Sunday, April 2, 2023

ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਐਕਸ਼ਨ ਵਿੱਚ ਪੰਜਾਬ ਸਰਕਾਰ

ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ, ਅਧਿਕਾਰੀਆਂ ਨੂੰ ਗਿਰਦਾਵਰੀ ਜਲਦੀ ਕਰਨ ਦੇ ਨਿਰਦੇਸ਼

ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਕਿਸਾਨੀ ਦੇ ਨਾਲ ਖੜ੍ਹੀ ਹੈ

ਵਿਸਾਖੀ ਦੇ ਤਿਉਹਾਰ 'ਤੇ ਕਿਸਾਨਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ

ਚੰਡੀਗੜ੍ਹ, 2 ਅਪਰੈਲ

ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਕਿਹਾ ਹੈ।


ਮੁੱਖ ਮੰਤਰੀ ਨੇ ਕਿਹਾ, “ਵਿਧਾਇਕਾਂ ਨੂੰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ। ਇਸੇ ਤਰ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਸ਼ੇਸ਼ ਗਿਰਦਾਵਰੀ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਅਸੀਂ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਅਦਾਇਗੀ ਕਰ ਸਕੀਏ।”

ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿੱਚ ਅੰਨਦਾਤਾ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ਰਾਬ ਮੌਸਮ ਕਾਰਨ ਹੋਏ ਭਾਰੀ ਨੁਕਸਾਨ ਕਾਰਨ ਕਿਸਾਨ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਸਾਰੀ ਮੁਹਿੰਮ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਭਾਵਿਤ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਅਤੇ ਤੇਜ਼ੀ ਨਾਲ ਮੁਆਵਜ਼ਾ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਕਿਉਂਕਿ ਉਹ ਇਕ ਸਾਂਝੇ ਪਰਿਵਾਰ ਨਾਲ ਸਬੰਧ ਰੱਖਦੇ ਹਨ, ਇਸ ਲਈ ਉਹ ਨਿੱਜੀ ਤੌਰ 'ਤੇ ਕਿਸਾਨਾਂ ਦੇ ਦੁੱਖ-ਦਰਦ ਤੋਂ ਜਾਣੂੰ ਹਨ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਗਿਰਦਾਵਰੀ ਦੌਰਾਨ ਸਰਕਾਰੀ ਤੰਤਰ ਦੀ ਕਿਸੇ ਵੀ ਪੱਧਰ 'ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤਾ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਡੂੰਘੇ ਸੰਕਟ ਦੀ ਇਸ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਕਿਸਾਨੀ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਗਿਰਦਾਵਰੀ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਬਾਰੇ ਜਨਤਕ ਮੁਨਾਦੀ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਪ੍ਰਤੀ ਏਕੜ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋੜੀਂਦੀ ਰਾਹਤ ਮਿਲੇਗੀ ਅਤੇ ਕਿਸਾਨ ਨੁਕਸਾਨ ਤੋਂ ਬਾਅਦ ਇਹ ਰਕਮ ਵਾਪਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਵੇਗੀ।

ਹੁਣ ਸੇਵਾ ਕੇਂਦਰਾਂ ਤੋਂ ਵੀ ਲਈ ਜਾ ਸਕਦੀ ਹੈ ਫਰਦ

ਫਾਜਿ਼ਲਕਾ, 2 ਅਪ੍ਰੈਲ

ਪੰਜਾਬ ਸਰਕਾਰ ਵਲੋਂ ਲੋਕਾਂ ਲਈ ਇਕ ਵੱਡੀ ਸੌਖ ਕਰਦਿਆਂ ਹੁਣ ਜਮੀਨ ਦੀ ਫਰਦ ਲੈਣ ਦੀ ਸੁਵਿਧਾ ਸੇਵਾ ਕੇਂਦਰਾਂ ਤੋਂ ਵੀ ਕਰ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਪਹਿਲਾਂ ਫਰਦ ਲੈਣ ਦੀ ਸੁਵਿਧਾ ਕੇਵਲ ਫਰਦ ਕੇਂਦਰਾਂ ਤੇ ਹੀ ਸੀ ਅਤੇ ਇਹ ਫਰਦ ਕੇਂਦਰ ਤਹਿਸੀਲ ਜਾਂ ਉਪ ਤਹਿਸੀਲ ਪੱਧਰ ਤੇ ਹੀ ਸਨ। ਪਰ ਸੇਵਾ ਕੇਂਦਰਾਂ ਦੀ ਗਿਣਤੀ ਜਿਆਦਾ ਹੈ ਅਤੇ ਇਹ ਦੁਰ ਦਰਾਜ ਦੇ ਪਿੰਡਾਂ ਦੇ ਲੋਕਾਂ ਦੇ ਵੀ ਨੇੜੇ ਸਥਿਤ ਹਨ। ਜਿ਼ਲ੍ਹੇ ਦੇ 21 ਸੇਵਾ ਕੇਂਦਰਾਂ ਤੋਂ ਫਰਦ ਲੈਣ ਦੀ ਸੁਵਿਧਾ ਸ਼ੁਰੂ ਹੋ ਗਈ ਹੈ।ਇਸ ਤਰਾਂ ਹੁਣ ਸਰਕਾਰ ਦੀਆਂ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਉਪਲਬੱਧ ਹੋਣਗੀਆਂ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੇਵਾ ਕੇਂਦਰਾਂ ਦੇ ਜਿ਼ਲ੍ਹਾ ਮੈਨੇਜਰ ਗਗਨਦੀਪ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਤੋਂ ਪ੍ਰਤੀ ਪੇਜ਼ 25 ਰੁਪਏ ਦੀ ਦਰ ਨਾਲ ਅਤੇ 20 ਰੁਪਏ ਦੀ ਸੇਵਾ ਫੀਸ ਨਾਲ ਫਰਦ ਲਈ ਜਾ ਸਕਦੀ ਹੈ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਜ਼ੇਕਰ ਕਿਸੇ ਨੇ ਇਕ ਪੇਜ਼ ਦੀ ਫਰਦ ਲੈਣੀ ਹੈ ਤਾਂ ਕੁੱਲ 45 ਰੁਪਏ ਲੱਗਣਗੇ, 2 ਪੇਜ਼ ਲਈ 70 ਰੁਪਏ, 3 ਪੇਜ਼ ਲਈ 95 ਰੁਪਏ। ਉਨ੍ਹਾਂ ਨੇ ਦੱਸਿਆ ਕਿ ਕਿ ਹੁਣ ਇਕ ਤੋਂ ਜਿਆਦਾ ਖੇਵਟਾਂ ਦੀ ਸਾਂਝੀ ਫਰਦ ਵੀ ਸੇਵਾ ਕੇਂਦਰ ਤੋਂ ਲਈ ਜਾ ਸਕਦੀ ਹੈ।
ਉਨ੍ਹਾਂ ਨੇ ਹੋਰ ਦੱਸਿਆ ਕਿ ਸੇਵਾ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੇ ਰਹਿੰਦੇ ਹਨ ਅਤੇ ਇਸ ਤਰਾਂ ਕੰਮਕਾਜ ਲੋਕ ਸੇਵਾ ਕੇਂਦਰ ਨਾਲ ਸੰਬੰਧਤ ਕੰਮਾਂ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਇੰਨ੍ਹਾਂ ਸੇਵਾ ਕੇਂਦਰਾਂ ਤੇ ਆ ਕੇ ਸਰਕਾਰੀ ਸੇਵਾਵਾਂ ਲੈ ਸਕਦੇ ਹਨ।

Saturday, April 1, 2023

2020 ਦੇ ਫਸਲਾਂ ਤੇ ਮਕਾਨਾਂ ਦੇ ਖਰਾਬੇ ਦਾ 20.10 ਕਰੋੜ ਰੁਪਏ ਦੇ ਮੁਆਵਜੇ ਦੀ ਵੰਫ ਮੁਕੰਮਲ

ਫਾਜਿ਼ਲਕਾ, 1 ਅਪ੍ਰੈਲ

                ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਸਾਲ 2020 ਦੌਰਾਨ ਅਬੋਹਰ ਉਪਮੰਡਲ ਵਿਚ ਭਾਰੀ ਮੀਂਹਾਂ ਕਾਰਨ ਫਸਲਾਂ  ਅਤੇ ਮਕਾਨਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਵਜੋਂ ਹੁਣ ਤੱਕ 20.10 ਕਰੋੜ ਰੁਪਏ ਦੀ ਤਕਸੀਮ ਕੀਤੀ ਜਾ ਚੁੱਕੀ ਹੈ।ਇਸੇ ਤਰਾਂ ਵਰਤਮਾਨ ਸਮੇਂ ਵਿਚ ਪਿੱਛਲੇ ਦਿਨੀਂ ਪਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਸਬੰਧੀ ਵਿਸੇਸ਼ ਗਿਰਦਾਵਰੀ ਦਾ ਕੰਮ ਵੀਂ ਸ਼ੁਰੂ ਹੋ ਗਿਆ ਹੈ।



                ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਸਾਲ 2020 ਦੌਰਾਨ ਅਬੋਹਰ ਉਪਮੰਡਲ ਵਿਚ ਮਕਾਨਾਂ ਦੇ ਨੁਕਸਾਨ ਲਈ 2.48 ਕਰੋੜ ਦਾ ਮੁਆਵਜਾ ਆਇਆ ਸੀ ਜਿਸ ਵਿਚੋਂ 2.08 ਕਰੋੜ ਵੰਡ ਦਿੱਤਾ ਗਿਆ ਹੈ। ਜਦ ਕਿ ਫਸਲਾਂ ਦੇ ਨੁਕਸਾਨ ਦੀ ਪੂਰਤੀ ਲਈ 21.83 ਕਰੋੜ ਵਿਚੋਂ 18.02 ਕਰੋੜ ਰੁਪਏ ਵੰਡ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ੋ ਰਕਮ ਵੰਡਣ ਤੋਂ ਬਕਾਇਆ ਹੈ ਉਸਦੀ ਪ੍ਰਕ੍ਰਿਆ ਜਾਰੀ ਹੈ ਅਤੇ ਇਸ ਵਿਚ ਦੇਰੀ ਦਾ ਕਾਰਨ ਬੈਂਕਾਂ ਦੇ ਆਪਸੀ ਰਲੇਵੇਂ ਤੋਂ ਇਲਾਵਾ ਕੁਝ ਖਾਤੇ ਲਗਾਤਾਰ ਵਰਤੋਂ ਵਿਚ ਨਹੀਂ ਸਨ ਅਤੇ ਕੁਝ ਕੇਸਾਂ ਵਿਚ ਲਾਭਪਾਤਰੀ ਦੀ ਮੌਤ ਹੋ ਜਾਣ ਤੇ ਉਸਦੇ ਵਾਰਸਾਂ ਦੇ ਨਾਂਅ ਇੰਤਕਾਲ ਹੋਣ ਤੋਂ ਬਾਅਦ ਵੰਡ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਹਫਤੇ ਇਹ ਵੰਡ ਦਾ ਕੰਮ ਮੁਕੰਮਲ ਹੋਣ ਦੀ ਆਸ ਹੈ।ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਦਾ ਨਾਂਅ ਲਿਸਟ ਵਿਚ ਸੀ ਪਰ ਹਾਲੇ ਰਕਮ ਨਹੀਂ ਆਈ ਤਾਂ ਉਹ ਪਟਵਾਰੀ ਨਾਲ ਸੰਪਰਕ ਕਰ ਸਕਦਾ ਹੈ।

              ਉਨ੍ਹਾਂ ਨੇ ਹੋਰ ਦੱਸਿਆ ਕਿ ਪਿੱਛਲੇ ਦਿਨੀਂ ਹੋਈ ਬਰਸਾਤ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਤਹਿਸੀਲਦਾਰਨਾਇਬ ਤਹਿਸੀਲਦਾਰਪਟਵਾਰੀ ਪਿੰਡਾਂ ਵਿਚ ਜਾ ਕੇ ਖਰਾਬੇ ਦੀ ਰਿਪੋਰਟ ਤਿਆਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗਿਰਦਾਵਰੀ ਪਿੰਡ ਦੇ ਲੋਕਾਂ ਦੀ ਹਾਜਰੀ ਵਿਚ ਕੀਤੀ ਜਾ ਰਹੀ ਹੈ ਜ਼ੋ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਪ੍ਰਭਾਵਿਤ ਦਾ ਨਾਂਅ ਸੂਚੀ ਵਿਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹੇ।

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦਾ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 5 ਅਪ੍ਰੈਲ ਨੂੰ

 - ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਕਿਸਾਨ ਨੂੰ ਖੁਸ਼ਹਾਲ ਬਨਾਉਣ ਲਈ ਯਤਨਸ਼ੀਲ - ਡਾ. ਤੇਜ ਪਾਲ


ਫ਼ਿਰੋਜ਼ਪੁਰ,           

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਗਤੀਸ਼ੀਲ ਵਿਕਾਸ ਕਾਰਜਾਂ ਦੀ ਲੜੀ ਵਿੱਚ ਫ਼ਸਲੀ ਵਿਭਿੰਨਤਾ ਅਤੇ ਖੁਸ਼ਹਾਲ ਕਿਸਾਨੀ ਨੂੰ ਅਮਲੀ ਜਾਮਾ ਪਹਿਨਾਉਣ ਹਿੱਤ ਜ਼ਿਲ੍ਹਾ ਫ਼ਿਰੋਜਪੁਰ ਦਾ ਸਾਉਣੀ ਦੀਆਂ ਪ੍ਰਮੁੱਖ ਫ਼ਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 05 ਅਪ੍ਰੈਲ 2023 (ਬੁੱਧਵਾਰ) ਨੂੰ ਨਵੀਂ ਦਾਣਾ ਮੰਡੀ ਫ਼ਿਰੋਜਪੁਰ ਛਾਉਣੀ ਵਿਖੇ ਸਵੇਰੇ 10:00 ਵਜੇ ਤੋਂ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਤੇਜ ਪਾਲ ਸਿੰਘ ਨੇ ਦਿੱਤੀ।


ਉਨ੍ਹਾਂ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਗਾਏ ਜਾ ਰਹੇ ਇਸ ਕੈਂਪ ਵਿੱਚ ਐਡਵੋਕੇਟ ਸ਼੍ਰੀ ਰਜਨੀਸ਼ ਦਹੀਯਾ ਵਿਧਾਇਕ ਫ਼ਿਰੋਜਪੁਰ ਦਿਹਾਤੀ ਅਤੇ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜਪੁਰ ਸ਼ਹਿਰੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਗੇ। ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨਾ ਅਤੇ ਬਾਸਮਤੀ ਬਾਰੇ ਤਕਨੀਕੀ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਦੇ ਉੱਤਮ ਬੀਜ ਵੀ ਮੁਹੱਈਆ ਕਰਵਾਏ ਜਾਣਗੇ।

ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਿਸਾਨ ਨੂੰ ਖੁਸ਼ਹਾਲ ਬਨਾਉਣ ਦੀ ਕੋਸ਼ਿਸ਼ ਵਿੱਚ ਖੇਤੀਬਾੜੀ ਵਿਭਾਗ ਦਿਨ ਰਾਤ ਯਤਨਸ਼ੀਲ ਹੈ। ਸਰਕਾਰ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਬਾਸਮਤੀ ਦੀ ਖੇਤੀ ਨੂੰ ਹੋਰ ਜਿਆਦਾ ਉਤਸ਼ਾਹਿਤ ਕਰਨ ਲਈ ਚੁਣਿਆ ਗਿਆ ਹੈ। ਬਾਸਮਤੀ ਦੀ ਖੇਤੀ ਬਾਰੇ ਵਿਸ਼ੇਸ਼ ਜਾਣਕਾਰੀ ਵੀ ਇਸ ਕੈਂਪ ਵਿੱਚ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਚਲਾਈਆਂ ਜਾਣ ਵਾਲੀਆਂ ਬੱਸਾਂ ਰਾਹੀਂ ਇਸ ਕੈਂਪ ਵਿੱਚ ਪੁੱਜਣ ਲਈ ਆਪਣੇ ਨਜਦੀਕੀ ਬਲਾਕ ਖੇਤੀਬਾੜੀ ਅਫ਼ਸਰ ਨਾਲ ਅੱਜ ਹੀ ਸੰਪਰਕ ਬਨਾਉਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਉੱਤਮ ਬੀਜਾਂ ਦੇ ਨਾਲ-ਨਾਲ ਕਿਸਾਨਾਂ ਨੂੰ ਫ਼ਸਲਾਂ ਬਾਰੇ ਫ਼ਰੀ ਕਿਤਾਬਚੇ ਵੀ ਵੰਡੇ ਜਾਣਗੇ। ਖੇਤੀਬਾੜੀ ਵਿਭਾਗ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜਪੁਰ ਤੇ ਬਾਗਬਾਨੀ ਵਿਭਾਗ ਵੀ ਇਸ ਕੈਂਪ ਵਿੱਚ ਕਿਸਾਨਾਂ ਦੇ ਰੂਬਰੂ ਹੋਣਗੇ। ਸਿਖਲਾਈ ਕੈਂਪ ਦਾ ਇੱਕ ਹੋਰ ਖਿੱਚ ਕੇਂਦਰ ਇਸ ਵਿੱਚ ਲਗਾਏ ਜਾਣ ਵਾਲੇ ਵੱਖ-ਵੱਖ ਸਟਾਲ ਹੋਣਗੇ ਜਿੰਨ੍ਹਾਂ ਵਿੱਚ ਕਿਸਾਨਾਂ ਨੂੰ ਵਾਜਬ ਮੁੱਲ ‘ਤੇ ਲਘੂ ਖੇਤੀ ਸੰਦ (ਕਹੀਆਂ, ਰੰਬੇ, ਦਾਤੀਆਂ ਆਦਿ), ਛਾਂ ਦਾਰ ਪੌਦੇ, ਮਿਆਰੀ ਸਾਹਿਤ ਵੀ ਉਪਲਭਧ ਕਰਵਾਇਆ ਜਾਵੇਗਾ। ਖੇਤੀ ਸਹਾਇਕ ਧੰਦਿਆਂ ਵਿੱਚ ਕਾਮਯਾਬ ਕਿਸਾਨ ਵੀ ਆਪਣੇ ਉਤਪਾਦ ਲੈ ਕੇ ਇਸ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਨਗੇ। ਉਪਰੰਤ ਮੇਲੇ ਵਿੱਚ ਆਏ ਸਮੂਹ ਕਿਸਾਨਾਂ ਲਈ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ।

Friday, March 31, 2023

ਕਿਸਾਨਾਂ ਨੂੰ ਮੁੰਗੀ ਦੀ ਫਸਲ ਦੀ ਕਾਸਤ ਨਾ ਕਰਨ ਦੀ ਸਲਾਹ

ਫਾਜਿ਼ਲਕਾ, 1 ਅਪ੍ਰੈਲ

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਮੁੰਗੀ ਦੀ ਕਾਸਤ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਜਿ਼ਲ੍ਹੇ ਵਿਚ ਨਰਮੇ ਦੀ ਫਸਲ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ, ਅਜਿਹੇ ਵਿਚ ਜ਼ੇਕਰ ਮੁੰਗੀ ਦੀ ਕਾਸਤ ਕੀਤੀ ਗਈ ਤਾਂ ਇਸ ਨਾਲ ਚਿੱਟੇ ਮੱਛਰ ਦਾ ਹਮਲਾ ਵੱਧਣ ਦਾ ਡਰ ਪੈਦਾ ਹੋ ਜਾਂਦਾ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸਰਵਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜਿ਼ਲ੍ਹੇ ਵਿਚ ਨਰਮੇ ਦੀ ਕਾਸਤ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਪਿੱਛਲੇ ਸਾਲਾਂ ਦੇ ਅਨੁਭਵ ਤੋਂ ਪਾਇਆ ਗਿਆ ਹੈ ਕਿ ਜ਼ੇਕਰ ਗਰਮੀ ਰੁੱਤ ਦੀ ਮੂੰਗੀ ਦੀ ਕਾਸਤ ਕੀਤੀ ਜਾਂਦੀ ਹੈ ਤਾਂ ਇਸਤੇ ਚਿੱਟੀ ਮੱਖੀ ਦਾ ਅਗੇਤਾ ਵਾਧਾ ਹੋ ਜਾਂਦਾ ਹੈ ਜ਼ੋ ਕਿ ਬਾਅਦ ਵਿਚ ਨਰਮੇ ਦੀ ਫਸਲ ਤੇ ਹਮਲਾ ਕਰ ਦਿੰਦਾ ਹੈ। ਇਸ ਲਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਫਾਜਿ਼ਲਕਾ ਜਿ਼ਲ੍ਹੇ ਵਿਚ ਮੁੰਗੀ ਦੀ ਕਾਸਤ ਨਾ ਕਰਨ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਰਮੇ ਦੇ ਬੀਜ ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਲਈ ਕਿਸਾਨਾਂ ਲਈ ਪੋਰਟਲ ਖੋਲ ਦਿੱਤਾ ਗਿਆ ਹੈ ਅਤੇ ਕਿਸਾਨ ਨਰਮੇ ਤੇ ਬੀਟੀ ਬੀਜਾਂ ਦੇ ਸਬਸਿਡੀ ਲੈਣ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸਤੋਂ ਬਿਨ੍ਹਾਂ ਜਿ਼ਲ੍ਹੇ ਵਿਚ 137 ਕਿਸਾਨ ਮਿੱਤਰ ਵੀ ਰੱਖੇ ਗਏ ਹਨ ਜ਼ੋ ਕਿ ਨਰਮੇ ਦੀ ਕਾਸਤ ਸਬੰਧੀ ਕਿਸਾਨਾਂ ਨੂੰ ਹਰ ਪ੍ਰਕਾਰ ਦੀ ਜਾਣਕਾਰੀ ਮੁਹਈਆ ਕਰਵਾਉਣਗੇ।

Thursday, March 30, 2023

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 4 ਅਪਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 30 ਮਾਰਚ:

ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪਰੈਲ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਨਹਿਰੀ  ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ’ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ’ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Tuesday, March 28, 2023

ਜੇ ਆਰਗੈਨਿਕ ਖੇਤੀ ਕਰਨ ਬਾਰੇ ਸੋਚ ਰਹੇ ਹੋ ਤਾਂ

 ਸਤਿ ਸ਼੍ਰੀ ਅਕਾਲ! ਪਿਆਰੇ ਕਿਸਾਨ ਵੀਰੋ ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਜਿਲ੍ਹਾ ਫਾਜਿਲਕਾ ਦਾ ਜ਼ਿਲ੍ਹਾ ਪੱਧਰੀ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖਲਾਈ ਕੈਂਪ ਪਿੰਡ ਅਰਾਈਆਂ ਵਾਲਾ (ਵਾਅ), ਮੁਕਤਸਰ ਰੋਡ ,ਬਲਾਕ ਜਲਾਲਾਬਾਦ 31 ਮਾਰਚ 2023 ਨੂੰ ਸਵੇਰੇ 10:30 ਵਜੇ ਲਗਾਇਆ ਜਾ ਰਿਹਾ ਹੈ| ਇਸ ਕੈਂਪ ਵਿੱਚ ਜੈਵਿਕ ਖੇਤੀ ਬਾਰੇ ਆਪਣੇ ਤਜਰਬੇ ਸਾਂਝੇ ਕਰਨ ਲਈ ਅਤੇ ਵਢਮੁੱਲੀ ਜਾਣਕਾਰੀ ਪ੍ਰਦਾਨ ਕਰਨ ਲਈ ਸ਼੍ਰੀ ਰਾਜਿੰਦਰ ਸਿੰਘ ਜੀ ( Agri clinic , Amritsar ) ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਰਹੇ ਹਨ| ਸੋ ਆਪ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਤੁਸੀਂ ਵੀ ਜੈਵਿਕ ਖੇਤੀ ਕਰ ਰਹੇ ਹੋ ਜਾਂ ਸ਼ੁਰੂ ਕਰਨ ਦੇ ਇਛੁੱਕ ਹੋ ਤਾਂ ਉਪਰੋਕਤ ਦੱਸੇ ਹੋਏ ਸਥਾਨ ‘ਤੇ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ।

ਕੈਂਪ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਸੰਪਰਕ ਕਰੋ:

ਸ਼੍ਰੀ ਰਾਮ ਪ੍ਰਤਾਪ-88377-77348

ਸ਼੍ਰੀ ਅਮਿਤ ਕੁਮਾਰ- 81468-44434

ਸ਼੍ਰੀ ਅਰੁਣ ਕੁਮਾਰ- 90416-69734

ਧੰਨਵਾਦ।

Chak Arainwala

https://maps.app.goo.gl/Ue7oTBciA3erTvHB6

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...