ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ (ਹੁਸ਼ਿਆਰਪੁਰ) ਵੱਲੋਂ ਬੀਤੇ ਦਿਨੀਂ ਪਿੰਡ ਜੁਗਿਆਲ, ਬਲਾਕ ਹਾਜੀਪੁਰ ਵਿਖੇ ਮੱਕੀ ਦੀ ਕਾਸ਼ਤ ਦੀਆਂ ਉੱਨਤ ਤਕਨੀਕਾਂ ਅਤੇ ਪੌਦ ਸੁਰੱਖਿਆ ਬਾਬਤ ਕਿਸਾਨ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਦੀ ਸ਼ੁਰੁਆਤ ਵਿੱਚ ਕਿਸਾਨਾਂ ਨਾਲ ਰੂਬਰੂ ਹੁੰਦੇ ਹੋਏ ਡਾ. ਮਨਿੰਦਰ ਸਿੰਘ ਬੌਂਸ, ਉਪ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪਿਛਲੇ ਸਾਲਾਂ ਦੌਰਾਨ ਸਾਉਣੀ ਦੀ ਮੱਕੀ ਲਈ ਦੋ ਨਵੀਆਂ ਕੰਪੋਸਿਟ ਕਿਸਮਾਂ ਦਿੱਤੀਆ ਗਈਆਂ ਸਨ- ਜੇ ਸੀ 12 (ਝਛ 12) ਅਤੇ ਜੇ ਸੀ 4 (ਝਛ 4). ਮੱਕੀ ਦੀ ਜੇ ਸੀ 12 (ਝਛ 12) ਕਿਸਮ ਤਕਰੀਬਨ 99 ਦਿਨ ਵਿੱੱਚ ਪੱੱਕਦੀ ਹੈ ਅਤੇ ਇਸਦਾ ਔਸਤਨ ਝਾੜ 18.2 ਕੁਇੰਟਲ ਪ੍ਰਤੀ ਏਕੜ ਹੈ। ਇਸ ਕਿਸਮ ਦੀ ਸਿਫਾਰਸ਼ ਪੰਜਾਬ ਦੇ ਕੰਢੀ ਇਲਾਕੇ ਲਈ ਕੀਤੀ ਗਈ ਹੈ।ਮੱਕੀ ਦੀ ਜੇ ਸੀ 4 (ਝਛ 4) ਕਿਸਮ ਰੋਟੀ ਵਾਸਤੇ ਅਤਿ-ਢੁੱਕਵੀਂ ਹੈ ਅਤੇ ਇਸ ਦੇ ਆਟੇ ਦੀ ਰੋਟੀ ਸੁਆਦਲੀ ਅਤੇ ਮੁਲਾਇਮ ਬਣਦੀ ਹੈ। ਇਹ ਕਿਸਮ ਤਕਰੀਬਨ 90 ਦਿਨ ਵਿੱੱਚ ਪੱੱਕਦੀ ਹੈ ਅਤੇ ਇਸਦਾ ਔਸਤਨ ਝਾੜ 13.0 ਕੁਇੰਟਲ ਪ੍ਰਤੀ ਏਕੜ ਹੈ। ਇਸ ਕਿਸਮ ਦੀ ਸਿਫਾਰਸ਼ ਪੰਜਾਬ ਦੇ ਸੇਂਜੂ ਅਤੇ ਕੰਢੀ ਇਲਾਕਿਆਂ ਲਈ ਕੀਤੀ ਗਈ ਹੈ।ਇਸ ਕਿਸਮ ਦੀ ਸਿਫਾਰਸ਼ ਜੈਵਿਕ ਖੇਤੀ ਅਧੀਨ ਵੀ ਕੀਤੀ ਗਈ ਹੈ।ਇਹਨਾਂ ਕੰਪੋਸਿਟ ਕਿਸਮਾਂ ਦਾ ਕਿਸਾਨ ਬੀਜ ਰੱਖ ਕੇ ਅਗਲੇ ਸਾਲ ਵੀ ਬਿਜਾਈ ਕਰ ਸਕਦੇ ਹਨ।
ਡਾ. ਬੌਂਸ ਨੇ ਮੱਕੀ ਦੀ ਫਾਲ ਆਰਮੀਵਰਮ ਸੁੰਡੀ ਦੀ ਰੋਕਥਾਮ ਲਈ ਕੁੱਝ ਜਰੂ੍ਰਰੀ ਨੁਕਤੇ ਵੀ ਸਾਂਝੇ ਕੀਤੇ।ਉਹਨਾਂ ਦੱਸਿਆ ਕਿ ਇਸ ਕੀੜੇ ਦੀਆਂ ਛੋਟੀਆਂ ਸੰੁਡੀਆਂ ਪੱਤਿਆਂ ਨੂੰ ਖੁਰਚ ਕੇ ਖਾਂਦੀਆਂ ਹਨ।ਵੱਡੀਆਂ ਸੰੁਡੀਆਂ ਗੋਭ ਦੇ ਪੱਤੇ ਵਿੱਚ ਗੋਲ ਤੋਂ ਅੰਡਾਕਾਰ ਮੋਰੀਆਂ ਬਣਾਉਂਦੀਆਂ ਹਨ। ਸੁੰਡੀਆਂ ਗੋਭ ਨੂੰ ਲਗਭਗ ਪੂਰੀ ਤਰ੍ਹਾਂ ਖਾ ਕੇ ਭਾਰੀ ਮਾਤਰਾ ਵਿੱਚ ਵਿੱਠਾਂ ਕਰਦੀਆਂ ਹਨ। ਇਸ ਸੁੰਡੀ ਦੀ ਪਛਾਣ ਇਸ ਦੇ ਸਿਰ ਵਾਲੇ ਪਾਸੇ ਚਿੱਟੇ ਰੰਗ ਦੇ ਅੰਗਰੇਜ਼ੀ ਦੇ ਅੱਖਰ ‘ੈ’ ਦੇ ਉਲਟੇ ਨਿਸ਼ਾਨ () ਅਤੇ ਪਿਛਲੇ ਸਿਰੇ ਦੇ ਲਾਗੇ ਚੌਰਸਾਕਾਰ ਚਾਰ ਬਿੰਦੂਆਂ ਤੋਂ ਹੁੰਦੀ ਹੈ। ਡਾ. ਬੌਂਸ ਨੇ ਕਿਹਾ ਕਿ ਇਸ ਕੀੜੇ ਦੀ ਰੋਕਥਾਮ ਲਈ ਨਾਲ ਲਗਦੇ ਖੇਤਾਂ ਵਿੱੱਚ ਮੱੱਕੀ ਦੀ ਬਿਜਾਈ ਥੋੜੇ-ਥੋੜੇ ਵਕਫ਼ੇ ਤੇ ਨਾ ਕਰੋ ਤਾਂ ਜੋ ਕੀੜੇ ਦਾ ਫਲਾਅ ਘਟਾਇਆ ਜਾ ਸਕੇ। ਇਸ ਦੇ ਨਾਲ ਹੀ ਖੇਤਾਂ ਦਾ ਸਰਵੇਖਣ ਲਗਾਤਾਰ ਕਰੋ ਅਤੇ ਪੱੱਤਿਆਂ ਉੱਪਰ ਦਿੱਤੇ ਕੀੜੇ ਦੇ ਆਂਡਿਆਂ ਨੂੰ ਨਸ਼ਟ ਕਰ ਦਿਉ। ਆਂਡਿਆਂ ਦੇ ਝੰੁਡ ਲੂਈ ਨਾਲ ਢੱਕੇ ਹੁੰਦੇ ਹਨ ਅਤੇ ਅਸਾਨੀ ਨਾਲ ਦਿੱਖ ਜਾਂਦੇ ਹਨ।
ਡਾ. ਗੁਰਪ੍ਰਤਾਪ ਸਿੰਘ, ਸਹਿਯੋਗੀ ਪ੍ਰੋਫੈਸਰ (ਫਸਲ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਸਾਉਣੀ ਦੀ ਮੱਕੀ ਦੀੇ ਉੱਨਤ ਕੰਪੋਸਿਟ ਕਿਸਮ, ਜੇ ਸੀ 12 (ਝਛ 12), ਉਸ ਦੀ ਸਫਲ ਕਾਸ਼ਤ ਦੇ ਢੰਗ, ਨਦੀਨ ਅਤੇ ਖਾਦ ਪ੍ਰਬੰਧ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।ਉਹਨਾਂ ਨੇ ਮਿੱਟੀ ਪਰਖ ਤੇ ਅਧਾਰ ਤੇ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਮੱਕੀ ਵਿੱਚ ਜੀਵਾਣੂ ਖਾਦਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਇਹਨਾਂ ਕੁਦਰਤੀ ਸੋਮੇ ਸੰਭਾਲ ਤਕਨੀਕਾਂ ਨੂੰ ਅਪਨਾਉਣ ਬਾਬਤ ਵੀ ਜੋਰ ਦਿੱਤਾ ਦਿੱਤਾ।ਡਾ. ਗੁਰਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਮੱਕੀ ਦਾ ਵਧੇਰੇ ਝਾੜ ਲੈਣ ਲਈ, ਦੇਸੀ/ਹਰੀ ਖਾਦ ਦੀ ਵਰਤੋਂ ਲਾਹੇਵੰਦ ਹੈ। ਮੱਕੀ ਦੀ ਬਿਜਾਈ ਮਈ ਦੇ ਆਖਰੀ ਹਫ਼ਤੇ ਤੋਂ ਅਖੀਰ ਜੂਨ ਵਿੱਚ ਕਰੋ। ਇਸ ਦੇ ਨਾਲ ਹੀ ਬੂਟਿਆਂ ਦੀ ਗਿਣਤੀ (33333 ਬੂਟੇ ਪ੍ਰਤੀ/ਏਕੜ) ਪੂਰੀ ਰੱਖਣ ਵਾਸਤੇ ਬਿਜਾਈ 60×20 ਸੈਂਟੀਮੀਟਰ ਤੇ ਕਰੋ।ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਦਸ ਦਿਨਾਂ ਦੇ ਅੰਦਰ-ਅੰਦਰ ਐਟਰਾਟਾਫ਼ 50 ਡਬਲਯੂ ਪੀ (ਐਟਰਾਜ਼ੀਨ) 800 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਅਤੇ 500 ਗ੍ਰਾਮ ਪ੍ਰਤੀ ਏਕੜ ਹਲਕੀਆਂ ਜ਼ਮੀਨਾਂ ਵਿੱਚ ਛਿੜਕਾਅ ਕਰੋ। ਮੱਕੀ ਦੇ ਨਿੱਸਰਣ, ਸੂਤ ਕੱਤਣ ਅਤੇ ਦਾਣੇ ਪੈਣ ਸਮੇਂ ਪਾਣੀ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।
ਡਾ. ਪ੍ਰਭਜੋਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਸਾਉਣੀ ਦੀ ਮੱਕੀ ਦੇ ਪ੍ਰਮੁੱਖ ਕੀੜੇ - ਮੱਕੀ ਦਾ ਗੜੂੰਆਂ ਅਤੇ ਫਾਲ ਆਰਮੀਵਰਮ ਸੁੰਡੀ ਦੇ ਸਰਵਪੱਖੀ ਕੀਟ ਪ੍ਰਬੰਧ ਬਾਰੇ ਵਿਸਥਾਰ ਨਾਲ ਦੱਸਿਆ। ਉਹਨਾਂ ਦੱਸਿਆ ਕਿ ਗੋਡੀ ਕਰਦੇ ਸਮੇਂ ਗੜੂੰਏਂ ਦੇ ਸਖਤ ਹਮਲੇ ਵਾਲੇ ਬੂਟੇ ਪੁੱਟ ਕੇ ਨਸ਼ਟ ਕਰ ਦਿਉ। ਮੱਕੀ ਦੇ ਗੜੂੰਏਂ ਦੀ ਰੋਕਥਾਮ ਲਈ ਬਿਜਾਈ ਤੋਂ 2-3 ਹਫ਼ਤੇ ਪਿੱਛੋਂ ਜਿਸ ਵੇਲੇ ਪੱਤਿਆਂ ਉੱਪਰ ਇਸ ਕੀੜੇ ਦਾ ਹਮਲਾ ਦਿੱਸੇ ਤਾਂ 30 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨੀਲੀਪਰੋਲ) ਨੂੰ 60 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨੈਪਸੈਕ ਪੰਪ ਨਾਲ ਛਿੜਕੋ। ਗੜੂੰਏਂ ਦੀ ਰੋਕਥਾਮ ਲਈ ਮਿੱਤਰ ਕੀੜੇ ਦੇ ਟਰਾਈਕੋਗਰਾਮਾ ਕਾਰਡ ਨੂੰ 10 ਅਤੇ ਦੁਬਾਰਾ 17 ਦਿਨ ਦੀ ਫ਼ਸਲ ਤੇ ਵਰਤ ਕੇ ਵੀ ਕੀਤੀ ਜਾ ਸਕਦੀ ਹੈ।ਫਾਲ ਆਰਮੀਵਰਮ ਸੁੰਡੀ ਦੀ ਰੋਕਥਾਮ ਲਈ 0.4 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ) ਜਾਂ 0.5 ਮਿਲੀਲਿਟਰ ਡੈਲੀਗੇਟ 11.7 ਐਸ ਸੀ (ਸਪਾਈਨਟੋਰਮ) ਜਾਂ 0.4 ਗ੍ਰਾਮ ਮਿਜ਼ਾਈਲ 5 ਐਸ ਜੀ (ਐਮਾਮੈਕਟਿਨ ਬੈਂਜ਼ੋਏਟ) ਪ੍ਰਤੀ ਲਿਟਰ ਪਾਣੀ ‘ਚ ਘੋਲ ਕੇ ਛਿੜਕਾਅ ਕਰਨ ਕਈ ਕਿਹਾ।ਡਾ. ਪ੍ਰਭਜੋਤ ਕੌਰ ਨੇ ਇਹ ਵੀ ਦੱਸਿਆ ਕਿ 20 ਦਿਨਾਂ ਤੱਕ ਦੀ ਫ਼ਸਲ ਲਈ 120 ਲਿਟਰ ਪਾਣੀ ਪ੍ਰਤੀ ਏਕੜ ਵਰਤੋ। ਇਸ ਤੋਂ ਬਾਅਦ, ਫ਼ਸਲ ਦੇ ਵਾਧੇ ਅਨੁਸਾਰ ਪਾਣੀ ਦੀ ਮਾਤਰਾ 200 ਲਿਟਰ ਪ੍ਰਤੀ ਏਕੜ ਤੱਕ ਵਧਾਉ ਪਰ ਧਿਆਨ ਰੱਖੋ ਕਿ ਪਾਣੀ ਦੇ ਨਾਲ-ਨਾਲ ਉੱਪਰ ਦੱਸੇ ਕੀਟਨਾਸ਼ਕਾਂ ਦੀ ਮਾਤਰਾ ਵੀ ਉਸੇ ਅਨੁਪਾਤ ਵਿੱਚ ਵਧਾਉ। ਕੀੜੇ ਦੀ ਕਾਰਗਰ ਰੋਕਥਾਮ ਲਈ ਛਿੜਕਾਅ ਮੱਕੀ ਦੀ ਗੋਭ ਵੱਲ ਨੂੰ ਕਰਨਾ ਜ਼ਰੂਰੀ ਹੈ।ਜਦੋਂ ਹਮਲਾ ਧੌੜੀਆਂ ਵਿੱਚ ਹੋਵੇ ਜਾਂ ਫ਼ਸਲ 40 ਦਿਨਾਂ ਤੋਂ ਵੱਡੀ ਹੋਵੇ ਅਤੇ ਛਿੜਕਾਅ ਵਿੱਚ ਮੁਸ਼ਕਿਲ ਹੋਵੇ ਤਾਂ ਮਿੱਟੀ ਅਤੇ ਕੀਟਨਾਸ਼ਕ ਦੇ ਮਿਸ਼ਰਣ (ਲਗਭਗ ਅੱਧਾ ਗ੍ਰਾਮ) ਨੂੰ ਹਮਲੇ ਵਾਲੀਆਂ ਗੋਭਾਂ ਵਿੱਚ ਪਾ ਕੇ ਫ਼ਾਲ ਆਰਮੀਵਰਮ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਮਿਸ਼ਰਣ ਬਣਾਉਣ ਲਈ 5 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ) ਜਾਂ ਡੈਲੀਗੇਟ 11.7 ਐਸ ਸੀ (ਸਪਾਈਨਟੋਰਮ) ਜਾਂ 5 ਗ੍ਰਾਮ ਮਿਜ਼ਾਈਲ 5 ਐਸ ਜੀ (ਐਮਾਮੈਕਟਿਨ ਬੈਂਜ਼ੋਏਟ) ਨੂੰ 10 ਮਿਲੀਲਿਟਰ ਪਾਣੀ ਵਿੱਚ ਘੋਲ ਕੇ ਇੱਕ ਕਿਲੋ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾਓ।
ਇਸ ਮੌਕੇ ਕਿਸਾਨਾਂ ਦੀ ਸਹੂਲਤ ਲਈ ਸਾਉਣੀ ਦੀ ਮੱਕੀ ਝਛ 12 ਦਾ ਬੀਜ, ਮੱਕੀ ਲਈ ਜੀਵਾਣੂ ਖਾਦ ਅਤੇ ਖੇਤੀ ਸਾਹਿਤ ਵੀ ਮੁਹੱਈਆ ਕਰਵਾਇਆ ਗਿਆ।
ਕੈਂਪ ਦੌਰਾਨ ਸ਼੍ਰੀ ਰਮਨ ਕੁਮਾਰ, ਭੂਮੀ ਰੱਖਿਆ ਅਫਸਰ, ਸ਼੍ਰੀ ਰਮਨ ਅੱਤਰੀ, ਭੂਮੀ ਰੱਖਿਆ ਅਫਸਰ, ਸ਼੍ਰੀਮਤੀ ਸੀਮਾ ਰਾਣੀ, ਸੋਸ਼ਲ ਮੋਬੀਲਾਈਜਰ, ਸ਼੍ਰੀ ਪ੍ਰਕਾਸ਼ ਚੰਦ, ਸਰਵੇਅਰ, ਸ਼੍ਰੀ ਮੁਖਤਿਆਰ ਸਿੰਘ, ਸਕੱਤਰ, ਸ਼੍ਰੀ ਸ਼ਕਤੀ ਸਿੰਘ, ਮੈਂਬਰ, ਸ਼੍ਰੀਮਤੀ ਨੀਲਮ ਕੁਮਾਰੀ, ਕੈਸ਼ੀਅਰ ਅਤੇ ਸ਼੍ਰੀ ਜੋਗਿੰਦਰ ਪਾਲ, ਮੈਂਬਰ, ਵਾਟਰਸ਼ੈਡ ਗਰੁੱਪ ਵੀ ਮੌਜੂਦ ਸਨ।