰਘ, ਨੇ ਪਰਾਲੀ ਸਾਂਭਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਕਾਰਜਵਿਧੀ ਬਾਰੇ ਕਿਸਾਨਾਂ ਨਾਲ ਨੁਕਤੇ ਸਾਂਝੇ ਕੀਤੇ।

ਇਸ ਮੌਕੇ ਡਾ. ਰਮਨਦੀਪ ਕੌਰ, ਬਾਗਬਾਨੀ ਵਿਕਾਸ ਅਫਸਰ ਨੇ ਆਏ ਕਿਸਾਨਾਂ ਨੂੰ ਬਾਗਬਾਨੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਸਾਨਾਂ ਨੂੰ ਮਧੂ ਮੱਖੀਆਂ ਦੀ ਕਾਸ਼ਤ ਵਿੱਚ ਆ ਰਹੀਆਂ ਮੁਸ਼ਿਕਲਾਂ ਬਾਰੇ ਸੁਝਾਅ ਸਾਂਝੇ ਕੀਤੇ। ਡਾ. ਰਸੂ ਮਹਿੰਦੀਰੱਤਾ ਅਤੇ ਡਾ. ਸੁਖਵਿੰਦਰ ਕੌਰ ਮੱਛੀ ਪਾਲਣ ਅਫਸਰ ਨੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਨਾਲ ਮੱਛੀ ਪਾਲਣ ਕਿੱਤਾ ਅਪਨਾਉਣ ਲਈ ਅਪੀਲ ਕੀਤੀ।

ਇਸ ਮੌਕੇ ਸ਼੍ਰੀ ਜਗਦੇਵ ਸਿੰਘ, ਮੁੱਖ ਖੇਤੀਬਾੜੀ ਅਫਸਰ, ਡਾ. ਗੁਰਅੰਸ਼ਪ੍ਰੀਤ ਸੇਠੀ, ਗੁਰਲੀਨ ਕੌਰ, ਡੇਅਰੀ ਇੰਸਪੈਕਟਰ, ਸ੍ਰੀ ਬੂਟਾ ਸਿੰਘ, ਖੇਤੀਬਾੜੀ ਅਫਸਰ, ਡਾ. ਇਕਬਾਲਜੀਤ ਸਿੰਘ ਬੈਨੀਪਾਲ, ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਦਮਨ ਝਾਂਜੀ, ਡੀ.ਪੀ.ਡੀ ਸ਼੍ਰੀ ਹਰਮਨਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

•ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ

•ਨਵੀਆਂ ਲੈਬਾਂ ਕਿਸਾਨਾਂ ਨੂੰ ਪ੍ਰਮਾਣਿਤ ਤੇ ਮਿਆਰੀ ਜੈਵਿਕ ਉਤਪਾਦ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਕਲੀ ਉਤਪਾਦਾਂ ਤੋਂ ਸੁਰੱਖਿਆ ਅਤੇ ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ:
ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ ਦੇ ਨਾਲ ਹੁਣ ਕਿਸਾਨਾਂ ਨੂੰ ਪ੍ਰਮਾਣਿਤ ਅਤੇ ਮਿਲਾਵਟ-ਰਹਿਤ ਜੈਵਿਕ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ 4.50 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਤਿੰਨ ਲੈਬਾਂ ਵਾਲਾ ਨੈੱਟਵਰਕ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਦੋ ਲੈਬਾਰਟਰੀਆਂ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ।
ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਇਹ ਲੈਬਾਰਟਰੀਆਂ ਕਿਸਾਨਾਂ ਨੂੰ ਮਿਆਰੀ ਉਤਪਾਦ ਉਪਲਬਧ ਕਰਵਾਉਣ, ਨਕਲੀ ਉਤਪਾਦਾਂ ਤੋਂ ਬਚਾਉਣ ਅਤੇ ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਵਿੱਚ ਅਹਿਮ ਸਾਬਤ ਹੋਣਗੀਆਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਲੈਬਾਂ 'ਫਰਟੀਲਾਈਜ਼ਰ ਕੰਟਰੋਲ ਆਰਡਰ' ਨੂੰ ਸਖ਼ਤੀ ਨਾਲ ਲਾਗੂ ਕਰਨ, ਨਿਰਮਾਤਾਵਾਂ ਤੇ ਡੀਲਰਾਂ ਦੀ ਨਿਗਰਾਨੀ ਅਤੇ ਪੰਜਾਬ ਦੇ ਖੇਤੀ-ਜਲਵਾਯੂ ਅਨੁਕੂਲ ਜੈਵਿਕ ਖਾਦਾਂ ਦੇ ਸੁਧਾਰ ਲਈ ਅਹਿਮ ਡਾਟਾ ਤਿਆਰ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਣਗੀਆਂ।
ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਇੱਕ ਪ੍ਰਮੁੱਖ ਖੇਤੀ ਪ੍ਰਧਾਨ ਸੂਬਾ ਹੈ, ਜੋ ਦੇਸ਼ ਦੇ ਕੁੱਲ ਕਣਕ ਅਤੇ ਝੋਨੇ ਦੇ ਉਤਪਾਦਨ ਵਿੱਚ 30 ਫ਼ੀਸਦੀ ਤੋਂ ਵੱਧ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਕਰਦੇ ਹੋਏ ਟਿਕਾਊ ਉਤਪਾਦਨ ਲਈ ਜੈਵਿਕ ਖੇਤੀ ਇੱਕ ਬਿਹਤਰੀਨ ਬਦਲ ਹੈ। ਇਹ ਮਿਆਰੀ ਖੇਤੀ ਉਤਪਾਦਨ ਹਾਸਲ ਕਰਨ ਅਤੇ ਮਿੱਟੀ ਦੀ ਸਿਹਤ ਸੁਧਾਰਨ ਵੱਲ ਇੱਕ ਵਿਆਪਕ ਪਹੁੰਚ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਜੈਵਿਕ ਖੇਤੀ ਦੀ ਅਮੀਰ ਵਿਰਾਸਤ ਰਹੀ ਹੈ, ਪਰ ਰਸਾਇਣਕ ਖਾਦਾਂ ਵਾਲੀ ਆਧੁਨਿਕ ਖੇਤੀ ਦੇ ਤੇਜ਼ੀ ਨਾਲ ਵਧਣ ਕਾਰਨ ਇਹ ਪਛੜ ਗਈ ਸੀ। ਹੁਣ ਭੋਜਨ ਸੁਰੱਖਿਆ ਅਤੇ ਵਾਤਾਵਰਣ ਪ੍ਰਤੀ ਵੱਧ ਰਹੀ ਜਾਗਰੂਕਤਾ ਨਾਲ ਜੈਵਿਕ ਖੇਤੀ ਮੁੜ ਇੱਕ ਕਾਰਗਰ ਪ੍ਰਣਾਲੀ ਵਜੋਂ ਉੱਭਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲ 2025-26 ਤੱਕ ਪੰਜਾਬ ਵਿੱਚ ਲਗਭਗ 30,000 ਏਕੜ ਰਕਬਾ ਪ੍ਰਮਾਣਿਤ ਜੈਵਿਕ ਖੇਤੀ ਅਧੀਨ ਆ ਚੁੱਕਾ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਬਾਇਓ-ਫਰਟੀਲਾਈਜ਼ਰਜ਼ (ਜੈਵਿਕ ਖਾਦਾਂ) ਦੀ ਸਾਲਾਨਾ ਖਪਤ ਲਗਭਗ 15,000 ਤੋਂ 16,000 ਐਮ ਟੀ/ਕੇ ਐਲ ਹੈ ਅਤੇ ਇਹ ਲਗਾਤਾਰ ਵੱਧ ਰਹੀ ਹੈ। ਜੈਵਿਕ ਖੇਤੀ ਦੇ ਤੇਜ਼ੀ ਨਾਲ ਪਸਾਰ ਦੇ ਮੱਦੇਨਜ਼ਰ ਗੁਣਵੱਤਾ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਬਠਿੰਡਾ, ਗੁਰਦਾਸਪੁਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਤ ਤਿੰਨੋਂ ਨਵੀਆਂ ਪ੍ਰਯੋਗਸ਼ਾਲਾਵਾਂ ਕਿਸਾਨਾਂ ਤੱਕ ਸਿਰਫ਼ ਪ੍ਰਮਾਣਿਤ ਉਤਪਾਦ ਪਹੁੰਚਾਉਣ, ਨਕਲੀ ਖਾਦਾਂ 'ਤੇ ਰੋਕ ਲਗਾਉਣ, ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਹੁਲਾਰਾ ਦੇਣ, ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਅਤੇ ਲੰਬੇ ਸਮੇਂ ਲਈ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
ਇਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਧੀਕ ਸਕੱਤਰ ਖੇਤੀਬਾੜੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਤੇ ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ ਵੀ ਹਾਜ਼ਰ ਸਨ।

ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ ਦਾ ਇੱਕ ਸਾਲ ਮੁਕੰਮਲ: ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਕੰਮਾਂ ਦੀ ਵਿਸ਼ੇਸ਼ ਸ਼ਲਾਘਾ

ਫਾਜ਼ਿਲਕਾ, 13 ਅਕਤੂਬਰ

ਭਾਰਤ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ (PM-DDKY) ਦਾ ਇੱਕ ਸਾਲ ਪੂਰਾ ਹੋਣ ਮੌਕੇ ਨਵੀਂ ਦਿੱਲੀ ਸਥਿਤ ਪੂਸਾ ਕੈਂਪਸ ਵਿਖੇ ਵਿਸ਼ੇਸ਼ ਰਾਸ਼ਟਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 100 ਚੁਣੇ ਹੋਏ ਜ਼ਿਲ੍ਹਿਆਂ ਵਿੱਚ ਯੋਜਨਾ ਅਧੀਨ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਖੇਤੀਬਾੜੀ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕੀਤਾ ਗਿਆ।

ਪ੍ਰਧਾਨ ਮੰਤਰੀ ਧਨ-ਧਾਨਿਆ ਕ੍ਰਿਸ਼ੀ ਯੋਜਨਾ ਦਾ ਮੁੱਖ ਉਦੇਸ਼ ਵੱਖ-ਵੱਖ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਨੂੰ ਆਪਸੀ ਤਾਲਮੇਲ ਨਾਲ ਲਾਗੂ ਕਰਕੇ ਖੇਤੀਬਾੜੀ ਖੇਤਰ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣਾ ਹੈ। ਇਹ ਯੋਜਨਾ ਕਿਸੇ ਇੱਕ ਫ਼ਸਲ ਜਾਂ ਵਿਭਾਗ ਤੱਕ ਸੀਮਿਤ ਨਾ ਹੋ ਕੇ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਕਰਨ, ਸਿੰਚਾਈ ਸਹੂਲਤਾਂ ਵਿੱਚ ਸੁਧਾਰ ਲਿਆਉਣ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਖੇਤੀ ਉਤਪਾਦਾਂ ਦੇ ਭੰਡਾਰਨ ਦੀ ਸਮਰੱਥਾ ਵਧਾਉਣ, ਕਿਸਾਨਾਂ ਲਈ ਕਰਜ਼ੇ ਦੀ ਉਪਲਬਧਤਾ ਸੁਖਾਲੀ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ’ਤੇ ਕੇਂਦਰਿਤ ਹੈ।

ਇਸ ਸਮਾਗਮ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਯੋਜਨਾ ਅਧੀਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਜ਼ਿਲ੍ਹਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਫਾਜ਼ਿਲਕਾ ਜ਼ਿਲ੍ਹੇ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ ਗਈ, ਜੋ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਲਈ ਮਾਣ ਵਾਲੀ ਗੱਲ ਹੈ।

ਰਾਸ਼ਟਰੀ ਪੱਧਰ ਦੇ ਇਸ ਸਮਾਗਮ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ ਖੇਤੀਬਾੜੀ ਖੇਤਰ ਨਾਲ ਸਬੰਧਤ ਪ੍ਰਮੁੱਖ ਅਧਿਕਾਰੀਆਂ, ਵਿਗਿਆਨੀਆਂ ਅਤੇ ਅਗਾਂਹਵਧੂ ਕਿਸਾਨ ਨੇ ਭਾਗ ਲਿਆ। ਇਨ੍ਹਾਂ ਵਿੱਚ ਸ਼੍ਰੀਮਤੀ ਬਬੀਤਾ ਕਲੇਰ (ਆਈ.ਏ.ਐੱਸ) , ਕਮਿਸ਼ਨਰ ਖੇਤੀਬਾੜੀ, ਸ਼੍ਰੀ ਕੁਲਵੰਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ, ਖੇਤੀਬਾੜੀ ਵਿਗਿਆਨੀ ਡਾ. ਅਰਵਿੰਦ ਅਹਲਾਵਤ, ਖੇਤੀਬਾੜੀ ਵਿਕਾਸ ਅਫ਼ਸਰ ਸ਼੍ਰੀ ਲਵਪ੍ਰੀਤ ਸਿੰਘ ਅਤੇ ਫਾਜ਼ਿਲਕਾ ਦੇ ਅਗਾਂਹਵਧੂ ਕਿਸਾਨ ਸ਼੍ਰੀ ਬਲਜੀਤ ਸਿੰਘ ਸ਼ਾਮਲ ਸਨ।

ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਬਿਹਤਰ ਸਹੂਲਤਾਂ ਅਤੇ ਆਮਦਨ ਦੇ ਨਵੇਂ ਮੌਕੇ ਮੁਹੱਈਆ ਕਰਵਾਉਣਾ ਹੈ। ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਰਾਹੀਂ ਖੇਤੀਬਾੜੀ ਦੀ ਉਤਪਾਦਕਤਾ ਵਧਾਉਣ, ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।

ਫਾਜ਼ਿਲਕਾ ਜ਼ਿਲ੍ਹੇ ਦੇ ਕੰਮਾਂ ਦੀ ਰਾਸ਼ਟਰੀ ਪੱਧਰ ’ਤੇ ਹੋਈ ਸ਼ਲਾਘਾ ਜ਼ਿਲ੍ਹੇ ਲਈ ਵਿਸ਼ੇਸ਼ ਮਾਣ ਵਾਲੀ ਪ੍ਰਾਪਤੀ ਹੈ। ਇਹ ਪ੍ਰਾਪਤੀ ਜਿਲ੍ਹਾ ਪ੍ਰਸ਼ਾਸਨ , ਖੇਤੀਬਾੜੀ ਵਿਭਾਗ, ਵਿਗਿਆਨੀਆਂ, ਹੋਰ ਸਬੰਧਤ ਵਿਭਾਗਾਂ ਅਤੇ ਕਿਸਾਨਾਂ ਦੇ ਸਾਂਝੇ ਯਤਨਾਂ ਨੂੰ ਦਰਸਾਉਂਦੀ ਹੈ। ਇਸ ਨਾਲ ਜ਼ਿਲ੍ਹੇ ਵਿੱਚ ਖੇਤੀਬਾੜੀ ਦੇ ਟਿਕਾਊ ਵਿਕਾਸ, ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਹੈ।

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗ

--ਐੱਸ.ਡੀ.ਐੱਮਜ਼ ਨੂੰ ਪਿੰਡ ਪੱਧਰ 'ਤੇ ਮੀਟਿੰਗਾਂ ਕਰਨ ਲਈ ਕਿਹਾ

--ਕਲੱਸਟਰ ਅਫ਼ਸਰਾਂ ਨੂੰ ਪਿੰਡਾਂ ਵਿੱਚ ਰਹਿ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼
--ਕਿਸਾਨ ਲੱਕੀ ਡਰਾਅ ਲਈ ਵਧ ਚੜ੍ਹ ਕੇ ਕਰਨ ਰਜਿਸਟ੍ਰੇਸ਼ਨ- ਵਿਵੇਕ ਮੋਦੀ
ਬਰਨਾਲਾ, 13 ਅਕਤੂਬਰ
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਿਵੇਕ ਕੁਮਾਰ ਮੋਦੀ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧੀਆਂ ਮੀਟਿੰਗਾਂ ਕਰਨ ਅਤੇ ਪਰਾਲੀ ਦੇ ਨਿਪਟਾਰੇ ਲਈ ਉਪਲਬਧ ਤਕਨੀਕਾਂ ਬਾਰੇ ਜਾਗਰੂਕ ਕਰਨ।
ਉਨ੍ਹਾਂ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਨਿਰੰਤਰ ਮੌਜੂਦ ਰਹਿਣ ਅਤੇ ਸਥਿਤੀ 'ਤੇ ਤਿੱਖੀ ਨਜ਼ਰ ਰੱਖਣ। ਇਸ ਦੇ ਨਾਲ ਹੀ ਨੋਡਲ ਅਫ਼ਸਰਾਂ ਨੂੰ ਕਿਸਾਨਾਂ, ਬੇਲਰ ਮਾਲਕਾਂ ਅਤੇ ਸਹਿਕਾਰੀ ਸਭਾਵਾਂ ਨਾਲ ਤਾਲਮੇਲ ਬਣਾ ਕੇ ਵਿਸ਼ੇਸ਼ ਮੀਟਿੰਗਾਂ ਉਲੀਕਣ ਲਈ ਕਿਹਾ ਗਿਆ, ਤਾਂ ਜੋ ਪਰਾਲੀ ਦੀਆਂ ਗੰਢਾਂ ਬਣਾਉਣ ਅਤੇ ਹੋਰ ਸਾਧਨਾਂ ਦੀ ਵਰਤੋਂ ਨੂੰ ਸੁਚਾਰੂ ਬਣਾਇਆ ਜਾ ਸਕੇ।
ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਪਿੰਡ-ਪਿੰਡ ਵਿੱਚ ਮੁਨਾਦੀ ਰਾਹੀਂ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕਰਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨਾ ਸੜਨ ਵਾਲੇ ਕਿਸਾਨਾਂ ਲਈ ਪ੍ਰਸ਼ਾਸਨ ਵੱਲੋਂ 'ਲੱਕੀ ਡਰਾਅ' ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੱਕੀ ਡਰਾਅ ਵਿੱਚ ਹਿੱਸਾ ਲੈਣ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ।
ਸ਼੍ਰੀ ਮੋਦੀ ਨੇ ਅਪੀਲ ਕੀਤੀ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀ ਆਯੂਸ਼ ਗੋਇਲ, ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਸ੍ਰੀ ਬੇਅੰਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ, ਤਹਿਸੀਲਦਾਰ ਬਰਨਾਲਾ ਕੁਲਦੀਪ ਸਿੰਘ ਤੋਂ ਇਲਾਵਾ ਕਲੱਸਟਰ ਤੇ ਨੋਡਲ ਅਫ਼ਸਰ ਵੀ ਮੌਜੂਦ ਸਨ।

Monday, October 12, 2026

ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ ਵਿਕਰੀ ਲਈ ਉਪਲੱਬਧ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਖੋਖਰ ਖੁਰਦ, ਮਾਨਸਾ ਵਿਖੇ ਕਿਸਾਨ ਵੀਰਾਂ ਲਈ ਹਾੜ੍ਹੀ ਦੀਆਂ ਵੱਖ-ਵੱਖ ਫ਼ਸਲਾਂ ਦੇ ਸੁਧਰੇ ਹੋਏ ਬੀਜ ਵਿਕਰੀ ਲਈ ਉਪਲੱਬਧ ਹਨ। ਇਹ ਸਭ ਬੀਜਾਂ ਦੀ ਵਿਕਰੀ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਿਖੇ ਸ਼ੁਰੂ ਹੋ ਗਈ ਹੈ। ਕਿਸਾਨ ਖੋਖਰ ਖੁਰਦ ਵਿਖੇ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਕਣਕ, ਜੌਂ, ਗੋਭੀ, ਸਰ੍ਹੋਂ, ਟਮਾਟਰ ਅਤੇ ਪਿਆਜ਼ ਆਦਿ ਦੀਆਂ ਫ਼ਸਲਾਂ ਦੇ ਵੱਖ-ਵੱਖ ਕਿਸਮਾਂ ਦੇ ਬੀਜ ਪ੍ਰਾਪਤ ਕਰ ਸਕਦੇ ਹਨ।

ਸਹਾਇਕ ਡਾਇਰੈਕਟਰ, ਸ੍ਰੀ ਅਜੀਤਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਣਕ ਪੀ. ਬੀ. ਡਬਲਯੂ-(887) 2500 ਰੁਪਏ, 40 ਕਿਲੋ ਬੈਗ, ਪੀ. ਬੀ. ਡਬਲਯੂ-(826) 1700 ਰੁਪਏ, 40 ਕਿਲੋ ਬੈਗ, ਕਣਕ ਪੀ. ਬੀ. ਡਬਲਯੂ-(872) 1700 ਰੁਪਏ 40 ਕਿਲੋ ਬੈਗ, ਕਣਕ ਪੀ. ਬੀ. ਡਬਲਯੂ- ਚਪਾਤੀ-(1) 1200 ਰੁਪਏ 20 ਕਿਲੋ ਬੈਗ, ਕਣਕ ਪੀ. ਬੀ. ਡਬਲਯੂ ਜ਼ਿੰਕ-(2) 850 ਰੁਪਏ 20 ਕਿਲੋ ਬੈਗ, ਕਣਕ ਪੀ. ਬੀ. ਡਬਲਯੂ- ਆਰ.ਐੱਸ.-(1) 2000 ਰੁਪਏ 20 ਕਿਲੋ ਬੈਗ, ਗੋਭੀ ਸਰ੍ਹੋਂ, ਜੀ.ਐੱਸ.ਸੀ. -(7) 100 ਰੁਪਏ 400 ਗ੍ਰਾਮ, ਪਿਆਜ਼ ਪੀਆਰ.ੳ-(7) 250 ਰੁਪਏ 100 ਗ੍ਰਾਮ, ਟਮਾਟਰ ਪੰਜਾਬ ਰੱਤਾ 80 ਰੁਪਏ 10 ਗ੍ਰਾਮ, ਸਬਜ਼ੀਆਂ ਦੀ ਕਿੱਟ 150 ਰੁਪਏ ਇਕ ਪੈਕਟ ਆਦਿ ਕਿਸਮਾਂ ਉਪਲੱਬਧ ਹਨ। ਇਸ ਦੇ ਨਾਲ ਹੀ ਕਣਕ ਦੇ ਬੀਜ ਲਈ ਜੀਵਾਣੂ ਖਾਦ ਦਾ ਟੀਕਾ 63 ਰੁਪਏ ਪ੍ਰਤੀ ਪੈਕੇਟ ਦੇ ਹਿਸਾਬ ਨਾਲ ਉਪਲੱਬਧ ਹੈ।
ਉਨ੍ਹਾਂ ਨਾਲ ਹੀ ਕਿਹਾ ਕਿ ਬੀਜਾਂ ਦੀ ਉਪਲਬਧਤਾ ਸੀਮਤ ਹੋਣ ਕਾਰਨ ਕਿਸਾਨ ਵੀਰ ਆਉਣ ਤੋਂ ਪਹਿਲਾਂ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਲੈਣ। ਬੀਜ ਵਿਕਰੀ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜਾਂ ਦੀ ਵਰਤੋਂ ਕਰਨ ਅਤੇ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਬਿਜਾਈ ਕਰਨ।

ਪਰਾਲੀ ਨੂੰ ਅੱਗ ਲਾਉਣ ਵਾਲੇ ਪੰਜ ਕਿਸਾਨਾਂ ਖ਼ਿਲਾਫ਼ ਪਰਚੇ ਦਰਜ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀਆਂ ਹਦਾਇਤਾਂ ਤਹਿਤ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤੀ

ਖਡੂਰ ਸਾਹਿਬ, 12 ਅਕਤੂਬਰ :
ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਤਰਨ ਤਾਰਨ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਬਲਾਕ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਪੰਜ ਕਿਸਾਨਾਂ ਖ਼ਿਲਾਫ਼ ਸਬੰਧਤ ਪੁਲਿਸ ਥਾਣਿਆਂ ਵਿੱਚ ਪਰਚੇ ਦਰਜ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਵੱਲੋਂ ਵੀ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਥਾਣਾ ਵੈਰੋਵਾਲ ਅਧੀਨ ਪਿੰਡ ਬਿਹਾਰੀਪੁਰ ਦੇ ਅਜੇਪਾਲ ਪੁੱਤਰ ਇੰਦਰ ਸਿੰਘ ਅਤੇ ਪਿੰਡ ਤਖਤੂ ਚੱਕ ਦੇ ਲਵਜੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਅਧੀਨ ਪਿੰਡ ਭਰੋਵਾਲ ਦੇ ਸਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਸੇਵਾ ਸਿੰਘ ਪੁੱਤਰ ਨਾਜਰ ਸਿੰਘ, ਜਦਕਿ ਪਿੰਡ ਚੰਬਾ ਖੁਰਦ ਦੇ ਸੁਖਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਖ਼ਿਲਾਫ਼ ਵੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪਰਚੇ ਦਰਜ ਕੀਤੇ ਗਏ ਹਨ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ’ਤੇ ਰੋਕ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਦੇ ਮੱਦੇਨਜ਼ਰ ਕਾਰਵਾਈ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵੱਲੋਂ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ, ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਬੰਧਤ ਵਿਭਾਗਾਂ ਨੂੰ ਠੋਸ ਕਦਮ ਚੁੱਕਣ ਲਈ ਕਿਹਾ ਗਿਆ ਹੈ।
ਡਾ. ਯਾਦਵਿੰਦਰ ਸਿੰਘ ਅਤੇ ਡਾ. ਰੁਪਿੰਦਰਜੀਤ ਸਿੰਘ, ਕਲੱਸਟਰ ਅਫ਼ਸਰ ਖਡੂਰ ਸਾਹਿਬ, ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤ ਵਿੱਚ ਹੀ ਜਾਂ ਹੋਰ ਉਪਲਬਧ ਤਰੀਕਿਆਂ ਨਾਲ ਸੁਚੱਜਾ ਪ੍ਰਬੰਧਨ ਕਰਨ। ਪਰਾਲੀ ਸਾੜਨ ਨਾਲ ਜਿੱਥੇ ਹਵਾ ਪ੍ਰਦੂਸ਼ਿਤ ਹੁੰਦੀ ਹੈ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ, ਲਾਭਦਾਇਕ ਜੀਵਾਣੂਆਂ ਅਤੇ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ।
ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਉਪਲਬਧ ਮਸ਼ੀਨਰੀ ਅਤੇ ਹੋਰ ਤਰੀਕਿਆਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ।

ਕਿਸਾਨ ਜਸਗੀਰ ਸਿੰਘ ਵੱਲੋਂ ਸਬਸਿਡੀ ’ਤੇ ਬੇਲਰ ਲੈ ਕੇ ਪਰਾਲੀ ਪ੍ਰਬੰਧਨ ਵਿੱਚ ਪਾਇਆ ਜਾ ਰਿਹਾ ਅਹਿਮ ਯੋਗਦਾਨ

ਫਿਰੋਜ਼ਪੁਰ, 12 ਅਕਤੂਬਰ: ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਬਲਾਕ ਮਮਦੋਟ ਦੇ ਪਿੰਡ ਲੱਖਾ ਹਾਜ਼ੀ ਦੇ ਕਿਸਾਨ ਸ. ਜਸਗੀਰ ਸਿੰਘ ਪੁੱਤਰ ਸ. ਪਿਆਰਾ ਸਿੰਘ ਨੇ ਖੇਤੀਬਾੜੀ ਵਿਭਾਗ ਤੋਂ ਸਬਸਿਡੀ ’ਤੇ ਬੇਲਰ ਪ੍ਰਾਪਤ ਕਰਕੇ ਪਰਾਲੀ ਪ੍ਰਬੰਧਨ ਦਾ ਕੰਮ ਸ਼ੁਰੂ ਕੀਤਾ ਹੈ।

ਕਿਸਾਨ ਸ. ਜਸਗੀਰ ਸਿੰਘ ਵੱਲੋਂ ਆਪਣੇ ਪਿੰਡ ਲੱਖਾ ਹਾਜ਼ੀ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਬੇਲਰ ਦੀ ਮਦਦ ਨਾਲ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜਿਸ ਨਾਲ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਦੀ ਬਜਾਏ ਉਸ ਦੀ ਸੁਚੱਜੀ ਸੰਭਾਲ ਅਤੇ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਵੱਲੋਂ ਕਿਸਾਨ ਦੇ ਖੇਤਾਂ ਦਾ ਦੌਰਾ ਕਰਕੇ ਬੇਲਰ ਰਾਹੀਂ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਕਿਸਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਮਦਦ ਮਿਲਦੀ ਹੈ।
ਉਨ੍ਹਾਂ ਨੇ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਬੇਲਰ, ਸੁਪਰ ਸੀਡਰ ਤੇ ਹੋਰ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ। ਇਸ ਨਾਲ ਜਿੱਥੇ ਵਾਤਾਵਰਣ ਦੀ ਸੰਭਾਲ ਹੋਵੇਗੀ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿੱਚ ਵੀ ਮਦਦ ਮਿਲੇਗੀ।
ਜ਼ਿਲ੍ਹਾ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

Sunday, October 11, 2026

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ,

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ ਅਟਾਰੀ ਜ਼ੋਨ-1 ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਰੁਖਾਲਾ ਬਲਾਕ ਗਿਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿੱਚ ਪਿੰਡ ਦੇ ਲਗਭਗ 75 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।
ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਸੱਦਾ ਦਿੱਤਾ। ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨਾਲੋਜੀਆਂ ਅਪਨਾਉਣ ਦੀ ਸਲਾਹ ਦਿੱਤੀ।
ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵੱਖ-ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਜਗਮਨਜੋਤ ਸਿੰਘ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ।
ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਬਾਗਾਂ, ਸਬਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਉਹਨਾਂ ਸਵਾਲਾਂ ਦੇ ਜਵਾਬ ਦਿੱਤੇ ਗਏ।

Saturday, October 10, 2026

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂ

 ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਛਾਜਲੀ, ਬਲਾਕ ਸੁਨਾਮ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰੀ ਸਭਾ, ਛਾਜਲੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 150 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।

ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। 

ਉਨ੍ਹਾਂ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਸਾੜਨ ਨਾਲ 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਗੰਧਕ ਦਾ ਨੁਕਸਾਨ ਹੁੰਦਾ ਹੈ। 
ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਹਾਨੀਕਾਰਕ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਕਈ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੀਆਂ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਮਿੱਟੀ ਵਿੱਚ ਜੈਵਿਕ ਕਾਰਬਨ ਵਧਦਾ ਹੈ, ਮਿੱਟੀ ਉਪਜਾਊ ਬਣਦੀ ਹੈ, ਖਾਦਾਂ ਦਾ ਖਰਚਾ ਘਟਦਾ ਹੈ ਅਤੇ ਫ਼ਸਲ ਦਾ ਝਾੜ ਵਧਦਾ ਹੈ।
ਡਾ. ਮਨਦੀਪ ਸਿੰਘ ਨੇ ਕਣਕ ਦੀ ਨਵੀਂ ਵੱਧ ਝਾੜ ਵਾਲੀ ਕਿਸਮ *ਪੀ.ਬੀ.ਡਬਲਯੂ. 887* ਬਾਰੇ ਵੀ ਜਾਣਕਾਰੀ ਦਿੱਤੀ, ਜੋ ਪੱਕਣ ਲਈ 155 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 24.60 ਕੁਇੰਟਲ ਪ੍ਰਤੀ ਏਕੜ ਹੈ। ਇਸ ਤੋਂ ਇਲਾਵਾ ਉਨ੍ਹਾਂ ਪੀ.ਬੀ.ਡਬਲਯੂ. 872, ਪੀ.ਬੀ.ਡਬਲਯੂ. 826 ਅਤੇ ਵਿਸ਼ੇਸ਼ ਗੁਣਵੱਤਾ ਵਾਲੀਆਂ ਕਿਸਮਾਂ ਪੀ.ਬੀ.ਡਬਲਯੂ. ਜ਼ਿੰਕ 2, ਪੀ.ਬੀ.ਡਬਲਯੂ. 1 ਚਪਾਤੀ, ਪੀ.ਬੀ.ਡਬਲਯੂ. ਆਰ.ਐਸ. 1 ਅਤੇ ਪੀ.ਬੀ.ਡਬਲਯੂ. 1 ਬਿਸਕੁਟ ਬਾਰੇ ਵੀ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਦਾਲਾਂ, ਤੇਲਬੀਜ ਫ਼ਸਲਾਂ ਬੀਜਣ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਪੀ.ਏ.ਯੂ. ਵੱਲੋਂ ਵਿਕਸਤ ਮਸ਼ੀਨਾਂ - ਸਮਾਰਟ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਪਲਟਾਊ ਹਲ, ਮਲਚਰ ਅਤੇ ਬੇਲਰ ਨਾਲ ਗੱਠਾਂ ਬਣਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸਾਂਭਣ 'ਤੇ ਜ਼ੋਰ ਦਿੱਤਾ।

ਸ੍ਰ ਨਰਿੰਦਰਪਾਲ ਸਿੰਘ ਚੀਮਾ, ਖੇਤੀਬਾੜੀ ਵਿਕਾਸ ਅਫ਼ਸਰ, ਸੁਨਾਮ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਲਈ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨ ਆਈ.ਡੀ. ਬਣਾਉਣ ਦੀ ਪ੍ਰਕਿਰਿਆ ਅਤੇ ਇਸ ਦੀ ਲੋੜ ਬਾਰੇ ਵੀ ਜਾਣਕਾਰੀ ਦਿੱਤੀ।

ਅੱਤੇਵਾਲੀ ਵਿਖੇ 13 ਅਕਤੂਬਰ ਨੂੰ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਫ਼ਤਹਿਗੜ੍ਹ ਸਾਹਿਬ, 11 ਅਕਤੂਬਰ :

ਮੁੱਖ ਖੇਤੀਬਾੜੀ ਅਫਸਰ ਡਾ. ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਤੀ 13 ਅਕਤੂਬਰ ਨੂੰ ਅੱਤੇਵਾਲੀ ਵਿਖੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ, ਪਰਾਲੀ ਪ੍ਰਬੰਧਨ, ਫ਼ਸਲੀ ਵਿਭਿੰਨਤਾ, ਜੈਵਿਕ ਖੇਤੀ, ਤੇਲਬੀਜ ਫ਼ਸਲਾਂ, ਮਿੱਟੀ ਪਰਖ ਆਦਿ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਸਰਕਾਰੀ ਸਕੀਮਾਂ ਸਬੰਧੀ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਬਸਿਡੀਆਂ ਬਾਰੇ ਦੱਸਿਆ ਜਾਵੇਗਾ ਅਤੇ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਮੁੱਖ ਮਹਿਮਾਨ ਵਜੋਂ ਜਦਕਿ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਵਿਧਾਇਕ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣਗੇ।


Friday, October 9, 2026

ਮਿਲਕਿੰਗ ਮਸ਼ੀਨ ਅਤੇ ਆਧੁਨਿਕ ਕੈਟਲ ਸ਼ੈੱਡ ’ਤੇ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਮਿਲੇਗੀ ਭਾਰੀ ਸਬਸਿਡੀ

-ਯੋਗ ਲਾਭਪਾਤਰੀ ਜਲਦ ਤੋਂ ਜਲਦ ਡੇਅਰੀ ਵਿਭਾਗ ਦੇ ਦਫ਼ਤਰ ਨਾਲ ਕਰਨ ਸੰਪਰਕ - ਡਿਪਟੀ ਡਾਇਰੈਕਟਰ ਡੇਅਰੀ

ਤਰਨ ਤਾਰਨ, 9 ਅਕਤੂਬਰ :
ਪੰਜਾਬ ਦੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਡਾ. ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ, ਬੇਰੁਜ਼ਗਾਰ ਲੜਕੇ-ਲੜਕੀਆਂ ਅਤੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਡਿਪਟੀ ਡਾਇਰੈਕਟਰ ਡੇਅਰੀ, ਤਰਨ ਤਾਰਨ ਕਪਲਮੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਪ੍ਰੋਗਰਾਮ ਸਕੀਮ ਅਧੀਨ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਡੇਅਰੀ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਨੂੰ ਹੋਰ ਆਧੁਨਿਕ ਬਣਾਉਣ ਲਈ ਵੱਖ-ਵੱਖ ਸਹੂਲਤਾਂ ਅਤੇ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਦੇ ਨਿਰਧਾਰਤ ਡਿਜ਼ਾਇਨ ਅਨੁਸਾਰ ਬਣਾਏ ਗਏ ਆਧੁਨਿਕ ਕੈਟਲ ਸ਼ੈੱਡ ’ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਿਲਕਿੰਗ ਮਸ਼ੀਨ ’ਤੇ 50 ਫੀਸਦੀ ਸਬਸਿਡੀ ਦਾ ਲਾਭ ਵੀ ਦਿੱਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਡੇਅਰੀ ਨੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਡੇਅਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀਆਂ ਇਨ੍ਹਾਂ ਸਹੂਲਤਾਂ ਅਤੇ ਸਬਸਿਡੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਡੇਅਰੀ ਨੂੰ ਆਧੁਨਿਕ ਤਰੀਕੇ ਨਾਲ ਵਿਕਸਤ ਕਰਨ। ਇਸ ਸਬਸਿਡੀ ਦਾ ਲਾਭ ਲੈਣ ਲਈ ਯੋਗ ਲਾਭਪਾਤਰੀ ਜਲਦ ਤੋਂ ਜਲਦ ਡਿਪਟੀ ਡਾਇਰੈਕਟਰ ਡੇਅਰੀ, ਤਰਨ ਤਾਰਨ ਦੇ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 97793-52959 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਖਾਦ ਅਤੇ ਖੇਤੀ ਇਨਪੁਟਸ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਬਠਿੰਡਾ, 9 ਅਕਤੂਬਰ :

ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਦੀ ਵਿਸ਼ੇਸ਼ ਟੀਮ ਵੱਲੋਂ ਗੋਨਿਆਣਾ ਇਲਾਕੇ ਵਿੱਚ ਖੇਤੀਬਾੜੀ ਇਨਪੁਟਸ ਦੇ ਡੀਲਰਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਵਿਭਾਗ ਦੀ ਟੀਮ ਵੱਲੋਂ ਡੀਲਰਾਂ ਦੇ ਸਟਾਕ ਰਜਿਸਟਰਾਂ, ਬਿਲਿੰਗ ਪ੍ਰਣਾਲੀ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਦੁਕਾਨਾਂ ਅਤੇ ਗੋਦਾਮਾਂ ਵਿੱਚ ਮੌਜੂਦ ਖੇਤੀ ਸਮੱਗਰੀ ਦੇ ਅਸਲ ਸਟਾਕ ਦਾ ਰਿਕਾਰਡ ਨਾਲ ਮਿਲਾਨ ਵੀ ਕੀਤਾ ਗਿਆ।
ਚੈਕਿੰਗ ਦੌਰਾਨ ਜ਼ਿੰਕ 33 ਫ਼ੀਸਦੀ ਦਾ ਸਟਾਕ ਨੀਲ ਪਾਇਆ ਗਿਆ। ਇਸ ਤੋਂ ਇਲਾਵਾ ਗੁਣਵੱਤਾ ਦੀ ਜਾਂਚ ਲਈ ਜ਼ਿੰਕ 39.5 ਫ਼ੀਸਦੀ ਅਤੇ ਡੀ.ਏ.ਪੀ. ਖਾਦ ਦੇ ਨਮੂਨੇ ਲਏ ਗਏ, ਜਿਨ੍ਹਾਂ ਨੂੰ ਅਗਲੇਰੀ ਜਾਂਚ ਲਈ ਪ੍ਰਯੋਗਸ਼ਾਲਾ ਵਿੱਚ ਭੇਜਿਆ ਜਾ ਰਿਹਾ ਹੈ।
ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਯੋਗਸ਼ਾਲਾ ਦੀ ਰਿਪੋਰਟ ਆਉਣ ਤੱਕ ਮਾਮਲੇ ਦੀ ਜਾਂਚ ਜਾਰੀ ਰਹੇਗੀ। ਜੇਕਰ ਕਿਸੇ ਨਮੂਨੇ ਦੀ ਰਿਪੋਰਟ ਮਿਆਰਾਂ ਅਨੁਸਾਰ ਸਹੀ ਨਹੀਂ ਪਾਈ ਜਾਂਦੀ ਜਾਂ ਕੋਈ ਡੀਲਰ ਗ਼ਲਤ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਦੋਂ ਵੀ ਕਿਸੇ ਡੀਲਰ ਤੋਂ ਖਾਦ, ਜ਼ਿੰਕ ਜਾਂ ਹੋਰ ਖੇਤੀ ਸਮੱਗਰੀ ਖਰੀਦਣ, ਤਾਂ ਉਸ ਦਾ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਨਿਰਧਾਰਤ ਕੀਮਤਾਂ ਤੋਂ ਵੱਧ ਪੈਸੇ ਵਸੂਲਦਾ ਹੈ, ਤਾਂ ਇਸ ਸਬੰਧੀ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਜਾਵੇ।

ਫਲਦਾਰ (ਸਦਾਬਹਾਰ) ਬੂਟਿਆਂ ਦੀ ਸੇਲ ਸਬੰਧੀ

ਡਿਪਟੀ ਡਾਇਰੈਕਟਰ ਬਾਗਬਾਨੀ, ਸ਼੍ਰੀ ਰਾਜੇਸ਼ ਕੁਮਾਰ , ਹੁਸ਼ਿਆਰਪੁਰ (ਵਾਧੂ ਚਾਰਜ) ਜੀ ਨੇ ਦੱਸਿਆ ਕਿ ਬਦਲਵੇਂ ਮੌਸਮ, ਬਦਲਦੀਆਂ ਖਾਣ-ਪੀਣ ਦੀਆਂ ਆਦਤਾਂ ਕਾਰਨ ਫਲਦਾਰ ਬੂਟਿਆਂ ਦੀ ਮਹੱਤਤਾ ਬਹੁਤ ਵੱਧ ਜਾਂਦੀ ਹੈ। ਫਲਦਾਰ ਬੂਟੇ ਵਾਤਾਵਰਣ ਨੂੰ ਸੁਧਾਰਨ ਦੇ ਨਾਲ- ਨਾਲ ਮਹੱਤਵਪੂਰਨ ਖੁਰਾਕੀ ਤੱਤਾਂ ਜਿਵੇਂ ਕਿ ਵਿਟਾਮਿਨ, ਖਣਿਜ ਪਦਾਰਥ ਅਤੇ ਊਰਜਾ ਦੇ ਬਿਹਤਰੀਨ ਸਰੋਤ ਹਨ।

ਡਿਪਟੀ ਡਾਇਰੈਕਟਰ ਬਾਗਬਾਨੀ, ਹੁਸ਼ਿਆਰਪੁਰ ਜੀ ਵਲੋਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਸਦਾਬਹਾਰ ਫਲਦਾਰ ਬੂਟੇ ਲਗਾਉਣ ਲਈ ਸਤੰਬਰ- ਅਕਤੂਬਰ ਦੇ ਅਨੁਕੂਲ ਸਮੇਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਨ੍ਹਾਂ ਦੱਸਿਆ ਕਿ ਫਲਦਾਰ ਸਦਾਬਹਾਰ ਬੂਟੇ ਜਿਵੇਂ ਕਿ ਕਿਨੂੰ, ਮਾਲਟਾ, ਨਿੰਬੂ, ਅੰਬ, ਅਮਰੂਦ, ਜਾਮਣ, ਲੀਚੀ ਆਦਿ ਲਗਾਉਣ ਲਈ ਬਹੁਤ ਢੁੱਕਵਾਂ ਮੌਸਮ ਹੈ । ਬਾਗਬਾਨੀ ਵਿਭਾਗ ਪੰਜਾਬ ਦੀਆਂ ਆਪਣੀਆਂ ਨਰਸਰੀਆਂ ਅਤੇ ਵਿਭਾਗ ਵਲੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਰਜਿਸਟਰਡ ਨਰਸਰੀਆਂ ਤੋਂ ਹੀ ਬੂਟਿਆ ਦੀ ਖਰੀਦ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਫਲਦਾਰ ਬੂਟੇ ਦੀ ਕਿਸਮ ਅਤੇ ਪੈਦਾਵਾਰ ਦੀ ਗਰੰਟੀ ਹੁੰਦੀ ਹੈ । ਅਣ-ਅਧਿਕਾਰਿਤ ਨਰਸਰੀਆਂ ਤੋ ਮਹਿੰਗੇ ਮੁੱਲ ਤੇ ਖਰੀਦੇ ਬੂਟਿਆਂ ਦੀ ਕਿਸਮ ਅਤੇ ਪੈਦਾਵਾਰ ਦਾ 3-4 ਬਾਅਦ ਸਾਲ ਪਤਾ ਚੱਲਦਾ ਹੈ ਅਤੇ ਕਈ ਵਾਰ ਕਿਸਮ ਠੀਕ ਨਾ ਨਿਕਲਣ ਤੇ 3-4 ਸਾਲ ਦੀ ਮਿਹਨਤ ਬੇਕਾਰ ਜਾਂਦੀ ਹੈ ।
ਉਹਨਾ ਦੱਸਿਆ ਕਿ ਬਾਗਬਾਨੀ ਵਿਭਾਗ ਪੰਜਾਬ ਹੁਸ਼ਿਆਰਪੁਰ ਦੀਆਂ ਤਿੰਨ ਸਰਕਾਰੀ ਨਰਸਰੀਆਂ ਭੂੰਗਾਂ, ਖਿਆਲਾ ਬੁਲੰਦਾ, ਛਾਉਣੀ ਕਲਾਂ ਅਤੇ ਇੰਡੋ- ਇਜਰਾਇਲ ਸੈਂਟਰ ਆਫ ਐਕਸੀਲੈਂਸ, ਖਨੌੜਾ ਤੋ ਫਲਦਾਰ ਬੂਟਿਆਂ ਦੀ ਵਿਕਰੀ ਸ਼ੁਰੂ ਹੈ ਅਤੇ ਬਾਗ ਲਗਾਉਣ, ਘਰੇਲੂ ਬਗੀਚੀ ਲਈ ਕਿਸਾਨ ਵੀਰਾਂ ਨੂੰ ਆਪਣੇ ਬਲਾਕ ਦੇ ਬਾਗਬਾਨੀ ਵਿਕਾਸ ਅਫਸਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਜਾਂ ਆਪਣੀ ਲੋੜ ਅਨੁਸਾਰ ਉਪਰੋਕਤ ਨਰਸਰੀ ਇੰਚਾਰਜਾਂ ਦੇ ਦਿੱਤੇ ਨੰਬਰਾਂ ਤੇ ਸੰਪਰਕ ਕਰਨਾਂ ਚਾਹੀਦਾ ਹੈ।
1) ਇੰਚਾਰਜ, ਸਰਕਾਰੀ ਬਾਗ ਅਤੇ ਨਰਸਰੀ ਛਾਉਣੀ ਕਲਾਂ (82890-80762)
2) ਇੰਚਾਰਜ, ਸਰਕਾਰੀ ਬਾਗ ਅਤੇ ਨਰਸਰੀ, ਭੂੰਗਾ ਅਤੇ ਖਿਆਲਾ ਬੁਲੰਦਾ (82890-80762)
3) ਪ੍ਰੋਜੈਕਟ ਅਫਸਰ, ਸੈਂਟਰ ਆਫ ਐਕਸੀਲੈਂਸ ਫਾਰ ਫਰੂਟਸ (ਸਿ) ਖਨੌੜਾ ( 95010-39348)
ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਬੂਟੇ ਦੀ ਖਰੀਦ ਸਮੇਂ ਸਿਰਫ ਪ੍ਰਮਾਨਤ ਕਿਸਮਾਂ ਦੇ ਬੂਟੇ ਹੀ ਖਰੀਦ ਕੀਤੇ ਜਾਣੇ ਚਾਹੀਦੇ ਹਨ । ਬੂਟੇ ਦੀ ਖਰੀਦ ਦਾ ਬਿੱਲ/ਕੈਸ਼ ਮੀਮੋ ਜਿਸ ਤੇ ਬੂਟਿਆਂ ਦੀ ਗਿਣਤੀ, ਕਿਸਮ, ਰੇਟ ਆਦਿ ਦਰਜ ਹੋਣ(ਨਰਸਰੀ ਮਾਲਕ/ ਇੰਚਾਰਜ ਕੋਲੋਂ) ਜਰੂਰ ਪ੍ਰਾਪਤ ਕਰਨਾ ਚਾਹੀਦਾ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਸਾਨ ਵੀਰਾਂ ਨੂੰ ਦੱਸਿਆ ਕਿ ਬਾਗ ਲਗਾਉਣ ਤੋਂ ਪਹਿਲਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਮਿੱਟੀ ਦੀ ਜਾਂਚ, ਪਾਣੀ ਦੀ ਉਪਲੱਬਧਤਾ ਤੇ ਖੇਤਰ ਦੇ ਅਨੁਕੂਲ ਫਲਦਾਰ ਕਿਸਮ ਦੀ ਚੋਣ ਕੀਤੀ ਜਾਵੇ। ਬੂਟੇ ਅਤੇ ਕਤਾਰਾਂ ਵਿਚਕਾਰ ਦੂਰੀ ਸਬੰਧਤ ਫਲ ਦੀ ਕਿਸਮ ਅਤੇ ਵਿਭਾਗੀ ਸਿਫਾਰਿਸ਼ਾਂ ਅਨੁਸਾਰ ਰੱਖਣੀ ਚਾਹੀਦੀ ਹੈ ਅਤੇ ਬੂਟਿਆਂ ਦਾ ਖਾਸ ਧਿਆਨ ਰੱਖਦੇ ਹੋਏ ਬੂਟੇ ਲਗਾਉਣ ਤੋਂ ਤੁਰੰਤ ਬਾਅਦ ਹਲਕੀ ਸਿੰਚਾਈ ਕੀਤੀ ਜਾਵੇ ਅਤੇ ਸ਼ੁਰੂਆਤਾ ਅਵਸਥਾ ਵਿੱਚ ਬੂਟਿਆਂ ਦੀ ਢੁੱਕਵੀਂ ਦੇਖਭਾਲ ਕੀਤੀ ਜਾਵੇ।

Thursday, October 8, 2026

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਜਲੂਰ ਵਿਖੇ ਕਿਸਾਨ ਮਿਲਣੀ

— ਕਿਸਾਨ ਵੀਰ ਕੰਬਾਈਨ ਮਸ਼ੀਨਾਂ ਉੱਤੇ ਸੁਪਰ ਐੱਸ.ਐੱਮ.ਐੱਸ. ਲਾਜ਼ਮੀ ਲਗਾਉਣ, ਵਿਵੇਕ ਮੋਦੀ

— ਪਰਾਲੀ ਦੀ ਸੁਚੱਜੀ ਵਰਤੋਂ ਕਰਨ ਨੂੰ ਮਿਲਿਆ ਭਰਵਾਂ ਹੁੰਗਾਰਾ

— ਕਿਸਾਨ ਪਰਾਲੀ ਲੱਕੀ ਡਰਾਅ 'ਚ ਵੱਧ-ਚੜ੍ਹ ਕੇ ਲੈਣ ਹਿੱਸਾ

ਬਰਨਾਲਾ, 8 ਅਕਤੂਬਰ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਨੇ ਪਿੰਡ ਜਲੂਰ ਵਿਖੇ ਕਿਸਾਨਾਂ ਨਾਲ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਹੀ ਰਲਾ ਕੇ ਉਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਆ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਵਾਤਾਵਰਨ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਸਭ ਨੂੰ ਮਨੁੱਖੀ ਸਿਹਤ ਤੇ ਵਾਤਾਵਰਨ ਪ੍ਰਤੀ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਇਕੱਠੀ ਕਰਨ ਅਤੇ ਡੰਪ ਲਗਾਉਣ ਲਈ ਜ਼ਿਲ੍ਹੇ ਦੇ ਅੰਦਰ ਅਤੇ ਬਾਹਰਲੇ ਐਗਰੀਕੇਟਰਾਂ/ਬੇਲਰ ਮਾਲਕਾਂ ਨੂੰ ਸੱਦਾ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਪੰਚਾਇਤੀ ਸ਼ਾਮਲਾਟ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ, ਜੇਕਰ ਕਿਸੇ ਨੂੰ ਪਰਾਲੀ ਦੀ ਸਟੋਰੇਜ ਲਈ ਜ਼ਮੀਨ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਲੂਰ-ਨੰਗਲ ਰੋਡ 'ਤੇ 'ਮਾਰਕ ਬਾਇਓ ਫਿਊਲ' ਲੱਗ ਚੁੱਕਾ ਹੈ ਅਤੇ ਪਿੰਡ ਵਿੱਚ ਬੇਲਰ ਪਹੁੰਚ ਚੁੱਕੇ ਹਨ, ਜਿਸ ਵਾਸਤੇ ਪੰਚਾਇਤ ਅੱਗੇ ਆ ਕੇ ਪੂਰਾ ਸਹਿਯੋਗ ਦੇਵੇ।

ਸ੍ਰੀ ਵਿਵੇਕ ਮੋਦੀ ਨੇ ਸਪੱਸ਼ਟ ਕੀਤਾ ਕਿ ਝੋਨੇ ਦੀ ਵਾਢੀ ਲਈ ਕੋਈ ਵੀ ਕੰਬਾਈਨ ਮਸ਼ੀਨ ਸੁਪਰ ਐੱਸ.ਐੱਮ.ਐੱਸ. (Super SMS) ਤੋਂ ਬਿਨਾਂ ਨਾ ਚਲਾਈ ਜਾਵੇ। ਸ਼ਾਮ 06:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ 'ਤੇ ਪੂਰਨ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਨਿਪਟਾਰਾ ਕੀਤਾ ਜਾਵੇ। ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਸਮੱਸਿਆ ਆਉਂਦੀ ਹੈ, ਤਾਂ ਉਹ ਸਵੇਰੇ 11 ਤੋਂ ਸ਼ਾਮ 07 ਵਜੇ ਦੌਰਾਨ ਕੰਟਰੋਲ ਰੂਮ ਦੇ ਨੰਬਰ 8264425663 ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ 7 ਲੱਖ ਰੁਪਏ ਦਾ ਲੱਕੀ ਡਰਾਅ ਵੀ ਚਲਾਇਆ ਗਿਆ ਹੈ। ਕਿਸਾਨ 10 ਅਕਤੂਬਰ ਤੱਕ ਦਿੱਤੇ ਗਏ ਲਿੰਕ https://dabarnala.in/lucky_draw_registration_2026/ 'ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਪ੍ਰਸ਼ਾਸਨ ਵੱਲੋਂ ਪਿੰਡ ਦੀਆਂ ਸਹਿਕਾਰੀ ਸਭਾਵਾਂ (ਸੁਸਾਇਟੀਆਂ) ਵਿੱਚ ਉਪਲਬਧ ਖੇਤੀ ਮਸ਼ੀਨਰੀ ਅਤੇ ਬੇਲਰਾਂ ਦੀਆਂ ਲਿਸਟਾਂ ਲਗਾ ਦਿੱਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਪੂਰਾ ਲਾਭ ਮਿਲ ਸਕੇ। ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਕਿਸਾਨਾਂ ਨੂੰ "ਪਰਾਲੀ ਖੇਤਾਂ ਵਿੱਚ ਮਿਲਾਓ, ਉੱਗਣ ਸ਼ਕਤੀ ਵਧਾਓ ਅਤੇ ਪਰਾਲੀ ਸਾੜ ਕੇ ਮਹਿੰਗੇ ਤੱਤ ਨਾ ਗਵਾਓ" ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਸੀ.ਏ.ਕਿਊ.ਐੱਮ ਸ਼ਾਹਿਦ ਖਾਨ ਨੇ ਵੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਡੀ.ਐੱਸ.ਪੀ. (HQ), ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ / ਟੈਕਨੀਕਲ ਬੇਅੰਤ ਸਿੰਘ, ਸਹਾਇਕ ਨੋਡਲ ਅਫ਼ਸਰ ਸੁਨੀਤਾ ਸ਼ਰਮਾ, ਕਲਸਟਰ ਅਫ਼ਸਰ, ਹੋਰ ਸਟਾਫ਼ ਅਤੇ ਪਿੰਡ ਦੇ ਪਤਵੰਤੇ ਵੀ ਹਾਜ਼ਰ ਸਨ।